ਸਖਤ ਪਾਬੰਦੀਆਂ ਬਣੀਆਂ ਕਰਤਾਰਪੁਰ ਲਾਂਘੇ ਦੇ ਰਾਹ ‘ਚ ਅੜਿੱਕਾ

ਡੇਰਾ ਬਾਬਾ ਨਾਨਕ: ਪਾਕਿਸਤਾਨ ਸਥਿਤ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਸਥਾਨਕ ਕੌਮਾਂਤਰੀ ਸਰਹੱਦ ਤੋਂ ਲਾਂਘਾ ਖੁੱਲ੍ਹਣ ਦੇ ਸੌ ਦਿਨ ਬੀਤ ਗਏ ਹਨ ਪਰ ਦਰਸ਼ਨ ਕਰਨ ਲਈ ਜਾਣ ਵਾਲੇ ਸ਼ਰਧਾਲੂਆਂ ਦੀ ਗਿਣਤੀ ਆਸ ਤੋਂ ਕਾਫੀ ਘੱਟ ਰਹੀ ਹੈ। ਕਰਤਾਰਪੁਰ ਲਾਂਘੇ ਦਾ ਉਦਘਾਟਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪਿਛਲੇ ਸਾਲ 9 ਨਵੰਬਰ ਨੂੰ ਕੀਤਾ ਸੀ।

ਡੇਰਾ ਬਾਬਾ ਨਾਨਕ ਲਾਂਘੇ ਰਾਹੀਂ ਬੀਤੇ ਸੌ ਦਿਨਾਂ ਵਿਚ ਸਿਰਫ 49,715 ਸ਼ਰਧਾਲੂ ਹੀ ਪਾਕਿਸਤਾਨ ਜਾ ਕੇ ਆਏ ਹਨ, ਜੋ ਪਾਕਿਸਤਾਨ ਸਰਕਾਰ ਲਈ ਚਿੰਤਾ ਦਾ ਵਿਸ਼ਾ ਹੈ। ਜ਼ਿਕਰਯੋਗ ਹੈ ਕਿ ਪਾਕਿਸਤਾਨ ਸਰਕਾਰ ਵੱਲੋਂ ਲਾਂਘਾ ਖੋਲ੍ਹਣ ਸਮੇਂ ਰੋਜ਼ਾਨਾ 5 ਹਜ਼ਾਰ ਭਾਰਤੀ ਸ਼ਰਧਾਲੂਆਂ ਨੂੰ ਕਰਤਾਰਪੁਰ ਸਾਹਿਬ ਆਉਣ ਦੀ ਆਗਿਆ ਦਿੱਤੀ ਗਈ ਸੀ ਪਰ ਕਰਤਾਰਪੁਰ ਲਾਂਘੇ ਰਾਹੀਂ ਹਰ ਰੋਜ਼ ਸੈਂਕੜੇ ਸ਼ਰਧਾਲੂ ਹੀ ਪਾਕਿਸਤਾਨ ਜਾ ਰਹੇ ਹਨ।
ਹਾਲਾਂਕਿ ਕਿਸੇ ਗੁਰਪੁਰਬ ਜਾਂ ਐਤਵਾਰ ਦੇ ਦਿਨ ਕਰਤਾਰਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਦੀ ਗਿਣਤੀ ਆਮ ਨਾਲੋਂ ਵੱਧ ਹੁੰਦੀ ਹੈ ਪਰ ਫਿਰ ਵੀ ਪਿਛਲੇ ਸੌ ਦਿਨਾਂ ਵਿਚ ਇਕ ਵੀ ਦਿਨ ਅਜਿਹਾ ਨਹੀਂ ਆਇਆ, ਜਦੋਂ ਲਾਂਘੇ ਰਾਹੀਂ 5 ਹਜ਼ਾਰ ਸ਼ਰਧਾਲੂ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਗਏ ਹੋਣ।
ਕਰਤਾਰਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਦੀ ਗਿਣਤੀ ਘੱਟ ਹੋਣ ਕਰਕੇ ਪਾਕਿਸਤਾਨ ਸਰਕਾਰ ਵਧੇਰੇ ਚਿੰਤਤ ਹੈ ਕਿਉਂਕਿ ਪਾਕਿਸਤਾਨ ਵੱਲੋਂ ਗੁਰਦੁਆਰਾ ਕਰਤਾਰਪੁਰ ਸਾਹਿਬ ਆਉਣ ਵਾਲੇ ਸ਼ਰਧਾਲੂਆਂ ਦੀਆਂ ਸਹੂਲਤਾਂ ਲਈ ਵੱਡੇ ਪ੍ਰਬੰਧ ਕੀਤੇ ਹੋਏ ਹਨ, ਜਿਸ ਉਤੇ ਖਰਚਾ ਵੀ ਵੱਡਾ ਹੋ ਰਿਹਾ ਹੈ ਪਰ ਸ਼ਰਧਾਲੂਆਂ ਦੀ ਗਿਣਤੀ ਘੱਟ ਹੋਣ ਦਾ ਅਸਰ ਸਿੱਧੇ ਤੌਰ ਉਤੇ ਪਾਕਿਸਤਾਨ ਸਰਕਾਰ ਉੱਪਰ ਹੀ ਪੈ ਰਿਹਾ ਹੈ। ਕਰਤਾਰਪੁਰ ਸਾਹਿਬ ਜਾਣ ਵਾਲੇ ਕੁਝ ਸ਼ਰਧਾਲੂਆਂ ਨੇ ਦੱਸਿਆ ਕਿ ਉਹ ਦਿੱਲੀ ਤੋਂ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਲਈ ਇਥੇ ਆਏ ਸਨ, ਜਿਸ ਲਈ ਉਨ੍ਹਾਂ ਨੇ ਆਨਲਾਈਨ ਰਜਿਸਟਰੇਸ਼ਨ ਵੀ ਕਾਰਵਾਈ ਸੀ ਪਰ ਇਥੇ ਆ ਕੇ ਪਤਾ ਲੱਗਾ ਕਿ ਉਨ੍ਹਾਂ ਨੇ ਈਟੀਏ ਫਾਰਮ ਨਹੀਂ ਭਰਿਆ ਸੀ, ਜਿਸ ਕਰਕੇ ਹੁਣ ਉਨ੍ਹਾਂ ਨੂੰ ਕਰਤਾਰਪੁਰ ਸਾਹਿਬ ਨਹੀਂ ਜਾਣ ਦਿੱਤਾ ਗਿਆ। ਇਸ ਕਾਰਨ ਉਹ ਦੂਰਬੀਨ ਨਾਲ ਹੀ ਦਰਸ਼ਨ ਕਰ ਕੇ ਵਾਪਸ ਜਾ ਰਹੇ ਹਨ।
ਇਨ੍ਹਾਂ ਸ਼ਰਧਾਲੂਆਂ ਨੇ ਮੰਗ ਕੀਤੀ ਕਿ ਸਰਕਾਰ ਨੂੰ ਡੇਰਾ ਬਾਬਾ ਨਾਨਕ ਚੈੱਕ ਪੋਸਟ ਉਤੇ ਵੀ ਆਨਲਾਈਨ ਪ੍ਰਕਿਰਿਆ ਪੂਰੀ ਕਰਨ ਦਾ ਪ੍ਰਬੰਧ ਕਰਨਾ ਚਾਹੀਦਾ ਹੈ ਤਾਂ ਜੋ ਕਿਸੇ ਵੀ ਦੂਰੋਂ ਆਏ ਸ਼ਰਧਾਲੂ ਨੂੰ ਮਾਮੂਲੀ ਗਲਤੀ ਕਾਰਨ ਨਿਰਾਸ਼ ਨਾ ਪਰਤਣਾ ਪਵੇ। ਜ਼ਿਆਦਾਤਰ ਸ਼ਰਧਾਲੂਆਂ ਨੇ ਦੋਵਾਂ ਸਰਕਾਰਾਂ ਨੂੰ ਪਾਸਪੋਰਟ ਸ਼ਰਤ ਖਤਮ ਕਰਨ ਤੇ ਆਨਲਾਈਨ ਰਜਿਸਟਰੇਸ਼ਨ ਪ੍ਰਕਿਰਿਆ ਸੌਖੀ ਕਰਨ ਦੀ ਅਪੀਲ ਕੀਤੀ ਹੈ।
____________________________
ਦਰਸ਼ਨਾਂ ਲਈ ਪਾਸਪੋਰਟ ਦੀ ਸ਼ਰਤ ਖਤਮ ਹੋਵੇ: ਜਥੇਦਾਰ
ਅੰਮ੍ਰਿਤਸਰ: ਅਕਾਲ ਤਖਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਭਾਰਤ ਅਤੇ ਪਾਕਿਸਤਾਨ ਦੀਆਂ ਸਰਕਾਰਾਂ ਨੂੰ ਆਖਿਆ ਹੈ ਕਿ ਗੁਰਦੁਆਰਾ ਕਰਤਾਰਪੁਰ ਦੇ ਦਰਸ਼ਨਾਂ ਵਾਸਤੇ ਪਾਸਪੋਰਟ ਦੀ ਲਾਜ਼ਮੀ ਸ਼ਰਤ ਹਟਾਈ ਜਾਵੇ ਤਾਂਕਿ ਜਿਨ੍ਹਾਂ ਸ਼ਰਧਾਲੂਆਂ ਕੋਲ ਪਾਸਪੋਰਟ ਨਹੀਂ, ਪਰ ਉਹ ਵਿਛੜੇ ਗੁਰਧਾਮ ਦੇ ਦਰਸ਼ਨ ਕਰਨਾ ਚਾਹੁੰਦੇ ਹਨ, ਉਹ ਵੀ ਜਾ ਸਕਣ। ਉਹ ਗੁਰਦੁਆਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਵਿਖੇ ਸੰਗਤ ਨੂੰ ਸੰਬੋਧਨ ਕਰ ਰਹੇ ਸਨ। ਸਾਕਾ ਨਨਕਾਣਾ ਸਾਹਿਬ ਦੇ ਸ਼ਹੀਦਾਂ ਦੀ ਯਾਦ ਵਿਚ ਕਰਵਾਏ ਸਮਾਗਮ ਦੌਰਾਨ ਉਨ੍ਹਾਂ ਆਖਿਆ ਕਿ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਵਾਸਤੇ ਪਾਸਪੋਰਟ ਦੀ ਸ਼ਰਤ ਕਾਰਨ ਸ਼ਰਧਾਲੂਆਂ ਦੀ ਗਿਣਤੀ ਵਿਚ ਕਮੀ ਆਈ ਹੈ। ਉਨ੍ਹਾਂ ਦੋਵੇਂ ਮੁਲਕਾਂ ਦੀਆਂ ਸਰਕਾਰਾਂ ਨੂੰ ਆਖਿਆ ਕਿ ਉਹ ਪਾਸਪੋਰਟ ਦੀ ਥਾਂ ਕਿਸੇ ਹੋਰ ਸ਼ਨਾਖਤੀ ਦਸਤਾਵੇਜ਼ ਨੂੰ ਮਾਨਤਾ ਦੇਣ।
_______________________________________
ਪਾਕਿ ਨੇ ਲਾਂਘੇ ਰਾਹੀਂ ਅਮਨ ਦਾ ਸੁਨੇਹਾ ਦਿੱਤਾ: ਗੁਟੇਰੇਜ਼
ਲਾਹੌਰ: ਸੰਯੁਕਤ ਰਾਸ਼ਟਰ ਦੇ ਸਕੱਤਰ ਜਨਰਲ ਅੰਤੋਨੀਓ ਗੁਟੇਰੇਜ਼ ਨੇ ਕਿਹਾ ਕਿ ਪਾਕਿਸਤਾਨ ਵਲੋਂ ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਣਾ ਪਾਕਿਸਤਾਨ ਦੀ ਅਮਨ ਅਤੇ ਧਾਰਮਿਕ ਸਦਭਾਵਨਾ ਬਣਾਈ ਰੱਖਣ ਦੀ ਇੱਛਾ ਦੀ ਅਮਲੀ ਮਿਸਾਲ ਹੈ। ਕਰਤਾਰਪੁਰ ਸਾਹਿਬ ਵਿਚ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਪਹੁੰਚੇ ਗੁਟੇਰੇਜ਼ ਦਾ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧ ਕਮੇਟੀ ਨੇ ਸਵਾਗਤ ਕੀਤਾ। ਉਨ੍ਹਾਂ ਨੂੰ ਕਰਤਾਰਪੁਰ ਲਾਂਘੇ ਬਾਰੇ ਹਿੰਦ-ਪਾਕਿ ਵਿਚਾਲੇ ਹੋਏ ਸਮਝੌਤੇ ਬਾਰੇ ਜਾਣੂ ਕਰਵਾਇਆ ਗਿਆ। ਉਨ੍ਹਾਂ ਨੂੰ ਦੱਸਿਆ ਗਿਆ ਕਿ ਪਾਕਿ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਭਾਰਤ ਦੇ ਸਿੱਖ ਭਾਈਚਾਰੇ ਦੀ ਸਹੂਲਤ ਲਈ ਇਹ ਪਹਿਲਕਦਮੀ ਕੀਤੀ ਹੈ। ਇਸ ਮੌਕੇ ਗੁਟੇਰੇਜ਼ ਨੇ ਕਿਹਾ ਕਿ ਇਹ ਲਾਂਘਾ ਖੋਲ੍ਹਣਾ ਬਹੁਤ ਚੰਗਾ ਕਦਮ ਹੈ ਅਤੇ ਇਸ ਨਾਲ ਸਹਿਣਸ਼ੀਲਤਾ ਅਤੇ ਧਾਰਮਿਕ ਸਦਭਾਵਨਾ ਵਧੇਗੀ।