ਕੈਲੰਡਰ ਵਿਵਾਦ: ਦਲ ਖਾਲਸਾ ਤੇ ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ਵਿਚਾਲੇ ਧੱਕਾ-ਮੁੱਕੀ

ਅੰਮ੍ਰਿਤਸਰ: ਸਿੱਖ ਜਥੇਬੰਦੀ ਦਲ ਖਾਲਸਾ ਨੇ ਨਵੇਂ ਵਰ੍ਹੇ ਦਾ ਮੂਲ ਨਾਨਕਸ਼ਾਹੀ ਕੈਲੰਡਰ ਜਾਰੀ ਕੀਤਾ ਹੈ ਜਿਸ ਵਿਚ ਪਾਕਿਸਤਾਨੀ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਤਸਵੀਰ ਵੀ ਸ਼ਾਮਲ ਹੈ। ਇਹ ਨਾਨਕਸ਼ਾਹੀ ਕੈਲੰਡਰ ਗੁਰਦੁਆਰਾ ਕਰਤਾਰਪੁਰ ਲਾਂਘੇ ਨੂੰ ਸਮਰਪਿਤ ਕੀਤਾ ਗਿਆ ਹੈ।

ਇਹ ਕੈਲੰਡਰ ਜਾਰੀ ਕਰਨ ਮੌਕੇ ਸ੍ਰੀ ਅਕਾਲ ਤਖਤ ਦੇ ਸਕੱਤਰੇਤ ਵਿਚ ਸ਼੍ਰੋਮਣੀ ਕਮੇਟੀ ਦੇ ਮੁਲਾਜ਼ਮਾਂ ਅਤੇ ਦਲ ਖਾਲਸਾ ਕਾਰਕੁਨਾਂ ਵਿਚਾਲੇ ਧੱਕਾ-ਮੁੱਕੀ ਵੀ ਹੋਈ ਹੈ। ਇਸ ਮੌਕੇ ਕੈਲੰਡਰ ਪਾੜੇ ਜਾਣ ਕਾਰਨ ਦੋ ਹਿੱਸਿਆਂ ਵਿਚ ਵੰਡਿਆ ਗਿਆ ਸੀ। ਇਹ ਕੈਲੰਡਰ ਜਾਰੀ ਕਰਨ ਲਈ ਦਲ ਖਾਲਸਾ ਦੇ ਨੁਮਾਇੰਦੇ ਸ੍ਰੀ ਅਕਾਲ ਤਖਤ ਵਿਖੇ ਪੁੱਜੇ ਸਨ ਜਿਥੇ ਸਾਬਕਾ ਜਥੇਦਾਰ ਗਿਆਨੀ ਕੇਵਲ ਸਿੰਘ ਨੇ ਅਰਦਾਸ ਕੀਤੀ। ਜਦੋਂ ਕੈਲੰਡਰ ਰਿਲੀਜ਼ ਕੀਤਾ ਜਾਣ ਲੱਗਿਆ ਤਾਂ ਉਥੇ ਹਾਜ਼ਰ ਸ਼੍ਰੋਮਣੀ ਕਮੇਟੀ ਦੇ ਮੁਲਾਜ਼ਮਾਂ ਨੇ ਇਹ ਕੈਲੰਡਰ ਰਿਲੀਜ਼ ਕਰਨ ਤੋਂ ਰੋਕ ਦਿੱਤਾ।
ਉਨ੍ਹਾਂ ਆਖਿਆ ਕਿ ਇਸ ਕੈਲੰਡਰ ਨੂੰ ਸ੍ਰੀ ਅਕਾਲ ਤਖਤ ਦੇ ਸਕੱਤਰੇਤ ਵਿਖੇ ਜਾਰੀ ਕੀਤਾ ਜਾਵੇ ਜਿਸ ਕਾਰਨ ਸਿੱਖ ਆਗੂ ਸਕੱਤਰੇਤ ਵਿਖੇ ਪੁੱਜ ਗਏ ਪਰ ਉਥੇ ਵੀ ਟਾਸਕ ਫੋਰਸ ਦੇ ਕਰਮਚਾਰੀ ਤਾਇਨਾਤ ਸਨ, ਜਿਨ੍ਹਾਂ ਨੇ ਕੈਲੰਡਰ ਰਿਲੀਜ਼ ਕਰਨ ਤੋਂ ਰੋਕ ਦਿੱਤਾ। ਇਸ ਦੌਰਾਨ ਦੋਵਾਂ ਧਿਰਾਂ ਵਿਚਾਲੇ ਤਿੱਖੀ ਬਹਿਸ ਅਤੇ ਧੱਕਾ-ਮੁੱਕੀ ਵੀ ਹੋਈ। ਇਸ ਕਾਰਵਾਈ ਦੌਰਾਨ ਜਦੋਂ ਸਿੱਖ ਆਗੂਆਂ ਨੇ ਕੈਲੰਡਰ ਰਿਲੀਜ਼ ਕਰਨ ਲਈ ਖੋਲ੍ਹਿਆ ਤਾਂ ਉਥੇ ਤਾਇਨਾਤ ਸ਼੍ਰੋਮਣੀ ਕਮੇਟੀ ਕਰਮਚਾਰੀ ਨੇ ਕੈਲੰਡਰ ਨੂੰ ਖੋਹਣ ਦਾ ਯਤਨ ਕੀਤਾ ਜਿਸ ਕਾਰਨ ਕੈਲੰਡਰ ਪਾੜਿਆ ਗਿਆ। ਸਿੱਖ ਆਗੂਆਂ ਨੇ ਇਸ ਦਾ ਸਖਤ ਵਿਰੋਧ ਕੀਤਾ ਅਤੇ ਨਾਅਰੇਬਾਜ਼ੀ ਵੀ ਕੀਤੀ। ਇਸ ਮੌਕੇ ‘ਖਾਲਿਸਤਾਨ ਜ਼ਿੰਦਾਬਾਦ’ ਦੇ ਨਾਅਰੇ ਵੀ ਲਾਏ ਗਏ। ਮਗਰੋਂ ਸਕੱਤਰੇਤ ਦੇ ਇੰਚਾਰਜ ਦੇ ਦਖਲ ਉਤੇ ਮਾਮਲਾ ਠੰਢਾ ਹੋਇਆ ਅਤੇ ਕੈਲੰਡਰ ਰਿਲੀਜ਼ ਕੀਤਾ ਗਿਆ।
ਸਿੱਖ ਜਥੇਬੰਦੀ ਦੇ ਬੁਲਾਰੇ ਕੰਵਰਪਾਲ ਸਿੰਘ ਨੇ ਦੱਸਿਆ ਕਿ ਟਾਸਕ ਫੋਰਸ ਦੇ ਕਰਮਚਾਰੀ ਨੇ ਕੀਤੀ ਵਧੀਕੀ ਦੀ ਮੁਆਫੀ ਮੰਗੀ ਹੈ, ਜਿਸ ਮਗਰੋਂ ਮਾਮਲਾ ਸ਼ਾਂਤ ਹੋ ਗਿਆ ਸੀ। ਉਨ੍ਹਾਂ ਦੱਸਿਆ ਕਿ ਮੂਲ ਨਾਨਕਸ਼ਾਹੀ ਕੈਲੰਡਰ ਮੁਤਾਬਕ ਸੰਮਤ 552 ਦਾ ਕੈਲੰਡਰ ਜਾਰੀ ਕੀਤਾ ਹੈ। ਇਸ ਮੌਕੇ ਸ਼੍ਰੋਮਣੀ ਕਮੇਟੀ ਨੂੰ ਅਪੀਲ ਕੀਤੀ ਹੈ ਕਿ ਨਾਨਕਸ਼ਾਹੀ ਕੈਲੰਡਰ ਦੇ ਚੱਲ ਰਹੇ ਵਿਵਾਦ ਨੂੰ ਹੱਲ ਕੀਤਾ ਜਾਵੇ।
ਜਥੇਬੰਦੀ ਦੇ ਮੁਖੀ ਹਰਪਾਲ ਸਿੰਘ ਚੀਮਾ ਨੇ ਆਖਿਆ ਕਿ ਮੂਲ ਨਾਨਕਸ਼ਾਹੀ ਕੈਲੰਡਰ ਜੋ 2003 ਵਿਚ ਸਰਬਸੰਮਤੀ ਨਾਲ ਜਾਰੀ ਕੀਤਾ ਗਿਆ ਸੀ, ਨੂੰ ਮੁੜ ਬਹਾਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਉਸ ਵੇਲੇ ਸ੍ਰੀ ਅਕਾਲ ਤਖਤ ਤੋਂ ਪੰਜ ਸਿੰਘ ਸਾਹਿਬਾਨ ਅਤੇ ਸ਼੍ਰੋਮਣੀ ਕਮੇਟੀ ਦੇ ਜਨਰਲ ਹਾਊਸ ਵੱਲੋਂ ਇਸ ਕੈਲੰਡਰ ਨੂੰ ਪ੍ਰਵਾਨਗੀ ਦਿੱਤੀ ਗਈ ਸੀ। ਸਾਬਕਾ ਪ੍ਰਧਾਨ ਹਰਚਰਨਜੀਤ ਸਿੰਘ ਧਾਮੀ ਨੇ ਵੀ ਇਸ ਕੈਲੰਡਰ ਨੂੰ ਮੁੜ ਬਹਾਲ ਕਰਨ ਦੀ ਅਪੀਲ ਕੀਤੀ ਹੈ।
ਇਸ ਮੌਕੇ ਕੈਲੰਡਰ ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿਚ ਸੰਗਤ ਨੂੰ ਵੰਡਿਆ ਗਿਆ ਹੈ। ਦਲ ਖਾਲਸਾ ਵਲੋਂ ਇਹ ਕੈਲੰਡਰ ਵਿਸਾਖੀ ਮੌਕੇ ਪਾਕਿਸਤਾਨ ਵਿਚ ਵੀ ਰਿਲੀਜ਼ ਕਰਨ ਦਾ ਫੈਸਲਾ ਕੀਤਾ ਗਿਆ ਹੈ। ਗੁਰਦੁਆਰਾ ਕਰਤਾਰਪੁਰ ਲਾਂਘੇ ਦੀ ਸ਼ੁਰੂਆਤ ਨੂੰ ਸਮਰਪਿਤ ਇਸ ਕੈਲੰਡਰ ਵਿਚ ਗੁਰਦੁਆਰਾ ਕਰਤਾਰਪੁਰ ਦੀ ਤਸਵੀਰ ਗੈਰ ਹਾਜ਼ਰ ਹੈ ਪਰ ਉਥੇ ਸਥਾਪਤ ਕੀਤੀ ਸ੍ਰੀ ਸਾਹਿਬ ਅਤੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਤਸਵੀਰ ਸ਼ਾਮਲ ਕੀਤੀ ਗਈ ਹੈ। ਕੈਲੰਡਰ ਦੇ ਹੇਠਾਂ ‘ਅਰਦਾਸ ਤੋਂ ਜੱਫੀ ਤੋਂ ਹਕੀਕਤ ਤਕ’ ਸਿਰਲੇਖ ਹੇਠ ਲਾਂਘਾ ਖੁੱਲ੍ਹਣ ਦੀ ਜਾਣਕਾਰੀ ਦਿੱਤੀ ਗਈ ਹੈ। ਸਿੱਖ ਆਗੂਆਂ ਨੇ ਪਾਕਿਸਤਾਨੀ ਪ੍ਰਧਾਨ ਮੰਤਰੀ ਦੀ ਭਰਵੀਂ ਸ਼ਲਾਘਾ ਕੀਤੀ ਹੈ ਪਰ ਭਾਰਤ ਸਰਕਾਰ ਦੇ ਇਸ ਸਬੰਧੀ ਯਤਨਾਂ ਨੂੰ ਅਣਡਿੱਠਾ ਕੀਤਾ ਹੈ। ਉਨ੍ਹਾਂ ਆਖਿਆ ਕਿ ਇਮਰਾਨ ਖਾਨ ਨੇ ਇਸ ਮਾਮਲੇ ਵਿਚ ਪਹਿਲਕਦਮੀ ਕੀਤੀ ਸੀ, ਇਸ ਲਈ ਲਾਂਘਾ ਖੁੱਲ੍ਹਣ ਦਾ ਸਿਹਰਾ ਉਸ ਸਿਰ ਹੀ ਸਜਾਇਆ ਗਿਆ ਹੈ।
_________________________________________________
ਕੈਲੰਡਰ ‘ਚ ਗੁਰਦੁਆਰਾ ਕਰਤਾਰਪੁਰ ਦੀ ਤਸਵੀਰ
ਅੰਮ੍ਰਿਤਸਰ: ਦਲ ਖਾਲਸਾ ਨੇ ਮੂਲ ਨਾਨਕਸ਼ਾਹੀ ਕੈਲੰਡਰ ਦੇ ਸੰਮਤ 552 ਦੇ ਜਾਰੀ ਕੀਤੇ ਕੈਲੰਡਰ ਵਿਚ ਵੱਡੀ ਤਬਦੀਲੀ ਕਰਦਿਆਂ ਇਸ ਕੈਲੰਡਰ ਦੀ ਮੁੱਖ ਤਸਵੀਰ ਦੇ ਪਿਛੋਕੜ ਵਿਚ ਗੁਰਦੁਆਰਾ ਕਰਤਾਰਪੁਰ (ਪਾਕਿਸਤਾਨ) ਦੀ ਤਸਵੀਰ ਸ਼ਾਮਲ ਕਰ ਦਿੱਤੀ ਹੈ। ਇਸ ਦੌਰਾਨ ਪਾਕਿਸਤਾਨੀ ਪੰਜਾਬ ਦੇ ਪਾਰਲੀਮਾਨੀ ਸਕੱਤਰ ਮਹਿੰਦਰਪਾਲ ਸਿੰਘ ਨੇ ਕੈਲੰਡਰ ਵਿਚ ਪਾਕਿਸਤਾਨੀ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਤਸਵੀਰ ਛਾਪੇ ਜਾਣ ‘ਤੇ ਦਲ ਖਾਲਸਾ ਦੀ ਸ਼ਲਾਘਾ ਕੀਤੀ ਹੈ। ਇਸ ਕੈਲੰਡਰ ਨੂੰ ਜਾਰੀ ਕਰਨ ਸਮੇਂ ਸ਼੍ਰੋਮਣੀ ਕਮੇਟੀ ਵੱਲੋਂ ਵਿਰੋਧ ਕੀਤਾ ਗਿਆ ਸੀ। ਇਹ ਕੈਲੰਡਰ ਗੁਰਦੁਆਰਾ ਕਰਤਾਰਪੁਰ ਲਾਂਘੇ ਨੂੰ ਸਮਰਪਿਤ ਸੀ। ਕੈਲੰਡਰ ਵਿਚ ਗੁਰਦੁਆਰਾ ਕਰਤਾਰਪੁਰ ਦੀ ਤਸਵੀਰ ਗੈਰ ਹਾਜ਼ਰ ਸੀ ਅਤੇ ਪਾਕਿਸਤਾਨੀ ਪ੍ਰਧਾਨ ਮੰਤਰੀ ਨੂੰ ਵਧੇਰੇ ਤਰਜੀਹ ਦਿੱਤੀ ਗਈ ਸੀ। ਕੈਲੰਡਰ ਦੀ ਮੌਜੂਦਾ ਤਸਵੀਰ ਦੇ ਪਿਛੋਕੜ ਵਿਚ ਗੁਰਦੁਆਰਾ ਕਰਤਾਰਪੁਰ ਸਾਹਿਬ ਦੀ ਤਸਵੀਰ ਸ਼ਾਮਲ ਕਰ ਦਿੱਤੀ ਗਈ ਹੈ। ਪ੍ਰਧਾਨ ਮੰਤਰੀ ਇਮਰਾਨ ਖਾਨ ਅਤੇ ਗੁਰਦੁਆਰੇ ਵਿਚ ਸਥਾਪਤ ਕੀਤੀ ਸ੍ਰੀ ਸਾਹਿਬ ਦੀ ਤਸਵੀਰ ਪਹਿਲਾਂ ਵਾਂਗ ਹੀ ਰੱਖੀ ਗਈ ਹੈ। ਦਲ ਖਾਲਸਾ ਦੇ ਬੁਲਾਰੇ ਕੰਵਰਪਾਲ ਸਿੰਘ ਨੇ ਆਖਿਆ ਕਿ ਕੈਲੰਡਰ ਵਿਚ ਤਬਦੀਲੀ ਮਗਰੋਂ ਇਸ ਨੂੰ ਨਵੇਂ ਸਿਰੇ ਤੋਂ ਛਪਵਾਇਆ ਗਿਆ ਹੈ।