ਕਰੋਨਾ ਦਾ ਸਹਿਮ: ਪੰਜਾਬ ਭਰ ਵਿਚ ਕਰਫਿਊ ਲਾਇਆ

ਚੰਡੀਗੜ੍ਹ: ਪੰਜਾਬ ਸਰਕਾਰ ਵਲੋਂ ਕਰੋਨਾ ਵਾਇਰਸ (ਕੋਵਿਡ-19) ਦੇ ਖਤਰੇ ਨੂੰ ਦੇਖਦਿਆਂ ਸਮੁੱਚੇ ਸੂਬੇ ਵਿਚ ਕਰਫਿਊ ਲਗਾ ਦਿੱਤਾ ਹੈ। ਕਰੋਨਾ ਵਾਇਰਸ ਦੀ ਮਹਾਮਾਰੀ ਦੇ ਮੱਦੇਨਜਰ ਲੋਕਾਂ ਨੂੰ ਘਰਾਂ ਅੰਦਰ ਹੀ ਰਹਿਣਾ ਯਕੀਨੀ ਬਣਾਉਣ ਲਈ ਇਹ ਫੈਸਲਾ ਲਿਆ ਗਿਆ ਹੈ। ਪੰਜਾਬ ਸਰਕਾਰ ਵਲੋਂ 23 ਮਾਰਚ ਤੋਂ 31 ਮਾਰਚ ਤੱਕ (ਲਾਕਡਾਊਨ) ਸਮੁੱਚੇ ਕਾਰੋਬਾਰ ਜ਼ਰੂਰੀ ਵਸਤਾਂ ਦੀ ਸਪਲਾਈ ਨੂੰ ਛੋਟ ਦੇ ਕੇ ਬੰਦ ਕਰਨ ਦਾ ਐਲਾਨ ਕੀਤਾ ਹੈ।

ਸੂਤਰਾਂ ਦਾ ਦੱਸਣਾ ਹੈ ਕਿ ਸਰਕਾਰ ਵਲੋਂ ਦਫਾ 144 ਦੇ ਹੁਕਮਾਂ ਨੂੰ ਲਾਗੂ ਕਰਨ ‘ਚ ਪਰੇਸ਼ਾਨੀ ਆ ਰਹੀ ਸੀ ਤੇ ਲੋਕ ਸਥਿਤੀ ਦੀ ਗੰਭੀਰਤਾ ਨੂੰ ਸਮਝ ਨਹੀਂ ਸੀ ਰਹੇ। ਇਸ ਕਰਕੇ ਕਰਫਿਊ ਲਾਉਣ ਦਾ ਫੈਸਲਾ ਕੀਤਾ ਹੈ। ਤਾਜਾ ਹੁਕਮਾਂ ਮੁਤਾਬਕ ਡਿਪਟੀ ਕਮਿਸ਼ਨਰਾਂ ਮੌਕੇ ਦੀ ਨਜ਼ਾਕਤ ਮੁਤਾਬਕ ਫੈਸਲਾ ਲੈਣ ਤੇ ਕਾਨੂੰਨ ਮੁਤਾਬਕ ਕਾਰਵਾਈ ਦਾ ਅਧਿਕਾਰ ਦਿੱਤਾ ਗਿਆ ਹੈ। ਸਰਕਾਰ ਨੇ ਇਹ ਵੀ ਸਪੱਸ਼ਟ ਕੀਤਾ ਹੈ ਕਿ ਵਿਸ਼ੇਸ਼ ਹਾਲਾਤਾਂ ਮੁਤਾਬਕ ਕਿਸੇ ਖਾਸ ਸਥਿਤੀ ਨੂੰ ਧਿਆਨ ‘ਚ ਰੱਖਦਿਆਂ ਕਿਸੇ ਕਿਸਮ ਦੀ ਰਾਹਤ ਵਿਅਕਤੀ ਵਿਸ਼ੇਸ਼ ਨੂੰ ਦਿੱਤੀ ਜਾ ਸਕਦੀ ਹੈ।
ਡੀ.ਜੀ.ਪੀ. ਨੂੰ ਵਾਧੂ ਪੁਲਿਸ ਫੋਰਸ ਤਾਇਨਾਤ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ। ਨਵਾਂ ਸ਼ਹਿਰ ਵਿਚ ਕਰੋਨਾ ਵਾਇਰਸ ਤੋਂ ਪ੍ਰਭਾਵਿਤ ਵਿਅਕਤੀਆਂ ਦੀ ਗਿਣਤੀ ਸਭ ਤੋਂ ਜ਼ਿਆਦਾ 14 ਹੈ। ਪਠਵਾਲਾ ਦੇ ਬਲਦੇਵ ਸਿੰਘ ਦੀ ਮੌਤ ਹੋਣ ਤੋਂ ਬਾਅਦ ਇਸ ਪਿੰਡ ਵਿਚ ਹੀ 10 ਦੇ ਕਰੀਬ ਵਿਅਕਤੀ ਕਰੋਨਾ ਵਾਇਰਸ ਤੋਂ ਪੀੜਤ ਸਾਹਮਣੇ ਆਏ ਹਨ। ਅੰਮ੍ਰਿਤਸਰ ਜ਼ਿਲ੍ਹੇ ਨਾਲ ਸਬੰਧਤ 2, ਹੁਸ਼ਿਆਰਪੁਰ ਜ਼ਿਲ੍ਹੇ ਦੇ 2 ਅਤੇ ਮੁਹਾਲੀ ਜ਼ਿਲ੍ਹੇ ਦੇ 4 ਅਤੇ ਜਲੰਧਰ ਦੇ ਇਕ ਵਿਅਕਤੀਆਂ ਸਮੇਤ ਕੁੱਲ 25 ਜਣੇ ਇਸ ਸਮੇਂ ਹਸਪਤਾਲਾਂ ਵਿਚ ਇਲਾਜ ਅਧੀਨ ਹਨ। ਸਿਹਤ ਵਿਭਾਗ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਇਸ ਖਤਰਨਾਕ ਵਾਇਰਸ ਤੋਂ ਪ੍ਰਭਾਵਿਤ ਵਿਅਕਤੀਆਂ ਦੀ ਗਿਣਤੀ ਵਧ ਸਕਦੀ ਹੈ।
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਹਦਾਇਤ ਕੀਤੀ ਕਿ ਪਾਬੰਦੀ ਦੇ ਹੁਕਮਾਂ ਨੂੰ ਸਖਤੀ ਨਾਲ ਲਾਗੂ ਕੀਤਾ ਜਾਵੇ। ਜ਼ਿਲ੍ਹਾ ਪ੍ਰਸ਼ਾਸਨ ਨੂੰ ਐਸੋਸੀਏਸ਼ਨ ਆਦਿ ਨਾਲ ਸੰਪਰਕ ਕਰਨ ਲਈ ਕਿਹਾ ਗਿਆ ਹੈ ਤਾਂ ਕਿ ਦੁੱਧ, ਭੋਜਨ, ਦਵਾਈਆਂ ਆਦਿ ਸਬਜ਼ੀਆਂ ਅਤੇ ਫਲਾਂ ਸਮੇਤ ਸਾਰੀਆਂ ਜ਼ਰੂਰੀ ਵਸਤਾਂ ਦੀ ਨਿਰੰਤਰ ਸਪਲਾਈ ਨੂੰ ਯਕੀਨੀ ਬਣਾਇਆ ਜਾ ਸਕੇ।
ਪੰਜਾਬ ਸਰਕਾਰ ਨੇ ਜ਼ਰੂਰੀ ਵਸਤੂਆਂ ਦੀ ਸੂਚੀ ਜਾਰੀ ਕੀਤੀ ਹੈ ਜੋ ਕਿ ਜ਼ਰੂਰੀ ਵਸਤੂਆਂ ਐਕਟ 1955 ਦੀਆਂ ਧਾਰਾਵਾਂ ਅਨੁਸਾਰ ਲਾਗੂ ਕੀਤੀ ਗਈ ਹੈ। ਜ਼ਰੂਰੀ ਚੀਜ਼ਾਂ ਵਿਚ ਮਾਸਕ ਅਤੇ ਸੈਨੇਟਾਈਜ਼ਰ ਸ਼ਾਮਲ ਹਨ। ਕੋਵਿਡ-19 ਮਹਾਮਾਰੀ ਦੇ ਮੱਦੇਨਜ਼ਰ ਕੁਝ ਸੇਵਾਵਾਂ ਨੂੰ ਜ਼ਰੂਰੀ ਸੇਵਾਵਾਂ ਐਲਾਨਿਆ ਗਿਆ ਹੈ। ਇਨ੍ਹਾਂ ਵਿਚ ਕਰਿਆਨੇ ਦੀ ਸਪਲਾਈ, ਪੀਣ ਵਾਲੇ ਪਦਾਰਥਾਂ ਦੀ ਸਪਲਾਈ, ਤਾਜ਼ੇ ਫਲਾਂ ਅਤੇ ਸਬਜ਼ੀਆਂ ਦੀ ਸਪਲਾਈ, ਪੀਣ ਵਾਲੇ ਪਾਣੀ ਦੀ ਸਪਲਾਈ ਸ਼ਾਮਲ ਹੈ।
ਮੁੱਖ ਸਕੱਤਰ ਨੇ ਕਿਹਾ ਕਿ ਗੁਆਂਢੀਆਂ ਨੂੰ ਸੁਰੱਖਿਅਤ ਰੱਖਣ ਅਤੇ ਜਾਣਕਾਰੀ ਦੇਣ ਲਈ ‘ਇਕਾਂਤਵਾਸ’ ਵਿਅਕਤੀਆਂ ਦੇ ਘਰਾਂ ਦੇ ਬਾਹਰ ਸਟਿੱਕਰ ਚਿਪਕਾਇਆ ਜਾਣਾ ਲਾਜ਼ਮੀ ਕੀਤਾ ਜਾਣਾ ਚਾਹੀਦਾ ਹੈ। ਲਾਜ਼ਮੀ ਕੁਆਰੰਟੀਨ ਤੋਂ ਪਹਿਲਾਂ ਆਏ ਲੋਕਾਂ ਨੂੰ ਸਿਹਤ ਟੀਮਾਂ ਨੂੰ ਹਰ ਰੋਜ਼ ਆਪਣੀ ਸਿਹਤ ਦੀ ਸਥਿਤੀ ਦੀ ਜਾਂਚ ਕਰਵਾਉਣੀ ਚਾਹੀਦੀ ਹੈ ਅਤੇ ਲੋੜ ਪੈਣ ਉਤੇ ਕੁਆਰੰਟੀਨ ਲਾਗੂ ਕਰਨਾ ਚਾਹੀਦਾ ਹੈ।
_______________________
ਸੁਖਬੀਰ ਵਲੋਂ ਪਰਵਾਸੀਆਂ ਦੀ ਮਦਦ ਲਈ ਪ੍ਰਧਾਨ ਮੰਤਰੀ ਨੂੰ ਅਪੀਲ
ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਰੋਨਾ ਵਾਇਰਸ ਕਾਰਨ ਵਿਦੇਸ਼ਾਂ ਵਿਚ ਫਸੇ ਪਰਵਾਸੀਆਂ ਅਤੇ ਬਾਕੀ ਪੰਜਾਬੀਆਂ ਦੀ ਮਦਦ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਹੈ।
ਸ੍ਰੀ ਬਾਦਲ ਨੇ ਭਾਰਤ ਸਰਕਾਰ ਨੂੰ ਵਿਦੇਸ਼ਾਂ ਵਿਚ ਸਾਰੇ ਭਾਰਤੀ ਮਿਸ਼ਨਾਂ ਅੰਦਰ ਖਾਸ ਕਰਕੇ ਕੈਨੇਡਾ, ਅਮਰੀਕਾ, ਇੰਗਲੈਂਡ, ਇਟਲੀ, ਸਪੇਨ, ਫਰਾਂਸ, ਜਰਮਨੀ ਵਿਚ ਪੰਜਾਬੀ ਪਰਵਾਸੀਆਂ ਲਈ ਹੈਲਪਲਾਈਨ ਨੰਬਰਾਂ ਵਾਲੇ ਸਪੈਸ਼ਲ ਸੈੱਲ ਸਥਾਪਤ ਕਰਨ ਲਈ ਆਖਿਆ ਹੈ। ਉਨ੍ਹਾਂ ਕਿਹਾ ਕਿ ਮਿਡਲ ਈਸਟ ਵਿਚ ਵੱਡੀ ਗਿਣਤੀ ਸਿੱਖ ਰਹਿੰਦੇ ਹਨ, ਉਨ੍ਹਾਂ ਦੀ ਮਦਦ ਲਈ ਵਿਸ਼ੇਸ਼ ਸੈਲ ਕਾਇਮ ਕੀਤੇ ਜਾਣ। ਉਨ੍ਹਾਂ ਵਿਦੇਸ਼ ਮੰਤਰੀ ਨੂੰ ਵੀ ਪਰਵਾਸੀਆਂ ਦੀ ਘਰ ਵਾਪਸੀ ਯਕੀਨੀ ਬਣਾਉਣ ਲਈ ਅਪੀਲ ਕੀਤੀ ਹੈ।
_______________________
ਕੈਪਟਨ ਵਲੋਂ ਕਰੋਨਾ ਵਾਇਰਸ ਖਿਲਾਫ ਜੰਗ ਵਿੱਢਣ ਦਾ ਸੱਦਾ
ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਭਿਆਨਕ ਕਰੋਨਾ ਵਾਇਰਸ ਵਿਰੁੱਧ ਜੰਗੀ ਪੱਧਰ ਉਤੇ ਲੜਾਈ ਛੇੜਨ ਦਾ ਸੱਦਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਭਾਰਤ ਨੂੰ ਔਖੇ ਸਮੇਂ ਲਈ ਪੂਰੀ ਤਰ੍ਹਾਂ ਨਾਲ ਤਿਆਰ ਰਹਿਣਾ ਚਾਹੀਦਾ ਹੈ।
ਕੈਪਟਨ ਨੇ ਕੇਂਦਰ ਸਰਕਾਰ ਨੂੰ ਮਸ਼ਵਰਾ ਦਿੱਤਾ ਕਿ ਕਰੋਨਾ ਵਾਇਰਸ ਕਾਰਨ ਰੋਜ਼ੀ-ਰੋਟੀ ਤੋਂ ਮੁਥਾਜ਼ ਹੋਣ ਵਾਲੇ ਗਰੀਬ ਤਬਕੇ ਦੇ ਲੋਕਾਂ ਦੀ ਸਹਾਇਤਾ ਲਈ ਪੰਜਾਬ ਦੇ ਗੋਦਾਮਾਂ ਅੰਦਰ ਪਿਆ ਅਨਾਜ ਵੰਡਣ ਦੀ ਮਨਜ਼ੂਰੀ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਕੇਂਦਰੀ ਖੁਰਾਕ ਨਿਗਮ ਨੇ ਸੂਬੇ ਵਿਚੋਂ 20 ਮਿਲੀਅਨ ਟਨ ਅਨਾਜ ਚੁੱਕਣਾ ਹੈ। ਇਸ ਔਖੇ ਸਮੇਂ ਵਿਚ ਲੋੜਵੰਦਾਂ ਦੀ ਮਦਦ ਲਈ ਅਨਾਜ ਵੰਡਣ ਦਾ ਫੈਸਲਾ ਕੇਂਦਰ ਸਰਕਾਰ ਉਤੇ ਨਿਰਭਰ ਕਰਦਾ ਹੈ। ਕਰੋਨਾ ਵਾਇਰਸ ਦੀ ਰੋਕਥਾਮ ਲਈ ਹੋਰ ਗੰਭੀਰ ਅਤੇ ਸਖਤ ਕਦਮ ਚੁੱਕਣ ਦੀ ਲੋੜ ਉਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਵਲੋਂ ਕਈ ਇਹਤਿਆਤੀ ਫੈਸਲੇ ਲਏ ਗਏ ਹਨ ਅਤੇ ਸੂਬੇ ਦੀ ਕਮਜ਼ੋਰ ਵਿੱਤੀ ਹਾਲਤ ਨੂੰ ਕਰੋਨਾਵਾਇਰਸ ਵਿਰੁੱਧ ਲੜਾਈ ਵਿਚ ਅੜਿੱਕਾ ਨਹੀਂ ਬਣਨ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਲੋਕਾਂ ਦੀ ਸਿਹਤ ਜਾਂਚ, ਇਕਾਂਤ ‘ਚ ਰੱਖਣ ਅਤੇ ਇਲਾਜ ਸਹੂਲਤਾਂ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ।