ਖਾਲਸਾ ਸਾਜਨਾ ਦਿਵਸ ਮੌਕੇ ਨਹੀਂ ਹੋਣਗੇ ਵੱਡੇ ਇਕੱਠ

ਅੰਮ੍ਰਿਤਸਰ: ਕਰੋਨਾ ਵਾਇਰਸ ਦੇ ਵਧ ਰਹੇ ਕਹਿਰ ਕਾਰਨ ਇਸ ਵਾਰ ਖਾਲਸਾ ਸਾਜਨਾ ਦਿਵਸ ਅਤੇ ਵਿਸਾਖੀ ਦੇ ਦਿਹਾੜੇ ਉਤੇ ਕਿਸੇ ਵੀ ਥਾਂ ਉਤੇ ਵੱਡਾ ਇਕੱਠ ਨਹੀਂ ਹੋਵੇਗਾ। ਸਿਰਫ ਗੁਰਦੁਆਰਿਆਂ ਵਿਚ ਇਸ ਪੁਰਬ ਨੂੰ ਮਨਾਉਣ ਲਈ ਅਖੰਡ ਪਾਠ ਜਾਂ ਸਹਿਜ ਪਾਠ ਕਰਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਜਾਵੇਗੀ। ਇਹ ਫੈਸਲਾ ਪੰਜ ਸਿੰਘ ਸਾਹਿਬਾਨ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਮੀਟਿੰਗ ਕਰਕੇ ਲਿਆ।

ਸ੍ਰੀ ਅਕਾਲ ਤਖਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਵੀਡੀਓ ਕਾਨਫਰੰਸਿੰਗ ਰਾਹੀਂ ਕੀਤੀ ਗਈ ਮੀਟਿੰਗ ਵਿਚ ਤਖਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਰਣਜੀਤ ਸਿੰਘ ਗੌਹਰ, ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਤਖਤ ਸ੍ਰੀ ਹਜ਼ੂਰ ਸਾਹਿਬ ਦੇ ਜਥੇਦਾਰ ਗਿਆਨੀ ਕੁਲਵੰਤ ਸਿੰਘ ਅਤੇ ਤਖਤ ਸ੍ਰੀ ਦਮਦਮਾ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਗੁਰਜੰਟ ਸਿੰਘ ਸ਼ਾਮਲ ਹੋਏ। ਉਨ੍ਹਾਂ ਦੱਸਿਆ ਕਿ ਕਰੋਨਾ ਵਾਇਰਸ ਦੀ ਮਹਾਮਾਰੀ ਫੈਲੀ ਹੋਣ ਕਰਕੇ ਹਾਲਾਤ ਨਾਜ਼ੁਕ ਬਣੇ ਹੋਏ ਹਨ।
ਅਜਿਹੇ ਹਾਲਾਤ ਵਿਚ ਵੱਡੇ ਇਕੱਠ ਸੰਭਵ ਨਹੀਂ ਹਨ। ਉਨ੍ਹਾਂ ਪੰਜ ਸਿੰਘ ਸਾਹਿਬਾਨ ਵੱਲੋਂ ਸਮੂਹ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਅਤੇ ਸਿੱਖ ਸੰਸਥਾਵਾਂ ਨੂੰ ਆਦੇਸ਼ ਦਿੱਤਾ, ”ਖਾਲਸਾ ਸਾਜਨਾ ਦਿਵਸ (ਵਿਸਾਖੀ) ਮੌਕੇ ਵੱਡੇ ਇਕੱਠ ਕਰਨ ਦੀ ਥਾਂ ਉਤੇ ਗੁਰਦੁਆਰਿਆਂ ਵਿਚ ਹੀ ਇਸ ਸਬੰਧੀ ਅਖੰਡ ਪਾਠ ਜਾਂ ਸਹਿਜ ਪਾਠ ਆਰੰਭ ਕੀਤੇ ਜਾਣ, ਜਿਸ ਦੀ ਸਮਾਪਤੀ ਉਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਜਾਵੇ। ਹਰ ਸਿੱਖ ਇਸ ਪੁਰਬ ਨੂੰ ਸਮਰਪਿਤ ਆਪਣੇ ਘਰ ਵਿਚ ਸਹਿਜ ਪਾਠ ਕਰੇ, ਸੰਗਤ ਆਪਣੇ ਘਰ ਵਿਚ ਬੈਠ ਕੇ ਟੀਵੀ ਚੈਨਲਾਂ ਅਤੇ ਆਨਲਾਈਨ ਰਾਹੀਂ ਇਤਿਹਾਸਕ ਸਥਾਨਾਂ ਤੋਂ ਲਾਈਵ ਹੋ ਰਹੇ ਕਥਾ- ਕੀਰਤਨ ਦਾ ਆਨੰਦ ਲਵੇ।” ਉਨ੍ਹਾਂ ਆਖਿਆ ਕਿ ਅਗਲੇ ਆਦੇਸ਼ਾਂ ਤਕ ਫਿਲਹਾਲ ਕੋਈ ਵੱਡਾ ਧਾਰਮਿਕ ਸਮਾਗਮ ਨਾ ਕੀਤਾ ਜਾਵੇ।
ਉਨ੍ਹਾਂ ਕਿਹਾ ਕਿ ਕਾਬੁਲ ਦੇ ਗੁਰਦੁਆਰੇ ਵਿਚ ਸਿੱਖਾਂ ਦੇ ਕਤਲੇਆਮ ਨਾਲ ਮਨੁੱਖਤਾ ਸ਼ਰਮਸਾਰ ਹੋਈ ਹੈ। ਉਨ੍ਹਾਂ ਵਿਸ਼ਵ ਭਰ ਦੀਆਂ ਸਿੱਖ ਸੰਸਥਾਵਾਂ ਨੂੰ ਆਦੇਸ਼ ਕੀਤਾ ਕਿ ਅਫਗਾਨਿਸਤਾਨ ਵਿਚ ਰਹਿ ਰਹੇ ਸਿੱਖ ਪਰਿਵਾਰਾਂ ਦੀ ਹਰ ਤਰ੍ਹਾਂ ਲੋੜੀਂਦੀ ਮਦਦ ਕੀਤੀ ਜਾਵੇ। ਉਨ੍ਹਾਂ ਸ਼੍ਰੋਮਣੀ ਕਮੇਟੀ ਨੂੰ ਕਿਹਾ ਕਿ ਉਹ ਸਿੱਖ ਚਿੰਤਕਾਂ ਅਤੇ ਸਿੱਖ ਸੰਸਥਾਵਾਂ ਦੀ ਰਾਏ ਲੈ ਕੇ ਇਤਿਹਾਸਕ ਗੁਰਦੁਆਰਿਆਂ ਦੀ ਸਾਂਭ-ਸੰਭਾਲ ਲਈ ਠੋਸ ਨੀਤੀ ਤਿਆਰ ਕਰੇ, ਜਿਸ ਦੀ ਰਿਪੋਰਟ ਅਕਾਲ ਤਖ਼ਤ ਨੂੰ ਦਿੱਤੀ ਜਾਵੇ। ਮੀਟਿੰਗ ਦੌਰਾਨ ਪਦਮਸ੍ਰੀ ਭਾਈ ਨਿਰਮਲ ਸਿੰਘ ਦੇ ਅਕਾਲ ਚਲਾਣੇ ਉਤੇ ਅਫਸੋਸ ਦਾ ਪ੍ਰਗਟਾਵਾ ਕਰਦਿਆਂ ਵਿੱਛੜੀ ਰੂਹ ਨੂੰ ਸ਼ਰਧਾਂਜਲੀ ਦਿੱਤੀ ਗਈ। ਪੰਜ ਸਿੰਘ ਸਾਹਿਬਾਨ ਨੇ ਕਰੋਨਾ ਪੀੜਤ ਵਿਅਕਤੀਆਂ ਪ੍ਰਤੀ ਲੋਕਾਂ ਨੂੰ ਸਨਮਾਨਜਨਕ ਵਤੀਰਾ ਅਖਤਿਆਰ ਕਰਨ ਲਈ ਕਿਹਾ। ਉਨ੍ਹਾਂ ਕੇਂਦਰ ਸਰਕਾਰ ਅਤੇ ਪ੍ਰਸ਼ਾਸਨ ਨੂੰ ਵੀ ਪੀੜਤਾਂ ਦਾ ਵਿਸ਼ੇਸ਼ ਧਿਆਨ ਰੱਖਣ ਲਈ ਕਿਹਾ ਹੈ। ਕਰੋਨਾ ਮਹਾਮਾਰੀ ਤੋਂ ਸਮੁੱਚੀ ਮਨੁੱਖਤਾ ਦੇ ਬਚਾਅ ਲਈ ਅਰਦਾਸ ਕੀਤੀ।
___________________________
ਨਿਹੰਗ ਸਿੰਘ ਆਪੋ-ਆਪਣੀਆਂ ਛਾਉਣੀਆਂ ‘ਚ ਮਨਾਉਣਗੇ ਵਿਸਾਖੀ
ਅੰਮ੍ਰਿਤਸਰ: ਨਿਹੰਗ ਜਥੇਬੰਦੀ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ ਦੀ ਅਗਵਾਈ ਹੇਠ ਸਮੂਹ ਨਿਹੰਗ ਦਲਾਂ ਨੇ ਵਿਸਾਖੀ ਦਾ ਦਿਹਾੜਾ ਤਖਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਬਠਿੰਡਾ ਦੀ ਬਜਾਏ ਆਪੋ-ਆਪਣੀਆਂ ਮੁੱਖ ਛਾਉਣੀਆਂ ਵਿਚ ਸਾਦੇ ਰੂਪ ਵਿਚ ਮਨਾਉਣ ਦਾ ਫੈਸਲਾ ਲਿਆ ਹੈ। ਬੁੱਢਾ ਦਲ ਦੇ ਸਕੱਤਰ ਦਿਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ, ਬਾਬਾ ਬਿਧੀ ਚੰਦ ਤਰਨਾ ਦਲ ਦੇ ਮੁਖੀ ਬਾਬਾ ਅਵਤਾਰ ਸਿੰਘ ਸੁਰਸਿੰਘ ਵਾਲੇ, ਬਾਬਾ ਦੀਪ ਸਿੰਘ ਮਿਸਲ ਬਾਬਾ ਬਕਾਲਾ ਦੇ ਮੁਖੀ ਬਾਬਾ ਗੱਜਣ ਸਿੰਘ ਅਤੇ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਨੇ ਸਾਂਝਾ ਗੁਰਮਤਾ ਕੀਤਾ ਹੈ ਕਿ ਕਰੋਨਾ ਕਾਰਨ ਵਿਸਾਖੀ ਦਿਹਾੜੇ ਨੂੰ ਨਿਹੰਗ ਦਲ ਆਪੋ-ਆਪਣੇ ਹੈੱਡਕੁਆਰਟਰਾਂ ਉਤੇ ਸਾਦੇ ਢੰਗ ਨਾਲ ਮਨਾਉਣ ਅਤੇ ਇਕੱਠ ਨਾ ਕੀਤਾ ਜਾਵੇ।