ਕੇਂਦਰ ਦੇ ਵਿਤਕਰੇ ਖਿਲਾਫ ਪੰਜਾਬ ਵਲੋਂ ਸੰਘਰਸ਼ ਦਾ ਬਿਗਲ

ਚੰਡੀਗੜ੍ਹ: ਕਰੋਨਾ ਮਹਾਮਾਰੀ ਕਾਰਨ ਪੈਦਾ ਹੋਏ ਹਾਲਾਤ ਦੇ ਬਾਵਜੂਦ ਪੰਜਾਬ ਨੂੰ ਕੋਈ ਵਿੱਤੀ ਸਹਾਇਤਾ ਨਾ ਦੇਣ ਦੇ ਰੋਸ ਵਜੋਂ ਪੰਜਾਬ ਸਰਕਾਰ ਦੇ ਮੰਤਰੀਆਂ ਨੇ ਕੇਂਦਰ ਸਰਕਾਰ ਖਿਲਾਫ ਸੰਘਰਸ਼ ਦਾ ਬਿਗਲ ਵਜਾ ਦਿੱਤਾ ਹੈ। ਸੂਬੇ ਦੇ ਮੰਤਰੀਆਂ ਤੇ ਕਾਂਗਰਸੀ ਵਿਧਾਇਕਾਂ ਨੇ ਆਪਣੇ ਘਰਾਂ ਦੇ ਬਾਹਰ ਝੰਡੇ ਲਹਿਰਾ ਕੇ ਰੋਸ ਜ਼ਾਹਿਰ ਕੀਤਾ ਹੈ। ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਕੌਮਾਂਤਰੀ ਮਜ਼ਦੂਰ ਦਿਵਸ ਮੌਕੇ ਆਪਣੇ ਘਰ ਤੋਂ ਤਿਰੰਗਾ ਲਹਿਰਾ ਕੇ ਕੇਂਦਰ ਸਰਕਾਰ ਵਲੋਂ ਪੰਜਾਬ ਨਾਲ ਕੀਤੀ ਜਾ ਰਹੀ ਵਿਤਕਰੇਬਾਜ਼ੀ ਖਿਲਾਫ ਅਤੇ ਸੂਬੇ ਦੀਆਂ ਹੱਕੀ ਮੰਗਾਂ ਦੇ ਹੱਕ ਵਿਚ ਆਵਾਜ਼ ਬੁਲੰਦ ਕੀਤੀ।

ਸੁਨੀਲ ਜਾਖੜ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਸੂਬਾ ਕੋਵਿਡ ਨਾਲ ਜਿੱਤ ਦਾ ਜਜ਼ਬਾ ਮਨ ਵਿਚ ਲੈ ਕੇ ਲੜ ਰਿਹਾ ਹੈ ਅਤੇ ਅੱਜ ਪੰਜਾਬੀਆਂ ਨੇ ਤਿਰੰਗਾ ਲਹਿਰਾ ਕੇ ਪੰਜਾਬ ਸਰਕਾਰ ਦੇ ਉਪਰਾਲਿਆਂ ਨਾਲ ਆਪਣੀ ਇਕਜੁੱਟਤਾ ਦਾ ਪ੍ਰਗਟਾਵਾ ਕੀਤਾ ਹੈ।
ਕਾਂਗਰਸ ਪ੍ਰਧਾਨ ਨੇ ਕਿਹਾ ਕਿ ਦੂਜੇ ਪਾਸੇ ਕੇਂਦਰ ਦੀ ਮੋਦੀ ਸਰਕਾਰ ਦਾ ਪੰਜਾਬ ਪ੍ਰਤੀ ਰਵੱਈਆ ਲਗਾਤਾਰ ਭੇਦਭਾਵ ਵਾਲਾ ਬਣਿਆ ਹੋਇਆ ਹੈ ਅਤੇ ਪੰਜਾਬ ਨੂੰ ਕੋਈ ਆਰਥਿਕ ਮਦਦ ਦੇਣ ਦੀ ਬਜਾਏ ਕੇਂਦਰ ਸਰਕਾਰ ਪੰਜਾਬ ਦੇ ਬਣਦੇ ਹੱਕ ਵੀ ਸਮੇਂ ਸਿਰ ਨਹੀਂ ਦੇ ਰਹੀ। ਸ੍ਰੀ ਜਾਖੜ ਨੇ ਕਿਹਾ ਕਿ ਦੇਸ਼ ਨੂੰ ਆਰਥਿਕ ਮੰਦੀ ਵਿਚੋਂ ਕੱਢਣ ਵਿਚ ਪੰਜਾਬ ਮੋਹਰੀ ਰੋਲ ਅਦਾ ਕਰ ਸਕਦਾ ਹੈ। ਇਸ ਲਈ ਕੇਂਦਰ ਸਰਕਾਰ ਤੁਰਤ ਪੰਜਾਬ ਨੂੰ ਆਰਥਿਕ ਪੈਕੇਜ ਦੇਵੇ? ਉਨ੍ਹਾਂ ਕਿਹਾ ਕਿ ਜਦ ਤੱਕ ਪੰਜਾਬ ਦੀ ਇਹ ਮੰਗ ਪੂਰੀ ਨਹੀਂ ਹੁੰਦੀ ਕਾਂਗਰਸ ਪਾਰਟੀ ਆਪਣਾ ਸੰਘਰਸ਼ ਜਾਰੀ ਰੱਖੇਗੀ। ਉਨ੍ਹਾਂ ਕੌਮਾਂਤਰੀ ਮਜ਼ਦੂਰ ਦਿਵਸ ਮੌਕੇ ਰਾਜ ਭਰ ਵਿਚ ਪੰਜਾਬ ਦੀਆਂ ਹੱਕੀ ਮੰਗਾਂ ਲਈ ਤਿਰੰਗਾ ਲਹਿਰਾਉਣ ਲਈ ਧੰਨਵਾਦ ਕੀਤਾ।
_____________________________________
ਮਨਪ੍ਰੀਤ ਸਿੰਘ ਬਾਦਲ ਨੇ ਕੇਂਦਰ ਨੂੰ ਰਗੜੇ ਲਾਏ
ਚੰਡੀਗੜ੍ਹ:ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਕਿਹਾ ਹੈ ਕਿ ਕੇਂਦਰ ਤੋਂ ਕੋਵਿਡ ਨਾਲ ਲੜਨ ਲਈ ਪੰਜਾਬ ਸਰਕਾਰ ਨੂੰ ਸਿਰਫ 71 ਕਰੋੜ ਤੋਂ ਉੱਪਰ ਧੇਲਾ ਨਹੀਂ ਮਿਲਿਆ। ਉਨ੍ਹਾਂ ਕੇਂਦਰ ਨੂੰ ਯਾਦ ਕਰਵਾਇਆ ਕਿ ਉਹ ਆਪਣੇ ਸੰਵਿਧਾਨਕ ਫਰਜ਼ਾਂ ਨੂੰ ਨਾ ਵਿਸਾਰੇ। ਪੰਜਾਬ ਨੂੰ ਕੇਂਦਰ ਤੋਂ ਜੋ ਹੋਰ ਰਕਮਾਂ ਪ੍ਰਾਪਤ ਹੋਈਆਂ ਹਨ, ਉਹ ਪੰਜਾਬ ਰਾਜ ਦਾ ਆਪਣਾ ਹੱਕ ਸੀ ਤੇ ਕੇਂਦਰ ਵਲ ਬਕਾਇਆ ਸੀ। ਸੰਘੀ ਢਾਂਚੇ ਵਿਚ ਕੇਂਦਰ ਸਰਕਾਰ ਦਾ ਫਰਜ਼ ਬਣਦਾ ਹੈ ਕਿ ਉਹ ਕਿਸੇ ਵੀ ਅੰਦਰੂਨੀ ਜਾਂ ਬਾਹਰੀ ਆਫਤ ਸਮੇਂ ਰਾਜਾਂ ਦੀ ਮਦਦ ਕਰੇ। ਉਨ੍ਹਾਂ ਕਿਹਾ ਕਿ ਕੋਵਿਡ ਦੇ ਮੱਦੇਨਜ਼ਰ ਕੇਂਦਰ ਦਾ ਪੰਜਾਬ ਨਾਲ ਬੇਰੁਖੀ ਵਾਲਾ ਰਵੱਈਆ ਰਿਹਾ ਹੈ।
_____________________________________
ਮਜੀਠੀਆ ਆਪਣੀ ਭੈਣ ਦਾ ਅਸਤੀਫਾ ਮੰਗੇ: ਰੰਧਾਵਾ
ਚੰਡੀਗੜ੍ਹ:ਪੰਜਾਬ ਦੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕੇਂਦਰ ਸਰਕਾਰ ਖਿਲਾਫ ਪ੍ਰਦਰਸ਼ਨ ਕੀਤਾ। ਉਨ੍ਹਾਂ ਆਖਿਆ ਕਿ ਬਿਕਰਮ ਸਿੰਘ ਮਜੀਠੀਆ ਸੂਬੇ ਦੇ ਸਿਹਤ ਮੰਤਰੀ ਤੋਂ ਅਸਤੀਫਾ ਮੰਗਣ ਦੀ ਜਗ੍ਹਾ ਆਪਣੀ ਭੈਣ ਤੇ ਕੇਂਦਰੀ ਮੰਤਰੀ ਬੀਬੀ ਹਰਸਿਮਰਤ ਬਾਦਲ ਤੇ ਕੇਂਦਰ ਸਿਹਤ ਮੰਤਰੀ ਡਾ. ਹਰਸ਼ ਵਰਧਨ ਦਾ ਅਸਤੀਫਾ ਮੰਗਣ। ਉਨ੍ਹਾਂ ਕੇਂਦਰ ਸਰਕਾਰ ‘ਤੇ ਪੰਜਾਬ ਨਾਲ ਵਿਤਕਰਾ ਕਰਨ ਦੇ ਹਵਾਲੇ ਦਿੰਦਿਆਂ ਕਿਹਾ ਪੰਜਾਬ ਦਾ ਜੀ.ਐਸ਼ਟੀ. ਜੋ 4300 ਕਰੋੜ ਰੁਪਏ ਬਣਦਾ ਹੈ, ਉਹ ਦਿੱਤਾ ਨਹੀਂ।