‘ਘਰ ਘਰ ਸ਼ਰਾਬ’ ਦੇ ਮੁੱਦੇ ਉਤੇ ਘਿਰੀ ਕੈਪਟਨ ਅਮਰਿੰਦਰ ਸਿੰਘ ਸਰਕਾਰ

ਲੁਧਿਆਣਾ: ਪੰਜਾਬ ਸਰਕਾਰ ਦੇ ਤਾਲਾਬੰਦੀ ਦੌਰਾਨ ਸੂਬੇ ਵਿਚ ਸ਼ਰਾਬ ਦੀ ਹੋਮ ਡਿਲਿਵਰੀ ਦੇ ਫੈਸਲੇ ਖਿਲਾਫ ਕਾਂਗਰਸੀ ਆਗੂਆਂ ਦੀਆਂ ਪਤਨੀਆਂ ਨੇ ਮੋਰਚਾ ਖੋਲ੍ਹ ਦਿੱਤਾ ਹੈ। ਕਾਂਗਰਸ ਪਾਰਟੀ ਦੇ ਵਜ਼ੀਰ ਭਾਰਤ ਭੂਸ਼ਣ ਆਸ਼ੂ ਦੀ ਪਤਨੀ ਕੌਂਸਲਰ ਮਮਤਾ ਆਸ਼ੂ ਨੇ ਮੁੱਖ ਮੰਤਰੀ ਨੂੰ ਟਵੀਟ ਕਰਦਿਆਂ ਆਖਿਆ ਕਿ ਸ਼ਰਾਬ ਦੇ ਠੇਕੇ ਖੋਲ੍ਹੇ ਜਾਣ ਪਰ ਸ਼ਰਾਬ ਦੀ ਹੋਮ ਡਿਲਿਵਰੀ ਨਾ ਕੀਤੀ ਜਾਵੇ। ਉਨ੍ਹਾਂ ਆਖਿਆ ਕਿ ਸ਼ਰਾਬ ਦੀ ਹੋਮ ਡਿਲਿਵਰੀ ਨਾਲ ਘਰੇਲੂ ਹਿੰਸਾ ਦੇ ਮਾਮਲਿਆਂ ਵਿਚ ਵਾਧਾ ਹੋਵੇਗਾ। ਮਮਤਾ ਨੇ ਆਖਿਆ, ”ਪੰਜਾਬ ਵਿਧਾਨ ਸਭਾ ਚੋਣਾਂ ‘ਚ ਕਾਂਗਰਸ ਪਾਰਟੀ ਨੇ ਨਸ਼ਿਆਂ ਦਾ ਖਾਤਮਾ ਕਰਨ ਦਾ ਵਾਅਦਾ ਕੀਤਾ ਸੀ ਇਸ ਲਈ ਇਸ ਫੈਸਲੇ ਨੂੰ ਮੁੜ ਵਿਚਾਰਿਆ ਜਾਵੇ।”

ਉਨ੍ਹਾਂ ਆਖਿਆ ਕਿ ਤਾਲਾਬੰਦੀ ਦੌਰਾਨ ਵੀ ਸ਼ਰਾਬ ਚੋਰੀ ਵਿਕ ਰਹੀ ਹੈ। ਸਰਕਾਰ ਦੇ ਖਜ਼ਾਨੇ ਨੂੰ ਸ਼ਰਾਬ ਨਾ ਵਿਕਣ ਕਾਰਨ ਖੋਰਾ ਲੱਗ ਰਿਹਾ ਹੈ। ਜਿਵੇਂ ਸਰਕਾਰ ਨੇ ਹੋਰ ਦੁਕਾਨਾਂ ਖੋਲ੍ਹਣ ਦੀ ਆਗਿਆ ਦਿੱਤੀ ਹੈ, ਉਸੇ ਤਰ੍ਹਾਂ ਸ਼ਰਾਬ ਠੇਕੇ ਖੋਲ੍ਹੇ ਜਾਣ ਪਰ ਸ਼ਰਾਬ ਘਰ ਭੇਜਣ ਦਾ ਫੈਸਲਾ ਠੀਕ ਨਹੀਂ ਹੈ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਨੇ ਸ਼ਰਾਬ ਖਰੀਦਣੀ ਹੈ ਤਾਂ ਉਹ ਠੇਕੇ ‘ਤੇ ਜਾ ਕੇ ਸਮਾਜਿਕ ਦੂਰੀ ਦਾ ਪਾਲਣ ਕਰਦਿਆਂ ਖਰੀਦੇ। ਇਸ ਤਰ੍ਹਾਂ ਗਿੱਦੜਬਾਹਾ ਤੋਂ ਕਾਂਗਰਸ ਪਾਰਟੀ ਦੇ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਪਤਨੀ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਸ਼ਰਾਬ ਦੀ ਹੋਮ ਡਿਲਿਵਰੀ ਦੇ ਫੈਸਲੇ ਉਤੇ ਮੁੜ ਗੌਰ ਕਰਨ ਦੀ ਅਪੀਲ ਕੀਤੀ ਹੈ। ਅੰਮ੍ਰਿਤਾ ਵੜਿੰਗ ਨੇ ਟਵੀਟ ਕਰਦਿਆਂ ਆਖਿਆ ਕਿ ਇਸ ਫੈਸਲੇ ਨਾਲ ਘਰੇਲੂ ਹਿੰਸਾ ਵਧੇਗੀ।
ਅੰਮ੍ਰਿਤਾ ਨੇ ਟਵੀਟ ‘ਚ ਆਖਿਆ, “ਕੈਪਟਨ ਅਮਰਿੰਦਰ ਸਿੰਘ ਜੀ, ਮੇਰੀ ਤੁਹਾਨੂੰ ਬੇਨਤੀ ਹੈ ਕਿ ਸ਼ਰਾਬ ਦੀ ਹੋਮ ਡਿਲਿਵਰੀ ਦੇ ਫੈਸਲੇ ‘ਤੇ ਮੁੜ ਵਿਚਾਰ ਕੀਤਾ ਜਾਵੇ, ਕਿਉਂਕਿ ਇਸ ਨਾਲ ਘਰੇਲੂ ਹਿੰਸਾ ਵਧੇਗੀ।…ਪਿਛਲੀ ਅਕਾਲੀ ਭਾਜਪਾ ਸਰਕਾਰ ਪਹਿਲਾਂ ਹੀ ਸੂਬੇ ਵਿਚ ਸ਼ਰਾਬ ਤੇ ਨਸ਼ਿਆਂ ਨਾਲ ਲੋਕਾਂ ਦੇ ਘਰ ਬਰਬਾਦ ਕਰ ਚੁੱਕੀ ਹੈ।”
ਜਾਣਕਾਰੀ ਅਨੁਸਾਰ ਪੰਜਾਬ ਐਕਸਾਈਜ਼ ਐਕਟ-1914 ਤਹਿਤ ਸ਼ਰਾਬ ਦੀ ਹੋਮ ਡਿਲਿਵਰੀ ਦੀ ਵਿਵਸਥਾ ਨਹੀਂ ਹੈ ਪਰ ਸੂਬਾ ਸਰਕਾਰ ਨੇ ਕਰੋਨਾ ਵਾਇਰਸ ਕਾਰਨ ਸਮਾਜਿਕ ਦੂਰੀ ਦੀ ਨਿਯਮਾਂ ਦੀ ਪਾਲਣਾ ਹਿੱਤ ਲੋਕਾਂ ਦੇ ਘਰਾਂ ਤੱਕ ਸ਼ਰਾਬ ਪਹੁੰਚਾਉਣ ਦਾ ਫੈਸਲਾ ਕੀਤਾ ਹੈ।
___________________________________________
ਮਹਾਮਾਰੀ ਦੇ ਦੌਰ ‘ਚ ਸ਼ਰਾਬ ਦੇ ਠੇਕੇ ਖੋਲ੍ਹਣਾ ਗਲਤ: ਜਥੇਦਾਰ
ਅੰਮ੍ਰਿਤਸਰ: ਸ੍ਰੀ ਅਕਾਲ ਤਖਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਰੋਨਾ ਮਹਾਮਾਰੀ ਦੌਰਾਨ ਪੰਜਾਬ ਸਰਕਾਰ ਵੱਲੋਂ ਸ਼ਰਾਬ ਦੇ ਠੇਕੇ ਖੋਲ੍ਹਣ ਦੇ ਫੈਸਲੇ ‘ਤੇ ਇਤਰਾਜ਼ ਪ੍ਰਗਟ ਕਰਦਿਆਂ ਆਖਿਆ ਕਿ ਇਸ ਨਾਲ ਘਰੇਲੂ ਹਿੰਸਾ ਦੇ ਮਾਮਲੇ ਵਧਣਗੇ। ਉਨ੍ਹਾਂ ਆਖਿਆ ਕਿ ਸ਼ਰਾਬ ਦੀ ਖੁੱਲ੍ਹੀ ਵਿਕਰੀ ਕਿਸੇ ਵੀ ਤਰ੍ਹਾਂ ਜਾਇਜ਼ ਨਹੀਂ ਹੈ। ਇਸ ਨਾਲ ਘਰੇਲੂ ਹਿੰਸਾ ਦੇ ਮਾਮਲਿਆਂ ਵਿਚ ਵਾਧਾ ਹੋਵੇਗਾ। ਉਨ੍ਹਾਂ ਆਖਿਆ ਕਿ ਸਰਕਾਰ ਗੁਰਦੁਆਰੇ, ਮੰਦਿਰ ਤੇ ਹੋਰ ਧਰਮ ਅਸਥਾਨ ਤਾਂ ਨਹੀਂ ਖੋਲ੍ਹ ਰਹੀ ਪਰ ਠੇਕੇ ਜ਼ਰੂਰ ਖੋਲ੍ਹ ਰਹੀ ਹੈ। ਨਾਂਦੇੜ ਤੋਂ ਆਏ ਸ਼ਰਧਾਲੂਆਂ ਨੂੰ ਇਕਾਂਤਵਾਸ ਵਾਸਤੇ ਡੇਰਾ ਬਿਆਸ ਦੇ ਕੇਂਦਰਾਂ ਵਿਚ ਠਹਿਰਾਏ ਜਾਣ ਦੇ ਹੋ ਰਹੇ ਵਿਰੋਧ ਬਾਰੇ ਉਨ੍ਹਾਂ ਆਖਿਆ ਕਿ ਜਿਹੜੀ ਸੰਗਤ ਇਨ੍ਹਾਂ ਕੇਂਦਰਾਂ ਵਿਚ ਠਹਿਰਨਾ ਚਾਹੁੰਦੀ ਹੈ, ਉਨ੍ਹਾਂ ਨੂੰ ਉਥੇ ਰਹਿਣ ਦਿੱਤਾ ਜਾਵੇ ਅਤੇ ਬਾਕੀ ਜਿਹੜੇ ਗੁਰਦੁਆਰਿਆਂ ਦੀਆਂ ਸਰਾਵਾਂ ਵਿਚ ਆਉਣਾ ਚਾਹੁੰਦੇ ਹਨ, ਉਨ੍ਹਾਂ ਨੂੰ ਉਥੇ ਤਬਦੀਲ ਕਰ ਦਿੱਤਾ ਜਾਵੇ।