ਲੁਧਿਆਣਾ: ਹਲਵਾਰਾ ਹਵਾਈ ਅੱਡੇ ਵਿਚ ਕੌਮਾਂਤਰੀ ਸਿਵਲ ਟਰਮੀਨਲ ਦੇ ਨਿਰਮਾਣ ਲਈ ਰਾਹ ਪੱਧਰਾ ਹੋ ਗਿਆ ਹੈ ਜਿਸ ਨਾਲ ਇਸ ਹਵਾਈ ਅੱਡੇ ਤੋਂ ਅੰਤਰਰਾਸ਼ਟਰੀ ਉਡਾਣਾਂ ਦਾ ਸੁਪਨਾ ਜਲਦ ਸੱਚ ਹੋਣ ਜਾ ਰਿਹਾ ਹੈ। ਇਸ ਟਰਮੀਨਲ ਦੇ ਨਿਰਮਾਣ ਲਈ ਲੋੜੀਂਦੀ 161.27 ਏਕੜ ਜ਼ਮੀਨ ਐਕੁਆਇਰ ਕਰ ਲਈ ਗਈ ਹੈ ਅਤੇ ਇਸ ਸਬੰਧੀ ਗਲਾਡਾ ਵੱਲੋਂ ਮੌਕੇ ਦਾ ਕਬਜ਼ਾ ਵੀ ਲੈ ਲਿਆ ਗਿਆ ਹੈ।
ਇਹ ਜਾਣਕਾਰੀ ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਅਗਰਵਾਲ ਨੇ ਦਿੱਤੀ। ਡੀ.ਸੀ. ਨੇ ਦੱਸਿਆ ਕਿ ਇਸ ਜ਼ਮੀਨ ਬਦਲੇ ਕਿਸਾਨਾਂ ਨੂੰ 20,61,314 ਰੁਪਏ ਪ੍ਰਤੀ ਏਕੜ ਮੁਆਵਜ਼ਾ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਯੋਗ ਪਾਏ ਜਾਣ ਵਾਲੇ ਪਰਿਵਾਰ ਨੂੰ 5,50,000 ਰੁਪਏ ਪੁਨਰ ਵਸੇਬਾ ਭੱਤਾ ਵੀ ਦਿੱਤਾ ਜਾਵੇਗਾ। ਗਲਾਡਾ ਵੱਲੋਂ ਸਾਰੀਆਂ ਕਾਰਵਾਈਆਂ ਮੁਕੰਮਲ ਕਰਨ ਉਪਰੰਤ ਇਸ ਜ਼ਮੀਨ ਦਾ ਐਵਾਰਡ ਨੰਬਰ 7 ਫਰਵਰੀ ਨੂੰ ਐਲਾਨਿਆ ਗਿਆ ਸੀ ਅਤੇ ਜ਼ਮੀਨ ਦਾ ਕਬਜ਼ਾ 22 ਮਈ ਨੂੰ ਜ਼ਮੀਨ ਮਾਲਕਾਂ ਅਤੇ ਪਿੰਡ ਨਿਵਾਸੀਆਂ ਦੀ ਹਾਜ਼ਰੀ ਵਿਚ ਲੈ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਏਅਰਪੋਰਟ ਅਥਾਰਟੀ ਆਫ ਇੰਡੀਆ ਅਤੇ ਪੰਜਾਬ ਸਰਕਾਰ ਦੇ ਸਾਂਝੇ ਉਦਮ ਨਾਲ ਪਿੰਡ ਐਤੀਆਣਾ ਤਹਿਸੀਲ ਰਾਏਕੋਟ ਦੀ ਜ਼ਮੀਨ ਵਿਚ ਕੌਮਾਂਤਰੀ ਸਿਵਲ ਅਤੇ ਕਾਰਗੋ ਟਰਮੀਨਲ ਬਣਾਇਆ ਜਾ ਰਿਹਾ ਹੈ। ਇਸ ਨਾਲ ਇਲਾਕੇ ਵਿਚ ਨਿਗਮੀ ਅਤੇ ਵਪਾਰਕ ਕੰਪਨੀਆਂ ਨੂੰ ਆਰਥਿਕ ਗਤੀਵਿਧੀਆਂ ਚਲਾਉਣ ਦਾ ਮੌਕਾ ਮਿਲੇਗਾ। ਇਸ ਨਾਲ ਹੋਰ ਖੇਤਰਾਂ ਵਿਚ ਖਾਸ ਤੌਰ ਉਤੇ ਰੁਜ਼ਗਾਰ ਦੇ ਮੌਕੇ ਮਿਲਣਗੇ ਅਤੇ ਸੈਰ-ਸਪਾਟੇ ਨੂੰ ਵੀ ਹੁਲਾਰਾ ਮਿਲੇਗਾ।
ਦੱਸਣਯੋਗ ਹੈ ਕਿ ਇਸ ਪ੍ਰੋਜੈਕਟ ਦੇ ਪਹਿਲੇ ਪੜਾਅ ਦਾ ਕੰਮ ਤਿੰਨ ਸਾਲਾਂ ਵਿਚ ਪੂਰਾ ਕੀਤਾ ਜਾਵੇਗਾ। ਇਹ ਪ੍ਰੋਜੈਕਟ ਜੁਆਇੰਟ ਵੈਂਚਰ ਕੰਪਨੀ (ਜੇ.ਵੀ.ਸੀ) ਰਾਹੀਂ ਲਾਗੂ ਕੀਤਾ ਜਾਵੇਗਾ ਜਿਸ ਵਿਚ 51 ਫੀਸਦੀ ਹਿੱਸੇਦਾਰੀ ਏਏਆਈ ਦੀ ਹੈ ਜਦਕਿ ਗਰੇਟਰ ਲੁਧਿਆਣਾ ਵਿਕਾਸ ਅਥਾਰਟੀ (ਗਲਾਡਾ) ਰਾਹੀਂ ਸੂਬਾ ਸਰਕਾਰ ਦੀ ਹਿੱਸੇਦਾਰੀ 49 ਫੀਸਦੀ ਹੈ। ਇਹ ਅੰਤਰਰਾਸ਼ਟਰੀ ਹਵਾਈ ਅੱਡਾ ਸਿਰਫ ਵਪਾਰਕ ਉਡਾਣਾਂ ਲਈ ਹੀ ਨਹੀਂ ਹੋਵੇਗਾ ਸਗੋਂ ਸੂਬੇ ਵਿਚ ਯਾਤਰੀਆਂ ਨੂੰ ਹਵਾਈ ਸੰਪਰਕ ਦੀਆਂ ਵਧੀਆ ਸਹੂਲਤਾਂ ਵੀ ਮੁਹੱਈਆ ਕਰਵਾਏਗਾ।