ਵਿਤੀ ਤੰਗੀ: ਸ਼੍ਰੋਮਣੀ ਕਮੇਟੀ ਨੇ ਮੈਂਬਰਾਂ ਦੇ ਫੰਡ ‘ਤੇ ਲਾਈ ਰੋਕ

ਸ੍ਰੀ ਆਨੰਦਪੁਰ ਸਾਹਿਬ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਕਰੋਨਾ ਦੌਰਾਨ ਖਸਤਾ ਹੋ ਚੁੱਕੀ ਆਰਥਿਕ ਸਥਿਤੀ ‘ਚ ਸੁਧਾਰ ਲਿਆਉਣ ਲਈ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਬਣਾਈ ਗਈ ਸਬ-ਕਮੇਟੀ ਦੀਆਂ ਸਿਫਾਰਸ਼ਾਂ ਮੁਤਾਬਕ ਸਮੂਹ ਸ਼੍ਰੋਮਣੀ ਕਮੇਟੀ ਮੈਂਬਰਾਂ ਨੂੰ ਮਿਲਣ ਵਾਲੇ 3 ਲੱਖ ਰੁਪਏ ਸਾਲਾਨਾ ਸਹਾਇਤਾ ਫੰਡ ਉਤੇ ਅਗਲੇ ਹੁਕਮਾਂ ਤੱਕ ਰੋਕ ਲਗਾ ਦਿੱਤੀ ਗਈ ਹੈ। ਪ੍ਰਧਾਨ ਵੱਲੋਂ ਬਣਾਈ ਗਈ ਕਮੇਟੀ ਦੇ ਮੈਂਬਰ ਤੇ ਸ਼੍ਰੋਮਣੀ ਕਮੇਟੀ ਦੇ ਮੀਤ ਪ੍ਰਧਾਨ ਗੁਰਬਖਸ਼ ਸਿੰਘ ਖਾਲਸਾ ਨੇ ਦੱਸਿਆ ਕਿ

ਬੀਤੇ ਦਿਨੀਂ ਫਤਹਿਗੜ੍ਹ ਸਾਹਿਬ ਵਿਚ ਸਬ-ਕਮੇਟੀ ਦੀ ਮੀਟਿੰਗ ਹੋਈ ਸੀ। ਇਥੇ ਸਰਬਸੰਮਤੀ ਨਾਲ ਇਹ ਫੈਸਲਾ ਲਿਆ ਗਿਆ ਕਿ ਸ਼੍ਰੋਮਣੀ ਕਮੇਟੀ ਅਧੀਨ ਕੰਮ ਕਰਦੇ ਮੁਲਾਜ਼ਮਾਂ ਦੀਆਂ ਤਨਖਾਹਾਂ ‘ਤੇ ਕਿਸੇ ਵੀ ਤਰ੍ਹਾਂ ਦੀ ਕਟੌਤੀ ਨਹੀਂ ਕੀਤੀ ਜਾਵੇਗੀ। ਸ਼੍ਰੋਮਣੀ ਕਮੇਟੀ ਅਧੀਨ ਆਉਂਦੇ ਗੁਰਦੁਆਰਿਆਂ, ਵਿੱਦਿਅਕ ਸੰਸਥਾਵਾਂ ਆਦਿ ਵਿਚ ਚੱਲ ਰਹੇ ਨਿਰਮਾਣ ਕਾਰਜਾਂ ‘ਤੇ ਵੀ ਰੋਕ ਲਾ ਦਿੱਤੀ ਗਈ ਹੈ।
ਇਸ ਤੋਂ ਇਲਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਮੁੱਕੇਬਾਜ਼ੀ ‘ਚ ਓਲੰਪਿਕ ਲਈ ਕੁਆਲੀਫਾਈ ਕਰਨ ਵਾਲੀ ਪੰਜਾਬ ਦੀ ਪਹਿਲੀ ਲੜਕੀ ਸਿਮਰਜੀਤ ਕੌਰ ਦੇ ਪਰਿਵਾਰ ਨੂੰ ਦੋ ਲੱਖ ਰੁਪਏ ਦੀ ਮਦਦ ਦੇਣ ਦਾ ਉਪਰਾਲਾ ਕੀਤਾ ਹੈ। ਇਹ ਜਾਣਕਾਰੀ ਹਲਕਾ ਜਗਰਾਉਂ ਦੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਚਕਰ ਪਿੰਡ ‘ਚ ਸਿਮਰਜੀਤ ਕੌਰ ਦੇ ਘਰ ਪੁੱਜਣ ਉਤੇ ਦਿੱਤੀ। ਉਨ੍ਹਾਂ ਦੋ ਲੱਖ ਰੁਪਏ ਦਾ ਚੈੱਕ ਵੀ ਭੇਟ ਕੀਤਾ। ਸਿਮਰਜੀਤ ਕੌਰ ਦੀ ਵੱਡੀ ਪ੍ਰਾਪਤੀ ‘ਚ ਮੋਹਰੀ ਰੋਲ ਅਦਾ ਕਰਨ ਵਾਲੇ ਪ੍ਰਿੰਸੀਪਲ ਬਲਵੰਤ ਸਿੰਘ ਚਕਰ ਅਤੇ ਉਸ ਦੀ ਮਾਤਾ ਰਾਜਪਾਲ ਕੌਰ ਨੇ ਸ਼੍ਰੋਮਣੀ ਕਮੇਟੀ ਵੱਲੋਂ ਪਰਿਵਾਰ ਦੀ ਸਮੇਂ-ਸਮੇਂ ਉਤੇ ਮਦਦ ਕਰਨ ਲਈ ਧੰਨਵਾਦ ਕੀਤਾ।
______________________________________
ਸਿੱਖ ਅਜਾਇਬ ਘਰ ‘ਚ ਲੱਗੇਗੀ ਬਲਬੀਰ ਸਿੰਘ ਦੀ ਫੋਟੋ
ਅੰਮ੍ਰਿਤਸਰ: ਹਾਕੀ ਦੇ ਖੇਤਰ ਵਿਚ ਵੱਡੀਆਂ ਮੱਲਾਂ ਮਾਰਨ ਵਾਲੇ ਹਾਕੀ ਓਲੰਪੀਅਨ ਬਲਬੀਰ ਸਿੰਘ ਸੀਨੀਅਰ ਦੀ ਤਸਵੀਰ ਹੁਣ ਕੇਂਦਰੀ ਸਿੱਖ ਅਜਾਇਬ ਘਰ ਵਿਚ ਸਥਾਪਤ ਹੋਵੇਗੀ। ਇਹ ਐਲਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਕੀਤਾ। ਓਲੰਪਿਕ ਖੇਡਾਂ ਵਿਚ ਤਿੰਨ ਵਾਰ ਭਾਰਤ ਲਈ ਸੋਨੇ ਦਾ ਤਗਮਾ ਜਿੱਤਣ ਵਾਲੇ ਹਾਕੀ ਖਿਡਾਰੀ ਬਲਬੀਰ ਸਿੰਘ ਸੀਨੀਅਰ ਦਾ ਪਿਛਲੇ ਦਿਨੀਂ ਦੇਹਾਂਤ ਹੋ ਗਿਆ। ਉਨ੍ਹਾਂ ਨੂੰ ਦੇਸ਼ ਭਰ ਵਿਚ ਵੱਡੇ ਪੱਧਰ ਉਤੇ ਸ਼ਰਧਾਂਜਲੀਆਂ ਭੇਟ ਕੀਤੀਆਂ ਗਈਆਂ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਆਖਿਆ ਕਿ ਬਲਬੀਰ ਸਿੰਘ ਸੀਨੀਅਰ ਨੇ ਹਾਕੀ ਦੇ ਖੇਤਰ ਵਿਚ ਵੱਡੀਆਂ ਪ੍ਰਾਪਤੀਆਂ ਕਰ ਕੇ ਸਿੱਖ ਕੌਮ ਤੇ ਦੇਸ਼ ਦਾ ਮਾਣ ਵਧਾਇਆ। ਉਨ੍ਹਾਂ ਦਾ ਜੀਵਨ ਸਿੱਖ ਨੌਜਵਾਨੀ ਲਈ ਪ੍ਰੇਰਣਾ ਸਰੋਤ ਹੈ, ਇਸ ਲਈ ਸ਼੍ਰੋਮਣੀ ਕਮੇਟੀ ਵੱਲੋਂ ਉਨ੍ਹਾਂ ਨੂੰ ਸਤਿਕਾਰ ਦੇਣ ਵਾਸਤੇ ਉਨ੍ਹਾਂ ਦੀ ਤਸਵੀਰ ਕੇਂਦਰੀ ਅਜਾਇਬ ਘਰ ਵਿਚ ਲਗਾਈ ਜਾਵੇਗੀ ਤਾਂ ਜੋ ਆਉਣ ਵਾਲੀਆਂ ਪੀੜ੍ਹੀਆਂ ਉਨ੍ਹਾਂ ਤੋਂ ਸੇਧ ਲੈ ਸਕਣ।