ਅੰਮ੍ਰਿਤਸਰ: ਸ਼੍ਰੋਮਣੀ ਕਮੇਟੀ ਤੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਿਚਾਲੇ ਸੋਧੇ ਹੋਏ ਨਾਨਕਸ਼ਾਹੀ ਕੈਲੰਡਰ ਨੂੰ ਲੈ ਕੇ ਚੱਲ ਰਿਹਾ ਵਿਵਾਦ ਅਜੇ ਵੀ ਜਾਰੀ ਹੈ। ਇਸ ਤਹਿਤ ਦੋਵਾਂ ਜਥੇਬੰਦੀਆਂ ਵੱਲੋਂ ਸ੍ਰੀ ਗੁਰੂ ਅਰਜਨ ਦੇਵ ਦਾ ਸ਼ਹੀਦੀ ਦਿਹਾੜਾ ਕ੍ਰਮਵਾਰ 12 ਤੇ 16 ਜੂਨ ਨੂੰ ਮਨਾਇਆ ਜਾ ਰਿਹਾ ਹੈ। ਸ਼੍ਰੋਮਣੀ ਕਮੇਟੀ ਵੱਲੋਂ ਇਸ ਵੇਲੇ ਸਮੂਹ ਗੁਰਪੁਰਬ ਤੇ ਹੋਰ ਦਿਨ ਦਿਹਾੜੇ ਸੋਧੇ ਹੋਏ ਨਾਨਕਸ਼ਾਹੀ ਕੈਲੰਡਰ ਅਨੁਸਾਰ ਮਨਾਏ ਜਾ ਰਹੇ ਹਨ ਜਦੋਂਕਿ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਹ ਸਮੂਹ ਦਿਹਾੜੇ ਮੂਲ ਨਾਨਕਸ਼ਾਹੀ ਕੈਲੰਡਰ ਅਨੁਸਾਰ ਮਨਾਏ ਜਾ ਰਹੇ ਹਨ।
ਇਸੇ ਤਹਿਤ ਹੀ ਹੁਣ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਗੁਰਪੁਰਬ 16 ਜੂਨ ਨੂੰ ਮਨਾਉਣ ਦਾ ਪ੍ਰੋਗਰਾਮ ਹੈ ਤੇ ਇਸੇ ਆਧਾਰ ‘ਤੇ ਹੀ ਪਾਕਿਸਤਾਨ ਕਮੇਟੀ ਵੱਲੋਂ ਵੱਖ ਵੱਖ ਮੁਲਕਾਂ ਤੋਂ ਸਿੱਖ ਸ਼ਰਧਾਲੂਆਂ ਦੇ ਜਥਿਆਂ ਨੂੰ ਅੱਠ ਜੂਨ ਤੋਂ 18 ਜੂਨ ਤਕ ਪਾਕਿਸਤਾਨ ਆਉਣ ਦਾ ਸੱਦਾ ਦਿੱਤਾ ਗਿਆ ਹੈ। ਦੂਜੇ ਪਾਸੇ ਸ਼੍ਰੋਮਣੀ ਕਮੇਟੀ ਵੱਲੋਂ ਸ਼ਹੀਦੀ ਗੁਰਪੁਰਬ 12 ਜੂਨ ਨੂੰ ਮਨਾਇਆ ਜਾ ਰਿਹਾ ਹੈ ਤੇ ਉਨ੍ਹਾਂ ਇਸੇ ਆਧਾਰ ‘ਤੇ ਪਾਕਿਸਤਾਨ ਸਥਿਤ ਗੁਰਧਾਮਾਂ ਦੀ ਯਾਤਰਾ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਚਾਰ ਤੋਂ 14 ਜੂਨ ਤਕ ਭੇਜਣ ਦਾ ਪ੍ਰੋਗਰਾਮ ਬਣਾਇਆ ਸੀ।
ਸ਼੍ਰੋਮਣੀ ਕਮੇਟੀ ਵੱਲੋਂ ਇਸ ਬਾਰੇ ਪਾਕਿਸਤਾਨੀ ਸਫ਼ਾਰਤਖਾਨੇ ਨਾਲ ਗੱਲਬਾਤ ਵੀ ਕੀਤੀ ਗਈ ਸੀ ਤੇ ਉਨ੍ਹਾਂ ਉਧਰ ਇਹ ਮਾਮਲਾ ਵਿਚਾਰਨ ਲਈ ਪਾਕਿਸਤਾਨ ਔਕਾਫ ਬੋਰਡ ਦੀ ਮੀਟਿੰਗ ਕਰਨ ਦਾ ਭਰੋਸਾ ਦਿੱਤਾ ਸੀ। ਮਿਲੇ ਵੇਰਵਿਆਂ ਅਨੁਸਾਰ ਪਾਕਿਸਤਾਨ ਕਮੇਟੀ ਸ਼ਹੀਦੀ ਗੁਰਪੁਰਬ 16 ਜੂਨ ਨੂੰ ਹੀ ਮਨਾਉਣ ਲਈ ਬਜ਼ਿੱਦ ਹੈ। ਸ਼੍ਰੋਮਣੀ ਕਮੇਟੀ ਵੱਲੋਂ ਸੋਧੇ ਹੋਏ ਨਾਨਕਸ਼ਾਹੀ ਕੈਲੰਡਰ ਮੁਤਾਬਕ ਸ਼ਹੀਦੀ ਗੁਰਪੁਰਬ 12 ਜੂਨ ਨੂੰ ਮਨਾਇਆ ਜਾ ਰਿਹਾ ਹੈ।
ਜ਼ਿਕਰਯੋਗ ਹੈ ਕਿ ਇਸੇ ਵਿਵਾਦ ਕਾਰਨ ਪਾਕਿਸਤਾਨੀ ਹਾਈ ਕਮਿਸ਼ਨ ਵੱਲੋਂ ਪਿਛਲੇ ਦੋ ਸਾਲਾਂ ਵਿਚ ਸ਼ਹੀਦੀ ਗੁਰਪੁਰਬ ਮੌਕੇ ਸ਼੍ਰੋਮਣੀ ਕਮੇਟੀ ਨੂੰ ਸਿੱਖ ਸ਼ਰਧਾਲੂਆਂ ਦਾ ਜਥਾ ਭੇਜਣ ਵਾਸਤੇ ਵੀਜ਼ੇ ਨਹੀਂ ਦਿੱਤੇ ਗਏ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਪਾਕਿਸਤਾਨੀ ਸਫ਼ਾਰਤਖ਼ਾਨੇ ਦੇ ਅਧਿਕਾਰੀਆਂ ਨਾਲ ਗੱਲਬਾਤ ਕੀਤੀ ਹੈ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਦਾ ਵਫ਼ਦ ਸੋਧੇ ਹੋਏ ਨਾਨਕਸ਼ਾਹੀ ਕੈਲੰਡਰ ਬਾਰੇ ਲੋੜੀਂਦੇ ਦਸਤਾਵੇਜ਼ ਨਾਲ ਲੈ ਕੇ ਜਾਏਗਾ। ਇਹ ਸਮੁੱਚੇ ਦਸਤਾਵੇਜ਼ ਉਨ੍ਹਾਂ ਨੂੰ ਦਿਖਾਉਣ ਮਗਰੋਂ ਸਮਝਾਉਣ ਦਾ ਯਤਨ ਕਰਨਗੇ ਕਿ ਸੋਧਿਆ ਹੋਇਆ ਨਾਨਕਸ਼ਾਹੀ ਕੈਲੰਡਰ ਹੀ ਅਸਲ ਵਿਚ ਮਾਨਤਾ ਪ੍ਰਾਪਤ ਹੈ।
ਦੂਜੇ ਪਾਸੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ਼ਾਮ ਸਿੰਘ ਦਾ ਕਹਿਣਾ ਹੈ ਕਿ ਪਾਕਿਸਤਾਨ ਕਮੇਟੀ ਵੱਲੋਂ ਮੂਲ ਨਾਨਕਸ਼ਾਹੀ ਕੈਲੰਡਰ ਨੂੰ ਹੀ ਮਾਨਤਾ ਦਿੱਤੀ ਹੋਈ ਹੈ ਤੇ ਇਸ ਮੁਤਾਬਕ ਹੀ ਸਾਰੇ ਗੁਰਪੁਰਬ ਮਨਾਏ ਜਾਂਦੇ ਹਨ। ਇਸੇ ਮੁਤਾਬਕ ਹੀ ਡਾਇਰੀਆਂ, ਜੰਤਰੀ ਤੇ ਹੋਰ ਸਾਹਿਤ ਪ੍ਰਕਾਸ਼ਤ ਕਰਵਾਇਆ ਹੋਇਆ ਹੈ। ਇਸ ਵਰ੍ਹੇ ਦਾ ਕੈਲੰਡਰ ਵੀ ਮੂਲ ਨਾਨਕਸ਼ਾਹੀ ਕੈਲੰਡਰ ਮੁਤਾਬਕ ਹੀ ਪ੍ਰਕਾਸ਼ਤ ਕੀਤਾ ਗਿਆ ਹੈ। ਪਾਕਿਸਤਾਨ ਕਮੇਟੀ ਵੱਲੋਂ ਮੂਲ ਨਾਨਕਸ਼ਾਹੀ ਕੈਲੰਡਰ ਅਨੁਸਾਰ ਹੀ ਸ਼ਹੀਦੀ ਗੁਰਪੁਰਬ 16 ਜੂਨ ਨੂੰ ਮਨਾਇਆ ਜਾਵੇਗਾ।
ਪਿਛਲੇ ਵਰ੍ਹੇ ਵੀ ਪਾਕਿਸਤਾਨ ਕਮੇਟੀ ਵੱਲੋਂ ਇਹ ਸ਼ਹੀਦੀ ਪੁਰਬ 16 ਜੂਨ ਨੂੰ ਹੀ ਮਨਾਇਆ ਗਿਆ ਸੀ ਜਦੋਂਕਿ ਸ਼੍ਰੋਮਣੀ ਕਮੇਟੀ ਨੇ ਸੋਧੇ ਹੋਏ ਕੈਲੰਡਰ ਮੁਤਾਬਕ 25 ਮਈ ਨੂੰ ਮਨਾਇਆ ਸੀ। ਇਸ ਮੌਕੇ ਪਾਕਿਸਤਾਨੀ ਸਫ਼ਾਰਤਖ਼ਾਨੇ ਨੇ 17 ਤੋਂ 26 ਮਈ ਤੱਕ ਇਹ ਪੁਰਬ ਮਨਾਉਣ ਲਈ ਜਥਾ ਭੇਜਣ ਵਾਸਤੇ ਵੀਜ਼ੇ ਦੇਣ ਤੋਂ ਨਾਂਹ ਕਰ ਦਿੱਤੀ ਸੀ।
Leave a Reply