ਬਠਿੰਡਾ ਥਰਮਲ ਪਲਾਂਟ ਦੀ ਜ਼ਮੀਨ ਵੇਚਣ ਖਿਲਾਫ ਰੋਹ ਅਤੇ ਰੋਸ ਭਖਿਆ

ਬਠਿੰਡਾ: ਗੁਰੂ ਨਾਨਕ ਦੇਵ ਥਰਮਲ ਪਲਾਂਟ ਦੀ ਜ਼ਮੀਨ ਵੇਚਣ ਦੇ ਮੁੱਦੇ ‘ਤੇ ਪੰਜਾਬ ਵਿਚ ਰੋਹ ਭਖ ਗਿਆ ਹੈ। ਵਿਰੋਧੀ ਧਿਰਾਂ ਤੋਂ ਇਲਾਵਾ ਮੁਲਾਜ਼ਮ ਜਥੇਬੰਦੀਆਂ ਵੀ ਸਰਕਾਰ ਖਿਲਾਫ ਸੰਘਰਸ਼ ਲਈ ਨਿੱਤਰ ਆਈਆਂ ਹਨ। ਇਸ ਮੁੱਦੇ ਉਤੇ ਆਮ ਆਦਮੀ ਪਾਰਟੀ (ਆਪ) ਵੱਲੋਂ ਵਿੱਤ ਮੰਤਰੀ ਮਨਪ੍ਰੀਤ ਬਾਦਲ ਦਾ ਦਫਤਰ ਘੇਰਨ ਦੀ ਕੋਸ਼ਿਸ਼ ਦੌਰਾਨ ਪੁਲਿਸ ਨਾਲ ਝੜਪ ਵੀ ਹੋ ਗਈ।

ਸਾਬਕਾ ਸੰਸਦ ਮੈਂਬਰ ਪ੍ਰੋ. ਸਾਧੂ ਸਿੰਘ, ਵਿਧਾਇਕਾ ਪ੍ਰੋ. ਬਲਜਿੰਦਰ ਕੌਰ ਤੇ ਰੁਪਿੰਦਰ ਕੌਰ ਰੂਬੀ ਨੇ ਆਖਿਆ ਕਿ ਬਠਿੰਡਾ ਥਰਮਲ ਨੂੰ ਬੰਦ ਕਰਨ ਦੀ ਤਜਵੀਜ਼ ਅਕਾਲੀ-ਭਾਜਪਾ ਹਕੂਮਤ ਨੇ ਉਦੋਂ ਹੀ ਤਿਆਰ ਕਰ ਲਈ ਸੀ, ਜਦੋਂ ਉਸ ਨੇ ਪ੍ਰਾਈਵੇਟ ਥਰਮਲ ਕੰਪਨੀਆਂ ਅਤੇ ਭੂ-ਮਾਫ਼ੀਆ ਨਾਲ ‘ਸਾਂਝ’ ਪਾ ਕੇ ਨਿੱਜੀ ਥਰਮਲਾਂ ਦੀ ਉਸਾਰੀ ਦੇ ਫੈਸਲੇ ਕੀਤੇ ਸਨ। ਬੁਲਾਰਿਆਂ ਆਖਿਆ ਕਿ ਬਾਦਲ ਸਰਕਾਰ ਨੇ ਬਠਿੰਡੇ ਦੀ ਜੇਲ੍ਹ ਤੇ ਹਸਪਤਾਲ ਵਾਲੀ ਜਗ੍ਹਾ ਵੇਚੀ ਸੀ, ਹੁਣ ਕੈਪਟਨ ਸਰਕਾਰ ਨੇ ਥਰਮਲ ਦੀ ਜਗ੍ਹਾ ਵੇਚਣ ਲਈ ਹਰੀ ਝੰਡੀ ਦਿੱਤੀ ਹੈ।
ਉਨ੍ਹਾਂ ਆਖਿਆ ਕਿ ਥਰਮਲ ਚਾਲੂ ਰੱਖਣ ਦੇ ਵਾਅਦੇ ਨਾਲ ਬਠਿੰਡਾ ਤੋਂ ਜਿੱਤ ਕੇ ਵਿੱਤ ਮੰਤਰੀ ਬਣੇ ਮਨਪ੍ਰੀਤ ਸਿੰਘ ਬਾਦਲ ਹੁਣ ਸ਼ਹਿਰ ਦੀ ਵਿਰਾਸਤ ਨੂੰ ਖਤਮ ਕਰਨ ਦੇ ਕਸੂਰਵਾਰ ਬਣਨਗੇ। ਉਨ੍ਹਾਂ ਕਿਹਾ ਕਿ ਥਰਮਲ ਨਾਲ ਹਜ਼ਾਰਾਂ ਲੋਕਾਂ ਦਾ ਰੁਜ਼ਗਾਰ ਅਤੇ ਲੱਖਾਂ ਲੋਕਾਂ ਦੀਆਂ ਭਾਵਨਾਵਾਂ ਜੁੜੀਆਂ ਹੋਈਆਂ ਹਨ। ਉਨ੍ਹਾਂ ਦੋਸ਼ ਲਾਏ ਕਿ ਤਰ੍ਹਾਂ-ਤਰ੍ਹਾਂ ਦਾ ਮਾਫੀਆ ਜੋ ਅਕਾਲੀ-ਭਾਜਪਾ ਸਰਕਾਰ ਸਮੇਂ ਸਰਗਰਮ ਸੀ, ਉਸ ਦੀ ਪੁਸ਼ਤਪਨਾਹੀ ਮੌਜੂਦਾ ਸਰਕਾਰ ਕਰ ਰਹੀ ਹੈ। ਨਵੀਨੀਕਰਨ ਦੇ ਨਾਂ ‘ਤੇ ਚੰਦ ਸਾਲ ਪਹਿਲਾਂ ਕਰੋੜਾਂ ਰੁਪਏ ਖਰਚ ਕੇ 25 ਸਾਲ ਥਰਮਲ ਦੀ ਉਮਰ ਵਧਣ ਦਾ ਜੋ ਪ੍ਰਚਾਰ ਕੀਤਾ ਗਿਆ, ਦਰਅਸਲ ਉਹ ‘ਦਲਾਲੀ’ ਖਾਣ ਦਾ ਬਹਾਨਾ ਸੀ। ਆਗੂਆਂ ਨੇ 1969 ‘ਚ ਥਰਮਲ ਲਈ ਜ਼ਮੀਨ ਦੇਣ ਵਾਲੇ ਕਿਸਾਨਾਂ ਅਤੇ ਬਿਜਲੀ ਕਾਮਿਆਂ ਨੂੰ ਪੰਜਾਬ ਸਰਕਾਰ ਖਿਲਾਫ ਸੰਘਰਸ਼ ਮਘਾਉਣ ਦਾ ਸੱਦਾ ਦਿੱਤਾ।
ਆਗੂਆਂ ਨੇ ਕਿਹਾ ਕਿ ਆਗਾਮੀ ਚੋਣਾਂ ‘ਚ ਪੰਜਾਬ ਅੰਦਰ ‘ਆਪ’ ਦੀ ਸਰਕਾਰ ਬਣਨ ਉਤੇ ਅਜਿਹੇ ਸਾਰੇ ਮਾਮਲਿਆਂ ਦੀ ਜਾਂਚ ਲਈ ਸਪੈਸ਼ਲ ਜੁਡੀਸ਼ਲ ਜਾਂਚ ਕਮਿਸ਼ਨ ਦਾ ਗਠਨ ਕਰ ਕੇ, ਕਸੂਰਵਾਰਾਂ ਨੂੰ ਕਾਨੂੰਨੀ ਕਟਹਿਰੇ ‘ਚ ਖੜ੍ਹਾ ਕੀਤਾ ਜਾਵੇਗਾ।
____________________________________________
ਬਿਜਲੀ ਕਾਮਿਆਂ ਵਲੋਂ ਅਰਥੀ ਫੂਕ ਮੁਜਾਹਰੇ
ਪਟਿਆਲਾ: ਬਿਜਲੀ ਮੁਲਾਜ਼ਮਾਂ ਦੀਆਂ ਪ੍ਰਮੁੱਖ ਜਥੇਬੰਦੀਆਂ ਐਂਪਲਾਈਜ਼ ਫੈਡਰੇਸ਼ਨ ਏਟਕ, ਐਂਪਲਾਈਜ਼ ਫੈਡਰੇਸ਼ਨ ਚਾਹਲ, ਆਈ.ਟੀ.ਆਈ. ਐਸੋਸੀਏਟ ਤੇ ਐਂਪਲਾਈਜ਼ ਫੈਡਰੇਸ਼ਨ ਪਾਵਰਕੌਮ ਤੇ ਟਰਾਂਸਕੋ ਦੇ ਸਾਂਝੇ ਸੱਦੇ ‘ਤੇ ਬਿਜਲੀ ਮੁਲਾਜ਼ਮ ਏਕਤਾ ਮੰਚ ਪੰਜਾਬ ਵੱਲੋਂ ਬਠਿੰਡਾ ਥਰਮਲ ਨੂੰ ਕੌਡੀਆਂ ਦੇ ਭਾਅ ਵੇਚਣ, ਬਿਜਲੀ ਮੁਲਾਜ਼ਮਾਂ ਦੀ ਸੁਰੱਖਿਆ ਯਕੀਨੀ ਬਣਾਉਣ, ਤੇਲ ਕੀਮਤਾਂ ਵਿਚ ਵਾਧਾ ਅਤੇ ਮੰਨੀਆਂ ਮੰਗਾਂ ਲਾਗੂ ਕਰਾਉਣ ਲਈ ਬਿਜਲੀ ਨਿਗਮ ਦੀਆਂ ਸਾਰੀਆਂ ਸਬ ਡਿਵੀਜ਼ਨਾਂ/ ਡਿਵੀਜ਼ਨਾਂ ਉਤੇ ਸਰਕਾਰ ਖਿਲਾਫ ਅਰਥੀ ਫੂਕ ਮੁਜ਼ਾਹਰੇ ਕੀਤੇ ਗਏ। ਮੁਲਾਜ਼ਮਾਂ ਨੇ ਕੇਂਦਰੀ ਬਿਜਲੀ ਸੋਧ ਬਿੱਲ ਦਾ ਵਿਰੋਧ ਕਰਨ ਦਾ ਵੀ ਫੈਸਲਾ ਕੀਤਾ ਹੈ।
_____________________________________________
ਥਰਮਲ ਪਲਾਂਟ ਨਹੀਂ ਤੋੜਨ ਦੇਵਾਂਗੇ: ਅਕਾਲੀ ਦਲ
ਬਠਿੰਡਾ: ਸ਼੍ਰੋਮਣੀ ਅਕਾਲੀ ਦਲ ਨੇ ਕਾਂਗਰਸ ਸਰਕਾਰ ਵੱਲੋਂ ਬਠਿੰਡਾ ਦੇ ਗੁਰੂ ਨਾਨਕ ਦੇਵ ਥਰਮਲ ਪਲਾਂਟ ਨੂੰ ਤੋੜ ਕੇ ਉਸ ਦੀ ਜਗ੍ਹਾ ਪੁੱਡਾ ਰਾਹੀਂ ਨਿਲਾਮ ਕੀਤੇ ਜਾਣ ਸਬੰਧੀ ਫੈਸਲੇ ਦਾ ਵਿਰੋਧ ਕਰਦਿਆਂ ਕਿਹਾ ਕਿ ਇਸ ਨੂੰ ਕਿਸੇ ਵੀ ਕੀਮਤ ‘ਤੇ ਬੰਦ ਨਹੀਂ ਹੋਣ ਦਿੱਤਾ ਜਾਵੇਗਾ। ਅਕਾਲੀ ਆਗੂ ਸਿਕੰਦਰ ਸਿੰਘ ਮਲੂਕਾ, ਸਾਬਕਾ ਮੰਤਰੀ ਜਨਮੇਜਾ ਸਿੰਘ ਸੇਖੋਂ, ਜ਼ਿਲ੍ਹਾ ਪ੍ਰਧਾਨ ਜਗਦੀਪ ਸਿੰਘ ਨਕਈ ਆਦਿ ਨੇ ਕਿਹਾ ਕਿ ਕਾਂਗਰਸ ਪਾਰਟੀ ਚੋਣ ਮੈਨੀਫੈਸਟੋ ਅਤੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਬਠਿੰਡਾ ਥਰਮਲ ਪਲਾਂਟ ਨੂੰ ਚਾਲੂ ਰੱਖਣ ਦੇ ਵਾਅਦੇ ਤੋਂ ਮੁੱਕਰ ਰਹੇ ਹਨ।