ਖੇਤੀ ਆਰਡੀਨੈਂਸ: ਬਾਦਲਾਂ ਵਲੋਂ ਮੋਦੀ ਸਰਕਾਰ ਖਿਲਾਫ ਖੜ੍ਹਨ ਤੋਂ ਕੋਰੀ ਨਾਂਹ

ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਬੁਲਾਈ ਸਰਬ ਪਾਰਟੀ ਮੀਟਿੰਗ ਵਿਚ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਨੂੰ ਛੱਡ ਕੇ ਬਾਕੀ ਸਾਰੀਆਂ ਸਿਆਸੀ ਧਿਰਾਂ ਨੇ ਖੇਤੀ ਜਿਣਸਾਂ ਦੇ ਮੁੱਦੇ ‘ਤੇ ਜਾਰੀ ਕੇਂਦਰੀ ਆਰਡੀਨੈਂਸਾਂ ਖਿਲਾਫ ਸਰਬਸੰਮਤੀ ਨਾਲ ਮਤਾ ਪਾਸ ਕਰ ਦਿੱਤਾ ਹੈ।

ਸ਼੍ਰੋਮਣੀ ਅਕਾਲੀ ਦਲ ਮੀਟਿੰਗ ਦੌਰਾਨ ਇਸ ਮਾਮਲੇ ‘ਤੇ ਕਸੂਤਾ ਫਸਿਆ ਨਜ਼ਰ ਆਇਆ, ਜਿਸ ਨੇ ਸਿੱਧੇ ਤੌਰ ਉਤੇ ਕੇਂਦਰੀ ਆਰਡੀਨੈਂਸਾਂ ਦੀ ਸੁਰ ‘ਚ ਸੁਰ ਮਿਲਾਈ। ਵੀਡੀਓ ਕਾਨਫਰੰਸ ਜ਼ਰੀਏ ਹੋਈ ਸਰਬ ਪਾਰਟੀ ਮੀਟਿੰਗ ਦੀ ਪ੍ਰਧਾਨਗੀ ਕੈਪਟਨ ਅਮਰਿੰਦਰ ਸਿੰਘ ਨੇ ਕੀਤੀ ਅਤੇ ਮੀਟਿੰਗ ਕਰੀਬ ਸਾਢੇ ਚਾਰ ਘੰਟੇ ਚੱਲੀ। ਮੀਟਿੰਗ ਵਿਚ ਸ਼੍ਰੋਮਣੀ ਅਕਾਲੀ ਦਲ ਇਕ ਬੰਨ੍ਹੇ ਸੰਘੀ ਢਾਂਚੇ ਅਤੇ ਕਿਸਾਨਾਂ ਦੇ ਹਿੱਤਾਂ ਦੀ ਵਕਾਲਤ ਕਰ ਰਿਹਾ ਸੀ, ਦੂਸਰੇ ਪਾਸੇ ਕੇਂਦਰ ਵਲ ਵੀ ਮੱਠੀ ਸੁਰ ਰੱਖ ਰਿਹਾ ਸੀ। ਸੂਤਰਾਂ ਅਨੁਸਾਰ ਮੀਟਿੰਗ ਵਿਚ ਮੁੱਖ ਮੰਤਰੀ ਅਮਰਿੰਦਰ ਸਿੰਘ ਅਤੇ ਸੁਖਬੀਰ ਸਿੰਘ ਬਾਦਲ ਦਰਮਿਆਨ ਨੋਕ-ਝੋਕ ਵੀ ਹੋਈ। ਇਸੇ ਦੌਰਾਨ ‘ਆਪ’ ਦੇ ਕਨਵੀਨਰ ਭਗਵੰਤ ਮਾਨ ਅਤੇ ਸੁਖਬੀਰ ਬਾਦਲ ਵੀ ਭਿੜੇ। ਅਖੀਰ ਲੰਮੀ ਚਰਚਾ ਮਗਰੋਂ ਕੇਂਦਰੀ ਆਰਡੀਨੈਂਸਾਂ ਨੂੰ ਕਿਸਾਨ ਵਿਰੋਧੀ ਦੱਸਦੇ ਹੋਏ ਮਤਾ ਪਾਸ ਕੀਤਾ ਗਿਆ ਜਿਸ ‘ਤੇ ਅਕਾਲੀ ਤੇ ਭਾਜਪਾ ਤੋਂ ਬਿਨਾਂ ਸਭਨਾਂ ਧਿਰਾਂ ਨੇ ਮੋਹਰ ਲਗਾ ਦਿੱਤੀ।
ਮੁੱਖ ਮੰਤਰੀ ਨੇ ਮੀਟਿੰਗ ਮਗਰੋਂ ਜਾਰੀ ਬਿਆਨ ਵਿਚ ਕਿਹਾ ਕਿ ਕਿਸਾਨ ਵਿਰੋਧੀ ਆਰਡੀਨੈਂਸਾਂ ਬਾਰੇ ਭਾਜਪਾ ਨੂੰ ਛੱਡ ਕੇ ਪੰਜਾਬ ਦੀਆਂ ਪ੍ਰਮੁੱਖ ਰਾਜਸੀ ਧਿਰਾਂ ਨੇ ਮਤਾ ਪਾਸ ਕੀਤਾ ਹੈ ਕਿ ਲੋਕ ਹਿੱਤ ਵਿਚ ਕੇਂਦਰ ਕਿਸਾਨ ਵਿਰੋਧੀ ਆਰਡੀਨੈਂਸਾਂ ਨੂੰ ਵਾਪਸ ਲਵੇ ਅਤੇ ਘੱਟੋ-ਘੱਟ ਸਮਰਥਨ ਮੁੱਲ ਨਾਲ ਛੇੜਛਾੜ ਨਾ ਕੀਤੀ ਜਾਵੇ। ਮੁੱਖ ਮੰਤਰੀ ਨੇ ਦੱਸਿਆ ਕਿ ਕੇਂਦਰੀ ਆਰਡੀਨੈਂਸਾਂ ਨੂੰ ਕਿਸਾਨਾਂ ਹਿਤਾਂ ਦੇ ਮੱਦੇਨਜ਼ਰ ਵਾਪਸ ਲੈਣ ਦੀ ਮੰਗ ਕੀਤੀ ਜਾਵੇਗੀ ਅਤੇ ਸਰਬ ਪਾਰਟੀ ਦਲ ਜਲਦੀ ਹੀ ਪ੍ਰਧਾਨ ਮੰਤਰੀ ਅਤੇ ਕੇਂਦਰੀ ਖੇਤੀ ਮੰਤਰੀ ਨੂੰ ਮਿਲੇਗਾ। ਮੀਟਿੰਗ ਦੌਰਾਨ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਸਪੱਸ਼ਟ ਕੀਤਾ ਕਿ ਇਹ ਆਰਡੀਨੈਂਸ ਕਿਸਾਨ ਵਿਰੋਧੀ ਨਹੀਂ ਹਨ ਅਤੇ ਕਿਸਾਨਾਂ ਦੇ ਹਿੱਤਾਂ ਦੀ ਰੱਖਿਆ ਕਰਦੇ ਹਨ। ਉਨ੍ਹਾਂ ਮਤੇ ਨੂੰ ਹਮਾਇਤ ਨਹੀਂ ਦਿੱਤੀ।
ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਮੀਟਿੰਗ ਮਗਰੋਂ ਕਿਹਾ ਕਿ ਅਕਾਲੀ ਦਲ ਤੇ ਭਾਜਪਾ ਨੂੰ ਛੱਡ ਕੇ ਸਭਨਾਂ ਧਿਰਾਂ ਦਾ ਇਕ ਵਫਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮਿਲੇਗਾ ਅਤੇ ਕਿਸਾਨਾਂ ਦੇ ਹੱਕ ਵਿਚ ਆਵਾਜ਼ ਉਠਾਈ ਜਾਵੇਗੀ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦੁਬਿਧਾ ਵਿਚ ਫਸਿਆ ਹੋਇਆ ਸੀ ਕਿਉਂਕਿ ਇਕ ਪਾਸੇ ਕੁਰਸੀ ਸੀ ਅਤੇ ਦੂਜੇ ਪਾਸੇ ਕਿਸਾਨ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦੋਵੇਂ ਬੇੜੀਆਂ ਵਿਚ ਪੈਰ ਰੱਖਣਾ ਚਾਹੁੰਦਾ ਸੀ ਅਤੇ ਇਸੇ ਕਸ਼ੀਦਗੀ ਵਿੱਚ ਮੀਟਿੰਗ ਲੰਮੀ ਚੱਲੀ।
ਜਾਖੜ ਨੇ ਕਿਹਾ ਕਿ ਮੁੱਖ ਮੰਤਰੀ ਨੇ ਸਾਫ ਕਰ ਦਿੱਤਾ ਹੈ ਕਿ ਆਰਡੀਨੈਂਸ ਕਿਸਾਨ ਵਿਰੋਧੀ ਹਨ ਅਤੇ ਸੰਘੀ ਢਾਂਚੇ ਦਾ ਗਲਾ ਘੁੱਟਣ ਵਾਲੇ ਹਨ। ਸੂਬਿਆਂ ਦੇ ਅਧਿਕਾਰਾਂ ਵਿਚ ਦਖਲ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਨੂੰ ਲੋਕਾਂ ਦਾ ਵੀ ਡਰ ਹੈ ਅਤੇ ਕੁਰਸੀ ਨਾਲ ਵੀ ਪਿਆਰ ਹੈ। ਉਨ੍ਹਾਂ ਮੀਟਿੰਗ ਵਿਚ ਵੀਡੀਓ ਵੀ ਦਿਖਾਈ ਜਿਸ ਵਿਚ ਗਡਕਰੀ ਦਾ ਬਿਆਨ ਅਤੇ ਹੁਸ਼ਿਆਰਪੁਰ ਮੰਡੀ ਵਿਚ ਮਿੱਟੀ ਦੇ ਭਾਅ ਮੱਕੀ ਵੇਚਣ ਵਾਲੇ ਕਿਸਾਨ ਦੀ ਜਬਾਨੀ ਕਹਾਣੀ ਸੀ। ਜਾਖੜ ਨੇ ਕਿਹਾ ਕਿ ਮੀਟਿੰਗ ਵਿਚ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸੱਦਣ ਦੀ ਮੰਗ ਵੀ ਉਠਾਈ ਗਈ ਅਤੇ ਕਾਨੂੰਨੀ ਮਸ਼ਵਰਾ ਲਏ ਜਾਣ ਦੀ ਗੱਲ ਵੀ ਚੱਲੀ। ਉਨ੍ਹਾਂ ਤੇਲ ਕੀਮਤਾਂ ਵਿਚ 12 ਫੀਸਦੀ ਵਾਧੇ ਦਾ ਮਾਮਲਾ ਵੀ ਉਠਾਇਆ। ਸੂਤਰਾਂ ਅਨੁਸਾਰ ਮੁੱਖ ਮੰਤਰੀ ਨੇ ਸੁਖਬੀਰ ਬਾਦਲ ਨੂੰ ਸੰਬੋਧਨ ਹੁੰਦਿਆਂ ਕਿਹਾ ਕਿ ਕਈ ਵਾਰੀ ਮੌਕੇ ਆਉਂਦੇ ਹਨ ਕਿ ਪਾਰਟੀ ਦੀ ਥਾਂ ਲੋਕਾਂ ਨਾਲ ਖੜਨਾ ਪੈਂਦਾ ਹੈ। ਮੁੱਖ ਮੰਤਰੀ ਨੇ ਇਸ ਮੌਕੇ ਪਾਣੀਆਂ ਦੇ ਸਮਝੌਤੇ ਰੱਦ ਕਰਨ ਵਾਲੇ ਫੈਸਲੇ ਦਾ ਹਵਾਲਾ ਦਿੱਤਾ। ਮੁੱਖ ਮੰਤਰੀ ਨੇ ਅਕਾਲੀ ਦਲ ਨੂੰ ਕਿਹਾ ਕਿ ਇਸ ਪੜਾਅ ਉਤੇ ਜੋ ਲੋਕਾਂ ਨਾਲ ਖੜੂ, ਉਹੀ ਬਚੇਗਾ। ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਪੂਰੇ ਦਸਤਾਵੇਜ਼ਾਂ ਅਤੇ ਪਾਰਟੀ ਟੀਮ ਨਾਲ ਆਏ ਹੋਏ ਸਨ। ਸੁਖਬੀਰ ਨੇ ਮੁੱਖ ਮੰਤਰੀ ਨੂੰ ਸੁਝਾਅ ਦਿੱਤਾ ਕਿ ਕੇਂਦਰ ਤੋਂ ਸਾਰੇ ਨੁਕਤਿਆਂ ਬਾਰੇ ਲਿਖਤੀ ਸਪੱਸ਼ਟੀਕਰਨ ਮੰਗਿਆ ਜਾ ਸਕਦਾ ਹੈ। ਸਾਂਝਾ ਪੱਤਰ ਲਿਖ ਕੇ ਸਰਕਾਰੀ ਭਾਅ ਦੇ ਖਾਤਮੇ ਬਾਰੇ ਅਖੌਤੀ ਪ੍ਰਾਪੇਗੰਡੇ ਦੀ ਸਚਾਈ ਬਾਰੇ ਪੁੱਛਿਆ ਜਾ ਸਕਦਾ ਹੈ। ਅਜਿਹੇ ਸੁਆਲ ਪੁੱਛਣ ਵਾਲੇ ਕਿਸੇ ਵੀ ਦਸਤਾਵੇਜ਼ ਉਤੇ ਅਕਾਲੀ ਦਲ ਹਸਤਾਖਰ ਕਰਨ ਨੂੰ ਤਿਆਰ ਹੈ। ਸੰਸਦ ਵਿਚ ਵੀ ਇਨ੍ਹਾਂ ਆਰਡੀਨੈਂਸਾਂ ਤੇ ਚਰਚਾ ਕਰਨ ਲਈ ਤਿਆਰ ਹੈ। ਉਨ੍ਹਾਂ ਮੰਗ ਕੀਤੀ ਕਿ ਮੁੱਖ ਮੰਤਰੀ ਪੰਜਾਬ ਵਿਚਲੇ ਸ਼ਰਾਬ, ਬੀਜ ਤੇ ਰਾਸ਼ਨ ਘੁਟਾਲੇ ਤੇ ਚਰਚਾ ਲਈ ਵੀ ਸਰਬ ਪਾਰਟੀ ਮੀਟਿੰਗ ਸੱਦਣ।
_____________________________________
ਆਰਡੀਨੈਂਸ ਵਿਰੋਧੀ ਵਫਦ ਦਾ ਹਿੱਸਾ ਨਹੀਂ ਬਣਾਂਗੇ: ਸੁਖਬੀਰ
ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸਾਫ ਆਖ ਦਿੱਤਾ ਹੈ ਕਿ ਅਕਾਲੀ ਦਲ ਸਿਰਫ ਆਰਡੀਨੈਂਸਾਂ ਦਾ ਵਿਰੋਧ ਕਰਨ ਲਈ ਕੇਂਦਰ ਸਰਕਾਰ ਨੂੰ ਮਿਲਣ ਵਾਲੇ ਵਫਦ ਦਾ ਹਿੱਸਾ ਨਹੀਂ ਬਣੇਗਾ। ਉਨ੍ਹਾਂ ਸਰਬ ਪਾਰਟੀ ਮੀਟਿੰਗ ਵਿਚ ਵੀ ਇਹ ਸਪਸ਼ਟ ਕਰ ਦਿੱਤਾ ਸੀ ਕਿ ਜੇ ਖੇਤੀ ਮੰਤਰੀ ਤੋਂ ਆਰਡੀਨੈਂਸਾਂ ਸਬੰਧੀ ਕੋਈ ਸਪਸ਼ਟੀਕਰਨ ਲੈਣਾ ਹੈ ਤਾਂ ਅਕਾਲੀ ਦਲ ਨਾਲ ਜਾਣ ਲਈ ਤਿਆਰ ਹੈ ਪਰ ਉਹ ਵਿਰੋਧ ਕਰਨ ਵਾਲੇ ਵਫਦ ਵਿਚ ਸ਼ਾਮਲ ਨਹੀਂ ਹੋਵੇਗਾ। ਉਨ੍ਹਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ‘ਤੇ ਸਰਬ ਪਾਰਟੀ ਮੀਟਿੰਗ ਦਾ ਝੂਠਾ ਤੇ ਗੁਮਰਾਹਕੁਨ ਬਿਆਨ ਜਾਰੀ ਕਰ ਕੇ ਕਿਸਾਨਾਂ ਨਾਲ ਧੋਖਾ ਕਰਨ ਦੇ ਦੋਸ਼ ਲਾਏ।
____________________________________
ਸੁਖਬੀਰ ਨੇ ਅਪਨਾਈ ਦੋਗਲੀ ਨੀਤੀ: ਕੈਪਟਨ
ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਰਬ ਪਾਰਟੀ ਮੀਟਿੰਗ ਵਿਚ ਖੇਤੀ ਆਰਡੀਨੈਂਸਾਂ ‘ਤੇ ਪਾਸ ਕੀਤੇ ਮਤੇ ਬਾਰੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਆਪਣੀ ਸਥਿਤੀ ਸਪਸ਼ਟ ਕਰਨ ਦੀ ਚੁਣੌਤੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸੁਖਬੀਰ ਦੋਗਲੀ ਨੀਤੀ ਅਪਣਾ ਰਿਹਾ ਹੈ। ਮੁੱਖ ਮੰਤਰੀ ਨੇ ਸੁਆਲ ਕੀਤਾ ਕਿ ਕੀ ਅਕਾਲੀ ਦਲ ਇਸ ਤੱਥ ਨਾਲ ਸਹਿਮਤ ਹੈ ਕਿ ਖੇਤੀਬਾੜੀ ਸੂਬੇ ਦਾ ਵਿਸ਼ਾ ਹੈ ਅਤੇ ਕੇਂਦਰ ਨੂੰ ਇਸ ਵਿਚ ਦਖਲ ਨਹੀਂ ਦੇਣਾ ਚਾਹੀਦਾ। ਸੁਖਬੀਰ ਬਾਦਲ ਨੇ ਮੀਟਿੰਗ ਦੇ ਚੋਣਵੇਂ ਵੀਡੀਓ ਕਲਿੱਪ ਜਾਰੀ ਕੀਤੇ ਸਨ, ਜਿਸ ਬਾਰੇ ਮੁੱਖ ਮੰਤਰੀ ਨੇ ਕਿਹਾ ਕਿ ਅਕਾਲੀ ਦਲ ਲੋਕਾਂ ਨੂੰ ਗੁਮਰਾਹ ਕਰ ਰਿਹਾ ਹੈ।
_________________________________
ਬਾਦਲਾਂ ਨੂੰ ਕਿਸਾਨੀ ਨਾਲੋਂ ਕੁਰਸੀ ਪਿਆਰੀ: ਭਗਵੰਤ ਮਾਨ
ਬਠਿੰਡਾ: ਆਮ ਆਦਮੀ ਪਾਰਟੀ ਪੰਜਾਬ (ਆਪ) ਦੇ ਪ੍ਰਧਾਨ ਅਤੇ ਲੋਕ ਸਭਾ ਮੈਂਬਰ ਭਗਵੰਤ ਮਾਨ ਨੇ ਬਾਦਲ ਪਰਿਵਾਰ ਨੂੰ ਤਿੱਖੇ ਸ਼ਬਦਾਂ ਨਾਲ ਨਿਸ਼ਾਨੇ ‘ਤੇ ਲਿਆ। ਉਨ੍ਹਾਂ ਕਿਹਾ ਕਿ ਕਿਸੇ ਸਮੇਂ ਸੰਘੀ ਢਾਂਚੇ ਦੇ ਮੁੱਦਈ ਰਹਿਣ ਵਾਲੇ ਅਕਾਲੀ ਦਲ ਨੂੰ ਬਾਦਲਾਂ ਨੇ ਹੁਣ ਕੇਂਦਰੀ ਵਜ਼ਾਰਤ ਵਿਚਲੀ ਇਕ ਕੁਰਸੀ ਤੱਕ ਸੀਮਤ ਕਰ ਦਿੱਤਾ ਹੈ। ਉਨ੍ਹਾਂ ਵਿਅੰਗ ਕੀਤਾ, ‘ਹਰਸਿਮਰਤ ਦੀ ਕੁਰਸੀ ਬਚਾਉਣ ਲਈ, ਬਾਦਲ ਪਰਿਵਾਰ ਹਰ ਕੁਰਬਾਨੀ ਲਈ ਤਿਆਰ ਹੈ ਅਤੇ ਇਹ ਕੁਰਸੀ ਹੁਣ ਕਿਸਾਨੀ ਦੀ ਹਿੱਕ ‘ਤੇ ਡਾਹੀ ਜਾਵੇਗੀ।’
________________________________
ਸੁਖਬੀਰ ਨੇ ਪਤਨੀ ਦੀ ਕੁਰਸੀ ਬਚਾਈ: ਢੀਂਡਸਾ
ਸੰਗਰੂਰ: ਪੰਜਾਬ ਦੇ ਸਾਬਕਾ ਵਿੱਤ ਮੰਤਰੀ ਤੇ ਵਿਧਾਇਕ ਪਰਮਿੰਦਰ ਸਿੰਘ ਢੀਂਡਸਾ ਨੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ‘ਤੇ ਦੋਸ਼ ਲਾਇਆ ਕਿ ਸੰਘੀ ਢਾਂਚੇ ਦਾ ਗਲਾ ਘੁੱਟਣ ਤੇ ਖੇਤੀ ਮੰਡੀਕਰਨ ਨੂੰ ਤਬਾਹ ਕਰਨ ਵਾਲੇ ਆਰਡੀਨੈਂਸਾਂ ਦੇ ਹੱਕ ‘ਚ ਸਹਿਮਤੀ ਦੇ ਕੇ ਸੁਖਬੀਰ ਨੇ ਜਿਥੇ ਆਪਣੀ ਪਤਨੀ ਦੀ ਕੁਰਸੀ ਬਚਾਅ ਲਈ ਹੈ, ਉਥੇ ਸੰਘੀ ਢਾਂਚੇ ਅਤੇ ਕਿਸਾਨਾਂ ਦੇ ਹੱਕਾਂ ਦੀ ਕੁਰਬਾਨੀ ਦੇ ਦਿੱਤੀ ਹੈ।