ਡੇਰਾ ਮੁਖੀ ਨੂੰ ਮੁਆਫੀ ਦੇਣ ਦਾ ਮਾਮਲਾ ਮੁੜ ਭਖਿਆ

ਅੰਮ੍ਰਿਤਸਰ: ਬੇਅਦਬੀ ਮਾਮਲੇ ਵਿਚ ਵਿਸ਼ੇਸ਼ ਜਾਂਚ ਟੀਮ ਵਲੋਂ ਡੇਰਾ ਸਿਰਸਾ ਮੁਖੀ ਨੂੰ ਨਾਮਜ਼ਦ ਕੀਤੇ ਜਾਣ ਮਗਰੋਂ ਹੁਣ ਸਤੰਬਰ 2015 ਵਿਚ ਡੇਰਾ ਸਿਰਸਾ ਮੁਖੀ ਨੂੰ ਬਿਨਾਂ ਮੰਗੇ ਦਿੱਤੀ ਮੁਆਫੀ ਦਾ ਮਾਮਲਾ ਭਖਣ ਲੱਗਿਆ ਹੈ। ਇਸ ਮਾਮਲੇ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਇਸ਼ਤਿਹਾਰਾਂ ਉਤੇ ਖਰਚ ਕੀਤੇ ਗਏ ਲਗਭਗ 90 ਲੱਖ ਰੁਪਏ ਕਾਰਨ ਸਿੱਖ ਸੰਸਥਾ ਸਵਾਲਾਂ ਦੇ ਘੇਰੇ ਵਿਚ ਆ ਗਈ ਹੈ।
ਸ਼੍ਰੋਮਣੀ ਕਮੇਟੀ ਦੇ ਸਾਬਕਾ ਮੈਂਬਰ ਅਤੇ ਅਕਾਲ ਪੁਰਖ ਕੀ ਫੌਜ ਜਥੇਬੰਦੀ ਦੇ ਆਗੂ ਜਸਵਿੰਦਰ ਸਿੰਘ ਐਡਵੋਕੇਟ ਨੇ ਇਥੇ ਬੇਅਦਬੀ ਮਾਮਲੇ ਬਾਰੇ ਸਵਾਲ ਖੜ੍ਹੇ ਕੀਤੇ।

ਉਨ੍ਹਾਂ ਆਖਿਆ ਕਿ ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ ਤੇ ਹੋਰਨਾਂ ਵਲੋਂ ਡੇਰਾ ਸਿਰਸਾ ਮੁਖੀ ਨੂੰ ਮੁਆਫੀ ਦਿੱਤੀ ਗਈ ਸੀ, ਜੋ ਕਿ ਸਮੁੱਚੇ ਘਟਨਾਕ੍ਰਮ ਦਾ ਇਕ ਹਿੱਸਾ ਹੈ। ਉਨ੍ਹਾਂ ਸਵਾਲ ਕੀਤਾ ਕਿ ਕੀ ਉਸ ਨੂੰ ਪੰਥਕ ਰਵਾਇਤਾਂ ਅਨੁਸਾਰ ਸਜ਼ਾ ਲੱਗੇਗੀ ਅਤੇ ਕਾਨੂੰਨੀ ਕਾਰਵਾਈ ਦੀ ਚਾਰਾਜੋਈ ਹੋਵੇਗੀ। ਉਨ੍ਹਾਂ ਆਖਿਆ ਕਿ ਇਸ ਸਾਰੇ ਘਟਨਾਕ੍ਰਮ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਭੂਮਿਕਾ ਸ਼ੱਕੀ ਰਹੀ ਹੈ ਕਿਉਂਕਿ ਸੂਬੇ ਦੀ ਸੱਤਾ ਵਿਚ ਹੋਣ ਦੇ ਨਾਲ-ਨਾਲ ਸ਼੍ਰੋਮਣੀ ਕਮੇਟੀ ਉਤੇ ਕਾਬਜ਼ ਹੁੰਦਿਆਂ ਅਕਾਲੀ ਦਲ ਨੇ ਡੇਰਾ ਸਿਰਸਾ ਮੁਖੀ ਨੂੰ ਮੁਆਫੀ ਦਿਵਾਉਣ ਵਿਚ ਭੂਮਿਕਾ ਨਿਭਾਈ ਸੀ, ਜਿਸ ਦਾ ਖੁਲਾਸਾ ਉਸ ਵੇਲੇ ਇਕ ਜਥੇਦਾਰ ਵਲੋਂ ਕੀਤਾ ਜਾ ਚੁੱਕਿਆ ਹੈ। ਉਨ੍ਹਾਂ ਇਸ ਮਾਮਲੇ ਵਿਚ ਅਕਾਲੀ ਆਗੂਆਂ ਕੋਲੋਂ ਪੁੱਛ-ਪੜਤਾਲ ਕੀਤੇ ਜਾਣ ਅਤੇ ਉਨ੍ਹਾਂ ਖਿਲਾਫ ਕਾਰਵਾਈ ਕੀਤੇ ਜਾਣ ਸਬੰਧੀ ਸਵਾਲ ਕੀਤੇ। ਇਸੇ ਤਰ੍ਹਾਂ ਸ਼੍ਰੋਮਣੀ ਕਮੇਟੀ ਨੇ ਡੇਰਾ ਸਿਰਸਾ ਮੁਖੀ ਨੂੰ ਦਿੱਤੀ ਮੁਆਫੀ ਦੇ ਸਮਰਥਨ ਵਿਚ 90 ਲੱਖ ਰੁਪਏ ਦੇ ਇਸ਼ਤਿਹਾਰ ਦਿੱਤੇ ਸਨ, ਜੋ ਕਿ ਅਜਾਈਂ ਗਏ ਹਨ। ਕੀ ਉਹ ਰਕਮ ਵਸੂਲੀ ਜਾਵੇਗੀ?
ਉਨ੍ਹਾਂ ਆਖਿਆ ਕਿ ਮੌੜ ਬੰਬ ਕਾਂਡ, ਬਹਿਬਲ ਕਲਾਂ ਗੋਲੀ ਕਾਂਡ ਤੇ ਹੋਰ ਮਾਮਲਿਆਂ ਵਿਚ ਵੀ ਪਹਿਲਾਂ ਜੋ ਤੱਥ ਦਿੱਤੇ ਗਏ ਸਨ, ਉਹ ਹੁਣ ਗਲਤ ਸਾਬਤ ਹੋਏ ਹਨ, ਜਿਸ ਬਾਰੇ ਪੜਤਾਲ ਹੋਣੀ ਚਾਹੀਦੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਹੁਣ ਸੀ.ਬੀ.ਆਈ. ਜਾਂਚ ਵਿਚ ਅੜਿੱਕਾ ਪਾ ਰਹੀ ਹੈ। ਉਨ੍ਹਾਂ ਸਵਾਲ ਕੀਤਾ ਕਿ ਕੀ ਅਕਾਲ ਤਖਤ ਦੇ ਜਥੇਦਾਰ ਅਤੇ ਸ਼੍ਰੋਮਣੀ ਕਮੇਟੀ ਇਸ ਅੜਿੱਕੇ ਦਾ ਵਿਰੋਧ ਕਰਨਗੇ। ਇਸ ਤੋਂ ਪਹਿਲਾਂ ਏ.ਆਈ.ਸੀ.ਸੀ. ਦੇ ਕਿਸਾਨ ਵਿੰਗ ਦੇ ਆਗੂ ਬਲੀਏਵਾਲ ਵਲੋਂ ਵੀ ਸ੍ਰੀ ਅਕਾਲ ਤਖਤ ਦੇ ਜਥੇਦਾਰ ਨੂੰ ਮੰਗ ਪੱਤਰ ਦੇ ਕੇ ਡੇਰਾ ਸਿਰਸਾ ਮੁਖੀ ਨੂੰ ਮੁਆਫੀ ਦੇਣ ਦਾ ਮਾਮਲਾ ਉਭਾਰਿਆ ਗਿਆ ਹੈ। ਉਨ੍ਹਾਂ ਇਸ ਮਾਮਲੇ ਵਿਚ ਸਾਬਕਾ ਜਥੇਦਾਰ ਨੂੰ ਤਲਬ ਕਰਕੇ ਸਪੱਸ਼ਟੀਕਰਨ ਲੈਣ ਅਤੇ ਸ਼੍ਰੋਮਣੀ ਕਮੇਟੀ ਕੋਲੋਂ ਪੁੱਛ-ਪੜਤਾਲ ਕਰਨ ਦੀ ਅਪੀਲ ਕੀਤੀ ਹੈ ਕਿ ਉਸ ਨੇ ਕਿਸ ਮਜਬੂਰੀ ਤਹਿਤ ਉਸ ਵੇਲੇ 90 ਲੱਖ ਰੁਪਏ ਦੀ ਰਕਮ ਖਰਚ ਕੀਤੀ ਸੀ।
_______________________________
ਸਾਬਕਾ ਜਥੇਦਾਰ ਨੂੰ ਅਕਾਲ ਤਖਤ ‘ਤੇ ਤਲਬ ਕਰਨ ਦੀ ਮੰਗ
ਅੰਮ੍ਰਿਤਸਰ: ਆਲ ਇੰਡੀਆ ਕਾਂਗਰਸ ਕਮੇਟੀ (ਏ.ਆਈ.ਸੀ.ਸੀ.) ਦੇ ਕਿਸਾਨ ਕਾਂਗਰਸ ਦੇ ਕੋਆਰਡੀਨੇਟਰ ਪ੍ਰਿਤਪਾਲ ਸਿੰਘ ਬਲੀਏਵਾਲ ਨੇ ਸ੍ਰੀ ਅਕਾਲ ਤਖਤ ਦੇ ਜਥੇਦਾਰ ਨੂੰ ਪੱਤਰ ਭੇਜ ਕੇ ਮੰਗ ਕੀਤੀ ਹੈ ਕਿ ਡੇਰਾ ਮੁਖੀ ਨੂੰ ਮੁਆਫੀ ਦੇਣ ਦੇ ਮਾਮਲੇ ਵਿਚ ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ ਕੋਲੋਂ ਸਪੱਸ਼ਟੀਕਰਨ ਲਿਆ ਜਾਵੇ ਤੇ ਸ਼੍ਰੋਮਣੀ ਕਮੇਟੀ ਕੋਲੋਂ ਮੁਆਫੀਨਾਮੇ ਦਾ ਸਮਰਥਨ ਕਰਨ ਲਈ ਖਰਚ ਕੀਤੇ 95 ਲੱਖ ਰੁਪਏ ਬਾਰੇ ਪੁੱਛ-ਪੜਤਾਲ ਕੀਤੀ ਜਾਵੇ। ਉਨ੍ਹਾਂ ਨੇ ਮੌਜੂਦਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਅਪੀਲ ਕੀਤੀ ਹੈ ਕਿ ਇਸ ਮਾਮਲੇ ਵਿਚ ਸਪੱਸ਼ਟੀਕਰਨ ਲੈਣ ਵਾਸਤੇ ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੂੰ ਤਲਬ ਕੀਤਾ ਜਾਵੇ।
_______________________________
ਫਿਰਕੂ ਨਫਰਤ ਭੜਕਾਉਣ ਦੇ ਕੇਸ ‘ਚ ਸੁਧੀਰ ਸੂਰੀ ਗ੍ਰਿਫਤਾਰ
ਚੰਡੀਗੜ੍ਹ: ਪੰਜਾਬ ਪੁਲਿਸ ਨੇ ਔਰਤਾਂ ਖਿਲਾਫ ਇਤਰਾਜ਼ਯੋਗ ਸ਼ਬਦਾਵਲੀ ਵਾਲਾ ਵੀਡੀਓ ਵਾਇਰਲ ਕਰਨ ਅਤੇ ਫਿਰਕੂ ਨਫਰਤ ਭੜਕਾਉਣ ਦੇ ਮਾਮਲੇ ‘ਚ ਸ਼ਿਵ ਸੈਨਾ (ਟਕਸਾਲੀ) ਦੇ ਆਗੂ ਸੁਧੀਰ ਸੂਰੀ ਨੂੰ ਮੱਧ ਪ੍ਰਦੇਸ਼ ਤੋਂ ਗ੍ਰਿਫਤਾਰ ਕੀਤਾ ਹੈ। ਮਹੱਤਵਪੂਰਨ ਤੱਥ ਇਹ ਵੀ ਹੈ ਕਿ ਇਸ ਵਿਅਕਤੀ ਨੂੰ ਪੰਜਾਬ ਪੁਲਿਸ ਦੀ ਸੁਰੱਖਿਆ ਛਤਰੀ ਵੀ ਦਿੱਤੀ ਗਈ ਸੀ।
ਸੂਬੇ ਦੇ ਡੀ.ਜੀ.ਪੀ. ਦਿਨਕਰ ਗੁਪਤਾ ਨੇ ਦੱਸਿਆ ਕਿ ਔਰਤਾਂ ਵਿਰੁੱਧ ਕਥਿਤ ਅਪਮਾਨਜਨਕ ਟਿੱਪਣੀਆਂ ਵਾਲਾ ਇਕ ਵੀਡੀਓ ਜਾਰੀ ਹੋਣ ਤੋਂ ਬਾਅਦ ਉਸ ਦੀ ਗ੍ਰਿਫਤਾਰੀ ਲਈ ਪੁਲਿਸ ਵੱਲੋਂ ਮੁਹਿੰਮ ਚਲਾਈ ਗਈ ਸੀ, ਜਿਸ ਤੋਂ ਬਾਅਦ ਇਕ ਫੇਸਬੁੱਕ ਵੀਡੀਓ ਰਾਹੀਂ ਸੂਰੀ ਨੇ ਬਾਅਦ ਵਿਚ ਦਾਅਵਾ ਕੀਤਾ ਸੀ ਕਿ ਇਹ ਇਤਰਾਜ਼ਯੋਗ ਵੀਡੀਓ ਕਲਿਪ ਉਸ ਦੇ ਨਾਂ ਦੀ ਵਰਤੋਂ ਕਰ ਕੇ ਕਿਸੇ ਹੋਰ ਵਿਅਕਤੀ ਦੁਆਰਾ ਵਾਇਸਓਵਰ ਕੀਤਾ ਗਿਆ ਹੈ।
ਡੀ.ਜੀ.ਪੀ. ਨੇ ਦੱਸਿਆ ਕਿ 8 ਜੁਲਾਈ ਨੂੰ ਪਹਿਲੇ ਵੀਡੀਓ ਦੇ ਵਾਇਰਲ ਹੋਣ ਤੋਂ ਬਾਅਦ, ਭਾਰਤ ਅਤੇ ਵਿਦੇਸ਼ਾਂ ਵਿਚ ਇਸ ਦੀ ਭਾਰੀ ਆਲੋਚਨਾ ਹੋਣ ਮਗਰੋਂ ਜੰਡਿਆਲਾ ਪੁਲਿਸ ਥਾਣੇ (ਅੰਮ੍ਰਿਤਸਰ, ਦਿਹਾਤੀ) ਵਿਚ ਸੂਰੀ ਵਿਰੁੱਧ ਆਈ.ਪੀ.ਸੀ. ਦੀ ਧਾਰਾ 153-ਏ, 354 ਏ, 509 ਅਤੇ 67 ਆਈਟੀ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਸੀ। ਡੀ.ਜੀ.ਪੀ. ਨੇ ਕਿਹਾ ਕਿ ਸੂਰੀ ਵੱਲੋਂ ਇਤਰਾਜ਼ਯੋਗ ਵੀਡੀਓ ਕਲਿਪ ਵਿਚ ਸ਼ਾਮਲ ਹੋਣ ਤੋਂ ਇਨਕਾਰ ਕਰਨ ਦੇ ਬਾਵਜੂਦ ਉਨ੍ਹਾਂ ਨੇ ਅੰਮ੍ਰਿਤਸਰ (ਦਿਹਾਤੀ) ਪੁਲਿਸ ਰਾਹੀਂ ਸ਼ੱਕੀ ਵਿਅਕਤੀ ਖਿਲਾਫ ਵੱਡੇ ਪੱਧਰ ‘ਤੇ ਕਾਰਵਾਈ ਦੇ ਆਦੇਸ਼ ਦਿੱਤੇ ਸਨ। ਮਗਰੋਂ ਕੀਤੀ ਜਾਂਚ ਤੋਂ ਸਾਹਮਣੇ ਆਇਆ ਕਿ ਗ੍ਰਿਫਤਾਰੀ ਦੇ ਡਰੋਂ ਸੂਰੀ ਇੰਦੌਰ ਭੱਜ ਗਿਆ ਸੀ।