ਸੁਖਦੇਵ ਸਿੰਘ ਢੀਂਡਸਾ ਵਲੋਂ ਪੰਜਾਬ ਵਿਚ ਹੁਣ ਤੀਜੇ ਬਦਲ ਦਾ ਹੋਕਾ

ਅੰਮ੍ਰਿਤਸਰ: ਸ਼੍ਰੋਮਣੀ ਅਕਾਲੀ ਦਲ ਦੇ ਨਵੇਂ ਬਣੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਨੇ ਪੰਜਾਬ ਵਿਚ ਤੀਜੇ ਬਦਲ ਦੀ ਗੱਲ ਤੋਰੀ ਹੈ। ਢੀਂਡਸਾ ਦਾ ਕਹਿਣਾ ਹੈ ਕਿ ਪੰਜਾਬ ਇਸ ਵੇਲੇ ਗੰਭੀਰ ਸਿਆਸੀ, ਆਰਥਿਕ ਅਤੇ ਸਮਾਜਿਕ ਸੰਕਟ ਵਿਚੋਂ ਲੰਘ ਰਿਹਾ ਹੈ। ਸੂਬੇ ਦੇ ਲੋਕ ਭ੍ਰਿਸ਼ਟਾਚਾਰ ਤੋਂ ਬਹੁਤ ਅੱਕੇ ਹੋਏ ਹਨ ਤੇ ਮੌਜੂਦਾ ਵਿਵਸਥਾ ਅਤੇ ਸਥਾਪਤ ਪਾਰਟੀਆਂ ਤੋਂ ਨਿਰਾਸ਼ ਹਨ। ਇਸ ਲਈ ਲੋਕਾਂ ਨੂੰ ਨਵਾਂ ਪ੍ਰੋਗਰਾਮ ਦੇਣ ਦੀ ਲੋੜ ਹੈ ਅਤੇ ਅਗਾਮੀ ਵਿਧਾਨ ਸਭਾ ਚੋਣਾਂ ਦੌਰਾਨ ਹਮਖਿਆਲ ਪਾਰਟੀਆਂ ਨਾਲ ਗੱਠਜੋੜ ਕਰਕੇ ਲੋਕਾਂ ਨੂੰ ਇਕ ਤੀਜਾ ਬਦਲ ਦੇਣ ਦਾ ਯਤਨ ਕੀਤਾ ਜਾਵੇਗਾ।

ਢੀਂਡਸਾ ਨੇ ਆਖਿਆ ਕਿ ਸ੍ਰੀ ਅਕਾਲ ਤਖਤ ਤੇ ਸ਼੍ਰੋਮਣੀ ਕਮੇਟੀ ਦੇ ਰੁਤਬੇ ਅਤੇ ਸ਼੍ਰੋਮਣੀ ਅਕਾਲੀ ਦਲ ਵਿਚ ਜਮਹੂਰੀਅਤ ਬਹਾਲ ਕਰਾਉਣਾ ਹੀ ਉਨ੍ਹਾਂ ਦਾ ਮੁੱਖ ਮੰਤਵ ਹੋਵੇਗਾ। ਇਸ ਮਕਸਦ ਨੂੰ ਪੂਰਾ ਕਰਨ ਲਈ ਉਹ ਲੋਕਾਂ ਦਾ ਭਰੋਸਾ ਵੀ ਹਾਸਲ ਕਰਨਗੇ।
ਢੀਂਡਸਾ ਨੇ ਆਖਿਆ ਕਿ ਸਿੱਖ ਸੰਸਥਾਵਾਂ, ਸ਼੍ਰੋਮਣੀ ਕਮੇਟੀ ਅਤੇ ਸ੍ਰੀ ਅਕਾਲ ਤਖਤ ਨੂੰ ਕਬਜ਼ੇ ਤੋਂ ਮੁਕਤ ਕਰਾਉਣਾ ਅਤੇ ਸ਼੍ਰੋਮਣੀ ਅਕਾਲੀ ਦਲ ਵਿਚ ਜਮਹੂਰੀਅਤ ਦੀ ਬਹਾਲੀ ਉਨ੍ਹਾਂ ਦਾ ਮੁੱਖ ਮੰਤਵ ਹੋਵੇਗਾ। ਉਨ੍ਹਾਂ ਦੋਸ਼ ਲਾਇਆ ਕਿ ਸ਼੍ਰੋਮਣੀ ਕਮੇਟੀ ਨੂੰ ਲੁੱਟਿਆ ਜਾ ਰਿਹਾ ਹੈ ਅਤੇ ਉਸ ‘ਚ ਵੱਡੇ ਘਪਲੇ ਹੋ ਰਹੇ ਹਨ। ਪਾਵਨ ਸਰੂਪ ਰਿਕਾਰਡ ਵਿਚੋਂ ਲਾਪਤਾ ਹੋਣ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਇਨ੍ਹਾਂ ਵਿਚੋਂ ਕਈ ਸਰੂਪ ਅਗਨਭੇਟ ਹੋ ਗਏ, ਜਿਨ੍ਹਾਂ ਦਾ ਚੁੱਪ ਚੁਪੀਤੇ ਸਸਕਾਰ ਕਰ ਦਿੱਤਾ ਗਿਆ ਅਤੇ ਉਸ ਦਾ ਪਸ਼ਚਾਤਾਪ ਤੱਕ ਨਹੀਂ ਕੀਤਾ ਗਿਆ। ਉਨ੍ਹਾਂ ਇਸ ਨੂੰ ਗੁਰੂ ਸਾਹਿਬ ਦੀ ਬੇਅਦਬੀ ਕਰਾਰ ਦਿੱਤਾ। ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਜਲਦੀ ਕਰਾਉਣ ਉਤੇ ਜ਼ੋਰ ਦੇਣ ਬਾਰੇ ਉਨ੍ਹਾਂ ਕਿਹਾ ਕਿ ਕਰੋਨਾ ਸੰਕਟ ਦਾ ਮਾਮਲਾ ਹੱਲ ਹੋਣ ਮਗਰੋਂ ਉਹ ਕੇਂਦਰ ਸਰਕਾਰ ਨੂੰ ਮਿਲਣਗੇ ਅਤੇ ਚੋਣਾਂ ਛੇਤੀ ਕਰਾਉਣ ਦੀ ਅਪੀਲ ਕਰਨਗੇ।
ਬੇਅਦਬੀ ਮਾਮਲਿਆਂ ਵਿਚ ਵਿਸ਼ੇਸ਼ ਜਾਂਚ ਟੀਮ ਵਲੋਂ ਡੇਰਾ ਸਿਰਸਾ ਦੇ ਮੁਖੀ ਨੂੰ ਨਾਮਜ਼ਦ ਕੀਤੇ ਜਾਣ ਉਤੇ ਤਸੱਲੀ ਪ੍ਰਗਟ ਕਰਦਿਆਂ ਉਨ੍ਹਾਂ ਕਿਹਾ ਕਿ ਇਸ ਪਿੱਛੇ ਅਸਲ ਸਾਜ਼ਿਸ਼ਘਾੜਿਆਂ ਦਾ ਵੀ ਪਤਾ ਲਾਇਆ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ,”ਕੋਈ ਚਾਹੇ ਕਿੰਨਾ ਵੀ ਤਾਕਤਵਰ ਹੋਵੇ, ਇਸ ਮਾਮਲੇ ਵਿਚ ਹਰੇਕ ਕਸੂਰਵਾਰ ਖਿਲਾਫ ਕਾਰਵਾਈ ਹੋਣੀ ਚਾਹੀਦੀ ਹੈ।” ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਨਾਲ ਨਵੀਂ ਪਾਰਟੀ ਨੂੰ ਲੈ ਕੇ ਬਣੀ ਨਾਰਾਜ਼ਗੀ ਬਾਰੇ ਉਨ੍ਹਾਂ ਕਿਹਾ ਕਿ ਪਾਰਟੀ ਦਾ ਐਲਾਨ ਕਰਨ ਤੋਂ ਪਹਿਲਾਂ ਉਹ ਸ੍ਰੀ ਬ੍ਰਹਮਪੁਰਾ ਨੂੰ ਮਿਲੇ ਸਨ।
ਉਨ੍ਹਾਂ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦਾ ਪ੍ਰਧਾਨ ਬਣਾਏ ਜਾਣ ਦੀ ਕੀਤੀ ਪੇਸ਼ਕਸ਼ ਦਾ ਧੰਨਵਾਦ ਵੀ ਕੀਤਾ ਸੀ। ਉਨ੍ਹਾਂ ਕਿਹਾ ਕਿ ਸਮਰਥਕਾਂ ਦੀ ਰਾਏ ਸੀ ਕਿ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦਾ ਪ੍ਰਧਾਨ ਬਣਨ ਦੀ ਥਾਂ ਹੋਰ ਪਾਰਟੀ ਬਣਾਉਣੀ ਚਾਹੀਦੀ ਹੈ। ਉਨ੍ਹਾਂ ਆਖਿਆ ਕਿ ਉਹ ਸ੍ਰੀ ਬ੍ਰਹਮਪੁਰਾ ਨਾਲ ਮੁਲਾਕਾਤ ਕਰ ਕੇ ਉਨ੍ਹਾਂ ਨੂੰ ਪਾਰਟੀ ਦਾ ਸਰਪ੍ਰਸਤ ਬਣਨ ਲਈ ਕਹਿਣਗੇ। ਪੁੱਤਰ ਪਰਮਿੰਦਰ ਸਿੰਘ ਢੀਂਡਸਾ ਨੂੰ ਮੁੱਖ ਮੰਤਰੀ ਬਣਾਉਣ ਦੇ ਲਾਏ ਗਏ ਦੋਸ਼ਾਂ ਬਾਰੇ ਉਨ੍ਹਾਂ ਕਿਹਾ ਕਿ ਸ੍ਰੀ ਬ੍ਰਹਮਪੁਰਾ ਨਾਲ ਕਦੇ ਵੀ ਇਸ ਸਬੰਧੀ ਕੋਈ ਗੱਲ ਨਹੀਂ ਹੋਈ। ਇਸ ਮੌਕੇ ਉਨ੍ਹਾਂ ਰਾਜਸਥਾਨ ਵਿਚ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਦੀ ਹੋਈ ਬੇਅਦਬੀ ਦੀ ਘਟਨਾ ਦੀ ਸਖਤ ਨਿੰਦਾ ਕਰਦਿਆਂ ਦੋਸ਼ੀਆਂ ਖਿਲਾਫ ਕਾਰਵਾਈ ਦੀ ਮੰਗ ਕੀਤੀ।
___________________________________________
ਕੈਪਟਨ-ਸੁਖਬੀਰ ਗੱਠਜੋੜ ਨਾਲ ਚਲਦੇ ਬਾਦਲਾਂ ਦੇ ਧੰਦੇ: ਢੀਂਡਸਾ
ਚੰਡੀਗੜ੍ਹ: ਪੰਜਾਬ ‘ਚ ਨਵ ਬਣੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਨੇ ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਉਤੇ ਮੌਜੂਦਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਸਮਝੌਤਾ ਹੋਣ ਦੇ ਦੋਸ਼ ਲਾਏ ਹਨ। ਕਾਂਗਰਸ ਦੇ ਇਸ਼ਾਰੇ ‘ਤੇ ਨਵੀਂ ਪਾਰਟੀ ਕਾਇਮ ਕਰਨ ਦੇ ਲਾਏ ਦੋਸ਼ਾਂ ਦਾ ਜਵਾਬ ਦਿੰਦਿਆਂ ਸ੍ਰੀ ਢੀਂਡਸਾ ਨੇ ਕਿਹਾ ਕਿ ਸੂਬੇ ਵਿਚ ਸਾਲ 2017 ਵਿਚ ਜਦੋਂ ਤੋਂ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਕਾਂਗਰਸ ਸਰਕਾਰ ਹੋਂਦ ‘ਚ ਆਈ ਹੈ ਉਦੋਂ ਤੋਂ ਹੀ ਸੁਖਬੀਰ ਸਿੰਘ ਬਾਦਲ ਦੀਆਂ ਟਰਾਂਸਪੋਰਟ ਕੰਪਨੀਆਂ ਤੇ ਕੇਬਲ ਦੇ ਧੰਦਾ ਬੇਰੋਕ ਚੱਲ ਰਿਹਾ ਹੈ।
________________________________________
ਬ੍ਰਹਮਪੁਰਾ ਨੇ ਅਕਾਲੀ ਦਲ ‘ਚ ਵਾਪਸੀ ਨੂੰ ਨਕਾਰਿਆ
ਚੰਡੀਗੜ੍ਹ: ਅਕਾਲੀ ਆਗੂ ਸੁਖਦੇਵ ਸਿੰਘ ਢੀਂਡਸਾ ਵਲੋਂ ਨਵੇਂ ਸ਼੍ਰੋਮਣੀ ਅਕਾਲੀ ਦਲ ਦਾ ਐਲਾਨ ਕਰਨ ਤੋਂ ਬਾਅਦ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਨੇ ਸ਼੍ਰੋਮਣੀ ਅਕਾਲੀ ਦਲ ਵਿਚ ਵਾਪਸੀ ਦੀਆਂ ਖਬਰਾਂ ਨੂੰ ਮੁੱਢੋਂ ਨਕਾਰਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਢੀਂਡਸਾ ਉਤੇ ਸ਼ਬਦੀ ਹੱਲਾ ਕਰਦਿਆਂ ਕਿਹਾ ਕਿ ਢੀਂਡਸਾ ਨੇ ਅਕਾਲੀ ਦਲ (ਟਕਸਾਲੀ) ਨਾਲ ਏਕਤਾ ਦਾ ਢੌਂਗ ਰਚਦਿਆਂ ਸੇਵਾ ਸਿੰਘ ਸੇਖਵਾਂ ਅਤੇ ਬੀਰਦਵਿੰਦਰ ਸਿੰਘ ਨੂੰ ਆਪਣੇ ਨਾਲ ਰਲਾ ਕੇ ਚੰਗੇ-ਭਲੇ ਰਿਸ਼ਤਿਆਂ ਵਿਚ ਕੁੜੱਤਣ ਪੈਦਾ ਕੀਤੀ ਹੈ। ਜਥੇਦਾਰ ਬ੍ਰਹਮਪੁਰਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦਾ ਗਠਨ ਸਿੱਖੀ ਸੋਚ ਅਤੇ ਪਰੰਪਰਾਵਾਂ ਲਈ ਕੀਤਾ ਗਿਆ ਸੀ ਜਿਸ ਉਤੇ ਉਹ ਆਪਣੇ ਸਾਥੀਆਂ ਨਾਲ ਡੱਟ ਕੇ ਪਹਿਰਾ ਦੇਣਗੇ।
_________________________________________
ਜਥੇਦਾਰ ਨੰਦਗੜ੍ਹ ਵਲੋਂ ਢੀਂਡਸਾ ਦੀ ਹਮਾਇਤ ਦਾ ਐਲਾਨ
ਸੰਗਰੂਰ: ਤਖਤ ਸ੍ਰੀ ਦਮਦਮਾ ਸਾਹਿਬ ਦੇ ਸਾਬਕਾ ਜਥੇਦਾਰ ਬਲਵੰਤ ਸਿੰਘ ਨੰਦਗੜ੍ਹ ਨੇ ਸ਼੍ਰੋਮਣੀ ਅਕਾਲੀ ਦਲ ਦੇ ਨਵੇਂ ਬਣੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੀ ਅਗਵਾਈ ਵਾਲੇ ਦਲ ਦੀ ਜ਼ੋਰਦਾਰ ਹਮਾਇਤ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਵਿਚ ਸਿੱਖ ਜਗਤ ਦੀ ਰਾਜਨੀਤਕ ਤੌਰ ‘ਤੇ ਤਰਜਮਾਨੀ ਕਰਨ ਵਾਲੀ ਜਮਾਤ ਆਪਣੇ ਅਸਲ ਨਿਸ਼ਾਨੇ ਤੋਂ ਥਿੜਕ ਕੇ ਨਿੱਜਵਾਦ ਵਲ ਆਕਰਸ਼ਿਤ ਹੋ ਗਈ ਸੀ ਜਿਸ ਕਾਰਨ ਪੰਥਕ ਪਲੇਟਫਾਰਮ ‘ਚ ਪੂਰੀ ਤਰ੍ਹਾਂ ਖਲਾਅ ਪੈਦਾ ਹੋ ਗਿਆ।