ਜਾਂਚ ਟੀਮ ਮਹੀਨੇ ਦੇ ਅੰਦਰ ਸੌਂਪੇਗੀ ਲਾਪਤਾ ਪਾਵਨ ਸਰੂਪਾਂ ਬਾਰੇ ਰਿਪੋਰਟ

ਅੰਮ੍ਰਿਤਸਰ: ਸ੍ਰੀ ਅਕਾਲ ਤਖਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ 267 ਲਾਪਤਾ ਪਾਵਨ ਸਰੂਪਾਂ ਦੇ ਮਾਮਲੇ ਦੀ ਜਾਂਚ ਹਾਈ ਕੋਰਟ ਦੀ ਸੇਵਾਮੁਕਤ ਜੱਜ ਨਵਿਤਾ ਸਿੰਘ ਨੂੰ ਸੌਂਪੀ ਹੈ। ਉਨ੍ਹਾਂ ਨੂੰ ਰਿਪੋਰਟ ਇਕ ਮਹੀਨੇ ਦੇ ਅੰਦਰ ਸ੍ਰੀ ਅਕਾਲ ਤਖਤ ਨੂੰ ਸੌਂਪਣ ਦੇ ਆਦੇਸ਼ ਦਿੱਤੇ ਗਏ ਹਨ।

ਇਹ ਪਾਵਨ ਸਰੂਪ ਸ਼੍ਰੋਮਣੀ ਕਮੇਟੀ ਦੇ ਪਬਲੀਕੇਸ਼ਨ ਵਿਭਾਗ ਦੇ ਰਿਕਾਰਡ ਵਿਚੋਂ ਘੱਟ ਪਾਏ ਗਏ ਹਨ। ਇਸ ਮਾਮਲੇ ਦੀ ਤਹਿਕੀਕਾਤ ਲਈ ਸ਼੍ਰੋਮਣੀ ਕਮੇਟੀ ਵਲੋਂ ਜਾਂਚ ਕਮੇਟੀ ਬਣਾਈ ਗਈ ਸੀ ਪਰ ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਉਨ੍ਹਾਂ ਇਸ ਦੀ ਜਾਂਚ ਸ੍ਰੀ ਅਕਾਲ ਤਖਤ ਦੇ ਜਥੇਦਾਰ ਨੂੰ ਖੁਦ ਕਰਵਾਉਣ ਵਾਸਤੇ ਅਪੀਲ ਕੀਤੀ ਸੀ। ਸ਼੍ਰੋਮਣੀ ਕਮੇਟੀ ਨੇ ਇਸ ਮਾਮਲੇ ਦੀ ਜਾਂਚ ਕਿਸੇ ਸੀਨੀਅਰ ਸਾਬਕਾ ਸਿੱਖ ਜੱਜ ਜਾਂ ਕਿਸੇ ਪ੍ਰਮੁੱਖ ਸ਼ਖਸੀਅਤ ਕੋਲੋਂ ਕਰਾਉਣ ਦੀ ਅਪੀਲ ਕੀਤੀ ਸੀ।
ਜਥੇਦਾਰ ਹਰਪ੍ਰੀਤ ਸਿੰਘ ਨੇ ਬੀਬੀ ਨਵਿਤਾ ਸਿੰਘ ਨੂੰ ਜਾਂਚ ਦੌਰਾਨ ਸਹਿਯੋਗ ਦੇਣ ਵਾਸਤੇ ਤਿਲੰਗਾਨਾ ਹਾਈ ਕੋਰਟ ਦੇ ਸਿੱਖ ਵਕੀਲ ਈਸ਼ਰ ਸਿੰਘ ਨੂੰ ਵੀ ਨਾਮਜ਼ਦ ਕੀਤਾ ਹੈ। ਉਨ੍ਹਾਂ ਆਖਿਆ ਕਿ ਜਾਂਚ ਟੀਮ ਨੂੰ ਲੋੜ ਮੁਤਾਬਕ ਸ੍ਰੀ ਅਕਾਲ ਤਖਤ ਵਲੋਂ ਅਕਾਊਂਟ ਦੇ ਮਾਹਿਰਾਂ ਸਮੇਤ ਸ਼੍ਰੋਮਣੀ ਕਮੇਟੀ ਦੇ ਸਾਬਕਾ ਤੇ ਮੌਜੂਦਾ ਅਧਿਕਾਰੀਆਂ ਅਤੇ ਹੋਰ ਵਿਦਵਾਨਾਂ ਦੀਆਂ ਸੇਵਾਵਾਂ ਵੀ ਮੁਹੱਈਆ ਕਰਵਾਈਆਂ ਜਾਣਗੀਆਂ।
ਜਥੇਦਾਰ ਨੇ ਆਖਿਆ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਹੇਠ ਚਲਦੀ ਗੋਲਡਨ ਆਫਸੈੱਟ ਪ੍ਰੈੱਸ ਦੇ ਰਿਕਾਰਡ ਵਿਚੋਂ 267 ਪਾਵਨ ਸਰੂਪ ਘਟਣ ਨਾਲ ਸਿੱਖ ਪੰਥ ਵਿਚ ਕਈ ਤਰ੍ਹਾਂ ਦੀਆਂ ਸ਼ੰਕਾਵਾਂ ਖੜ੍ਹੀਆਂ ਹੋ ਗਈਆਂ ਹਨ ਅਤੇ ਸਿੱਖ ਸੰਗਤ ਸੱਚਾਈ ਨੂੰ ਜਾਨਣਾ ਚਾਹੁੰਦੀ ਹੈ। ਉਨ੍ਹਾਂ ਆਖਿਆ ਕਿ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਨੇ ਵੀ ਮਤਾ ਪਾਸ ਕਰ ਕੇ ਇਸ ਮਾਮਲੇ ਦੀ ਨਿਰਪੱਖ ਜਾਂਚ ਸ੍ਰੀ ਅਕਾਲ ਤਖਤ ਵਲੋਂ ਕਰਵਾਉਣ ਦੀ ਅਪੀਲ ਕੀਤੀ ਹੈ। ਉਨ੍ਹਾਂ ਆਖਿਆ ਕਿ ਸ੍ਰੀ ਅਕਾਲ ਤਖਤ ਵਲੋਂ ਜਲਦੀ ਹੀ ਸਿੱਖ ਪੰਥ ਨੂੰ ‘ਸਾਂਝਾ ਡਿਜੀਟਲ ਮੰਚ’ ਮੁਹੱਈਆ ਕਰਵਾਇਆ ਜਾਵੇਗਾ, ਜਿਸ ਬਾਰੇ ਪੰਜ ਸਿੰਘ ਸਾਹਿਬਾਨ ਭਵਿੱਖ ਵਿਚ ਹੋਣ ਵਾਲੀ ਇਕੱਤਰਤਾ ਵਿਚ ਵਿਚਾਰ ਕਰਨ ਮਗਰੋਂ ਐਲਾਨ ਕਰਨਗੇ।
ਉਨ੍ਹਾਂ ਆਖਿਆ ਕਿ ਸਿੱਖ ਪੰਥ ਵਿਚ ਵੰਡੀਆਂ ਪਾਉਣ ਵਾਲੇ ਗੁਰੂ ਦੋਖੀਆਂ ਤੋਂ ਸਾਵਧਾਨ ਅਤੇ ਸਮੁੱਚੇ ਪੰਥ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਵਿਚਾਰਧਾਰਾ ਦੀ ਰੋਸ਼ਨੀ ਵਿਚ ਇਕਜੁੱਟ ਕਰਨ ਲਈ ਇਹ ਉਪਰਾਲਾ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਸ੍ਰੀ ਅਕਾਲ ਤਖਤ ਵਲੋਂ ‘ਸਿੱਖ ਸਹਾਇਤਾ ਫੰਡ’ ਕਾਇਮ ਕਰਨ ਦਾ ਯਤਨ ਕੀਤਾ ਜਾਵੇਗਾ। ਉਨ੍ਹਾਂ ਆਖਿਆ ਕਿ ਸਿੱਖ ਲੋੜਵੰਦ ਨੌਜਵਾਨਾਂ, ਵਿਧਵਾਵਾਂ, ਕਿਸਾਨਾਂ, ਮਜ਼ਦੂਰਾਂ, ਦੁਕਾਨਦਾਰਾਂ ਅਤੇ ਦੱਬੇ ਕੁਚਲੇ ਲੋਕਾਂ ਦੀ ਸਹਾਇਤਾ ਲਈ ਸਿੱਖ ਬੁੱਧੀਜੀਵੀਆਂ, ਸਾਬਕਾ ਬੈਂਕਰਾਂ, ਵਕੀਲਾਂ, ਡਾਕਟਰਾਂ ਅਤੇ ਆਈ.ਏ.ਐਸ/ ਆਈ.ਪੀ.ਐਸ਼ ਆਦਿ ਅਧਿਕਾਰੀਆਂ ਦੀ ਕਮੇਟੀ ਰਾਹੀਂ ਇਹ ਫੰਡ ਕਾਇਮ ਕੀਤਾ ਜਾਵੇਗਾ। ਉਨ੍ਹਾਂ ਸਿੱਖ ਨੌਜਵਾਨਾਂ ਨੂੰ ਉਸਾਰੂ ਸੋਚ ਦੇ ਧਾਰਨੀ ਬਣ ਕੇ ਆਰਥਿਕ, ਸਮਾਜਿਕ ਤੇ ਰਾਜਨੀਤਕ ਖੇਤਰ ਵਿਚ ਉੱਚ ਮੁਕਾਮ ਹਾਸਲ ਕਰਨ ਅਤੇ ਸਿੱਖ ਵਿਦਿਆਰਥੀਆਂ ਨੂੰ ਸਾਰਾ ਧਿਆਨ ਪੜ੍ਹਾਈ ਉਤੇ ਕੇਂਦਰਿਤ ਕਰਨ ਲਈ ਆਖਿਆ।
___________________________________
ਜਾਂਚ ਟੀਮ ਨੂੰ ਦਸਤਾਵੇਜ਼ ਸੌਂਪੇਗਾ ਮਨੁੱਖੀ ਅਧਿਕਾਰ ਸੰਗਠਨ
ਅੰਮ੍ਰਿਤਸਰ: ਲਾਪਤਾ 267 ਪਾਵਨ ਸਰੂਪ ਮਾਮਲੇ ਵਿਚ ਮੁੱਖ ਸ਼ਿਕਾਇਤਕਰਤਾ ਧਿਰ ਪੰਜਾਬ ਮਨੁੱਖੀ ਅਧਿਕਾਰ ਸੰਗਠਨ ਵਲੋਂ ਇਸ ਮਾਮਲੇ ਸਬੰਧੀ ਲੋੜੀਂਦੇ ਦਸਤਾਵੇਜ਼ ਜਾਂਚ ਕਮੇਟੀ ਨੂੰ ਸੌਂਪੇ ਜਾਣਗੇ ਤਾਂ ਜੋ ਇਸ ਮਾਮਲੇ ਵਿਚ ਹੋਣ ਵਾਲੀ ਜਾਂਚ ਵਿਚ ਸਹਾਇਤਾ ਕੀਤੀ ਜਾ ਸਕੇ। ਸੰਗਠਨ ਨੇ ਸ੍ਰੀ ਅਕਾਲ ਤਖਤ ਵਲੋਂ ਜਾਂਚ ਲਈ ਨਾਮਜ਼ਦ ਕੀਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਸੇਵਾਮੁਕਤ ਜੱਜ ਨਵਿਤਾ ਸਿੰਘ ਬਾਰੇ ਤਸੱਲੀ ਪ੍ਰਗਟਾਈ ਹੈ। ਸ਼੍ਰੋਮਣੀ ਕਮੇਟੀ ਦੇ ਪਬਲੀਕੇਸ਼ਨ ਵਿਭਾਗ ਦੇ ਰਿਕਾਰਡ ਵਿਚੋਂ 267 ਪਾਵਨ ਸਰੂਪ ਘੱਟ ਹੋਣ ਦਾ ਇਹ ਮਾਮਲਾ ਬੀਤੇ ਦਿਨੀਂ ਪੰਜਾਬ ਮਨੁੱਖੀ ਅਧਿਕਾਰ ਸੰਗਠਨ ਵਲੋਂ ਉਭਾਰਿਆ ਗਿਆ ਸੀ। ਸੰਗਠਨ ਦੇ ਮੁੱਖ ਜਾਂਚਕਰਤਾ ਸਰਬਜੀਤ ਸਿੰਘ ਵੇਰਕਾ ਨੇ ਸ੍ਰੀ ਅਕਾਲ ਤਖ਼ਤ ਵਲੋਂ ਇਸ ਮਾਮਲੇ ਦੀ ਜਾਂਚ ਬਾਹਰੋਂ ਕਰਾਉਣ ਅਤੇ ਇਸ ਦੀ ਜਾਂਚ ਹਾਈਕੋਰਟ ਦੀ ਸਾਬਕਾ ਜੱਜ ਨੂੰ ਦਿੱਤੇ ਜਾਣ ‘ਤੇ ਤਸੱਲੀ ਪ੍ਰਗਟਾਈ ਹੈ। ਇਹ ਪਹਿਲਾ ਮੌਕਾ ਹੈ ਜਦੋਂ ਸਿੱਖ ਸੰਸਥਾ ਸ਼੍ਰੋਮਣੀ ਕਮੇਟੀ ਆਪਣੇ ਕਿਸੇ ਅੰਦਰੂਨੀ ਮਾਮਲੇ ਦੀ ਬਾਹਰੋਂ ਜਾਂਚ ਕਰਵਾ ਰਹੀ ਹੈ।