ਸਿੱਖ ਜਥੇਬੰਦੀਆਂ ਵਲੋਂ ਆਜ਼ਾਦੀ ਦਿਵਸ ਸਮਾਗਮਾਂ ਦਾ ਬਾਈਕਾਟ

ਅੰਮ੍ਰਿਤਸਰ: ਦਲ ਖਾਲਸਾ, ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਅਤੇ ਯੂਨਾਈਟਿਡ ਅਕਾਲੀ ਦਲ (ਗੁਰਦੀਪ ਸਿੰਘ ਬਠਿੰਡਾ) ਜਥੇਬੰਦੀਆਂ ਵੱਲੋਂ ਵੱਖ-ਵੱਖ ਮਾਮਲਿਆਂ ਨੂੰ ਲੈ ਕੇ 15 ਅਗਸਤ ਨੂੰ ਆਜ਼ਾਦੀ ਦਿਵਸ ਸਮਾਗਮਾਂ ਦਾ ਬਾਈਕਾਟ ਕਰਦਿਆਂ ਇਸ ਨੂੰ ਕਾਲੇ ਦਿਵਸ ਵਜੋਂ ਮਨਾਉਣ ਦਾ ਐਲਾਨ ਕੀਤਾ ਗਿਆ ਹੈ। ਇਸ ਦਿਨ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਵੀ ਕੀਤੇ ਜਾਣਗੇ।

ਦਲ ਖਾਲਸਾ ਦੇ ਬੁਲਾਰੇ ਕੰਵਰਪਾਲ ਸਿੰਘ ਅਤੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰੋ. ਮਹਿੰਦਰਪਾਲ ਸਿੰਘ ਨੇ ਦੱਸਿਆ ਕਿ ਤਿੰਨ ਸਿੱਖ ਜਥੇਬੰਦੀਆਂ ਵੱਲੋਂ ਸਾਂਝੇ ਤੌਰ ਉਤੇ ਆਜ਼ਾਦੀ ਦਿਵਸ ਸਮਾਗਮ ਦਾ ਬਾਈਕਾਟ ਕੀਤਾ ਜਾਵੇਗਾ। ਇਸ ਦਿਨ ਪੰਜਾਬ ਭਰ ਵਿਚ ਵੱਖ-ਵੱਖ ਜ਼ਿਲ੍ਹਿਆਂ ਵਿਚ ਤਿੰਨੋਂ ਸਿੱਖ ਜਥੇਬੰਦੀਆਂ ਵਲੋਂ ਸਰਕਾਰ ਵਿਰੋਧੀ ਵਿਖਾਵੇ ਕੀਤੇ ਜਾਣਗੇ। ਉਨ੍ਹਾਂ ਆਖਿਆ ਕਿ ਕੇਂਦਰ ਸਰਕਾਰ ਵੱਲੋਂ ਯੂ.ਏ.ਪੀ.ਏ. ਕਾਨੂੰਨ ਦੀ ਆੜ ਹੇਠ ਸਿੱਖ ਨੌਜਵਾਨਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਹੁਣ ਤੱਕ 47 ਕੇਸ ਦਰਜ ਕੀਤੇ ਜਾ ਚੁੱਕੇ ਹਨ ਤੇ 9 ਸਿੱਖਾਂ ਨੂੰ ਅਤਿਵਾਦੀ ਐਲਾਨਿਆ ਜਾ ਚੁੱਕਾ ਹੈ ਤੇ ਕਈ ਸਿੱਖ ਨੌਜਵਾਨਾਂ ਉਤੇ ਤਸ਼ੱਦਦ ਢਾਹਿਆ ਜਾ ਰਿਹਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਇਸ ਕਾਲੇ ਕਾਨੂੰਨ ਦੀ ਆੜ ਹੇਠ ਸਰਕਾਰ ਵੱਲੋਂ ਕਾਨੂੰਨ ਦੀ ਦੁਰਵਰਤੋਂ ਕੀਤੀ ਜਾ ਰਹੀ ਹੈ ਜਿਨ੍ਹਾਂ ਸਿੱਖਾਂ ਦੀਆਂ ਸਜ਼ਾਵਾਂ ਪੂਰੀਆਂ ਹੋ ਚੁੱਕੀਆਂ ਹਨ, ਉਨ੍ਹਾਂ ਨੂੰ ਵੀ ਜੇਲ੍ਹਾਂ ਤੋਂ ਰਿਹਾਅ ਨਹੀਂ ਕੀਤਾ ਜਾ ਰਿਹਾ।
ਇਨ੍ਹਾਂ ਮੁੱਦਿਆਂ ਤੋਂ ਇਲਾਵਾ ਸਿੱਖ ਜਥੇਬੰਦੀਆਂ ਕੇਂਦਰ ਸਰਕਾਰ ਵੱਲੋਂ ਜਾਰੀ ਕੀਤੇ ਗਏ ਤਿੰਨ ਖੇਤੀ ਬਿੱਲਾਂ ਦਾ ਵੀ ਸਖਤ ਵਿਰੋਧ ਕਰਦੀਆਂ ਹਨ। ਇਸ ਤੋਂ ਇਲਾਵਾ ਗੁਰਦੁਆਰਾ ਕਰਤਾਰਪੁਰ ਲਾਂਘੇ ਨੂੰ ਮੁੜ ਖੋਲ੍ਹਣ ਤੋਂ ਇਨਕਾਰ ਕਰਨ ਅਤੇ ਸਾਕਾ ਨੀਲਾ ਤਾਰਾ ਫੌਜੀ ਹਮਲੇ ਤੇ ਦਿੱਲੀ ਸਿੱਖ ਕਤਲੇਆਮ ਦੇ ਮਾਮਲੇ ਵਿਚ ਹੁਣ ਤੱਕ ਨਿਆਂ ਨਾ ਮਿਲਣ ਦੇ ਸਿੱਟੇ ਵਜੋਂ ਆਜ਼ਾਦੀ ਦਿਵਸ ਸਮਾਗਮਾਂ ਦਾ ਬਾਈਕਾਟ ਕਰਨ ਦਾ ਫੈਸਲਾ ਕੀਤਾ ਗਿਆ ਹੈ। ਇਸ ਸਬੰਧੀ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿਚ ਸਿੱਖ ਕਾਰਕੁਨ ਕਾਲੇ ਝੰਡੇ ਅਤੇ ਤਖਤੀਆਂ ਚੁੱਕ ਕੇ ਇਕ ਥਾਂ ਉਤੇ ਖੜ੍ਹੇ ਹੋ ਕੇ ਸ਼ਾਂਤਮਈ ਢੰਗ ਨਾਲ 15 ਅਗਸਤ ਨੂੰ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕਰਨਗੇ। ਅੰਮ੍ਰਿਤਸਰ ਵਿਚ ਭੰਡਾਰੀ ਪੁਲ ਉਤੇ 15 ਅਗਸਤ ਨੂੰ 11 ਤੋਂ 1 ਵਜੇ ਤੱਕ ਵਿਖਾਵਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਿੱਖ ਆਗੂਆਂ ਦੀ ਰਿਹਾਈ ਤੱਕ ਸੰਘਰਸ਼ ਜਾਰੀ ਰੱਖਿਆ ਜਾਵੇਗਾ।
____________________________________________
ਕਰਤਾਰਪੁਰ ਲਾਂਘਾ ਪ੍ਰਾਜੈਕਟ ਦਾ ਆਡਿਟ ਕਰਾਉਣ ਦਾ ਫੈਸਲਾ
ਲਾਹੌਰ: ਪਾਕਿਸਤਾਨ ਸਰਕਾਰ ਦੇ ਧਾਰਮਿਕ ਮਾਮਲਿਆਂ ਬਾਰੇ ਮੰਤਰਾਲੇ ਨੇ ਕਰਤਾਰਪੁਰ ਲਾਂਘਾ ਪ੍ਰੋਜੈਕਟ ਦਾ ਆਡਿਟ ਕਰਵਾਉਣ ਦਾ ਫੈਸਲਾ ਕੀਤਾ ਹੈ।
ਧਾਰਮਿਕ ਮਾਮਲਿਆਂ ਬਾਰੇ ਨੈਸ਼ਨਲ ਅਸੈਂਬਲੀ (ਐਨ.ਏ) ਦੀ ਸਟੈਂਡਿੰਗ ਕਮੇਟੀ ਨੇ ਮੰਤਰਾਲੇ ਦੇ ਸੰਘੀ ਸਕੱਤਰ ਮੌਲਾਨਾ ਅਸਦ ਮਹਿਮੂਦ ਦੀ ਪ੍ਰਧਾਨਗੀ ਹੇਠ ਬੈਠਕ ਕਰਕੇ ਪੈਨਲ ਨੂੰ ਦੱਸਿਆ ਕਿ ਕਰਤਾਰਪੁਰ ਲਾਂਘੇ ਦਾ ਪੂਰਾ ਨਿਰਮਾਣ ਕਾਰਜ ‘ਡਿਵੈਲਪਮੈਂਟ ਆਫ ਕਰਤਾਰਪੁਰ ਕੋਰੀਡੋਰ’ ਪ੍ਰੋਜੈਕਟ ਅਧੀਨ ਪਾਕਿ ਮਿਲਟਰੀ ਦੀ ਇੰਜੀਨੀਅਰਿੰਗ ਸੰਸਥਾ ਫਰੰਟੀਅਰ ਵਰਕਸ ਆਰਗੇਨਾਈਜ਼ੇਸ਼ਨ (ਐਫ਼ਡਬਲਯੂ.ਓ.) ਵੱਲੋਂ ਨੇਪਰੇ ਚਾੜ੍ਹਿਆ ਗਿਆ ਹੈ। ਉਨ੍ਹਾਂ ਕਿਹਾ ਕਿ ਪਾਕਿ ਦੇ ਆਡੀਟਰ ਜਨਰਲ ਨੂੰ ਐਫ਼ਡਬਲਯੂ.ਓ. ਦੇ ਆਡਿਟ ਲਈ ਇਕ ਪੱਤਰ ਲਿਖਿਆ ਗਿਆ ਹੈ।
ਇਸ ਬੈਠਕ ‘ਚ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਤਵੰਤ ਸਿੰਘ ਅਤੇ ਇਵੈਕੁਈ ਟਰੱਸਟ ਪ੍ਰਾਪਰਟੀ ਬੋਰਡ ਦੇ ਸਕੱਤਰ ਤਾਰਿਕ ਵਜੀਰ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੇ ਸ਼ਮੂਲੀਅਤ ਕੀਤੀ। ਉਕਤ ਬੈਠਕ ‘ਚ ਸ਼ਾਮਲ ਸਤਵੰਤ ਸਿੰਘ ਨੇ ਦੱਸਿਆ ਕਿ ਪਾਕਿਸਤਾਨ ਸਰਕਾਰ ਵੱਲੋਂ ਸ੍ਰੀ ਕਰਤਾਰਪੁਰ ਸਾਹਿਬ ਤੋਂ ਸਿਆਲਕੋਟ ਹਵਾਈ ਅੱਡੇ ਲਈ ਨਵੀਂ ਸੜਕ ਬਣਾਏ ਜਾਣ ਦੀ ਵੀ ਯੋਜਨਾ ਬਣਾਈ ਜਾ ਰਹੀ ਹੈ, ਜਿਸ ਨਾਲ ਵਿਦੇਸ਼ ਤੋਂ ਹਵਾਈ ਜਹਾਜ਼ ਰਾਹੀਂ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਪਹੁੰਚਣ ਵਾਲੇ ਸਿੱਖ ਯਾਤਰੂ ਸਿਆਲਕੋਟ ਤੋਂ ਸਿਰਫ ਅੱਧੇ ਘੰਟੇ ‘ਚ ਗੁਰਦੁਆਰਾ ਸਾਹਿਬ ਵਿਚ ਪਹੁੰਚ ਸਕਣਗੇ। ਉਨ੍ਹਾਂ ਦੱਸਿਆ ਕਿ ਇਸ ਦੇ ਇਲਾਵਾ ਬੈਠਕ ‘ਚ ਲਾਂਘੇ ਦੀ ਉਸਾਰੀ ਦੇ ਦੂਜੇ ਪੜਾਅ ਬਾਰੇ ਗੱਲਬਾਤ ਕਰਦਿਆਂ ਦੱਸਿਆ ਗਿਆ ਕਿ ਦੂਜੇ ਪੜਾਅ ਦੌਰਾਨ ਯਾਤਰੂਆਂ ਦੇ ਲਈ ਗੁਰਦੁਆਰਾ ਸਾਹਿਬ ਦੇ ਬਾਹਰਵਾਰ ਸ਼ਾਪਿੰਗ ਮਾਲ, 500 ਕਮਰਿਆਂ ਦੀ ਸਰਾਂ ਅਤੇ ਹੋਟਲ ਆਦਿ ਦਾ ਨਿਰਮਾਣ ਕਰਵਾਇਆ ਜਾਵੇਗਾ।