ਪਟਿਆਲਾ: ਨੇੜਲੇ ਪਿੰਡ ਕਲਿਆਣ ਦੇ ਗੁਰਦੁਆਰਾ ਸ੍ਰੀ ਅਰਦਾਸ ਪੁਰਾ ਸਾਹਿਬ ਤੋਂ ਕੁਝ ਹਫਤੇ ਪਹਿਲਾਂ ਗੁਰੂ ਗ੍ਰੰਥ ਸਾਹਿਬ ਦੇ ਸਫਰੀ ਸਰੂਪ ਗੁੰਮ ਹੋਣ ਦਾ ਮਾਮਲਾ ਭਖਦਾ ਜਾ ਰਿਹਾ ਹੈ। ਸਿੱਖ ਜਥੇਬੰਦੀਆਂ ਸਮੇਤ ਸਿਆਸੀ ਧਿਰਾਂ ਵੀ ਇਸ ਮੁੱਦੇ ਉਤੇ ਪੰਜਾਬ ਸਰਕਾਰ ਖਿਲਾਫ ਨਿੱਤਰ ਆਈਆਂ ਹਨ। ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋਂ ਇਸ ਮੁੱਦੇ ਉਤੇ ਧਰਨੇ ਦਿੱਤੇ ਜਾ ਰਹੀ ਹਨ, ਜਿਸ ਦੀ ਅਗਵਾਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਕਰ ਰਹੇ ਹਨ।
ਸੁਖਬੀਰ ਬਾਦਲ ਨੇ ਐਲਾਨ ਕੀਤਾ ਕਿ ਜਦੋਂ ਤੱਕ ਗੁਰੂ ਗ੍ਰੰਥ ਸਾਹਿਬ ਦਾ ਗੁੰਮ ਹੋਇਆ ਸਰੂਪ ਸੰਗਤ ਦੇ ਸਨਮੁਖ ਨਹੀਂ ਹੋ ਜਾਂਦਾ, ਅਕਾਲੀ ਦਲ ਸੰਘਰਸ਼ ਜਾਰੀ ਰੱਖੇਗਾ। ਉਨ੍ਹਾਂ ਕਿਹਾ ਕਿ ਉਹ ਇਸ ਮਾਮਲੇ ‘ਚ ਸਿਆਸਤ ਨਹੀਂ ਕਰਨਾ ਚਾਹੁੰਦੇ ਸਗੋਂ ਗੁਰੂ ਗ੍ਰੰਥ ਸਾਹਿਬ ਦੇ ਸਤਿਕਾਰ ਦੀ ਬਹਾਲੀ ਲਈ ਹਮੇਸ਼ਾਂ ਤੱਤਪਰ ਰਹਿਣਗੇ। ਅਕਾਲੀ ਦਲ ਪੰਥਕ ਨੁਮਾਇੰਦਾ ਜਥੇਬੰਦੀ ਹੈ ਤੇ ਪੰਥ ਦੇ ਹਰ ਮੁਹਾਜ਼ ਉਤੇ ਅੱਗੇ ਹੋ ਕੇ ਲੜੇਗੀ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਆਖਿਆ ਕਿ ਸਿੱਖਾਂ ਦੇ ਮਸਲਿਆਂ ਪ੍ਰਤੀ ਕਾਂਗਰਸ ਸਰਕਾਰ ਕਦੇ ਵੀ ਗੰਭੀਰ ਨਹੀਂ ਹੋਈ ਹੈ, ਤੇ ਅੱਜ ਵੀ ਕਾਂਗਰਸ ਦੇ ਰਾਜ ‘ਚ ਸਿੱਖਾਂ ਨਾਲ ਵਧੀਕੀਆਂ ਦਾ ਸਿਲਸਿਲਾ ਜਾਰੀ ਹੈ। ਭਾਈ ਲੌਂਗੋਵਾਲ ਨੇ ਕਿਹਾ ਕਿ ਸਰੂਪ ਚੋਰੀ ਹੋਏ ਨੂੰ ਤਿੰਨ ਹਫਤੇ ਤੋਂ ਵੱਧ ਦਾ ਸਮਾਂ ਲੰਘ ਚੁੱਕਾ ਹੈ ਪਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੋਈ ਠੋਸ ਕਦਮ ਨਹੀਂ ਚੁੱਕਿਆ ਗਿਆ। ਮੁੱਖ ਮੰਤਰੀ ਅਤੇ ਪਟਿਆਲਾ ਤੋਂ ਸੰਸਦ ਮੈਂਬਰ ਪ੍ਰਨੀਤ ਕੌਰ ਵੱਲੋਂ ਧਾਰੀ ਚੁੱਪ ਇਹ ਸਪੱਸ਼ਟ ਕਰਦੀ ਹੈ ਕਿ ਕਾਂਗਰਸ ਅੱਜ ਵੀ ਪੰਥ ਵਿਰੋਧੀ ਤਾਕਤਾਂ ਨੂੰ ਹੱਲਾਸ਼ੇਰੀ ਦੇ ਰਹੀ ਹੈ, ਜਿਸ ਕਾਰਨ ਅਜਿਹੀਆਂ ਮੰਦਭਾਗੀਆਂ ਘਟਨਾਵਾਂ ਕਾਰਨ ਸੰਗਤਾਂ ‘ਚ ਰੋਸ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਗੁਰੂ ਸਾਹਿਬਾਨ ਦਾ ਅਪਮਾਨ ਬਰਦਾਸ਼ਤ ਨਹੀਂ ਕਰੇਗੀ। ਉਨ੍ਹਾਂ ਦੋਸ਼ੀਆਂ ਨੂੰ ਸਜ਼ਾ ਦਿੱਤੇ ਜਾਣ ਤੱਕ ਧਰਨਾ ਜਾਰੀ ਰੱਖਣ ਦੀ ਚਿਤਾਵਨੀ ਦਿੱਤੀ।
ਉਧਰ, ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੇ ਕਲਿਆਣ ਦੇ ਗੁਰਦੁਆਰਾ ਅਰਦਾਸਪੁਰਾ ਵਿਚ ਸੰਗਤ ਨਾਲ ਗੱਲਬਾਤ ਕਰਨ ਤੋਂ ਬਾਅਦ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਪਿੱਛੇ ਗਹਿਰੀ ਸਾਜ਼ਿਸ਼ ਹੋਣ ਦੇ ਸ਼ੰਕੇ ਪ੍ਰਗਟ ਕੀਤੇ। ਵਿਧਾਇਕ ਕੁਲਤਾਰ ਸਿੰਘ ਸੰਧਵਾਂ, ਕੁਲਵੰਤ ਸਿੰਘ ਪੰਡੋਰੀ, ਜੈ ਸਿੰਘ ਰੋੜੀ ਅਤੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਨੇ ਗੁਰੂ ਘਰ ਵਿਚ ਨਤਮਸਤਕ ਹੋਣ ਤੋਂ ਬਾਅਦ ਕਿਹਾ ਕਿ ਗੁਰੂ ਗ੍ਰੰਥ ਸਾਹਿਬ ਦੀਆਂ ਹੋ ਰਹੀਆਂ ਬੇਅਦਬੀਆਂ ਲਈ ਸ਼੍ਰੋਮਣੀ ਕਮੇਟੀ ਪੂਰੀ ਤਰ੍ਹਾਂ ਜ਼ਿੰਮੇਵਾਰ ਹੈ ਕਿਉਂਕਿ ਇਥੇ 100 ਸਾਲ ਪੁਰਾਣੇ ਗੁਰੂ ਗ੍ਰੰਥ ਸਾਹਿਬ ਚੋਰੀ ਹੋਏ ਹਨ ਪਰ ਦੋਸ਼ੀਆਂ ਨੂੰ ਅਜੇ ਤੱਕ ਗ੍ਰਿਫਤਾਰ ਨਹੀਂ ਕੀਤਾ ਗਿਆ।
ਵਿਧਾਇਕਾਂ ਨੇ ਕਿਹਾ ਕਿ ਸੰਗਤ ਨਾਲ ਗੱਲਬਾਤ ਕਰ ਕੇ ਪਤਾ ਲੱਗਾ ਹੈ ਕਿ ਜਿਸ ਕਮਰੇ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਸੁਸ਼ੋਭਿਤ ਸਨ, ਉਸ ਕਮਰੇ ਨੂੰ ਤਾਲਾ ਹੀ ਨਹੀਂ ਲੱਗਾ ਸੀ ਤੇ ਕੈਮਰੇ ਦਾ ਮੂੰਹ ਵੀ ਦੂਜੇ ਪਾਸੇ ਸੀ। ਉਨ੍ਹਾਂ ਕਿਹਾ ਕਿ ਸੰਗਤ ਕਹਿੰਦੀ ਹੈ ਕਿ ਕਮੇਟੀ ਤੋਂ ਅਜੇ ਤੱਕ ਕੋਈ ਪੁੱਛ-ਪੜਤਾਲ ਵੀ ਨਹੀਂ ਕੀਤੀ ਗਈ। ਸ੍ਰੀ ਸੰਧਵਾਂ ਨੇ ਕਿਹਾ ਕਿ ਜਦੋਂ ਗੁਰੂ ਗ੍ਰੰਥ ਸਾਹਿਬ ਦੇ 267 ਸਰੂਪ ਗੁੰਮ ਹੋਏ ਤਾਂ ਅਕਾਲੀ ਦਲ ਨੇ ਕੋਈ ਕਾਰਵਾਈ ਨਹੀਂ ਕੀਤੀ, ਇਨ੍ਹਾਂ ਸਰੂਪਾਂ ਦੇ ਗਾਇਬ ਹੋਣ ਪਿੱਛੇ ਸਿੱਖ ਵਿਰੋਧੀ ਤਾਕਤਾਂ ਦਾ ਹੱਥ ਹੈ ਜੋ ਸਿੱਖੀ ਸਿਧਾਂਤਾਂ ਦਾ ਘਾਣ ਕਰਨਾ ਚਾਹੁੰਦੀਆਂ ਹਨ। ਇਸੇ ਤਰ੍ਹਾਂ ਕਲਿਆਣ ਵਿਚ ਸਰੂਪ ਚੋਰੀ ਹੋਣ ਦਾ ਮਾਮਲਾ ਵੀ ਇਸੇ ਤਰ੍ਹਾਂ ਦੀਆਂ ਸ਼ੰਕਾਵਾਂ ਪੈਦਾ ਕਰਦਾ ਹੈ।