ਜ਼ਹਿਰੀਲੀ ਸ਼ਰਾਬ ਕਾਂਡ: ਕੈਪਟਨ ਸਰਕਾਰ ਨੂੰ ਚੁਫੇਰਿਉਂ ਘੇਰਾ ਪਿਆ

ਚੰਡੀਗੜ੍ਹ: ਪੰਜਾਬ ਦੇ ਤਿੰਨ ਜ਼ਿਲ੍ਹਿਆਂ- ਅੰਮ੍ਰਿਤਸਰ, ਗੁਰਦਾਸਪੁਰ ਤੇ ਤਰਨਤਾਰਨ ‘ਚ ਜ਼ਹਿਰੀਲੀ ਸ਼ਰਾਬ ਪੀਣ ਕਾਰਨ ਹੋਈਆਂ ਮੌਤਾਂ ਦੇ ਮਾਮਲੇ ਉਤੇ ਵਿਰੋਧੀ ਧਿਰਾਂ ਨੇ ਕੈਪਟਨ ਸਰਕਾਰ ਨੂੰ ਚੁਫੇਰਿਉਂ ਘੇਰਿਆ ਹੋਇਆ ਹੈ। ਅਕਾਲੀ ਦਲ ਬਾਦਲ, ਆਮ ਆਦਮੀ ਪਾਰਟੀ ਸਮੇਤ ਹੋਰ ਧਿਰਾਂ ਵੱਲੋਂ ਪੂਰੇ ਸੂਬੇ ਵਿਚ ਮੁਜ਼ਾਹਰੇ ਕੀਤੇ ਜਾ ਰਹੇ ਹਨ। ਸਿਆਸੀ ਵਿਰੋਧੀ ਸਵਾਲ ਕਰ ਰਹੇ ਹਨ ਕਿ 2017 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਕਾਂਗਰਸ ਵੱਲੋਂ ਪੰਜਾਬ ਨੂੰ ਚਾਰ ਹਫਤਿਆਂ ਦੌਰਾਨ ਨਸ਼ਾ ਮੁਕਤ ਕਰਨ ਦਾ ਵਾਅਦਾ ਕੀਤਾ ਸੀ, ਪਰ ਲੰਘੇ ਸਾਢੇ ਤਿੰਨ ਸਾਲਾਂ ਦੌਰਾਨ ਪੰਜਾਬ ‘ਚ ਨਸ਼ਾ ਮਾਫੀਆ ਤੇ ਸ਼ਰਾਬ ਮਾਫੀਆ ਹੋਰ ਸਰਗਰਮ ਹੋ ਗਿਆ ਹੈ।

ਜਿਸ ਕਾਰਨ ਪੰਜਾਬ ਦੇ ਮਾਝਾ ਖੇਤਰ ਨਾਲ ਸਬੰਧਤ ਤਿੰਨ ਜ਼ਿਲ੍ਹਿਆਂ ‘ਚ ਜ਼ਹਿਰੀਲੀ ਸ਼ਰਾਬ ਪੀਣ ਕਾਰਨ ਸੈਂਕੜੇ ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ ਪਰ ਸਰਕਾਰ ਵੱਲੋਂ ਪੀੜਤ ਪਰਿਵਾਰਾਂ ਨੂੰ ਮੁਆਵਜ਼ਾ ਦੇ ਕੇ ਖਾਨਾਪੂਰਤੀ ਕੀਤੀ ਜਾ ਰਹੀ ਹੈ। ਭਾਜਪਾ ਆਗੂਆਂ ਨੇ ਦੋਸ਼ ਲਗਾਇਆ ਕਿ ਜ਼ਹਿਰੀਲੀ ਸ਼ਰਾਬ ਦੇ ਮਾਮਲੇ ‘ਚ ਕਾਂਗਰਸ ਸਰਕਾਰ ਦੇ ਕਈ ਵਿਧਾਇਕ, ਪੁਲਿਸ ਅਧਿਕਾਰੀ ਸ਼ਾਮਲ ਹਨ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਇਸ ਮਾਮਲੇ ਦੀ ਸੀ.ਬੀ.ਆਈ. ਜਾਂ ਸੁਪਰੀਮ ਕੋਰਟ ਦੇ ਜੱਜ ਤੋਂ ਜਾਂਚ ਕਰਵਾ ਕੇ ਲੋਕਾਂ ਦੀ ਮੌਤ ਲਈ ਜ਼ਿੰਮੇਵਾਰ ਵਿਅਕਤੀਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ।
ਸ਼੍ਰੋਮਣੀ ਅਕਾਲੀ ਦਲ ਤੇ ਭਾਰਤੀ ਜਨਤਾ ਪਾਰਟੀ ਦੇ ਵਫਦ ਨੇ ਪੰਜਾਬ ਦੇ ਰਾਜਪਾਲ ਵੀ.ਪੀ. ਸਿੰਘ ਬਦਨੌਰ ਨੂੰ ਅਪੀਲ ਕੀਤੀ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠਲੀ ਕਾਂਗਰਸ ਸਰਕਾਰ ਬਰਖਾਸਤ ਕੀਤੀ ਜਾਵੇ ਅਤੇ ਜ਼ਹਿਰੀਲੀ ਸ਼ਰਾਬ ਤ੍ਰਾਸਦੀ ਦੀ ਹਾਈ ਕੋਰਟ ਦੇ ਮੌਜੂਦਾ ਜੱਜ ਜਾਂ ਸੀ.ਬੀ.ਆਈ. ਕੋਲੋਂ ਜਾਂਚ ਕਰਵਾਉਣ ਦੇ ਹੁਕਮ ਦਿੱਤੇ ਜਾਣ। ਵਫਦ ਨੇ ਇਹ ਵੀ ਮੰਗ ਕੀਤੀ ਕਿ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਕਾਂਗਰਸੀ ਆਗੂਆਂ ਵੱਲੋਂ ਗੈਰਕਾਨੂੰਨੀ ਸ਼ਰਾਬ ਦੇ ਧੰਦੇ ਵਿਚ ਕਮਾਏ ਪੈਸੇ ਵਸੂਲੇ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਭਾਜਪਾ ਆਗੂ ਮਨੋਰੰਜਨ ਕਾਲੀਆ ਦੀ ਅਗਵਾਈ ਹੇਠਲੇ ਵਫਦ ਨੇ ਰਾਜਪਾਲ ਨੂੰ ਇਹ ਅਪੀਲ ਵੀ ਕੀਤੀ ਕਿ ਗੈਰਕਾਨੂੰਨੀ ਸ਼ਰਾਬ ਦੇ ਵਪਾਰ ਵਿਚ ਸ਼ਾਮਲ ਸਾਰੇ ਦੋਸ਼ੀਆਂ ਦੀਆਂ ਜਾਇਦਾਦਾਂ ਕੁਰਕ ਕੀਤੀਆਂ ਜਾਣ ਅਤੇ ਡਿਸਟਿਲਰੀਆਂ ਤੋਂ ਸਪਰਿਟ ਤੇ ਈ.ਐਨ.ਏ. ਦੀ ਸਪਲਾਈ ਰੋਕੀ ਜਾਵੇ। ਉਨ੍ਹਾਂ ਮੰਗ ਕੀਤੀ ਕਿ ਪੀੜਤ ਪਰਿਵਾਰਾਂ ਨੇ ਜਿਨ੍ਹਾਂ ਦੋਸ਼ੀਆਂ ਦੇ ਨਾਂ ਲਏ ਹਨ, ਖਾਸ ਤੌਰ ਉਤੇ ਖਡੂਰ ਸਾਹਿਬ ਹਲਕੇ ਦੇ ਵਿਧਾਇਕ ਰਮਨਜੀਤ ਸਿੰਘ ਸਿੱਕੀ ਖਿਲਾਫ ਕਤਲ ਦਾ ਕੇਸ ਦਰਜ ਕੀਤਾ ਜਾਵੇ। ਉਨ੍ਹਾਂ ਜ਼ਹਿਰੀਲੀ ਸ਼ਰਾਬ ਦੇ 118 ਪੀੜਤ ਪਰਿਵਾਰ ਦੇ ਮੁੜ ਵਸੇਬੇ ਦੇ ਪ੍ਰਬੰਧ ਕਰਨ ਦੀ ਵੀ ਅਪੀਲ ਕੀਤੀ ਹੈ।
ਵਫਦ ਦੇ ਨਾਲ ਇਕ ਪੀੜਤ ਪਰਿਵਾਰ ਵੀ ਗਿਆ ਸੀ। ਉਨ੍ਹਾਂ ਰਾਜਪਾਲ ਨੂੰ ਮੰਗ ਪੱਤਰ ਸੌਂਪਦਿਆਂ ਕਿਹਾ ਕਿ ਜ਼ਹਿਰੀਲੀ ਸ਼ਰਾਬ ਤ੍ਰਾਸਦੀ ਸਰਕਾਰੀ ਸਰਪ੍ਰਸਤੀ ਦਾ ਸਿੱਧਾ ਨਤੀਜਾ ਹੈ। ਇਸੇ ਲਈ ਅੰਮ੍ਰਿਤਸਰ, ਤਰਨ ਤਾਰਨ ਅਤੇ ਗੁਰਦਾਸਪੁਰ ਜ਼ਿਲ੍ਹਿਆਂ ਦੇ ਲੋਕ ਸਭ ਤੋਂ ਵੱਧ ਪ੍ਰਭਾਵਿਤ ਹੋਏ ਹਨ। ਵਫਦ ਨੇ ਦੋਸ਼ ਲਾਇਆ ਕਿ ਇਸ ਪੱਧਰ ਦੀ ਸ਼ਰਾਬ ਦੀ ਸਪਲਾਈ ਕਾਂਗਰਸੀ ਆਗੂਆਂ ਤੇ ਵਿਧਾਇਕਾਂ ਅਤੇ ਪੁਲੀਸ ਤੇ ਆਬਕਾਰੀ ਮੁਲਾਜ਼ਮਾਂ ਵਿਚਾਲੇ ਗੰਢ-ਤੁਪ ਨਾਲ ਹੀ ਹੋਈ ਹੈ। ਉਧਰ, ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਕੁਮਾਰ ਨੇ ਪਿੰਡ ਮੁੱਛਲ ਵਿਚ ਜ਼ਹਿਰੀਲੀ ਸ਼ਰਾਬ ਨਾਲ ਮਰੇ ਵਿਅਕਤੀਆਂ ਦੇ ਪਰਿਵਾਰਾਂ ਨਾਲ ਦੁੱਖ ਸਾਂਝਾ ਕਰਦਿਆਂ ਕਿਹਾ ਕਿ ਪੰਜਾਬ ਵਿਚ ਨਕਲੀ ਸ਼ਰਾਬ ਦਾ ਧੰਦਾ ਮੌਜੂਦਾ ਸਰਕਾਰ ਦੀ ਸਰਪ੍ਰਸਤੀ ਤੋਂ ਬਿਨਾਂ ਨਹੀਂ ਚੱਲ ਸਕਦਾ। ਉਨ੍ਹਾਂ ਨੇ ਇਨ੍ਹਾਂ ਮੌਤਾਂ ਲਈ ਕਾਂਗਰਸ ਸਰਕਾਰ ਨੂੰ ਜ਼ਿੰਮੇਵਾਰ ਕਰਾਰ ਦਿੰਦਿਆਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਨੈਤਿਕਤਾ ਦੇ ਆਧਾਰ ‘ਤੇ ਤੁਰਤ ਅਸਤੀਫਾ ਦੇਣਾ ਚਾਹੀਦਾ ਹੈ। ਅਸ਼ਵਨੀ ਕੁਮਾਰ ਨੇ ਕਿਹਾ ਕਿ ਇਹ ਮੌਤਾਂ ਨਹੀਂ ਸੋਚੀ ਸਮਝੀ ਸਾਜ਼ਿਸ਼ ਅਧੀਨ ਕੀਤੇ ਗਏ ਕਤਲ ਹਨ। ਮ੍ਰਿਤਕਾਂ ਵਿਚ ਜ਼ਿਆਦਾਤਰ ਦਲਿਤ ਅਤੇ ਗਰੀਬ ਹਨ। ਸੀ.ਬੀ.ਆਈ. ਜਾਂਚ ਨਾਲ ਹੀ ਸਾਰਾ ਸੱਚ ਸਾਹਮਣੇ ਆ ਸਕਦਾ ਹੈ।
_________________________________________
ਦੋਸ਼ੀਆਂ ਖਿਲਾਫ ਹੋਵੇਗੀ ਸਖਤ ਕਾਰਵਾਈ: ਕੈਪਟਨ
ਤਰਨ ਤਾਰਨ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਤਰਨ ਤਾਰਨ ਜ਼ਿਲ੍ਹੇ ਦਾ ਦੌਰਾ ਕਰਕੇ ਜ਼ਹਿਰੀਲੀ ਸ਼ਰਾਬ ਪੀਣ ਕਾਰਨ ਮਾਰੇ ਗਏ ਲੋਕਾਂ ਦੇ ਪੀੜਤ ਪਰਿਵਾਰਾਂ ਨਾਲ ਮੁਲਾਕਾਤ ਕੀਤੀ ਤੇ ਉਨ੍ਹਾਂ ਨਾਲ ਦੁੱਖ ਸਾਂਝਾ ਕੀਤਾ। ਉਨ੍ਹਾਂ ਇਸ ਘਟਨਾ ਲਈ ਜ਼ਿੰਮੇਵਾਰ ਵਿਅਕਤੀਆਂ ਖਿਲਾਫ ਸਖਤ ਕਾਰਵਾਈ ਦਾ ਭਰੋਸਾ ਦਿੱਤਾ। ਮੁੱਖ ਮੰਤਰੀ ਨੇ ਪੀੜਤ ਪਰਿਵਾਰਾਂ ਲਈ ਮੁਆਵਜ਼ਾ ਰਾਸ਼ੀ 2 ਲੱਖ ਰੁਪਏ ਤੋਂ ਵਧਾ ਕੇ 5 ਲੱਖ ਰੁਪਏ ਕਰਨ ਦਾ ਐਲਾਨ ਵੀ ਕੀਤਾ ਹੈ। ਜ਼ਹਿਰੀਲੀ ਸ਼ਰਾਬ ਕਾਂਡ ਦੇ ਪੀੜਤ ਪਰਿਵਾਰਾਂ ਨੂੰ ਮਿਲਣ ਪਹੁੰਚੇ ਮੁੱਖ ਮੰਤਰੀ ਨੇ ਕਿਹਾ ਕਿ ਇਸ ਸੰਗੀਨ ਜੁਰਮ ਦੇ ਦੋਸ਼ੀਆਂ ਨੂੰ ਕਿਸੇ ਵੀ ਕੀਮਤ ‘ਤੇ ਬਖਸ਼ਿਆ ਨਹੀਂ ਜਾਵੇਗਾ ਤੇ ਉਨ੍ਹਾਂ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇਗੀ।
__________________________________________
ਕੈਪਟਨ ਸਣੇ ਕਾਂਗਰਸ ਵਿਧਾਇਕਾਂ ‘ਤੇ ਕੇਸ ਦਰਜ ਹੋਵੇ: ਮਾਨ
ਪਟਿਆਲਾ: ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਮੈਂਬਰ ਪਾਰਲੀਮੈਂਟ ਭਗਵੰਤ ਮਾਨ ਨੇ ਕਿਹਾ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪੰਜਾਬ ਵਿਚ ਚੱਲ ਰਹੇ ਮਾਫੀਆ ਰਾਜ ਦੇ ਸਰਗਨਾ ਹਨ। ਸ਼ਰਾਬ ਸਬੰਧੀ ਲੋਕਾਂ ਵੱਲੋਂ ਕੀਤੇ ਖੁਲਾਸਿਆਂ ਤੋਂ ਸਪਸ਼ਟ ਹੁੰਦਾ ਹੈ ਕਿ ਪੰਜਾਬ ਦੇ 7 ਵਿਧਾਇਕ ਨਾਜਾਇਜ਼ ਸ਼ਰਾਬ ਦੇ ਕਾਰੋਬਾਰ ਵਿਚ ਹਨ। ਇਸ ਕਰਕੇ ਮਾਫੀਆ ਦੇ ਮੁਖੀ ਕੈਪਟਨ ਅਮਰਿੰਦਰ ਸਿੰਘ ਅਤੇ ਸੱਤ ਵਿਧਾਇਕਾਂ ਤੇ 302 ਧਾਰਾ ਅਧੀਨ ਕੇਸ ਦਰਜ ਹੋਣਾ ਚਾਹੀਦਾ ਹੈ, ਨਹੀਂ ਤਾਂ ਜੇ ਸਾਲ 2022 ਵਿਚ ‘ਆਪ’ ਸਰਕਾਰ ਆਉਂਦੀ ਹੈ ਤਾਂ ਇਕ-ਇਕ ਮਾਮਲੇ ਦਾ ਹਿਸਾਬ ਲਿਆ ਜਾਵੇਗਾ।
_____________________________________
ਸ਼ਰਾਬ ਤਸਕਰੀ ਦਾ ਪੈਸਾ ਗਾਂਧੀ ਪਰਿਵਾਰ ਤੱਕ ਪੁੱਜਾ?
ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਨੇ ਸ਼ਰਾਬ ਦੀ ਤਸਕਰੀ ਦਾ ਹਿੱਸਾ ਗਾਂਧੀ ਪਰਿਵਾਰ ਤੱਕ ਜਾਣ ਦੇ ਦੋਸ਼ ਲਾਉਂਦਿਆਂ ਸੂਬੇ ਦੇ ਰਾਜਪਾਲ ਵੀਪੀ ਸਿੰਘ ਬਦਨੌਰ ਤੋਂ ਨਿਰਪੱਖ ਜਾਂਚ ਦੇ ਹੁਕਮਾਂ ਦੀ ਮੰਗ ਕੀਤੀ ਹੈ। ਅਕਾਲੀਆਂ ਵੱਲੋਂ ਸ਼ਰਾਬ ਤਰਾਸਦੀ ਦੇ ਮੁੱਦੇ ਉਤੇ ਰਾਜ ਭਵਨ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ ਗਿਆ। ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਦੀ ਅਗਵਾਈ ਹੇਠ ਪਟਿਆਲਾ ਸ਼ਹਿਰੀ ਅਤੇ ਆਨੰਦਪੁਰ ਸਾਹਿਬ ਹਲਕਿਆਂ ਤੋਂ ਪਾਰਟੀ ਵਰਕਰਾਂ ਤੇ ਜ਼ਹਿਰੀਲੀ ਸ਼ਰਾਬ ਕਾਂਡ ਦੇ ਪੀੜਤ ਪਰਿਵਾਰਾਂ ਨੇ ਵਿਸ਼ਾਲ ਰੋਸ ਮਾਰਚ ਕੱਢਿਆ ਜਿਸ ਨੂੰ ਰਾਜ ਭਵਨ ਤੋਂ 200 ਮੀਟਰ ਦੂਰ ਰੋਕ ਲਿਆ ਗਿਆ। ਸ੍ਰੀ ਚੰਦੂਮਾਜਰਾ ਨੇ ਕਿਹਾ ਕਿ ਸ਼ਰਾਬ ਮਾਫੀਆ ਨੇ 2000 ਕਰੋੜ ਰੁਪਏ ਕਥਿਤ ਤੌਰ ‘ਤੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਤੋਂ ਇਲਾਵਾ ਕਾਂਗਰਸ ਹਾਈ ਕਮਾਂਡ ਨੂੰ ਭੇਜੇ ਹਨ।