ਸ਼ਰਾਬ ਮਾਫੀਆ: ਪੁਲਿਸ ਅਫਸਰਾਂ ਦੇ ਬਚਾਅ ‘ਤੇ ਆਏ ਕੈਪਟਨ

ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸ਼ਰਾਬ ਕਾਂਡ ਵਿਚ ਵਿਰੋਧੀ ਧਿਰਾਂ ਦਾ ਨਿਸ਼ਾਨਾ ਬਣ ਰਹੇ ਅਫਸਰਾਂ ਦੇ ਹੱਕ ਵਿਚ ਨਿੱਤਰ ਆਏ ਹਨ। ਕੈਪਟਨ ਨੇ ਕਿਹਾ ਹੈ ਕਿ ਨਿਰਾਸ਼ਾ ਵਿਚ ਡੁੱਬਿਆ ਸ਼੍ਰੋਮਣੀ ਅਕਾਲੀ ਦਲ ਆਪਣੀ ਸਾਖ ਬਹਾਲੀ ਲਈ ਨੀਵੇਂ ਪੱਧਰ ਉਤੇ ਜਾ ਡਿੱਗਿਆ ਹੈ। ਆਪਣੇ ਸੌੜੇ ਸਿਆਸੀ ਹਿੱਤਾਂ ਨੂੰ ਅੱਗੇ ਵਧਾਉਣ ਲਈ ਜ਼ਹਿਰੀਲੀ ਸ਼ਰਾਬ ਦੇ ਦੁਖਾਂਤ ‘ਚੋਂ ਸਿਆਸੀ ਲਾਹਾ ਖੱਟਣ ਦੀ ਕੋਸ਼ਿਸ਼ ਕਰ ਰਿਹਾ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅਕਾਲੀਆਂ ਨੂੰ ਪੰਜਾਬ ਪੁਲਿਸ ਦੇ ਸੀਨੀਅਰ ਤੇ ਉਚ ਪੇਸ਼ੇਵਾਰਾਨਾ ਪਹੁੰਚ ਰੱਖਣ ਵਾਲੇ ਅਫਸਰ ਉਤੇ ਮਿਥ ਕੇ ਹਮਲਾ ਕਰਨ ਦੇ ਬਿਆਨ ਨੂੰ ਵੀ ਕਰੜੇ ਹੱਥੀਂ ਲਿਆ।

ਮੁੱਖ ਮੰਤਰੀ ਅਕਾਲੀ ਆਗੂ ਬਿਕਰਮ ਮਜੀਠੀਆ ਵੱਲੋਂ ਡੀ.ਜੀ.ਪੀ. ਦਿਨਕਰ ਗੁਪਤਾ ਉਤੇ ਐਸ਼ਐਸ਼ਪੀ. ਅੰਮ੍ਰਿਤਸਰ (ਦਿਹਾਤੀ) ਨੂੰ ਬਚਾਉਣ ਦੇ ਦੋਸ਼ ਲਗਾਉਣ ਸਬੰਧੀ ਦਿੱਤੇ ਬਿਆਨ ਉਤੇ ਪ੍ਰਤੀਕਿਰਿਆ ਦੇ ਰਹੇ ਸਨ ਜਿਸ ਵਿਚ ਅਕਾਲੀ ਆਗੂ ਨੇ ਐਸ਼ਐਸ਼ਪੀ. ਉਤੇ ਦੋਸ਼ ਲਾਉਂਦਿਆਂ ਕਿਹਾ ਸੀ ਕਿ ਸ਼ਰਾਬ ਮਾਫੀਆ ਖਿਲਾਫ ਕੀਤੀ ਸ਼ਿਕਾਇਤ ਉਤੇ ਕਾਰਵਾਈ ਕਰਨ ‘ਚ ਨਾਕਾਮ ਰਹਿਣ ਕਾਰਨ ਹੀ ਇਹ ਦੁਖਾਂਤ ਵਾਪਰਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਅਜਿਹੇ ਅਫਸਰ ਦੇ ‘ਬਚਾਅ’ ਵਿਚ ਆਉਣ ਦੀ ਲੋੜ ਹੀ ਨਹੀਂ ਹੁੰਦੀ ਜਿਸ ਦਾ ਨਸ਼ਿਆਂ, ਨਾਜਾਇਜ਼ ਸ਼ਰਾਬ ਤਸਕਰਾਂ/ ਕਾਰੋਬਾਰੀਆਂ ਖਿਲਾਫ ਕਾਰਵਾਈ ਸਣੇ ਆਪਣਾ ਟਰੈਕ ਰਿਕਾਰਡ ਬੇਦਾਗ ਹੋਵੇ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸਾਰੇ ਐਸ਼ਐਸ਼ਪੀ. ਤੇ ਡੀ.ਸੀ. ਉਨ੍ਹਾਂ ਵੱਲੋਂ ਸਿੱਧੇ ਤੌਰ ‘ਤੇ ਨਿਯੁਕਤ ਕੀਤੇ ਜਾਂਦੇ ਹਨ ਜਿਸ ਲਈ ਕਿਸੇ ਵੀ ਮਾਮਲੇ ਵਿਚ ਉਨ੍ਹਾਂ ਖਿਲਾਫ ਕਾਰਵਾਈ ਲਈ ਡੀ.ਜੀ.ਪੀ. ਜਾਂ ਮੁੱਖ ਸਕੱਤਰ ਨੂੰ ਜ਼ਿੰਮੇਵਾਰ ਨਹੀਂ ਠਹਿਰਾਇਆ ਜਾ ਸਕਦਾ। ਮੁੱਖ ਮੰਤਰੀ ਨੇ ਕਿਹਾ ਕਿ ਮਜੀਠੀਆ ਦੇ ਨਕਲੀ ਸ਼ਰਾਬ ਦੀਆਂ ਸ਼ਿਕਾਇਤਾਂ ਦੇ ਦਾਅਵੇ ਝੂਠੇ ਹਨ। ਕੈਪਟਨ ਨੇ ਕਿਹਾ ਜੇ ਐਸ਼ਐਸ਼ਪੀ. ਵੱਲੋਂ ਸ਼ਰਾਬ ਤਸਕਰਾਂ ਨੂੰ ਬਚਾਉਣ ਦਾ ਕੋਈ ਸ਼ੱਕ ਵੀ ਹੁੰਦਾ ਤਾਂ ਉਹ ਸਭ ਤੋਂ ਪਹਿਲਾਂ ਉਸ ਅਫਸਰ ਖਿਲਾਫ ਕਾਰਵਾਈ ਕਰਦੇ। ਮੁੱਖ ਮੰਤਰੀ ਨੇ ਕਿਹਾ ਕਿ ਐਸ਼ਐਸ਼ਪੀ. ਦੀ ਨਿਗਰਾਨੀ ਹੇਠ ਅੰਮ੍ਰਿਤਸਰ ਪੁਲਿਸ ਨੇ ਨਕਲੀ ਸ਼ਰਾਬ ਦੀ ਸਪਲਾਈ ਚੇਨ ਦਾ ਪਰਦਾਫਾਸ਼ ਕੀਤਾ। ਮੁੱਖ ਮੰਤਰੀ ਨੇ ਕਿਹਾ ਕਿ ਡੀ.ਜੀ.ਪੀ. ਦਿਨਕਰ ਗੁਪਤਾ ਦੀ ਅਗਵਾਈ ਵਿਚ ਪੰਜਾਬ ਪੁਲਿਸ ਨੇ ਪਿਛਲੇ ਕੁਝ ਮਹੀਨਿਆਂ ਤੋਂ ਵੱਖ-ਵੱਖ ਥਾਈਂ ਕਾਰਵਾਈ ਕਰਦਿਆਂ ਕਈ ਗਰੋਹਾਂ ਦਾ ਪਰਦਾਫਾਸ਼ ਕੀਤਾ।
______________________________
ਰੇਤ ਮਾਫੀਆ ਵਿਰੁੱਧ ਜਾਂਚ ਸਮਾਂਬੱਧ ਹੋਵੇ: ਭਗਵੰਤ ਮਾਨ
ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਰੇਤ ਮਾਫੀਆ ਵੱਲੋਂ ਗੁੰਡਾ ਟੈਕਸ ਵਸੂਲਣ ਲਈ ਸ਼ਰੇਆਮ ਲਾਏ ਜਾਂਦੇ ਨਾਕਿਆਂ ਵਿਰੁੱਧ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਸੀ.ਬੀ.ਆਈ. ਨੂੰ ਮੁਢਲੀ ਜਾਂਚ ਸੌਂਪੇ ਜਾਣ ਦਾ ਸਵਾਗਤ ਕਰਦਿਆਂ ਕਿਹਾ ਹੈ ਕਿ ਇਹ ਜਾਂਚ ਘੱਟੋ-ਘੱਟ ਸਾਲ 2007 ਤੋਂ ਸ਼ੁਰੂ ਕੀਤੀ ਜਾਵੇ ਅਤੇ ਪੂਰੇ ਪੰਜਾਬ ਵਿਚ ਧੜੱਲੇ ਨਾਲ ਚੱਲਦੇ ਆ ਰਹੇ ਰੇਤ ਮਾਫੀਆ ਨੂੰ ਜਾਂਚ ਦੇ ਘੇਰੇ ਵਿਚ ਲਿਆਂਦਾ ਜਾਵੇ। ਉਨ੍ਹਾਂ ਦੋਸ਼ ਲਗਾਇਆ ਕਿ ਪਿਛਲੀ ਬਾਦਲ ਸਰਕਾਰ ਵਾਂਗ ਮੌਜੂਦਾ ਅਮਰਿੰਦਰ ਸਿੰਘ ਸਰਕਾਰ ਨੇ ਰੇਤ ਮਾਫੀਆ ਸਮੇਤ ਸਾਰੇ ਮਾਫੀਆ ਦੀ ਕਮਾਨ ਪੂਰੀ ਤਰ੍ਹਾਂ ਆਪਣੇ ਹੱਥਾਂ ‘ਚ ਲਈ ਹੋਈ ਹੈ।
______________________________
ਸ਼ਰਾਬ ਮਾਫੀਆ ਪਿੱਛੇ ਕਾਂਗਰਸੀ ਵਿਧਾਇਕਾਂ ਦਾ ਹੱਥ: ਸੁਖਬੀਰ
ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਬਾਹੋਮਾਜਰਾ ‘ਚ ਗੈਰਕਾਨੂੰਨੀ ਸ਼ਰਾਬ ਦੇ ਧੰਦੇ ਖਿਲਾਫ ਦਿੱਤੇ ਧਰਨੇ ਨੂੰ ਸੰਬੋਧਨ ਕਰਦਿਆਂ ਦੋਸ਼ ਲਾਇਆ ਕਿ ਕਾਂਗਰਸੀ ਵਿਧਾਇਕ ਪੰਜਾਬ ‘ਚ ਸ਼ਰਾਬ ਮਾਫੀਆ ਚਲਾ ਰਹੇ ਹਨ ਤੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਇਸ ਰੈਕੇਟ ਵਿਚ ਭਾਗੀਦਾਰ ਹਨ। ਇਸੇ ਕਾਰਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਮਾਫੀਆ ਖਿਲਾਫ ਕੋਈ ਕਾਰਵਾਈ ਨਹੀਂ ਕਰਦੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਲੋਕਾਂ ਦੀਆਂ ਮੁਸ਼ਕਲਾਂ ਪ੍ਰਤੀ ਬੇਰੁਖੇ ਹਨ ਤੇ ਆਪਣੇ ਚੰਡੀਗੜ੍ਹ ਫਾਰਮ ਹਾਊਸ ਵਿਚ ਬੰਦ ਹਨ। ਦੂਜੇ ਪਾਸੇ ਕਾਂਗਰਸ ਦੇ ਵਿਧਾਇਕ ਸ਼ਰਾਬ ਤੇ ਰੇਤ ਮਾਫੀਆ ਬਣਾ ਕੇ ਲੋਕਾਂ ਤੇ ਰਾਜ ਦੇ ਖਜ਼ਾਨੇ ਨੂੰ ਲੁੱਟ ਰਹੇ ਹਨ।