ਖੇਤੀ ਆਰਡੀਨੈਂਸ: ਸੁਖਬੀਰ ਵਲੋਂ ਬਚਾਅ ਲਈ ਕੇਂਦਰੀ ਚਿੱਠੀ ਦੀ ਓਟ

ਪਟਿਆਲਾ: ਕਿਸਾਨ ਜਥੇਬੰਦੀਆਂ ਵਲੋਂ ਖੇਤੀ ਆਰਡੀਨੈਂਸਾਂ ਖਿਲਾਫ ਰੋਸ ਵਜੋਂ ਭਾਜਪਾ ਤੇ ਅਕਾਲੀ ਆਗੂਆਂ ਨੂੰ ਪਿੰਡਾਂ ‘ਚ ਵੜਨ ਤੋਂ ਰੋਕਣ ਲਈ ਸ਼ੁਰੂ ਕੀਤੇ ਨਾਕਾਬੰਦੀ ਧਰਨਿਆਂ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਬਚਾਅ ਲਈ ਪੂਰੀ ਵਾਹ ਲਾ ਰਿਹਾ ਹੈ।

ਕੇਂਦਰ ਦੇ 3 ਖੇਤੀ ਅਰਡੀਨੈਂਸਾਂ ਨੂੰ ਲੈ ਕੇ ਜਿਥੇ ਪੰਜਾਬ ਭਰ ਵਿਚ ਕਿਸਾਨ ਜਥੇਬੰਦੀਆਂ ਸੰਘਰਸ਼ ਵਿੱਢ ਰਹੀਆਂ ਹਨ, ਉਥੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਇਹ ਐਲਾਨ ਕੀਤਾ ਕਿ ਸਰਕਾਰੀ ਏਜੰਸੀਆਂ ਵਲੋਂ ਘੱਟੋ ਘੱਟ ਸਮਰਥਨ ਮੁੱਲ ਉਤੇ ਖਰੀਦ ਜਾਰੀ ਰਹੇਗੀ। ਉਨ੍ਹਾਂ ਦਾਅਵਾ ਕੀਤਾ ਹੈ ਕਿ ਇਸ ਸਬੰਧੀ ਕੇਂਦਰ ਤੋਂ ਉਨ੍ਹਾਂ ਨੂੰ ਇਕ ਚਿੱਠੀ ਮਿਲੀ ਹੈ ਜਿਸ ‘ਚ ਉਨ੍ਹਾਂ ਇਹ ਸਪਸ਼ਟ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਚਿੱਠੀ ‘ਚ ਕਿਸਾਨਾਂ ਦੇ ਮਨਾਂ ਵਿਚ ਪੈਦਾ ਹੋ ਗਏ ਹੋਰ ਵੀ ਸ਼ੰਕੇ ਦੂਰ ਕੀਤੇ ਗਏ ਹਨ ਕਿਉਂਕਿ ਕਾਂਗਰਸ ਅਤੇ ਆਮ ਆਦਮੀ ਪਾਰਟੀ ਵਲੋਂ ਮਿਲ ਕੇ ਜਿਥੇ ਇਸ ਮਾਮਲੇ ਉਤੇ ਕਿਸਾਨਾਂ ਨੂੰ ਗੁਮਰਾਹ ਕੀਤਾ ਗਿਆ ਉਥੇ ਅਕਾਲੀ ਦਲ ਖਿਲਾਫ ਝੂਠਾ ਪ੍ਰਚਾਰ ਵੀ ਕੀਤਾ ਗਿਆ।
ਉਨ੍ਹਾਂ ਦੱਸਿਆ ਕਿ ਚਿੱਠੀ ‘ਚ ਕੇਂਦਰ ਸਰਕਾਰ ਨੇ ਅਧਿਕਾਰਤ ਤੌਰ ਉਤੇ ਕਿਸਾਨਾਂ ਨੂੰ ਭਰੋਸਾ ਦੁਆਇਆ ਕਿ ਖੇਤੀਬਾੜੀ ਜਿਣਸਾਂ ਦੇ ਮੰਡੀਕਰਨ ਲਈ ਤਿੰਨ ਆਰਡੀਨੈਂਸਾਂ ਨਾਲ ਕਿਸਾਨਾਂ ਦੀ ਜਿਣਸ ਦੀ ਘੱਟੋ ਘੱਟ ਸਮਰਥਨ ਮੁੱਲ ਉਤੇ ਖਰੀਦ ਦੀ ਮੌਜੂਦਾ ਨੀਤੀ ‘ਤੇ ਕੋਈ ਫਰਕ ਨਹੀਂ ਪਵੇਗਾ। ਉਨ੍ਹਾਂ ਕਿਹਾ ਕਿ ਕੇਂਦਰ ਨੇ ਸਪਸ਼ਟ ਕਰ ਦਿੱਤਾ ਹੈ ਕਿ ਖੇਤੀਬਾੜੀ ਜਿਣਸਾਂ ਦੀ ਸਰਕਾਰੀ ਏਜੰਸੀਆਂ ਰਾਹੀਂ ਘੱਟੋ ਘੱਟ ਸਮਰਥਨ ਮੁੱਲ ਉਤੇ ਖਰੀਦ ਦੀ ਮੌਜੂਦਾ ਨੀਤੀ ‘ਚ ਕੋਈ ਤਬਦੀਲੀ ਨਹੀਂ ਕੀਤੀ ਗਈ।
ਉਨ੍ਹਾਂ ਕਿਹਾ ਕਿ ਜੇਕਰ ਫਿਰ ਵੀ ਸੂਬੇ ਦੇ ਕਿਸਾਨਾਂ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਆਰਡੀਨੈਂਸ ਵਿਚ ਲਿਖੀ ਕਿਸੇ ਵੀ ਗੱਲ ਉਤੇ ਇਤਰਾਜ਼ ਹੋਵੇ ਤਾਂ ਉਹ ਕੇਂਦਰ ਜਾ ਕੇ ਉਕਤ ਲਾਈਨ ਨੂੰ ਕਟਵਾਉਣ ਲਈ ਵੀ ਤਿਆਰ ਹਨ। ਸੁਖਬੀਰ ਸਿੰਘ ਬਾਦਲ ਨੇ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਵਲੋਂ ਪ੍ਰਾਪਤ ਹੋਏ ਪੱਤਰ ਮਗਰੋਂ ਕਿਸਾਨਾਂ ਨੂੰ ਇਹ ਭਰੋਸਾ ਦਵਾਇਆ। ਉਨ੍ਹਾਂ ਕਿਹਾ ਕਿ ਇਸ ਚਿੱਠੀ ਨੇ ਇਹ ਸਪਸ਼ਟ ਕਰ ਦਿੱਤਾ ਹੈ ਕਿ ਜਦੋਂ ਤੱਕ ਕੇਂਦਰ ਵਿਚ ਭਾਜਪਾ ਦੀ ਸਰਕਾਰ ਹੈ, ਐਮ.ਐਸ਼ਪੀ ਕਦੇ ਬੰਦ ਨਹੀਂ ਹੋਵੇਗੀ, ਐਫ਼ਸੀ.ਆਈ ਸਮੇਤ ਹੋਰ ਸਰਕਾਰੀ ਏਜੰਸੀਆਂ ਜ਼ਰੀਏ ਫਸਲਾਂ ਖਰੀਦੀਆਂ ਜਾਣਗੀਆਂ ਅਤੇ ਜਦੋਂ ਇਹ ਆਰਡੀਨੈਂਸ ਸੰਸਦ ਵਿਚ ਲਿਆਂਦਾ ਜਾਵੇਗਾ ਤਾਂ ਕਿਸਾਨਾਂ ਦੇ ਸ਼ੰਕੇ ਦੂਰ ਕਰਨ ਲਈ ਹੋਰ ਸਪਸ਼ਟ ਕਰ ਦਿੱਤਾ ਜਾਵੇਗਾ ਕਿ ਆਰਡੀਨੈਂਸ ਦਾ ਐਮ.ਐਸ਼ਪੀ ਨਾਲ ਕੋਈ ਲੈਣਾ ਦੇਣਾ ਹੀ ਨਹੀਂ ਹੈ।
__________________________________________________
ਕੇਂਦਰ ਦੀ ਚਿੱਠੀ ਕਿਸਾਨੀ ਨਾਲ ਧੋਖਾ ਕਰਾਰ
ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ (ਡੈਮੋਕਰੇਟਿਕ) ਦੇ ਆਗੂਆਂ ਸਾਬਕਾ ਡਿਪਟੀ ਸਪੀਕਰ ਬੀਰਦਵਿੰਦਰ ਸਿੰਘ ਤੇ ਸਾਬਕਾ ਮੰਤਰੀ ਸੇਵਾ ਸਿੰਘ ਸੇਖਵਾਂ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਖੇਤੀ ਆਰਡੀਨੈਂਸਾਂ ਸਬੰਧੀ ਵਿਖਾਈ ਜਾ ਰਹੀ ‘ਰਾਹਤ’ ਵਾਲੀ ਕੇਂਦਰੀ ਖੇਤੀ ਮੰਤਰੀ ਦੀ ਲਿਖੀ ਚਿੱਠੀ ਨੂੰ ਕਿਸਾਨੀ ਨਾਲ ਧੋਖਾ ਦੱਸਿਆ ਹੈ। ਉਨ੍ਹਾਂ ਇਸ ਨੂੰ ਮੋਦੀ ਸਰਕਾਰ ਤੇ ਬਾਦਲਕਿਆਂ ਵਲੋਂ ਪੰਜਾਬ ਦੇ ਲੋਕਾਂ ਨੂੰ ਗੁਮਰਾਹ ਕਰਨ ਦੀ ਸੋਚੀ ਸਮਝੀ ਸਾਜ਼ਿਸ਼ ਵੀ ਕਰਾਰ ਦਿੱਤਾ ਹੈ। ਦੋਵੇਂ ਆਗੂਆਂ ਨੇ ਕਿਹਾ ਕਿ ਇਕ ਪਾਸੇ ਤਾਂ ਕੇਂਦਰ ਖੇਤੀ ਆਰਡੀਨੈਂਸਾਂ ਨੂੰ ਲੈ ਕੇ ਨੋਟੀਫਿਕੇਸ਼ਨ ਜਾਰੀ ਕਰ ਰਿਹਾ ਹੈ, ਦੂਜੇ ਪਾਸੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਕੇਂਦਰ ਵਲੋਂ ਲਿਆਂਦੀ ਚਿੱਠੀ ਵਿਖਾ ਕੇ ਕਿਸਾਨਾਂ ਨੂੰ ਭੰਬਲਭੂਸੇ ‘ਚ ਪਾਉਣ ਦੀ ਕੋਸ਼ਿਸ਼ ਕਰ ਰਹੇ ਹਨ।
____________________________________________
ਕੇਂਦਰ ਦੀ ਚਿੱਠੀ ਬਾਰੇ ਕਿਸਾਨ ਮਜ਼ਦੂਰ ਜਥੇਬੰਦੀ ਨੂੰ ਨਹੀਂ ਭਰੋਸਾ
ਚੰਡੀਗੜ੍ਹ: ਸੂਬੇ ਦੀ ਕਿਸਾਨ ਮਜ਼ਦੂਰ ਜਥੇਬੰਦੀ ਨੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਐਮ.ਐਸ਼ਪੀ. ਜਾਰੀ ਰਹਿਣ ਸਬੰਧੀ ਕੇਂਦਰੀ ਖੇਤੀ ਮੰਤਰੀ ਦੀ ਚਿੱਠੀ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰਾਰ ਦਿੱਤਾ ਹੈ। ਜਥੇਬੰਦੀ ਦੇ ਪ੍ਰਧਾਨ ਸਤਨਾਮ ਸਿੰਘ ਪੰਨੂੰ ਅਤੇ ਜਨਰਲ ਸਕੱਤਰ ਸ਼ ਸਵਰਨ ਸਿੰਘ ਪੰਧੇਰ ਨੇ ਕਿਹਾ ਕਿ ਖੇਤੀ ਆਰਡੀਨੈਂਸ ਤੇ ਬਿਜਲੀ ਸੋਧ ਬਿੱਲ 2020 ਨੂੰ ਸਹਿਮਤੀ ਦੇ ਚੁੱਕਾ ਅਕਾਲੀ ਦਲ ਬਾਦਲ ਬੜੀ ਕਸੂਤੀ ਸਥਿਤੀ ਵਿਚ ਫਸ ਚੁੱਕਾ ਹੈ, ਜਿਸ ਦੇ ਚੱਲਦਿਆਂ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਤੋਂ ਅਣਅਧਿਕਾਰਤ ਚਿੱਠੀ ਲਿਖਵਾ ਕੇ ਪੰਜਾਬ ਦੇ ਕਿਸਾਨਾਂ ਨੂੰ ਗੁਮਰਾਹ ਕਰਨ ਦੀ ਕੋਸ਼ਿਸ਼ ਕੀਤੀ ਹੈ ਪਰ ਕਿਸਾਨ ਇਸ ਚਾਲ ਵਿਚ ਨਹੀਂ ਆਉਣਗੇ।