ਪਾਵਨ ਸਰੂਪ ਮਾਮਲਾ: ਸ਼੍ਰੋਮਣੀ ਕਮੇਟੀ ਦੇ 12 ਮੁਲਾਜ਼ਮਾਂ ਖਿਲਾਫ ਕਾਰਵਾਈ

ਅੰਮ੍ਰਿਤਸਰ: ਲਾਪਤਾ ਪਾਵਨ ਸਰੂਪਾਂ ਦੇ ਮਾਮਲੇ ਵਿਚ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਨੇ ਸਾਬਕਾ ਮੁੱਖ ਸਕੱਤਰ ਸਮੇਤ 12 ਕਰਮਚਾਰੀਆਂ ਖਿਲਾਫ ਕਾਰਵਾਈ ਕਰਦਿਆਂ ਪੰਜ ਕਰਮਚਾਰੀਆਂ ਨੂੰ ਸੇਵਾਵਾਂ ਤੋਂ ਬਰਖਾਸਤ ਕਰ ਦਿੱਤਾ ਗਿਆ ਹੈ ਜਦਕਿ ਪੰਜ ਨੂੰ ਮੁਅੱਤਲ ਕਰ ਦਿੱਤਾ ਹੈ।

ਐਸ਼ਐਸ਼ ਕੋਹਲੀ ਚਾਰਟਰਡ ਅਕਾਊਂਟੈਂਟ ਕੰਪਨੀ ਦੀਆਂ ਸੇਵਾਵਾਂ ਬੰਦ ਕਰ ਦਿੱਤੀਆਂ ਗਈਆਂ ਹਨ ਅਤੇ 75 ਫੀਸਦ ਵਸੂਲੀ ਲਈ ਕਾਨੂੰਨੀ ਕਾਰਵਾਈ ਕਰਨ ਸਮੇਤ ਜਿਲਦਸਾਜ਼ੀ ਦਾ ਠੇਕਾ ਵੀ ਰੱਦ ਕਰ ਦਿੱਤਾ ਗਿਆ ਹੈ। ਇਸ ਦੌਰਾਨ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਸ੍ਰੀ ਗੁਰੂ ਰਾਮਦਾਸ ਯੂਨੀਵਰਸਿਟੀ ਆਫ ਮੈਡੀਕਲ ਸਾਇੰਸ ਦੇ ਵਿਹੜੇ ਵਿਚ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਮਗਰੋਂ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਦੱਸਿਆ ਕਿ ਅਕਾਲ ਤਖਤ ਵੱਲੋਂ ਭੇਜੀ ਗਈ ਜਾਂਚ ਰਿਪੋਰਟ ‘ਤੇ ਕਾਰਵਾਈ ਕਰਦਿਆਂ ਸਾਬਕਾ ਮੁੱਖ ਸਕੱਤਰ ਹਰਚਰਨ ਸਿੰਘ ਨੂੰ ਵੀ ਲਾਪਰਵਾਹੀ ਵਰਤਣ ਦਾ ਦੋਸ਼ੀ ਪਾਇਆ ਗਿਆ ਹੈ। ਉਨ੍ਹਾਂ ਦੇ ਸਮੇਂ ਹੀ ਇਹ ਪਾਵਨ ਸਰੂਪ ਰਿਕਾਰਡ ਵਿਚੋਂ ਘਟੇ ਹਨ।
ਉਨ੍ਹਾਂ ਨੂੰ ਇਸ ਬਾਰੇ ਜਾਣਕਾਰੀ ਹੋਣ ਦੇ ਬਾਵਜੂਦ ਕਾਰਵਾਈ ਨਾ ਕੀਤੇ ਜਾਣਾ ਆਪਸੀ ਮਿਲੀਭੁਗਤ ਦਾ ਸੰਕੇਤ ਹੈ। ਉਨ੍ਹਾਂ ਖਿਲਾਫ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਮੌਜੂਦਾ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਅਸਤੀਫਾ ਦੇ ਦਿੱਤਾ ਸੀ, ਜੋ ਕਿ ਪ੍ਰਵਾਨ ਕਰ ਲਿਆ ਹੈ। ਸਕੱਤਰ ਮਨਜੀਤ ਸਿੰਘ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ ਤੇ ਉਨ੍ਹਾਂ ਖਿਲਾਫ ਵਿਭਾਗੀ ਕਾਰਵਾਈ ਹੋਵੇਗੀ। ਉਨ੍ਹਾਂ ਦੱਸਿਆ ਕਿ ਪਬਲੀਕੇਸ਼ਨ ਵਿਭਾਗ ਦੇ ਮੀਤ ਸਕੱਤਰ ਗੁਰਬਚਨ ਸਿੰਘ, ਕਲਰਕ ਬਾਜ਼ ਸਿੰਘ, ਹੈਲਪਰ ਦਲਬੀਰ ਸਿੰਘ ਨੂੰ ਨੌਕਰੀ ਤੋਂ ਬਰਖਾਸਤ ਕਰ ਦਿੱਤਾ ਹੈ ਅਤੇ ਇਨ੍ਹਾਂ ਖਿਲਾਫ ਫੌਜਦਾਰੀ ਕੇਸ ਦਰਜ ਕਰਾਇਆ ਜਾਵੇਗਾ। ਇਸੇ ਤਰ੍ਹਾਂ ਸਹਾਇਕ ਅਕਾਊਂਟੈਂਟ ਜੁਝਾਰ ਸਿੰਘ ਅਤੇ ਗੋਇੰਦਵਾਲ ਦੇ ਅੰਗੀਠਾ ਸਾਹਿਬ ਦੇ ਸੇਵਾਦਾਰ ਅਮਰਜੀਤ ਸਿੰਘ ਦੀਆਂ ਸੇਵਾਵਾਂ ਵੀ ਖਤਮ ਕਰ ਦਿੱਤੀਆਂ ਗਈਆਂ ਹਨ। ਮੀਤ ਸਕੱਤਰ ਸਤਿੰਦਰ ਸਿੰਘ ਵਿੱਤ ਵਿਭਾਗ, ਨਿਸ਼ਾਨ ਸਿੰਘ ਮੀਤ ਸਕੱਤਰ, ਪਰਮਜੀਤ ਸਿੰਘ ਇੰਚਾਰਜ, ਗੁਰਮੁਖ ਸਿੰਘ ਸਹਾਇਕ ਸੁਪਰਵਾਈਜ਼ਰ ਨੂੰ ਤੁਰਤ ਮੁਅੱਤਲ ਕਰਨ ਦੇ ਆਦੇਸ਼ ਦਿੱਤੇ ਹਨ। ਇਨ੍ਹਾਂ ਸਾਰਿਆਂ ਖਿਲਾਫ ਵਿਭਾਗੀ ਕਾਰਵਾਈ ਕੀਤੀ ਜਾਵੇਗੀ।
ਪਬਲੀਕੇਸ਼ਨ ਵਿਭਾਗ ਨਾਲ ਜੁੜੇ ਜਿਲਦਸਾਜ਼ੀ ਦੇ ਠੇਕੇਦਾਰ ਕੁਲਵੰਤ ਸਿੰਘ ਤੇ ਜਸਪ੍ਰੀਤ ਸਿੰਘ ਦਾ ਠੇਕਾ ਤੁਰਤ ਰੱਦ ਕਰ ਦਿੱਤਾ ਗਿਆ ਹੈ ਅਤੇ ਭਵਿੱਖ ਵਿਚ ਇਨ੍ਹਾਂ ਨੂੰ ਕਾਲੀ ਸੂਚੀ ਵਿਚ ਸ਼ਾਮਲ ਕੀਤਾ ਗਿਆ ਹੈ। ਸਤਿੰਦਰ ਸਿੰਘ ਕੋਹਲੀ ਦੀ ਚਾਰਟਰਡ ਅਕਾਊਂਟੈਂਟ ਕੰਪਨੀ ਜੋ ਪਿਛਲੇ ਇਕ ਦਹਾਕੇ ਤੋਂ ਸੰਸਥਾ ਦੇ ਖਾਤੇ ਦੇਖ ਰਹੀ ਹੈ ਅਤੇ ਆਡਿਟ ਕਰ ਰਹੀ ਹੈ, ਦੀਆਂ ਸੇਵਾਵਾਂ ਵੀ ਤੁਰਤ ਖਤਮ ਕਰਨ ਦਾ ਫੈਸਲਾ ਕੀਤਾ ਗਿਆ ਹੈ। ਸ੍ਰੀ ਅਕਾਲ ਤਖਤ ਦੇ ਆਦੇਸ਼ ਮੁਤਾਬਕ ਉਸ ਕੋਲੋਂ 75 ਫੀਸਦ ਵਸੂਲੀ ਲਈ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਇਸ ਦੌਰਾਨ ਸੇਵਾਮੁਕਤ ਹੋ ਚੁੱਕੇ ਪਬਲੀਕੇਸ਼ਨ ਵਿਭਾਗ ਦੇ ਸਹਾਇਕ ਸੁਪਰਵਾਈਜ਼ਰ ਕੰਵਲਜੀਤ ਸਿੰਘ ਦੇ ਫੰਡ ਰੋਕਣ ਦਾ ਫੈਸਲਾ ਕੀਤਾ ਗਿਆ ਹੈ। ਉਸ ਖਿਲਾਫ ਰਿਕਾਰਡ ਵਿੱਚ ਹੇਰਾ-ਫੇਰੀ ਕਰਨ, ਖੁਰਦ-ਬੁਰਦ ਕਰਨ ਅਤੇ ਧੋਖਾਧੜੀ ਦਾ ਕੇਸ ਵੀ ਦਰਜ ਕਰਵਾਇਆ ਜਾਵੇਗਾ।
ਜ਼ਿਕਰਯੋਗ ਹੈ ਕਿ ਇਸ ਕਰਮਚਾਰੀ ਦੇ ਸੇਵਾਮੁਕਤ ਹੋਣ ਸਮੇਂ ਹੀ ਰਿਕਾਰਡ ਵਿਚੋਂ 267 ਸਰੂਪ ਘਟਣ ਬਾਰੇ ਖੁਲਾਸਾ ਹੋਇਆ ਸੀ। ਉਨ੍ਹਾਂ ਦੱਸਿਆ ਕਿ ਬਰਖਾਸਤ ਕੀਤੇ ਤੇ ਮੁਅੱਤਲ ਕੀਤੇ ਕਰਮਚਾਰੀਆਂ ਖਿਲਾਫ ਕਾਨੂੰਨੀ ਕਾਰਵਾਈ ਵਾਸਤੇ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਸਬ-ਕਮੇਟੀ ਬਣਾਈ ਜਾਵੇਗੀ। ਉਨ੍ਹਾਂ ਆਖਿਆ ਕਿ ਸਿੱਖ ਸੰਸਥਾ ਵਿਚ ਹੇਰਾਫੇਰੀ ਅਤੇ ਘਪਲੇ ਕਰਨ ਦੀ ਕਿਸੇ ਨੂੰ ਆਗਿਆ ਨਹੀਂ ਦਿੱਤੀ ਜਾਵੇਗੀ। ਜਾਂਚ ਰਿਪੋਰਟ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਭਵਨ ‘ਚ ਅੱਗ ਲੱਗਣ ਉਤੇ ਪਸ਼ਛਾਤਾਪ ਨਾ ਕਰਨ ਦੇ ਮਾਮਲੇ ‘ਚ ਉਸ ਵੇਲੇ ਦੀ ਅੰਤ੍ਰਿੰਗ ਕਮੇਟੀ ਖਿਲਾਫ ਵੀ ਉਂਗਲ ਚੁੱਕੀ ਗਈ ਹੈ।
____________________________________________
ਟਕਸਾਲੀਆਂ ਨੇ ਸੀ.ਬੀ.ਆਈ. ਜਾਂਚ ਮੰਗੀ
ਅੰਮ੍ਰਿਤਸਰ: ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਪ੍ਰਧਾਨ ਰਣਜੀਤ ਸਿੰਘ ਬ੍ਰਹਮਪੁਰਾ ਨੇ ਗੁਰੂ ਗ੍ਰੰਥ ਸਾਹਿਬ ਦੇ ਗੁੰਮ ਹੋਏ ਪਾਵਨ ਸਰੂਪਾਂ ਦੇ ਮਾਮਲੇ ਦੀ ਜਾਂਚ ਸੀ.ਬੀ.ਆਈ. ਤੋਂ ਕਰਵਾਉਣ ਦੀ ਮੰਗ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਅਤੇ ਸਬੰਧਿਤ ਅਧਿਕਾਰੀਆਂ ਤੋਂ ਅਸਤੀਫੇ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਖਿਲਾਫ ਕੇਸ ਦਰਜ ਕਰ ਕੇ ਸਖਤ ਕਾਰਵਾਈ ਕੀਤੀ ਜਾਵੇ। ਸ੍ਰੀ ਬ੍ਰਹਮਪੁਰਾ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਸਿੱਖਾਂ ਦੀ ਅਹਿਮ ਸੰਸਥਾ ਹੈ, ਜੋ ਧਰਮ ਦੀ ਸੇਵਾ ਕਰਨ ਲਈ ਬਣੀ ਸੀ। ਉਨ੍ਹਾਂ ਦੋਸ਼ ਲਾਇਆ ਕਿ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਨੇ ਬਾਦਲਾਂ ਨੂੰ ਬਚਾਉਣ ਲਈ ਸਿੱਖਾਂ ਦੀ ਪਾਰਲੀਮੈਂਟ ਸ਼੍ਰੋਮਣੀ ਕਮੇਟੀ ਨੂੰ ਦੁਨੀਆਂ ਭਰ ਵਿਚ ਬਦਨਾਮ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਜਾਂਚ ਰਿਪੋਰਟ ਜਨਤਕ ਕਰੇ ਤੇ ਦੱਸੇ ਕਿ 328 ਸਰੂਪ ਕਿੱਥੇ ਹਨ।
______________________________________________
ਸੇਵਾਮੁਕਤ ਸਿੱਖ ਜੱਜ ਤੋਂ ਕਰਵਾਈ ਜਾਵੇ ਜਾਂਚ: ਢੀਂਡਸਾ
ਮੁਹਾਲੀ: ਸ਼੍ਰੋਮਣੀ ਅਕਾਲੀ ਦਲ (ਡੈਮੋਕ੍ਰੈਟਿਕ) ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਨੇ ਮੰਗ ਕੀਤੀ ਹੈ ਕਿ ਗੁਰੂ ਗ੍ਰੰਥ ਸਾਹਿਬ ਦੇ 267 ਸਰੂਪ ਗਾਇਬ ਹੋਣ ਦੇ ਮਾਮਲੇ ਦੀ ਸੱਚਾਈ ਸਾਹਮਣੇ ਲਿਆਉਣ ਲਈ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਸੇਵਾਮੁਕਤ ਸਿੱਖ ਜੱਜ ਤੋਂ ਉੱਚ ਪੱਧਰੀ ਜਾਂਚ ਕਰਵਾਈ ਜਾਵੇ। ਸ੍ਰੀ ਢੀਂਡਸਾ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦੀ ਜਾਂਚ ਕਮੇਟੀ ਦੀ ਰਿਪੋਰਟ ਅਧੂਰੀ, ਗੈਰ-ਤਸੱਲੀਬਖਸ਼ ਅਤੇ ਸੰਗਤ ਦੀਆਂ ਅੱਖਾਂ ਵਿਚ ਘੱਟਾ ਪਾਉਣ ਵਾਲੀ ਹੈ। ਜਾਂਚ ਕਮੇਟੀ ਕਾਰਜਕਾਰੀ ਜਥੇਦਾਰ ਵੱਲੋਂ ਬਣਾਈ ਗਈ ਸੀ, ਉਸ ‘ਤੇ ਸ਼ੁਰੂ ਤੋਂ ਹੀ ਸਵਾਲ ਖੜ੍ਹੇ ਹੋਣੇ ਸ਼ੁਰੂ ਹੋ ਗਏ ਸਨ।