ਅਕਾਲੀ ਦਲ ਤੇ ਭਾਜਪਾ ਦੀ ਸਿਆਸੀ ਸਾਂਝ ਦਾ ਭੋਗ ਪਿਆ

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਨੇ ਕੌਮੀ ਜਮਹੂਰੀ ਗੱਠਜੋੜ (ਐਨ.ਡੀ.ਏ.) ਵਿਚੋਂ ਬਾਹਰ ਆਉਣ ਦਾ ਐਲਾਨ ਕਰ ਦਿੱਤਾ ਹੈ। ਪਾਰਟੀ ਦੀ ਕੋਰ ਕਮੇਟੀ ਦੀ ਮੀਟਿੰਗ ਤੋਂ ਬਾਅਦ ਇਹ ਐਲਾਨ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਕੀਤਾ ਗਿਆ। ਅਕਾਲੀ ਦਲ ਦੇ ਇਸ ਫੈਸਲੇ ਨਾਲ 1996 ਤੋਂ ਭਾਰਤੀ ਜਨਤਾ ਪਾਰਟੀ ਨਾਲ ਬਣੀ ਆ ਰਹੀ ਸਿਆਸੀ ਸਾਂਝ ਦਾ ਭੋਗ ਪੈ ਗਿਆ ਹੈ।

ਕੋਰ ਕਮੇਟੀ ਦੀ ਮੀਟਿੰਗ ਦੌਰਾਨ ਇਹੀ ਸਹਿਮਤੀ ਬਣੀ ਕਿ ਖੇਤੀ ਬਿਲਾਂ ਕਾਰਨ ਦੇਸ਼ ਅੰਦਰ ਬਣੇ ਸਿਆਸੀ ਮਾਹੌਲ ਤੋਂ ਬਾਅਦ ਐਨ.ਡੀ.ਏ. ਦਾ ਹਿੱਸਾ ਬਣੇ ਰਹਿਣ ਦਾ ਕੋਈ ਲਾਭ ਨਹੀਂ ਕਿਉਂਕਿ ਭਾਰਤੀ ਜਨਤਾ ਪਾਰਟੀ ਦੀ ਅਗਵਾਈ ਵਾਲੀ ਸਰਕਾਰ ਵਿਚੋਂ ਬਾਹਰ ਆਉਣ ਤੋਂ ਬਾਅਦ ਵੀ ਸਿਆਸੀ ਵਿਰੋਧੀਆਂ ਵੱਲੋਂ ਲਗਾਤਾਰ ਸਵਾਲ ਖੜ੍ਹੇ ਕੀਤੇ ਜਾ ਰਹੇ ਹਨ। ਅਕਾਲੀ ਹਲਕਿਆਂ ਦਾ ਮੰਨਣਾ ਹੈ ਕਿ ਪਾਰਟੀ ਵੱਲੋਂ ਇਹ ਫੈਸਲਾ ਸੂਬੇ ਅੰਦਰ ਪੈਦਾ ਹੋਏ ਸਿਆਸੀ ਹਾਲਾਤ ਕਰਕੇ ਲਿਆ ਗਿਆ ਹੈ ਕਿਉਂਕਿ ਰਾਜਸੀ ਤੌਰ ‘ਤੇ ਭਾਜਪਾ ਜਾਂ ਐਨ.ਡੀ.ਏ. ਦਾ ਹਿੱਸਾ ਬਣੇ ਰਹਿਣਾ ਅਕਾਲੀ ਦਲ ਲਈ ਮਹਿੰਗਾ ਸਾਬਤ ਹੋ ਰਿਹਾ ਸੀ। ਸੂਤਰਾਂ ਦਾ ਇਹ ਵੀ ਦੱਸਣਾ ਹੈ ਕਿ ਅਕਾਲੀ ਦਲ ਨੇ ਆਉਣ ਵਾਲੇ ਦਿਨਾਂ ਦੌਰਾਨ ਕੈਪਟਨ ਸਰਕਾਰ ਖਿਲਾਫ ਵੀ ਮੁਹਿੰਮ ਵਿੱਢਣ ਦਾ ਫੈਸਲਾ ਕੀਤਾ ਹੈ। ਸੁਖਬੀਰ ਬਾਦਲ ਦਾ ਕਹਿਣਾ ਹੈ ਕਿ ਖੇਤੀ ਬਿਲਾਂ ਦੇ ਮੁੱਦੇ ‘ਤੇ ਕੇਂਦਰ ਸਰਕਾਰ ਵੱਲੋਂ ਅਕਾਲੀ ਦਲ ਨੂੰ ਭਰੋਸੇ ‘ਚ ਨਾ ਲਏ ਜਾਣ ਕਾਰਨ ਮੰਤਰੀ ਮੰਡਲ ਤੋਂ ਪਹਿਲਾਂ ਹੀ ਹਰਸਿਮਰਤ ਕੌਰ ਬਾਦਲ ਵੱਲੋਂ ਅਸਤੀਫਾ ਦੇ ਦਿੱਤਾ ਗਿਆ ਸੀ। ਕੋਰ ਕਮੇਟੀ ਦੀ ਮੀਟਿੰਗ ਦੌਰਾਨ ਵੀ ਇਹੀ ਚਰਚਾ ਹੋਈ ਕਿ ਹੁਣ ਐਨ.ਡੀ.ਏ. ‘ਚ ਰਹਿਣ ਦੀ ਕੋਈ ਤੁਕ ਨਹੀਂ ਬਣਦੀ। ਸ੍ਰੀ ਬਾਦਲ ਨੇ ਜੰਮੂ-ਕਸ਼ਮੀਰ ਵਿਚ ਪੰਜਾਬੀ ਨੂੰ ਸਰਕਾਰੀ ਭਾਸ਼ਾ ਵਜੋਂ ਮਾਨਤਾ ਨਾ ਦੇਣ ਦੇ ਮੁੱਦੇ ਉਤੇ ਵੀ ਮੋਦੀ ਸਰਕਾਰ ਦੀ ਆਲੋਚਨਾ ਕੀਤੀ। ਉਨ੍ਹਾਂ ਕਿਹਾ ਕਿ ਹਾਲੀਆ ਇਨ੍ਹਾਂ ਦੋ ਵੱਡੇ ਮੁੱਦਿਆਂ ਕਾਰਨ ਅਕਾਲੀ ਦਲ ਨੇ ਐਨ.ਡੀ.ਏ. ‘ਚੋਂ ਬਾਹਰ ਆਉਣ ਦਾ ਫੈਸਲਾ ਕੀਤਾ ਹੈ। ਜ਼ਿਕਰਯੋਗ ਹੈ ਕਿ 1996 ਵਿਚ ਮਰਹੂਮ ਅਟਲ ਬਿਹਾਰੀ ਵਾਜਪਾਈ ਦੀ ਅਗਵਾਈ ਹੇਠ 13 ਦਿਨਾਂ ਦੀ ਸਰਕਾਰ ਬਣਨ ਸਮੇਂ ਪ੍ਰਕਾਸ਼ ਸਿੰਘ ਬਾਦਲ ਵੱਲੋਂ ਭਾਰਤੀ ਜਨਤਾ ਪਾਰਟੀ ਨੂੰ ਬਿਨਾਂ ਸ਼ਰਤ ਹਮਾਇਤ ਦੇਣ ਦਾ ਐਲਾਨ ਕੀਤਾ ਗਿਆ ਸੀ। ਉਦੋਂ ਤੋਂ ਲੈ ਕੇ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦੇ ਸਿਆਸੀ ਰਿਸ਼ਤਿਆਂ ਨੂੰ ਵੱਡੇ ਬਾਦਲ ਵੱਲੋਂ ਨਹੁੰ-ਮਾਸ ਦਾ ਰਿਸ਼ਤਾ ਕਰਾਰ ਦਿੱਤਾ ਜਾਂਦਾ ਰਿਹਾ ਸੀ। ਭਾਰਤੀ ਜਨਤਾ ਪਾਰਟੀ ਦੀ ਵਾਗਡੋਰ ਨਰਿੰਦਰ ਮੋਦੀ ਤੇ ਇਧਰ ਸੁਖਬੀਰ ਸਿੰਘ ਬਾਦਲ ਦੇ ਹੱਥ ਆਉਣ ਤੋਂ ਬਾਅਦ ਦੋਹਾਂ ਪਾਰਟੀਆਂ ਦੇ ਰਿਸ਼ਤਿਆਂ ਵਿਚ ਤਰੇੜ ਆਉਣ ਲੱਗੀ ਸੀ।
____________________________
ਅਕਾਲੀ ਦਲ ਨੇ ਮਜਬੂਰੀ ‘ਚ ਐਨ.ਡੀ.ਏ. ਛੱਡਿਆ: ਢੀਂਡਸਾ
ਚੰਡੀਗੜ੍ਹ: ਨਾਰਾਜ਼ ਅਕਾਲੀ ਆਗੂ ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਨੇ ਐਨ.ਡੀ.ਏ. ਨਾਲ ਸਬੰਧ ਮਜਬੂਰੀ ਕਾਰਨ ਤੋੜੇ ਹਨ ਕਿਉਂਕਿ ਕਿਸਾਨ ਖੇਤੀ ਬਿੱਲਾਂ ਦਾ ਵਿਰੋਧ ਕਰ ਰਹੇ ਹਨ। ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੇ ਕਿਹਾ, “ਉਨ੍ਹਾਂ (ਅਕਾਲੀ ਦਲ) ਨੇ ਇਹ ਤੋੜ ਵਿਛੋੜਾ ਮਜਬੂਰੀ ਵਿਚ ਕੀਤਾ। ਉਨ੍ਹਾਂ ਸਵਾਲ ਕੀਤਾ ਕੀ ਕਿਸਾਨ ਵਿਰੋਧ ਤੋਂ ਪਹਿਲਾਂ ਇਹ ਬਿੱਲ ਕਿਸਾਨ ਪੱਖੀ ਸੀ?”ਸ੍ਰੀ ਢੀਂਡਸਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਆਪਣਾ ਅਧਾਰ ਗੁਆ ਲਿਆ ਹੈ।
____________________________
ਅਕਾਲੀ ਦਲ ਨੇ ਗੱਠਜੋੜ ਤੋੜ ਕੇ ਗਲਤੀ ਕੀਤੀ: ਮਿੱਤਲ
ਸ੍ਰੀ ਆਨੰਦਪੁਰ ਸਾਹਿਬ: ਭਾਜਪਾ ਦੇ ਸੀਨੀਅਰ ਆਗੂ ਮਦਨ ਮੋਹਨ ਮਿੱਤਲ ਨੇ ਕਿਹਾ ਕਿ ਵਿਸ਼ਵ ਪੱਧਰ ‘ਤੇ ਹਿੰਦੂ-ਸਿੱਖ ਭਾਈਚਾਰਕ ਏਕਤਾ ਦਾ ਸੁਨੇਹਾ ਦੇਣ ਵਾਲੇ ਤੇ 23 ਸਾਲ ਪੁਰਾਣੇ ਅਕਾਲੀ-ਭਾਜਪਾ ਗੱਠਜੋੜ ਨੂੰ ਹੋਂਦ ‘ਚ ਲਿਆਉਣ ਵਾਲੇ ਬਾਨੀਆਂ ਸਣੇ ਸਮੁੱਚੀ ਸੀਨੀਅਰ ਲੀਡਰਸ਼ਿਪ ਨੂੰ ਅਣਗੌਲਿਆ ਕਰਕੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸਮਝੌਤਾ ਤੋੜਨ ਦਾ ਫੈਸਲਾ ਲੈ ਕੇ ਇਤਿਹਾਸਕ ਭੁੱਲ ਕੀਤੀ ਹੈ ਜਿਸ ਕਰਕੇ ਹੁਣ ਸੁਖਬੀਰ ਨੂੰ ਸ਼੍ਰੋਮਣੀ ਅਕਾਲੀ ਦਲ ਨੂੰ ਨਿਘਾਰ ਤੱਕ ਲੈ ਜਾਣ ਵਾਲਿਆਂ ਕਰਕੇ ਜਾਣਿਆ ਜਾਵੇਗਾ। ਸ੍ਰੀ ਮਿੱਤਲ ਨੇ ਕਿਹਾ ਕਿ ਪ੍ਰਕਾਸ਼ ਸਿੰਘ ਬਾਦਲ ਗੱਠਜੋੜ ਦੇ ਬਾਨੀਆਂ ਵਿਚੋਂ ਜਾਣੇ ਜਾਂਦੇ ਹਨ ਪਰ ਇਸ ਇਤਿਹਾਸਿਕ ਗੱਠਜੋੜ ਨੂੰ ਤੋੜਨ ਲੱਗਿਆਂ ਪ੍ਰਕਾਸ਼ ਸਿੰਘ ਬਾਦਲ ਦੀ ਵੀ ਰਾਏ ਨਹੀਂ ਲਈ ਗਈ।