ਖੇਤੀ ਕਾਨੂੰਨ ਬਣਨ ਮਗਰੋਂ ਕਿਸਾਨਾਂ ਦਾ ਗੁੱਸਾ ਸੱਤਵੇਂ ਅਸਮਾਨ ‘ਤੇ

ਲੰਮੇ ਸੰਘਰਸ਼ ਲਈ ਰਣਨੀਤੀ ਦੀਆਂ ਤਿਆਰੀਆਂ
ਚੰਡੀਗੜ੍ਹ: ਰਾਸ਼ਟਰਪਤੀ ਵੱਲੋਂ ਖੇਤੀ ਬਿੱਲਾਂ ਨੂੰ ਪ੍ਰਵਾਨਗੀ ਦਿੱਤੇ ਜਾਣ ਮਗਰੋਂ ਪੰਜਾਬ ‘ਚ ਕਿਸਾਨਾਂ ਦਾ ਗੁੱਸਾ ਸੱਤਵੇਂ ਅਸਮਾਨ ‘ਤੇ ਪਹੁੰਚ ਗਿਆ ਹੈ। ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਨੇ ਅੰਮ੍ਰਿਤਸਰ ਅਤੇ ਫਿਰੋਜ਼ਪੁਰ ਵਿਚ ਅੰਮ੍ਰਿਤਸਰ-ਦਿੱਲੀ, ਫਿਰੋਜ਼ਪੁਰ-ਬਠਿੰਡਾ, ਫਿਰੋਜ਼ਪੁਰ-ਲੁਧਿਆਣਾ ਅਤੇ ਫਿਰੋਜ਼ਪੁਰ-ਜਲੰਧਰ ਰੇਲ ਮਾਰਗ ‘ਤੇ ਨੰਗੇ ਧੜ ਧਰਨੇ ਦਿੱਤੇ।

ਪੰਜਾਬ ਵਿਚ ਖੇਤੀ ਕਾਨੂੰਨਾਂ ਖਿਲਾਫ 24 ਸਤੰਬਰ ਤੋਂ ਰੇਲਾਂ ਦੀਆਂ ਪਟੜੀਆਂ ਉਤੇ ਬੈਠੇ ਕਿਸਾਨਾਂ ਨੇ ਆਪਣਾ ਸੰਘਰਸ਼ 2 ਅਕਤੂਬਰ ਤੱਕ ਵਧਾਉਣ ਦਾ ਐਲਾਨ ਕਰ ਦਿੱਤਾ ਹੈ। ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਕਿਸਾਨਾਂ, ਮਜ਼ਦੂਰਾਂ ਤੇ ਬੀਬੀਆਂ ਵੱਲੋਂ ਰੇਲ ਪਟੜੀਆਂ ਮੱਲੀਆਂ ਹੋਈਆਂ ਹਨ। ਪੰਜਾਬ ਦੀਆਂ 31 ਕਿਸਾਨ ਜਥੇਬੰਦੀਆਂ ਨੇ 2 ਅਕਤੂਬਰ ਤੋਂ ਅਣਮਿਥੇ ਸਮੇਂ ਲਈ ਸਮੁੱਚੇ ਪੰਜਾਬ ‘ਚ ਰੇਲਾਂ ਦਾ ਚੱਕਾ ਜਾਮ ਕਰਨ ਦਾ ਐਲਾਨ ਕੀਤਾ ਹੋਇਆ ਹੈ। ਇਸ ਲਈ ਆਉਣ ਵਾਲੇ ਦਿਨਾਂ ਦੌਰਾਨ ਰਾਜ ਤੇ ਕੇਂਦਰ ਸਰਕਾਰ ਦੀ ਸਥਿਤੀ ਪੇਚੀਦਾ ਹੋ ਸਕਦੀ ਹੈ।
ਤਿੰਨੇ ਖੇਤੀ ਕਾਨੂੰਨਾਂ ਨੂੰ ਕਿਸਾਨਾਂ ਦੀ ਮੌਤ ਦੇ ਵਾਰੰਟ ਦੱਸਦਿਆਂ ਹਜ਼ਾਰਾਂ ਕਿਸਾਨਾਂ, ਮਜ਼ਦੂਰਾਂ, ਬੀਬੀਆਂ ਤੇ ਨੌਜਵਾਨਾਂ ਨੇ ਰੇਲਵੇ ਟਰੈਕ ਬਸਤੀ ਟੈਂਕਾਂ ਵਾਲੀ (ਫਿਰੋਜ਼ਪੁਰ) ਤੇ ਦੇਵੀਦਾਸਪੁਰਾ (ਅੰਮ੍ਰਿਤਸਰ) ‘ਚ ਲੱਗੇ ਪੱਕੇ ਮੋਰਚਿਆਂ ਸ਼ਾਮਲ ਹੋ ਕੇ ਸ਼ਹੀਦ ਭਗਤ ਸਿੰਘ ਦੇ 113ਵੇਂ ਜਨਮ ਦਿਵਸ ਨੂੰ ਸਮਰਪਤ ਰੈਲੀ ਕੀਤੀ। ਅੰਦੋਲਨਕਾਰੀਆਂ ਨੇ ਕਿਹਾ ਕਿ ਨਵ-ਬਸਤੀਵਾਦੀ, ਨਿੱਜੀਕਰਨ ਤੇ ਉਦਾਰੀਕਰਨ ਦੀਆਂ ਨੀਤੀਆਂ ਅਤੇ ਸਾਮਰਾਜਵਾਦ ਦੇ ਜੋਟੀਦਾਰ ਮੋਦੀ ਸਰਕਾਰ ਵਿਰੁੱਧ ਚੱਲ ਰਹੇ ਸੰਘਰਸ਼ਾਂ ਦੇ ਸਮੇਂ ਸ਼ਹੀਦ ਭਗਤ ਸਿੰਘ ਦੀ ਵਿਚਾਰਧਾਰਾ ਕਿਰਤੀਆਂ ਦੀ ਅਣਸਰਦੀ ਲੋੜ ਹੈ।
ਰੇਲਵੇ ਟਰੈਕਾਂ ਉਤੇ ਇਕੱਠਾਂ ਨੂੰ ਸੰਬੋਧਨ ਕਰਦਿਆਂ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂ, ਜਨਰਲ ਸਕੱਤਰ ਸਰਵਣ ਸਿੰਘ ਪੰਧੇਰ, ਸੀਨੀਅਰ ਮੀਤ ਪ੍ਰਧਾਨ ਸਵਿੰਦਰ ਸਿੰਘ ਚੁਤਾਲਾ, ਜਸਬੀਰ ਸਿੰਘ ਪਿੱਦੀ ਤੇ ਸੁਖਵਿੰਦਰ ਸਿੰਘ ਸਭਰਾ ਨੇ ਦੋਵਾਂ ਥਾਵਾਂ ਉਤੇ ਚੱਲ ਰਹੇ ਰੇਲ ਰੋਕੋ ਅੰਦੋਲਨ ਨੂੰ ਅੱਗੇ ਵਧਾਉਂਦਿਆਂ 2 ਅਕਤੂਬਰ ਤੱਕ ਜਾਰੀ ਰੱਖਣ ਦਾ ਐਲਾਨ ਕੀਤਾ ਅਤੇ ਪਹਿਲੀ ਅਕਤੂਬਰ ਤੋਂ ਪੰਜਾਬ ਤੇ ਦੇਸ਼ ਵਿਆਪੀ ਸ਼ੁਰੂ ਹੋਣ ਵਾਲੇ ਰੇਲ ਰੋਕੋ ਅੰਦੋਲਨ ਨੂੰ ਪੂਰੀ ਹਮਾਇਤ ਦਿੰਦਿਆਂ ਪੰਜਾਬ ਦੇ ਸਾਰੇ ਵਰਗਾਂ ਨੂੰ ਇਸ ਸੰਘਰਸ਼ ਵਿਚ ਸ਼ਾਮਲ ਹੋਣ ਦਾ ਸੱਦਾ ਦਿੱਤਾ। ਉਨ੍ਹਾਂ ਪੰਜਾਬ ਤੇ ਦੇਸ਼ ਵਿੱਚ ਕਿਤੇ ਵੀ ਕਿਸਾਨ ਪੱਖੀ ਵਿੱਢੇ ਜਾਣ ਵਾਲੇ ਘੋਲਾਂ ਨੂੰ ਪੂਰਾ ਸਮਰਥਨ ਦੇਣ ਦਾ ਵਚਨ ਕੀਤਾ ਤੇ ਅਕਤੂਬਰ ਮਹੀਨੇ ਨੂੰ ਸਾਂਝੇ ਸੰਘਰਸ਼ਾਂ ਲਈ ਸਮਰਪਿਤ ਕੀਤਾ। ਕਿਸਾਨ ਆਗੂਆਂ ਨੇ ਕਿਹਾ ਕਿ ਦੇਸੀ- ਵਿਦੇਸ਼ੀ ਕਾਰਪੋਰੇਟ ਕੰਪਨੀਆਂ ਭਾਰਤ ਦੇ ਕੁਦਰਤੀ ਸਾਧਨਾਂ ਦੀ ਲੁੱਟ ਖਸੁੱਟ ਕਰਨ ਲਈ ਕਾਹਲੀਆਂ ਪਈਆਂ ਹਨ ਅਤੇ ਦੇਸ਼ ਦੇ ਰਾਜਸੀ ਆਗੂ ਇਸ ਲੁੱਟ ਖਸੁੱਟ ਵਿੱਚੋਂ ਆਪਣੇ ਹਿੱਸੇ ਸੁਰੱਖਿਅਤ ਕਰ ਰਹੇ ਹਨ।
________________________________
ਕਿਸਾਨਾਂ ਦੇ ਧਰਨਿਆਂ ‘ਚ ਸ਼੍ਰੋਮਣੀ ਕਮੇਟੀ ਭੇਜੇਗੀ ਲੰਗਰ
ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਹੈ ਕਿ ਭਾਰਤ ਸਰਕਾਰ ਵੱਲੋਂ ਕਿਸਾਨ ਵਿਰੋਧੀ ਕਾਨੂੰਨ ਪਾਸ ਕੀਤੇ ਜਾਣ ਵਿਰੁੱਧ ਕਿਸਾਨਾਂ ਵੱਲੋਂ ਦਿੱਤੇ ਜਾ ਰਹੇ ਧਰਨਿਆਂ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਅਧੀਨ ਗੁਰਦੁਆਰਾ ਸਾਹਿਬਾਨ ਤੋਂ ਲੰਗਰ ਭੇਜਿਆ ਜਾਵੇਗਾ। ਲੌਂਗੋਵਾਲ ਨੇ ਕਿਹਾ ਕਿ ਭਾਰਤ ਸਰਕਾਰ ਦੇ ਕਿਸਾਨ ਵਿਰੋਧੀ ਕਾਨੂੰਨਾਂ ਨਾਲ ਕਿਸਾਨਾਂ ਅੰਦਰ ਭਾਰੀ ਰੋਸ ਦੀ ਭਾਵਨਾ ਬਣੀ ਹੋਈ ਹੈ ਅਤੇ ਇਸ ਸੰਘਰਸ਼ ਦੌਰਾਨ ਸ਼੍ਰੋਮਣੀ ਕਮੇਟੀ ਹਰ ਪੱਧਰ ‘ਤੇ ਕਿਸਾਨਾਂ ਦੇ ਨਾਲ ਹੈ।
_______________________________
ਕਿਸਾਨਾਂ ਦਾ ਦਰਦ ਕੇਂਦਰ ਤੱਕ ਜ਼ਰੂਰ ਪੁੱਜੇਗਾ: ਅਮਰਿੰਦਰ
ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਕਰੋਨਾ ਦੀ ਪਰਵਾਹ ਨਾ ਕਰਦੇ ਹੋਏ ਖੇਤੀ ਕਾਨੂੰਨਾਂ ਖਿਲਾਫ ਸੜਕਾਂ ‘ਤੇ ਉਤਰੇ ਕਿਸਾਨਾਂ ਦਾ ਦਰਦ ਜ਼ਰੂਰ ਕੇਂਦਰ ਤੱਕ ਪੁੱਜੇਗਾ। ਕੇਂਦਰ ਸਰਕਾਰ ਕਿਸਾਨਾਂ ਨੂੰ ਤਬਾਹੀ ਦੇ ਰਾਹ ਪਾਉਣ ‘ਤੇ ਤੁਲੀ ਹੋਈ ਹੈ। ਉਨ੍ਹਾਂ ਕੇਂਦਰ ਸਰਕਾਰ ਉਤੇ ਪੂੰਜੀਵਾਦੀ ਤਾਕਤਾਂ ਦੇ ਹਿੱਤਾਂ ਦੀ ਪੂਰਤੀ ਲਈ ਕਿਸਾਨਾਂ ਦੀਆਂ ਚਿੰਤਾਵਾਂ ਨੂੰ ਅਣਗੌਲਿਆ ਕਰਨ ਦਾ ਦੋਸ਼ ਵੀ ਲਾਇਆ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪੂਰੀ ਤਰ੍ਹਾਂ ਕਿਸਾਨੀ ਹਿੱਤਾਂ ਖਾਤਰ ਹਰ ਕਦਮ ਉਠਾਏਗੀ ਤਾਂ ਜੋ ਖੇਤੀ ਨੈੱਟਵਰਕ ਨੂੰ ਢਾਹ ਲਾਉਣ ਵਾਲੇ ਕੇਂਦਰੀ ਮਨਸੂਬਿਆਂ ਨੂੰ ਨੱਥ ਪਾਈ ਜਾ ਸਕੇ।
___________________________
‘ਆਪ’ ਨੇ ਅਡਾਨੀ ਦੇ ਕਣਕ ਭੰਡਾਰ ਵਾਲੇ ਬੋਰਡਾਂ ‘ਤੇ ਕਾਲਖ ਮਲੀ
ਮੋਗਾ: ਆਮ ਆਦਮੀ ਪਾਰਟੀ (ਆਪ) ਨੇ ਮੋਗਾ ਵਿਚ 2.25 ਲੱਖ ਮੀਟ੍ਰਿਕ ਟਨ ਸਮਰਥਾ ਵਾਲੇ ਅਡਾਨੀ ਆਧੁਨਿਕ ਤਕਨੀਕ ਕਣਕ ਭੰਡਾਰ ਦੇ ਬੋਰਡਾਂ ਉਤੇ ਕਾਲਖ ਪੋਤ ਕੇ ਰੋਸ ਦਾ ਪ੍ਰਗਟਾਵਾ ਕੀਤਾ। ਇਸ ਦੌਰਾਨ ਵਿਧਾਇਕ ਮੀਤ ਹੇਅਰ ਅਤੇ ਮਨਜੀਤ ਸਿੰਘ ਬਿਲਾਸਪੁਰ ਦੀ ਅਗਵਾਈ ਹੇਠ ਪਾਰਟੀ ਵਰਕਰਾਂ ਅਤੇ ਇਲਾਕਾ ਵਾਸੀਆਂ ਨੇ ਅਨਾਜ ਭੰਡਾਰ ਵਿਚ ਥਾਂ-ਥਾਂ ਲੱਗੇ ਬੋਰਡਾਂ ਉਤੇ ਕਾਲਾ ਰੰਗ ਪੋਤ ਕੇ ‘ਅੰਬਾਨੀ-ਅਡਾਨੀ ਵਾਪਸ ਜਾਓ’ ਦੇ ਨਾਅਰੇ ਲਾਏ।
ਇਸ ਮੌਕੇ ਵਿਧਾਇਕ ਮੀਤ ਹੇਅਰ ਨੇ ਕੇਂਦਰ ਦੀ ਮੋਦੀ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਅੰਬਾਨੀ-ਅਡਾਨੀ ਕਾਰਪੋਰੇਟ ਘਰਾਣਿਆਂ ਨੂੰ ਪੰਜਾਬ ਦੀ ਧਰਤੀ ਉਤੇ ਪੈਰ ਨਹੀਂ ਰੱਖਣ ਦਿੱਤਾ ਜਾਵੇਗਾ। ਜੇ ਸੂਬੇ ਦੀ ਕੈਪਟਨ ਸਰਕਾਰ ਜਾਂ ਕਾਰਪੋਰੇਟ ਘਰਾਣਿਆਂ ਨੇ ਅਜਿਹਾ ਕਰਨ ਦੀ ਕੋਸ਼ਿਸ਼ ਵੀ ਕੀਤੀ ਤਾਂ ਉਹ ਆਪਣੀ ‘ਧਰਤੀ ਮਾਂ’ ਨੂੰ ਬਚਾਉਣ ਲਈ ਹਰ ਕੁਰਬਾਨੀ ਦੇਣ ਲਈ ਤਿਆਰ ਹਨ। ਉਨ੍ਹਾਂ ਕਿਹਾ ਕਿ ਸੜਕਾਂ ਉਤੇ ਧਰਨੇ ਲਾ ਕੇ ਦੇਖ ਲਏ, ਰੇਲ ਪਟੜੀਆਂ ‘ਤੇ ਬੈਠ ਕੇ ਦੇਖ ਲਿਆ ਪਰ ਮੋਦੀ ਸਰਕਾਰ ‘ਤੇ ਕੋਈ ਅਸਰ ਨਹੀਂ ਹੋਇਆ। ਹੁਣ ਕੇਂਦਰ ਅਤੇ ਸੂਬਾ ਸਰਕਾਰਾਂ ਲਈ ਪੈਸੇ ਛਾਪਣ ਵਾਲੀਆਂ ਮਸ਼ੀਨਾਂ ਅੰਬਾਨੀ-ਅਡਾਨੀ ਦੀਆਂ ਕੰਪਨੀਆਂ ਵਿਚ ਜਾ ਕੇ ਪ੍ਰਦਰਸ਼ਨ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਅਤੇ ਕੈਪਟਨ ਅਮਰਿੰਦਰ ਸਿੰਘ ਨੇ ਕਾਲਾ ਕਾਨੂੰਨ ਪਾਸ ਕਰਕੇ ਪੰਜਾਬ ਦੇ ਕਿਸਾਨਾਂ ਸਮੇਤ ਖੇਤ-ਮਜ਼ਦੂਰਾਂ, ਮੁਨੀਮਾਂ, ਆੜ੍ਹਤੀਆਂ, ਪੱਲੇਦਾਰਾਂ, ਕਾਰੀਗਰਾਂ, ਸਨਅਤਾਂ, ਟਰਾਂਸਪੋਰਟਰਾਂ, ਛੋਟੇ ਦੁਕਾਨਦਾਰਾਂ ਅਤੇ ਕਾਰੋਬਾਰੀਆਂ ਦੀ ਪਿੱਠ ‘ਚ ਛੁਰਾ ਮਾਰਿਆ ਹੈ।
_____________________________
ਕੇਂਦਰ ਦੇ ਗਲਤ ਫੈਸਲੇ ਨੇ ਸੜਕਾਂ ‘ਤੇ ਰੋਲੇ ਕਿਸਾਨ: ਨਵਜੋਤ ਸਿੱਧੂ
ਧੂਰੀ: ਸਾਬਕਾ ਕੈਬਨਿਟ ਮੰਤਰੀ ਤੇ ਵਿਧਾਇਕ ਨਵਜੋਤ ਸਿੰਘ ਸਿੱਧੂ ਨੇ ਇਥੋਂ ਦੇ ਪਿੰਡ ਮਾਨਵਾਲਾ ਤੋਂ ਖੇਤੀ ਕਾਨੂੰਨਾਂ ਵਿਰੁੱਧ ਸੰਘਰਸ਼ ਦੀ ਸ਼ੁਰੂਆਤ ਕੀਤੀ ਹੈ। ਧੂਰੀ ਦੇ ਸਾਬਕਾ ਵਿਧਾਇਕ ਧਨਵੰਤ ਸਿੰਘ ਮਾਨ ਦੀ ਅਗਵਾਈ ਵਿਚ ਕਰਵਾਏ ਗਏ ਸਮਾਗਮ ਨੂੰ ਸੰਬੋਧਨ ਕਰਦਿਆਂ ਸਿੱਧੂ ਨੇ ਕਿਹਾ ਕਿ ਦੇਸ਼ ਦੇ ਅੰਨ ਭੰਡਾਰ ਨੂੰ ਭਰਨ ਲਈ ਪੰਜਾਬ ਅਤੇ ਹਰਿਆਣਾ ਦੇ ਕਿਸਾਨਾਂ ਨੇ ਵੱਡਾ ਯੋਗਦਾਨ ਪਾਇਆ ਹੈ, ਪਰ ਹੁਣ ਕੇਂਦਰ ਦੇ ਗਲਤ ਫੈਸਲਿਆਂ ਕਾਰਨ ਦੋਵੇਂ ਰਾਜਾਂ ਦੇ ਕਿਸਾਨ ਸੜਕਾਂ ‘ਤੇ ਰੁਲਣ ਲਈ ਮਜਬੂਰ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਕਾਨੂੰਨਾਂ ਕਾਰਨ ਕਿਸਾਨਾਂ ਦੇ ਨਾਲ-ਨਾਲ ਕਰੀਬ 28 ਹਜ਼ਾਰ ਆੜ੍ਹਤੀਏ, 4 ਤੋਂ 5 ਲੱਖ ਮੰਡੀਆਂ ‘ਚ ਕੰਮ ਕਰਨ ਵਾਲੇ ਮਜ਼ਦੂਰ ਪ੍ਰਭਾਵਿਤ ਹੋਣਗੇ।