ਪਾਵਨ ਸਰੂਪ: ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਵਲੋਂ ਲੌਂਗੋਵਾਲ ਨੂੰ ਅਲਟੀਮੇਟਮ

ਅੰਮ੍ਰਿਤਸਰ: ਸ਼੍ਰੋਮਣੀ ਕਮੇਟੀ ਦੇ ਕੁਝ ਮੈਂਬਰਾਂ ਨੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੂੰ ਪੱਤਰ ਭੇਜ ਕੇ ਮੰਗ ਕੀਤੀ ਹੈ ਕਿ ਲਾਪਤਾ ਪਾਵਨ ਸਰੂਪਾਂ ਦੇ ਮਾਮਲੇ ਦੀ ਮੁਕੰਮਲ ਜਾਂਚ ਰਿਪੋਰਟ ਜਨਤਕ ਕੀਤੀ ਜਾਵੇ। ਉਨ੍ਹਾਂ ਚਿਤਾਵਨੀ ਦਿੱਤੀ ਹੈ ਕਿ ਜੇ 18 ਅਕਤੂਬਰ ਤੱਕ ਇਸ ਮਾਮਲੇ ਵਿਚ ਕਾਰਵਾਈ ਨਾ ਹੋਈ ਤਾਂ ਇਹ ਮੈਂਬਰ ਸ਼੍ਰੋਮਣੀ ਕਮੇਟੀ ਐਕਟ ਮੁਤਾਬਕ ਕਾਰਵਾਈ ਕਰਨਗੇ।

ਇਸ ਪੱਤਰ ‘ਤੇ ਸੇਵਾ ਸਿੰਘ ਸੇਖਵਾਂ, ਜਸਵੰਤ ਸਿੰਘ, ਬਾਬਾ ਗੁਰਮੀਤ ਸਿੰਘ, ਜੈਪਾਲ ਸਿੰਘ, ਮਹਿੰਦਰ ਸਿੰਘ ਹੁਸੈਨਪੁਰ, ਮਿੱਠੂ ਸਿੰਘ, ਹਰਪ੍ਰੀਤ ਸਿੰਘ, ਅਮਰੀਕ ਸਿੰਘ ਸ਼ਾਹਪੁਰ ਤੇ ਹੋਰਨਾਂ ਦੇ ਦਸਤਖਤ ਹਨ। ਇਨ੍ਹਾਂ ਮੈਂਬਰਾਂ ਨੇ ਅਲਟੀਮੇਟਮ ਦਿੱਤਾ ਕਿ ਰਿਪੋਰਟ ਜਨਤਕ ਨਾ ਕਰਨ ‘ਤੇ ਉਹ ਕਾਨੂੰਨੀ ਕਾਰਵਾਈ ਲਈ ਮਜਬੂਰ ਹੋਣਗੇ। ਉਨ੍ਹਾਂ ਦੋਸ਼ ਲਾਇਆ ਕਿ ਮਈ 2016 ਵਿਚ ਅੱਗ ਲੱਗਣ ਅਤੇ ਪਾਣੀ ਦੀਆਂ ਬੌਛਾਰਾਂ ਨਾਲ ਪਾਵਨ ਸਰੂਪਾਂ ਦੇ ਹੋਏ ਨੁਕਸਾਨ ਬਾਰੇ ਸੰਗਤ ਨੂੰ ਗਲਤ ਜਾਣਕਾਰੀ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਲਾਪਤਾ ਸਰੂਪਾਂ ਦੇ ਮਾਮਲੇ ਵਿਚ ਵੀ ਦੋਸ਼ੀ ਪਾਏ ਗਏ ਕਰਮਚਾਰੀਆਂ ਅਤੇ ਅਧਿਕਾਰੀਆਂ ਖਿਲਾਫ ਕੋਈ ਕਾਰਵਾਈ ਨਹੀਂ ਕੀਤੀ ਗਈ ਸਗੋਂ ਪੁਲਿਸ ਕਾਰਵਾਈ ਕਰਨ ਦੇ ਫੈਸਲੇ ਤੋਂ ਵੀ ਟਾਲਾ ਵੱਟਿਆ ਗਿਆ ਹੈ। ਉਨ੍ਹਾਂ ਕਿਹਾ ਕਿ ਹੁਣ ਇਹ ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਸਰੂਪ ਗਾਇਬ ਨਹੀਂ ਹੋਏ ਸਗੋਂ ਸੰਗਤ ਕੋਲ ਹੀ ਹਨ। ਇਸ ਸਬੰਧੀ ਜਥੇਬੰਦੀਆਂ ਜਾਂਚ ਰਿਪੋਰਟ ਨੂੰ ਜਨਤਕ ਕਰਨ ਦੀ ਮੰਗ ਕਰ ਰਹੀਆਂ ਹਨ ਪਰ ਹੁਣ ਤਕ ਜਾਂਚ ਰਿਪੋਰਟ ਜਨਤਕ ਨਹੀਂ ਕੀਤੀ ਗਈ।
ਸ਼੍ਰੋਮਣੀ ਕਮੇਟੀ ਅਤੇ ਧਰਮ ਪ੍ਰਚਾਰ ਕਮੇਟੀ ਦੇ 15 ਦੇ ਕਰੀਬ ਮੈਂਬਰਾਂ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੂੰ ਪੱਤਰ ਲਿਖ ਕੇ ਮਈ 2016 ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਭਵਨ ਸ੍ਰੀ ਰਾਮਸਰ ਸਾਹਿਬ ਵਿਖੇ ਅੱਗ ਲੱਗਣ ਦੀ ਘਟਨਾ ਦੌਰਾਨ ਅਗਨਭੇਟ ਤੇ ਪਾਣੀ ਨਾਲ ਨੁਕਸਾਨੇ ਗਏ ਅਤੇ ਰਿਕਾਰਡ ਮੁਤਾਬਕ ਘਟੇ ਪਾਵਨ ਸਰੂਪਾਂ ਦਾ ਸਿੱਖ ਸੰਗਤਾਂ ਨੂੰ ਹਿਸਾਬ ਦੇਣ ਅਤੇ ਐਡਵੋਕੇਟ ਈਸ਼ਰ ਸਿੰਘ ਦੀ ਸਮੁੱਚੀ ਜਾਂਚ ਰਿਪੋਰਟ ਨੂੰ 18 ਅਕਤੂਬਰ ਤੱਕ ਜਨਤਕ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਹੈ ਕਿ ਜੇਕਰ ਅਜਿਹਾ ਨਾ ਕੀਤਾ ਗਿਆ ਤਾਂ ਉਹ ਕਾਨੂੰਨੀ ਕਾਰਵਾਈ ਕਰਨ ਲਈ ਮਜਬੂਰ ਹੋਣਗੇ।
ਸ਼੍ਰੋਮਣੀ ਕਮੇਟੀ ਮੈਂਬਰਾਂ ਨੇ ਦੱਸਿਆ ਕਿ ਪੱਤਰ ‘ਚ ਪ੍ਰਧਾਨ ਨੂੰ ਕਿਹਾ ਗਿਆ ਹੈ ਕਿ ਉਨ੍ਹਾਂ ਵਲੋਂ 27.8.2020 ਨੂੰ ਕੁਝ ਕਰਮਚਾਰੀਆਂ ਨੂੰ ਮੁਅੱਤਲ ਤੇ ਬਰਖਾਸਤ ਕਰਕੇ ਦੋਸ਼ੀਆਂ ਖਿਲਾਫ ਮੁਕੱਦਮਾ ਦਰਜ ਕਰਨ ਲਈ ਕਿਹਾ ਗਿਆ ਸੀ, ਪਰ ਕੁਝ ਦਿਨਾਂ ਬਾਅਦ ਆਪਣੇ ਹੀ ਬਿਆਨ ਤੋਂ ਮੁੱਕਰ ਜਾਣ ਕਰਕੇ ਇਸ ਵੱਕਾਰੀ ਸੰਸਥਾ ਦੇ ਉੱਚ ਅਹੁਦੇ ‘ਤੇ ਸਵਾਲ ਖੜ੍ਹੇ ਹੋ ਗਏ ਹਨ। ਮੈਂਬਰਾਂ ਨੇ ਕਿਹਾ ਕਿ ਹੈਰਾਨੀ ਦੀ ਗੱਲ ਇਹ ਹੈ ਕਿ ਐਡਵੋਕੇਟ ਈਸ਼ਰ ਸਿੰਘ ‘ਤੇ ਆਧਾਰਿਤ ਕਮੇਟੀ ਦੀ ਜਾਂਚ ਰਿਪੋਰਟ ਨੂੰ ਜਨਤਕ ਨਹੀਂ ਕੀਤਾ ਗਿਆ, ਜਦੋਂ ਕਿ ਸਿੱਖ ਜਥੇਬੰਦੀਆਂ ਵਲੋਂ ਇਸ ਦੀ ਲਗਾਤਾਰ ਮੰਗ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਨੂੰ 18 ਅਕਤੂਬਰ ਤੱਕ ਦਾ ਸਮਾਂ ਦਿੰਦਿਆਂ ਚਿਤਾਵਨੀ ਦਿੱਤੀ ਕਿ ਜੇਕਰ ਅਜਿਹਾ ਨਾ ਕੀਤਾ ਗਿਆ ਤਾਂ ਉਹ ਸ਼੍ਰੋਮਣੀ ਕਮੇਟੀ ਮੈਂਬਰ ਕਾਨੂੰਨੀ ਕਾਰਵਾਈ ਕਰਨ ਲਈ ਮਜਬੂਰ ਹੋਣਗੇ ਤੇ ਇਸ ਲਈ ਪ੍ਰਧਾਨ ਖੁਦ ਜ਼ਿੰਮੇਵਾਰ ਹੋਣਗੇ।
_____________________________
ਮੁੱਖ ਦਫਤਰ ਦੇ ਪ੍ਰਵੇਸ਼ ਦੁਆਰ ਨੂੰ ਜੜਿਆ ਤਾਲਾ
ਅੰਮ੍ਰਿਤਸਰ: ਲਾਪਤਾ 328 ਪਾਵਨ ਸਰੂਪਾਂ ਦੇ ਮਾਮਲੇ ‘ਚ ਦੋਸ਼ੀ ਕਰਮਚਾਰੀਆਂ ਵਿਰੁੱਧ ਫੌਜਦਾਰੀ ਕੇਸ ਦਰਜ ਕਰਾਉਣ ਦੀ ਮੰਗ ਨੂੰ ਲੈ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਮੇਟੀ, ਜਥਾ ਸਿਰਲੱਥ ਖਾਲਸਾ ਤੇ ਹੋਰ ਸਿੱਖ ਜਥੇਬੰਦੀਆਂ ਵਲੋਂ 14 ਸਤੰਬਰ ਤੋਂ ਸ਼੍ਰੋਮਣੀ ਕਮੇਟੀ ਦਫਤਰ ਸਾਹਮਣੇ ਦਿੱਤੇ ਜਾ ਰਹੇ ਰੋਸ ਧਰਨੇ ਜਾਰੀ ਹਨ। ਜਥੇਬੰਦੀਆਂ ਦੇ ਕੁਝ ਆਗੂਆਂ ਵਲੋਂ ਸੰਘਰਸ਼ ਨੂੰ ਨਵਾਂ ਮੋੜ ਦਿੰਦਿਆਂ ਸ਼੍ਰੋਮਣੀ ਕਮੇਟੀ ਦਫਤਰ ਦੇ ਬਾਹਰਲੇ ਮੁੱਖ ਪ੍ਰਵੇਸ਼ ਦੁਆਰ ਨੂੰ ਤਾਲਾ ਮਾਰ ਦਿੱਤਾ ਗਿਆ। ਦੂਜੇ ਪਾਸੇ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਨੇ ਜਥੇਬੰਦੀਆਂ ਦੀ ਇਸ ਕਾਰਵਾਈ ਨੂੰ ਮੰਦਭਾਗੀ ਕਰਾਰ ਦਿੱਤਾ ਹੈ। ਰੋਸ ਧਰਨਾ ਦੇ ਰਹੀਆਂ ਜਥੇਬੰਦੀਆਂ ਦੀ 7 ਮੈਂਬਰੀ ਕਮੇਟੀ ਦੇ ਮੈਂਬਰ ਸੁਖਜੀਤ ਸਿੰਘ ਖੋਸੇ ਨੇ ਕਿਹਾ ਕਿ ਜਦੋਂ ਤੱਕ ਦੋਸ਼ੀਆਂ ਵਿਰੁੱਧ ਫੌਜਦਾਰੀ ਕੇਸ ਦਰਜ ਨਹੀਂ ਕਰਾਏ ਜਾਂਦੇ, ਉਦੋਂ ਤੱਕ ਸ਼੍ਰੋਮਣੀ ਕਮੇਟੀ ਦੇ ਮੁੱਖ ਦਫਤਰ ਦੇ ਪ੍ਰਵੇਸ਼ ਦੁਆਰ ਦੀ ਤਾਲਾਬੰਦੀ ਜਾਰੀ ਰਹੇਗੀ।
_____________________
ਸੁਖਬੀਰ ਨੂੰ ਅਕਾਲ ਤਖਤ ‘ਤੇ ਤਲਬ ਕਰਨ ਦੀ ਮੰਗ
ਸੰਗਰੂਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅੱਧੀ ਦਰਜਨ ਮੈਂਬਰਾਂ ਨੇ ਅਕਾਲ ਤਖਤ ਸਾਹਿਬ ਦੇ ਜਥੇਦਾਰ ਤੋਂ ਸੁਖਬੀਰ ਸਿੰਘ ਬਾਦਲ ਨੂੰ ਵਾਰ-ਵਾਰ ਧਾਰਮਿਕ ਮਰਿਯਾਦਾ ਦੀ ਉਲੰਘਣਾ ਕਰਨ ਦੇ ਦੋਸ਼ ਹੇਠ ਅਕਾਲ ਤਖਤ ਸਾਹਿਬ ਉਤੇ ਤਲਬ ਕਰ ਕੇ ਧਾਰਮਿਕ ਸਜ਼ਾ ਲਾਉਣ ਦੀ ਮੰਗ ਕੀਤੀ ਹੈ। ਸ਼੍ਰੋਮਣੀ ਅਕਾਲੀ ਦਲ (ਡੈਮੋਕ੍ਰੈਟਿਕ) ਪੱਖੀ ਕਮੇਟੀ ਮੈਂਬਰ ਭਾਈ ਮਲਕੀਤ ਸਿੰਘ ਚੰਗਾਲ, ਹਰਦੇਵ ਸਿੰਘ ਰੋਗਲਾ, ਮਿੱਠੂ ਸਿੰਘ ਕਾਹਨਕੇ, ਜੈਪਾਲ ਸਿੰਘ ਮੰਡੀਆਂ, ਮਨਜੀਤ ਸਿੰਘ ਬੱਪੀਆਣਾ ਤੇ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਰਾਮਪਾਲ ਸਿੰਘ ਬਹਿਣੀਵਾਲ ਨੇ ਦੋਸ਼ਸਸ ਲਾਇਆ ਕਿ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਆਪਣੀ ਸਾਖ ਬਚਾਉਣ ਲਈ ਤਿੰਨ ਤਖਤਾਂ ਦਾ ਆਸਰਾ ਲੈ ਕੇ ਅਜਿਹਾ ਮਾਰਚ ਕੱਢਿਆ ਹੈ, ਜਿਸ ਦਾ ਮਕਸਦ ਕਿਸਾਨ ਲਹਿਰ ਦਾ ਨੁਕਸਾਨ ਕਰਨਾ ਸੀ।