ਖੇਤੀ ਕਾਨੂੰਨ: ਪੰਜਾਬ ਵਿਚ ਥਾਂ-ਥਾਂ ਭਾਜਪਾ ਆਗੂਆਂ ਦੀ ਘੇਰਾਬੰਦੀ

ਹੁਸ਼ਿਆਰਪੁਰ: ਪੰਜਾਬ ਵਿਚ ਖੇਤੀ ਕਾਨੂੰਨਾਂ ਖਿਲਾਫ ਰੋਹ ਤਿੱਖਾ ਹੁੰਦਾ ਜਾ ਰਿਹਾ ਹੈ। ਕਿਸਾਨਾਂ ਦੇ ਨਿਸ਼ਾਨੇ ਉਤੇ ਹੁਣ ਭਾਜਪਾ ਆਗੂ ਆ ਗਏ ਹਨ। ਮੌਜੂਦਾ ਹਾਲਾਤ ਦੱਸ ਰਹੇ ਹਨ ਕਿ ਖੇਤੀ ਕਾਨੂੰਨਾਂ ਦੀ ਹਮਾਇਤ ਕਰਨਾ ਭਾਰਤੀ ਜਨਤਾ ਪਾਰਟੀ ਨੂੰ ਆਉਣ ਵਾਲੇ ਦਿਨਾਂ ‘ਚ ਭਾਰੀ ਪੈ ਸਕਦਾ ਹੈ। ਇਸ ਦਾ ਅੰਦਾਜ਼ਾ ਉਸ ਸਮੇਂ ਲੱਗ ਗਿਆ ਜਦੋਂ ਜਲੰਧਰ ਤੋਂ ਪਠਾਨਕੋਟ ਜਾ ਰਹੇ ਪਾਰਟੀ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਗੱਡੀ ‘ਤੇ ਕੁਝ ਵਿਅਕਤੀਆਂ ਨੇ ਜੋ ਕਿਸਾਨ ਸਮਰਥਕ ਦੱਸੇ ਜਾਂਦੇ ਹਨ, ਨੇ ਚੌਲਾਂਗ ਟੋਲ ਪਲਾਜ਼ਾ ‘ਤੇ ਹਮਲਾ ਕਰ ਦਿੱਤਾ ਤੇ ਉਨ੍ਹਾਂ ਦੀ ਗੱਡੀ ਦੀ ਭੰਨਤੋੜ ਕੀਤੀ।

ਅਸ਼ਵਨੀ ਸ਼ਰਮਾ ਨੇ ਇਹ ਹਮਲਾ ਸਰਕਾਰ ਦੀ ਸਾਜਿਸ਼ ਕਰਾਰ ਦਿੱਤਾ ਹੈ। ਇਹੀ ਨਹੀਂ ਕਿਸਾਨ ਜਥੇਬੰਦੀਆਂ ਵੱਡੀ ਗਿਣਤੀ ਭਾਜਪਾ ਆਗੂਆਂ ਦੇ ਘਰਾਂ ਅੱਗੇ ਪੱਕੇ ਡੇਰੇ ਲਾਈ ਬੈਠੀਆਂ ਹਨ। 31 ਕਿਸਾਨ ਜਥੇਬੰਦੀਆਂ ਵਲੋਂ ਖੇਤੀ ਕਾਨੂੰਨਾਂ ਵਿਰੁੱਧ ਅਣਮਿਥੇ ਸਮੇਂ ਲਈ ਰੇਲਾਂ ਰੋਕਣ, ਭਾਜਪਾ ਦੇ ਆਗੂਆਂ ਦੇ ਘਰਾਂ ਅੱਗੇ ਧਰਨੇ ਦੇਣ ਅਤੇ ਭਾਜਪਾ ਦਾ ਪਿੰਡਾਂ ਵਿਚ ਦਾਖਲਾ ਬੰਦ ਕਰਨ ਦੇ ਸੱਦੇ ਤਹਿਤ ਕਿਰਤੀ ਕਿਸਾਨ ਯੂਨੀਅਨ, ਆਜ਼ਾਦ ਕਿਸਾਨ ਸੰਘਰਸ਼ ਕਮੇਟੀ ਅਤੇ ਕਿਸਾਨ ਸੰਘਰਸ਼ ਕਮੇਟੀ ਪੰਜਾਬ ਵਲੋਂ ਭਾਜਪਾ ਦੇ ਰਾਜ ਸਭਾ ਮੈਂਬਰ ਸ਼ਵੇਤ ਮਲਿਕ ਦੇ ਘਰ ਸਾਹਮਣੇ ਲਾਇਆ ਧਰਨਾ ਜਾਰੀ ਹੈ। ਇਸ ਦੌਰਾਨ ਕਿਸਾਨ ਆਗੂਆਂ ਨੇ ਮੰਗ ਕੀਤੀ ਕਿ ਕਿਸਾਨੀ ਵਿਰੋਧੀ ਕਾਨੂੰਨ ਰੱਦ ਕੀਤੇ ਜਾਣ ਅਤੇ ਬਿਜਲੀ ਐਕਟ ਸੋਧ ਬਿੱਲ-2020 ਵੀ ਰੱਦ ਕੀਤਾ ਜਾਵੇ।
ਖੇਤੀ ਕਾਨੂੰਨਾਂ ਖਿਲਾਫ ਲੋਕ ਇਨਸਾਫ ਪਾਰਟੀ ਦੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਦੀ ਅਗਵਾਈ ਹੇਠ ਪਾਰਟੀ ਕਾਰਕੁਨਾਂ ਨੇ ਭਾਜਪਾ ਆਗੂ ਤਰੁਣ ਚੁੱਘ ਦੇ ਘਰ ਅੱਗੇ ਰੋਸ ਧਰਨਾ ਦਿੱਤਾ ਅਤੇ ਕਿਸਾਨ ਵਿਰੋਧੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਹਲੂਣਾ ਦੇਣ ਦਾ ਯਤਨ ਕੀਤਾ। ਇਸ ਮੌਕੇ ਖੇਤੀ ਕਾਨੂੰਨਾਂ ਦੀਆਂ ਕਾਪੀਆਂ ਵੀ ਸਾੜੀਆਂ ਗਈਆਂ। ਉਧਰ, ਪੁਲਿਸ ਨੇ ਤਰੁਣ ਚੁੱਘ ਦੇ ਘਰ ਨੇੜੇ ਸਖਤ ਸੁਰੱਖਿਆ ਦੇ ਪ੍ਰਬੰਧ ਕੀਤੇ ਹੋਏ ਸਨ। ਇਸ ਦੌਰਾਨ ਸ੍ਰੀ ਬੈਂਸ ਨੇ ਆਖਿਆ ਕਿ ਸ਼੍ਰੋਮਣੀ ਅਕਾਲੀ ਦਲ ਵਲੋਂ ਐਨ.ਡੀ.ਏ. ਨਾਲ ਕੀਤੇ ਤੋੜ ਵਿਛੋੜੇ ਮਗਰੋਂ ਹੁਣ ਭਾਜਪਾ ਹੀ ਪੰਜਾਬ ਦੀ ਅਗਵਾਈ ਕਰ ਰਹੀ ਹੈ। ਇਸ ਲਈ ਉਨ੍ਹਾਂ ਦੇ ਜ਼ਮੀਰ ਨੂੰ ਹਲੂਣਾ ਦੇਣ ਲਈ ਇਹ ਪ੍ਰੋਗਰਾਮ ਉਲੀਕਿਆ ਗਿਆ ਹੈ। ਉਨ੍ਹਾਂ ਕਿਹਾ ਕਿ ਭਾਜਪਾ ਆਗੂ ਖੁਦ ਵੀ ਪੰਜਾਬੀ ਹਨ ਤੇ ਉਨ੍ਹਾਂ ਨੂੰ ਸੂਬੇ ਦੇ ਕਿਸਾਨਾਂ ਦੇ ਦਰਦ ਨੂੰ ਸਮਝਣਾ ਚਾਹੀਦਾ ਹੈ ਤੇ ਇਹ ਕਾਨੂੰਨ ਕਿਸਾਨ ਵਿਰੋਧੀ ਹਨ ਅਤੇ ਇਸ ਨਾਲ ਕਿਸਾਨਾਂ ਤੋਂ ਇਲਾਵਾ ਛੋਟੇ ਕਾਰੋਬਾਰੀ ਵੀ ਪ੍ਰਭਾਵਿਤ ਹੋਣਗੇ। ਉਨ੍ਹਾਂ ਆਖਿਆ ਕਿ ਇੱਕ ਪਾਸੇ ਮੋਦੀ ਸਰਕਾਰ ਕਿਸਾਨਾਂ ਨੂੰ ਗੱਲਬਾਤ ਦਾ ਸੱਦਾ ਦੇ ਰਹੀ ਹੈ ਅਤੇ ਦੂਜੇ ਪਾਸੇ ਕਿਸਾਨਾਂ ਅਤੇ ਉਨ੍ਹਾਂ ਦਾ ਸਮਰਥਨ ਕਰਨ ਵਾਲਿਆਂ ਨੂੰ ਰੇਲ ਪਟੜੀਆਂ ਤੋਂ ਹਟਾਉਣ ਲਈ ਧਮਕੀਆਂ ਦੇ ਕੇ ਡਰਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਗੱਲਬਾਤ ਵਿੱਚ ਸ਼ਾਮਲ ਹੋਣ ਦੇ ਇੱਛੁਕ ਕਿਸਾਨ ਆਗੂ ਕੇਂਦਰ ਸਰਕਾਰ ਦੀ ‘ਪਾੜੋ ਤੇ ਰਾਜ ਕਰੋ’ ਦੀ ਨੀਤੀ ਨੂੰ ਸਮਝਣ।
_______________________________________________
ਕਿਸਾਨ ਕਰਨਗੇ ਭਾਜਪਾ ਦਾ ਸਫਾਇਆ: ਅਕਾਲੀ ਦਲ
ਜਲੰਧਰ: ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਨੇ ਤੋੜ ਵਿਛੋੜੇ ਮਗਰੋਂ ਭਾਜਪਾ ਵਿਰੁੱਧ ਭੜਾਸ ਕੱਢਣੀ ਸ਼ੁਰੂ ਕਰ ਦਿੱਤੀ ਹੈ। ਅਕਾਲੀ ਦਲ ਦੇ ਆਗੂਆਂ ਨੇ ਸਪੱਸ਼ਟ ਕੀਤਾ ਹੈ ਕਿ ਜੇਕਰ ਭਾਜਪਾ ਬਾਦਲਾਂ ਵਿਰੁੱਧ ਝੂਠੀਆਂ ਅਫਵਾਹਾਂ ਫੈਲਾਉਣ ਤੋਂ ਬਾਜ਼ ਨਾ ਆਈ ਤਾਂ ਉਹ ਭਾਜਪਾ ਦੀਆਂ ਚਾਲਾਂ ਜੱਗ ਜ਼ਾਹਿਰ ਕਰ ਦੇਣਗੇ। ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਮੀਤ ਪ੍ਰਧਾਨ ਕਮਲਜੀਤ ਸਿੰਘ ਭਾਟੀਆ ਅਤੇ ਜਥੇਬੰਦਕ ਸਕੱਤਰ ਪੰਜਾਬ ਰਣਜੀਤ ਸਿੰਘ ਰਾਣਾ ਨੇ ਕਿਹਾ ਕਿ ਭਾਜਪਾ ਸੌੜੀ ਸੋਚ ਵਾਲੀ ਰਾਜਨੀਤੀ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਕਿਸਾਨਾਂ ਨਾਲ ਧੋਖਾ ਕਰ ਕੇ ਭਾਜਪਾ ਸੂਬੇ ਵਿਚ ਆਪਣੀ ਹੋਂਦ ਗੁਆ ਚੁੱਕੀ ਹੈ।