ਲਾਪਤਾ ਪਾਵਨ ਸਰੂਪ ਮਾਮਲਾ ਮੁੜ ਅਕਾਲ ਤਖਤ ਸਾਹਿਬ ‘ਤੇ ਪੁੱਜਾ

ਅੰਮ੍ਰਿਤਸਰ: 328 ਪਾਵਨ ਸਰੂਪ ਲਾਪਤਾ ਮਾਮਲੇ ਵਿਚ ਈਸ਼ਰ ਸਿੰਘ ਜਾਂਚ ਕਮੇਟੀ ਵਲੋਂ ਕੀਤੀ ਜਾਂਚ ਵਿਚ ਦੋਸ਼ੀ ਪਾਏ ਗਏ ਸ਼੍ਰੋਮਣੀ ਕਮੇਟੀ ਦੇ ਅਧਿਕਾਰੀ ਅਤੇ ਕਰਮਚਾਰੀਆਂ ਖਿਲਾਫ ਕਾਰਵਾਈ ਸਬੰਧੀ ਫੈਸਲਾ ਲੈਣ ਦਾ ਮਾਮਲਾ ਮੁੜ ਅਕਾਲ ਤਖਤ ਕੋਲ ਪੁੱਜ ਗਿਆ ਹੈ।

ਸ਼੍ਰੋਮਣੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਨੇ ਇਸ ਸਬੰਧੀ ਫੈਸਲਾ ਮੀਟਿੰਗ ਦੌਰਾਨ ਕੀਤਾ ਸੀ। ਧਰਮ ਪ੍ਰਚਾਰ ਕਮੇਟੀ ਦੀ ਮੀਟਿੰਗ ਵਿਚ ਇਸ ਘਟਨਾ ਦੀ ਨਿਖੇਧੀ ਕਰਦਿਆਂ ਇਸ ਮਾਮਲੇ ਨੂੰ ਬੇਅਦਬੀ ਦੀ ਥਾਂ ਗਬਨ ਕਰਾਰ ਦਿੱਤਾ ਗਿਆ ਹੈ। ਧਰਮ ਪ੍ਰਚਾਰ ਕਮੇਟੀ ਨੇ ਅਕਾਲ ਤਖਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਅਪੀਲ ਕੀਤੀ ਹੈ ਕਿ ਜਾਂਚ ਰਿਪੋਰਟ ਦੇ ਆਧਾਰ ‘ਤੇ ਦੋਸ਼ੀ ਕਰਮਚਾਰੀਆਂ ਅਤੇ ਅਧਿਕਾਰੀਆਂ ਨੂੰ ਪੰਥਕ ਰਵਾਇਤਾਂ ਅਨੁਸਾਰ ਮਿਸਾਲੀ ਸਜ਼ਾ ਦਿੱਤੀ ਜਾਵੇ। ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਵਲੋਂ ਕੀਤੇ ਫੈਸਲੇ ਦੇ ਆਧਾਰ ‘ਤੇ ਅਕਾਲ ਤਖਤ ਦੇ ਜਥੇਦਾਰ ਵਲੋਂ ਲਾਪਤਾ ਪਾਵਨ ਸਰੂਪ ਮਾਮਲੇ ਦੀ ਜਾਂਚ ਈਸ਼ਰ ਸਿੰਘ ਕਮੇਟੀ ਕੋਲੋਂ ਕਰਵਾਈ ਗਈ ਸੀ। ਅਕਾਲ ਤਖਤ ਵਲੋਂ ਜਾਂਚ ਰਿਪੋਰਟ ਸ਼੍ਰੋਮਣੀ ਕਮੇਟੀ ਨੂੰ ਸੌਂਪ ਦਿੱਤੀ ਸੀ ਅਤੇ ਆਦੇਸ਼ ਦਿੱਤਾ ਸੀ ਕਿ ਅੰਤ੍ਰਿੰਗ ਕਮੇਟੀ ਦੀ ਹੰਗਾਮੀ ਮੀਟਿੰਗ ਸੱਦ ਕੇ ਦੋਸ਼ੀ ਵਿਅਕਤੀਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ। ਅਕਾਲ ਤਖਤ ਵਲੋਂ ਇਸ ਮਾਮਲੇ ਵਿਚ ਖੁਦ ਕਾਰਵਾਈ ਨਹੀਂ ਕੀਤੀ ਗਈ ਸੀ ਪਰ ਮਈ 2016 ਵਿਚ ਪਾਵਨ ਸਰੂਪ ਅਗਨ ਭੇਟ ਹੋਣ ਦੇ ਮਾਮਲੇ ਵਿਚ ਉਸ ਵੇਲੇ ਦੀ ਅੰਤ੍ਰਿੰਗ ਕਮੇਟੀ ਨੂੰ ਤਲਬ ਕੀਤਾ ਗਿਆ ਸੀ।
ਸ਼੍ਰੋਮਣੀ ਕਮੇਟੀ ਨੇ ਇਸ ਮਾਮਲੇ ਵਿਚ ਪੰਜ ਕਰਮਚਾਰੀਆਂ ਤੇ ਅਧਿਕਾਰੀਆਂ ਨੂੰ ਤੁਰਤ ਸੇਵਾਵਾਂ ਤੋਂ ਫਾਰਗ ਕਰ ਦਿੱਤਾ ਸੀ ਅਤੇ ਪੰਜ ਨੂੰ ਮੁਅੱਤਲ ਕਰ ਦਿੱਤਾ ਸੀ। ਆਡਿਟ ਕਰਨ ਵਾਲੀ ਕੰਪਨੀ ਅਤੇ ਜਿਲਦਸਾਜ਼ ਕੰਪਨੀ ਦਾ ਠੇਕਾ ਤੁਰਤ ਰੱਦ ਕਰ ਦਿੱਤਾ ਸੀ। ਇਸੇ ਮਾਮਲੇ ਵਿਚ ਮੁਖ ਸਕੱਤਰ ਡਾ. ਰੂਪ ਸਿੰਘ ਨੇ ਨੈਤਿਕ ਆਧਾਰ ਉਤੇ ਅਸਤੀਫਾ ਦੇ ਦਿੱਤਾ ਸੀ। ਸ਼੍ਰੋਮਣੀ ਕਮੇਟੀ ਨੇ ਪਹਿਲਾਂ ਕੁਝ ਕਰਮਚਾਰੀਆਂ ਖਿਲਾਫ ਫੌਜਦਾਰੀ ਕੇਸ ਕਰਨ ਦਾ ਫੈਸਲਾ ਕੀਤਾ ਸੀ ਪਰ ਬਾਅਦ ਵਿਚ ਇਸ ਫੈਸਲੇ ਤੋਂ ਪੈਰ ਪਿਛਾਂਹ ਖਿੱਚ ਲਿਆ ਸੀ। ਸ਼੍ਰੋਮਣੀ ਕਮੇਟੀ ਨੇ ਦਾਅਵਾ ਕੀਤਾ ਸੀ ਕਿ ਉਹ ਸਿੱਖ ਸੰਸਥਾ ਦੇ ਮਾਮਲਿਆਂ ਵਿਚ ਪੁਲਿਸ ਦਖਲਅੰਦਾਜ਼ੀ ਨਹੀਂ ਕਰਾਏਗੀ। ਪਰ ਇਸ ਫੈਸਲੇ ਦਾ ਸਿੱਖ ਜਥੇਬੰਦੀਆਂ ਵਲੋਂ ਵਿਰੋਧ ਕੀਤਾ ਜਾ ਰਿਹਾ ਹੈ। ਇਸ ਦੇ ਸਿੱਟੇ ਵਜੋਂ ਸ਼੍ਰੋਮਣੀ ਕਮੇਟੀ ਦਫਤਰ ਦੇ ਬਾਹਰ ਕਈ ਦਿਨਾਂ ਤੋਂ ਧਰਨਾ ਚੱਲ ਰਿਹਾ ਹੈ। ਹੁਣ ਸ਼੍ਰੋਮਣੀ ਕਮੇਟੀ ਨੇ ਮੁੜ ਅਕਾਲ ਤਖਤ ਕੋਲ ਮਾਮਲਾ ਭੇਜ ਦਿੱਤਾ ਹੈ।
ਪੰਥਕ ਜਥੇਬੰਦੀਆਂ ਵਲੋਂ 17 ਸਤੰਬਰ ਨੂੰ ਇਸੇ ਮਾਮਲੇ ਵਿਚ ਸ੍ਰੀ ਅਕਾਲ ਤਖਤ ਉਤੇ ਅਰਦਾਸ ਕੀਤੀ ਗਈ ਸੀ ਅਤੇ 22 ਸਤੰਬਰ ਤੋਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਦੇ ਘਰ ਨੇੜੇ ਇਸੇ ਮੰਗ ਨੂੰ ਲੈ ਕੇ ਧਰਨਾ ਚਲ ਰਿਹਾ ਹੈ। ਸਿੱਖ ਆਗੂਆਂ ਨੇ ਕਿਹਾ ਹੈ ਕਿ ਲਗਭਗ ਇਕ ਮਹੀਨਾ ਹੋਣ ਨੂੰ ਆਇਆ ਹੈ ਪਰ ਸ੍ਰੀ ਲੌਂਗੋਵਾਲ ਸਮੇਤ ਕਿਸੇ ਵੀ ਅਕਾਲੀ ਆਗੂ ਨੇ ਪਾਵਨ ਸਰੂਪ ਕਿੱਥੇ ਹਨ, ਬਾਰੇ ਕੋਈ ਖੁਲਾਸਾ ਨਹੀਂ ਕੀਤਾ, ਨਾ ਹੀ ਦੋਸ਼ੀਆਂ ਖਿਲਾਫ ਕਾਰਵਾਈ ਕੀਤੀ ਹੈ। ਉਨ੍ਹਾਂ ਕਿਹਾ ਕਿ ਸਿੱਖ ਕੌਮ ਜਾਨਣਾ ਚਾਹੁੰਦੀ ਹੈ ਕਿ ਲਾਪਤਾ ਸਰੂਪ ਕਿੱਥੇ ਹਨ। ਇਸ ਮਾਮਲੇ ‘ਚ ਖਦਸ਼ਾ ਹੈ ਕਿ ਇਹ ਸਰੂਪ ਨਾਗਪੁਰ ਜਾਂ ਸਿਰਸਾ ਡੇਰੇ ‘ਤੇ ਭੇਜੇ ਹੋਣਗੇ।
____________________________________________
ਲੌਂਗੋਵਾਲ ਖਿਲਾਫ ਕੇਸ ਦਰਜ ਕਰਨ ਦੀ ਮੰਗ
ਅੰਮ੍ਰਿਤਸਰ: 328 ਪਾਵਨ ਸਰੂਪਾਂ ਦੇ ਮਾਮਲੇ ਵਿਚ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਦੇ ਮੰਤਵ ਨਾਲ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਆਗੂਆਂ ਨੇ ਸ੍ਰੀ ਅਕਾਲ ਤਖਤ ‘ਤੇ ਅਰਦਾਸ ਕੀਤੀ। ਸਿੱਖ ਆਗੂਆਂ ਨੇ ਇਸ ਮਾਮਲੇ ਵਿਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਖਿਲਾਫ ਪੁਲਿਸ ਕੇਸ ਦਰਜ ਕਰਨ ਦੀ ਮੰਗ ਕੀਤੀ। ਸ੍ਰੀ ਅਕਾਲ ਤਖਤ ਵਿਖੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਆਗੂ ਜਸਕਰਨ ਸਿੰਘ ਕਾਹਨ ਸਿੰਘ ਵਾਲਾ, ਗੁਰਸੇਵਕ ਸਿੰਘ ਜਵਾਹਰਕੇ, ਹਰਬੀਰ ਸਿੰਘ ਸੰਧੂ ਆਦਿ ਦੀ ਅਗਵਾਈ ਹੇਠ ਪਾਵਨ ਸਰੂਪ ਮਾਮਲਿਆਂ ਬਾਰੇ ਅਰਦਾਸ ਕੀਤੀ ਗਈ। ਸਿੱਖ ਆਗੂਆਂ ਨੇ ਆਖਿਆ ਕਿ ਇਸ ਮਾਮਲੇ ਵਿਚ ਦੋਸ਼ੀਆਂ ਸਮੇਤ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਸ੍ਰੀ ਲੌਂਗੋਵਾਲ ਖਿਲਾਫ ਵੀ ਕੇਸ ਦਰਜ ਹੋਣਾ ਚਾਹੀਦਾ ਹੈ। ਪਾਰਟੀ ਵਲੋਂ ਇਸ ਸਬੰਧੀ ਕਾਨੂੰਨੀ ਮਾਹਿਰਾਂ ਨਾਲ ਮਸ਼ਵਰਾ ਕੀਤਾ ਗਿਆ ਹੈ ਅਤੇ ਜਲਦੀ ਹੀ ਇਸ ਬਾਰੇ ਐਲਾਨ ਕੀਤਾ ਜਾਵੇਗਾ।
_______________________________________________
ਹਵਾਰਾ ਕਮੇਟੀ ਨੇ ਸਿੱਖ ਨੌਜਵਾਨਾਂ ਦੀ ਜਥੇਬੰਦੀ ਬਣਾਈ
ਅੰਮ੍ਰਿਤਸਰ: ਮੁਤਵਾਜ਼ੀ ਜਥੇਦਾਰ ਜਗਤਾਰ ਸਿੰਘ ਹਵਾਰਾ ਨਾਲ ਸਬੰਧਤ ਹਵਾਰਾ ਕਮੇਟੀ ਨੇ ਸਿੱਖ ਨੌਜਵਾਨਾਂ ਦੀ ਜਥੇਬੰਦੀ ‘ਅਕਾਲ ਯੂਥ’ ਦੇ ਗਠਨ ਦਾ ਐਲਾਨ ਕੀਤਾ ਹੈ। ਇਹ ਨੌਜਵਾਨ ਜਥੇਬੰਦੀ ਆਉਂਦੀਆਂ ਸ਼੍ਰੋਮਣੀ ਕਮੇਟੀ ਚੋਣਾਂ ਵਿਚ ਹਿੱਸਾ ਲਵੇਗੀ। ਇਸ ਨਵੇਂ ਜਥੇਬੰਦੀ ਦਾ ਰਸਮੀ ਐਲਾਨ ਕਰਨ ਤੋਂ ਪਹਿਲਾਂ ਇਸ ਸਬੰਧੀ ਸ੍ਰੀ ਅਕਾਲ ਤਖਤ ‘ਤੇ ਅਰਦਾਸ ਕੀਤੀ ਗਈ। ਪ੍ਰੋ. ਬਲਜਿੰਦਰ ਸਿੰਘ ਤੇ ਹੋਰਨਾਂ ਨੇ ਦੱਸਿਆ ਕਿ ਸਿੱਖ ਨੌਜਵਾਨਾਂ ਦੀ ਜਥੇਬੰਦੀ ਅਕਾਲ ਯੂਥ ਦਾ ਗਠਨ ਕੀਤਾ ਹੈ, ਜਿਸ ਦੀ ਪੰਜ ਮੈਂਬਰੀ ਕਮੇਟੀ ਬਣਾਈ ਗਈ ਹੈ। ਇਸ ਵਿਚ ਭਾਈ ਜਸਵਿੰਦਰ ਸਿੰਘ ਰਾਜਪੁਰਾ, ਭਾਈ ਰਾਜਨਦੀਪ ਸਿੰਘ ਦਮਦਮੀ ਟਕਸਾਲ ਸੰਗਰਾਵਾਂ, ਭਾਈ ਸਤਵੰਤ ਸਿੰਘ, ਭਾਈ ਬਲਬੀਰ ਸਿੰਘ ਖਡੂਰ ਸਾਹਿਬ ਅਤੇ ਭਾਈ ਮਹਾਂ ਸਿੰਘ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਇਹ ਸੁਪਰੀਮ ਕਮੇਟੀ ਪੰਚ ਪ੍ਰਧਾਨ ਪ੍ਰਣਾਲੀ ਅਧੀਨ ਕੰਮ ਕਰੇਗੀ।