ਪੰਜਾਬ ‘ਚ ਤੀਜੇ ਸਿਆਸੀ ਬਦਲ ਦੀ ਗੱਲ ਇਕ ਵਾਰ ਫਿਰ ਤੁਰੀ

ਅੰਮ੍ਰਿਤਸਰ: ਪੰਜਾਬ ਵਿਚ ਇਕ ਵਾਰ ਫਿਰ ਤੀਜੇ ਬਦਲ ਦੀ ਗੱਲ ਤੁਰੀ ਹੈ। ਅਕਾਲੀ ਦਲ ਟਕਸਾਲੀ ਨੇ ਆਖਿਆ ਹੈ ਕਿ ਆਉਂਦੀਆਂ ਵਿਧਾਨ ਸਭਾ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਨੂੰ ਮੁੱਖ ਰੱਖਦਿਆਂ ਅਕਾਲੀ ਦਲ ਬਾਦਲ ਅਤੇ ਕਾਂਗਰਸ ਨੂੰ ਛੱਡ ਕੇ ਪੰਜਾਬ ਵਿਚ ਹਮਖ਼ਿਆਲੀ ਪਾਰਟੀਆਂ ਦਾ ਤੀਜਾ ਸਿਆਸੀ ਫਰੰਟ ਕਾਇਮ ਕਰਨ ਦੀ ਜ਼ਰੂਰਤ ਹੈ ਅਤੇ ਇਸ ਲਈ ਲਈ ਉਨ੍ਹਾਂ ਦੀ ਪਾਰਟੀ ਹਰ ਤਰ੍ਹਾਂ ਦੀ ਕੁਰਬਾਨੀ ਕਰਨ ਲਈ ਤਿਆਰ ਹੈ।

ਅਕਾਲੀ ਦਲ ਟਕਸਾਲੀ ਦੀ ਕੋਰ ਕਮੇਟੀ ਅਤੇ ਜ਼ਿਲ੍ਹਾ ਜਥੇਦਾਰਾਂ ਦੀ ਇਥੇ ਪਾਰਟੀ ਦੇ ਮੁੱਖ ਦਫਤਰ ਵਿਖੇ ਹੋਈ ਇਕੱਤਰਤਾ ਉਪਰੰਤ ਪਾਰਟੀ ਪ੍ਰਧਾਨ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਨੇ ਕਿਹਾ ਕਿ ਪੰਜਾਬ ‘ਚ ਬਾਦਲ ਪਰਿਵਾਰ ਅਤੇ ਕਾਂਗਰਸ ਦਾ ਤੀਜਾ ਸਿਆਸੀ ਬਦਲ ਚਾਹੀਦਾ ਹੈ ਅਤੇ ਇਸ ਲਈ ਹਮਖਿਆਲ ਪਾਰਟੀਆਂ ਦੀ ਏਕਤਾ ਹੋਣੀ ਲਾਜ਼ਮੀ ਹੈ।
ਉਨ੍ਹਾਂ ਕਿਹਾ ਕਿ ਇਸ ਸਬੰਧੀ ਉਨ੍ਹਾਂ ਦੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਅਕਾਲੀ ਦਲ (ਡੈਮੋਕ੍ਰੇਟਿਕ) ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਨਾਲ ਬੜੇ ਚੰਗੇ ਮਾਹੌਲ ‘ਚ ਗੱਲਬਾਤ ਵੀ ਹੋ ਚੁੱਕੀ ਹੈ ਤੇ ਉਹ ਇਕ ਦੂਜੇ ਦਾ ਬਹੁਤ ਸਤਿਕਾਰ ਕਰਦੇ ਹਨ।
ਬ੍ਰਹਮਪੁਰਾ ਨੇ ਦੱਸਿਆ ਕਿ ਕੁਝ ਦਿਨ ਪਹਿਲਾਂ ਹੀ ਉਨ੍ਹਾਂ ਦੀ ਸੁਖਦੇਵ ਸਿੰਘ ਢੀਂਡਸਾ ਨਾਲ ਮੁਲਾਕਾਤ ਹੋਈ ਹੈ ਅਤੇ ਦੋਵਾਂ ਵਿਚਾਲੇ ਜਥੇਬੰਦੀਆਂ ਦੀ ਆਪਸੀ ਏਕਤਾ ਬਾਰੇ ਵੀ ਵਿਚਾਰ ਚਰਚਾ ਹੋਈ ਸੀ। ਉਨ੍ਹਾਂ ਦਾਅਵਾ ਕੀਤਾ ਕਿ ਦੋਵੇਂ ਜਥੇਬੰਦੀਆਂ ਆਪਸੀ ਏਕਤਾ ਲਈ ਰਜ਼ਾਮੰਦ ਹਨ ਅਤੇ ਦੋਵਾਂ ਦਾ ਟੀਚਾ ਵੀ ਇਕ ਹੈ। ਇਸ ਲਈ ਜਲਦੀ ਹੀ ਆਪਸੀ ਗਠਜੋੜ ਦਾ ਐਲਾਨ ਕੀਤਾ ਜਾਵੇਗਾ। ਇਹ ਗਠਜੋੜ ਦਾ ਐਲਾਨ ਦੀਵਾਲੀ ਦੇ ਆਸ-ਪਾਸ ਹੋਣ ਦੀ ਸੰਭਾਵਨਾ ਹੈ। ਉਨ੍ਹਾਂ ਜ਼ੋਰ ਦਿੱਤਾ ਕਿ ਪੰਜਾਬ ਦੀ ਸਿਆਸਤ ਵਿਚ ਬਦਲਾਅ ਲਈ ਤੀਜਾ ਫਰੰਟ ਬਣਾਉਣਾ ਸਮੇਂ ਦੀ ਲੋੜ ਹੈ। ਇਸ ਸਬੰਧੀ ਹਮਖਿਆਲੀ ਪਾਰਟੀਆਂ ਵਿਚਾਲੇ ਏਕਤਾ ਹੋਣੀ ਚਾਹੀਦੀ ਹੈ। ਇਸ ਸਬੰਧੀ ਕਈ ਜਥੇਬੰਦੀਆਂ ਨਾਲ ਗੈਰਰਸਮੀ ਗੱਲਬਾਤ ਵੀ ਹੋਈ ਹੈ। ਉਨ੍ਹਾਂ ਕਿਹਾ ਕਿ ਇਹ ਗਠਜੋੜ ਸਾਂਝੇ ਤੌਰ ‘ਤੇ ਵਿਧਾਨ ਸਭਾ ਚੋਣਾਂ ਲੜੇਗਾ।
ਇਸ ਤੋਂ ਪਹਿਲਾਂ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਵਾਸਤੇ ਵੀ ਇਕ ਸਾਂਝਾ ਗਠਜੋੜ ਤਿਆਰ ਕੀਤਾ ਜਾਵੇਗਾ, ਜਿਸ ਵਿਚ ਹਮਖਿਆਲੀ ਪਾਰਟੀਆਂ ਸ਼ਾਮਲ ਹੋਣਗੀਆਂ। ਇਸ ਦੌਰਾਨ ਉਨ੍ਹਾਂ ਨੇ ਕਿਸਾਨ ਸੰਘਰਸ਼ ਦੀ ਹਮਾਇਤ ਕਰਦਿਆਂ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਖੇਤੀ ਕਾਨੂੰਨਾਂ ਨੂੰ ਰੱਦ ਕਰੇ। ਇਸ ਮੌਕੇ ਇਕੱਠ ਵਲੋਂ ਗੁਰਦੁਆਰਾ ਚੋਣ ਕਮਿਸ਼ਨ ਨੂੰ ਅਪੀਲ ਕੀਤੀ ਗਈ ਕਿ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਵਿਚ ਪਾਰਦਰਸ਼ਤਾ ਲਈ ਵੋਟਾਂ ਸਿਰਫ ਫੋਟੋ ਸ਼ਨਾਖਤੀ ਕਾਰਡ ਰਾਹੀਂ ਹੀ ਪਾਈਆਂ ਜਾਣ, ਇਸ ਲਈ ਲੋੜੀਂਦੇ ਕਦਮ ਚੁੱਕੇ ਜਾਣ।
ਜਥੇਬੰਦੀ ਨੇ ਇਕ ਮਤੇ ਰਾਹੀਂ ਸੂਬੇ ਨੂੰ ਵਧੇਰੇ ਅਧਿਕਾਰਾਂ ਦੀ ਮੰਗ ਕੀਤੀ ਹੈ ਅਤੇ ਇਕ ਹੋਰ ਮਤੇ ਰਾਹੀਂ ਬਰਗਾੜੀ ਤੇ ਬਹਿਬਲ ਕਲਾ ਕਾਂਡ ਅਤੇ 328 ਪਾਵਨ ਸਰੂਪਾਂ ਦੇ ਦੋਸ਼ੀਆਂ ਖਿਲਾਫ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ ਹੈ।