ਅੰਮ੍ਰਿਤਸਰ: 328 ਪਾਵਨ ਸਰੂਪਾਂ ਦੇ ਮਾਮਲੇ ਵਿਚ ਧਰਨਾ ਦੇ ਰਹੀਆਂ ਸਿੱਖ ਜਥੇਬੰਦੀਆਂ ਦੇ ਕਾਰਕੁਨਾਂ ਵਲੋਂ ਸ਼੍ਰੋਮਣੀ ਕਮੇਟੀ ਦੇ ਮੁੱਖ ਦਫਤਰ ਦੇ ਗੇਟ ਨੂੰ ਤਾਲਾ ਲਾਉਣ ਤੋਂ ਬਾਅਦ ਦੋਵੇਂ ਧਿਰਾਂ ਭਿੜ ਗਈਆਂ ਜਿਸ ਮਗਰੋਂ ਕਈ ਵਿਅਕਤੀ ਜਖਮੀ ਹੋ ਗਏ। ਹਾਲਾਤ ਉਸ ਸਮੇਂ ਵਿਗੜੇ ਜਦੋਂ ਸੁਖਜੀਤ ਸਿੰਘ ਖੋਸਾ ਤੇ ਉਸ ਦੇ ਕੁਝ ਸਾਥੀਆਂ ਨੇ ਸ਼੍ਰੋਮਣੀ ਕਮੇਟੀ ਦੇ ਮੁੱਖ ਗੇਟ ਨੂੰ ਤਾਲਾ ਲਾ ਦਿੱਤਾ ਅਤੇ ਦੂਜੇ ਛੋਟੇ ਗੇਟ ਸਾਹਮਣੇ ਖੁਦ ਧਰਨਾ ਉਤੇ ਬੈਠ ਗਏ।
ਰੋਟੀ ਦੇ ਸਮੇਂ ਜਦੋਂ ਸ਼੍ਰੋਮਣੀ ਕਮੇਟੀ ਕਰਮਚਾਰੀ ਦਫਤਰ ਤੋਂ ਬਾਹਰ ਜਾ ਰਹੇ ਸਨ ਤਾਂ ਉਸ ਵੇਲੇ ਹੋਈ ਤਕਰਾਰ ਤੋਂ ਬਾਅਦ ਇਹ ਮਾਮਲਾ ਹਿੰਸਕ ਰੂਪ ਲੈ ਗਿਆ, ਜਿਸ ਵਿਚ ਕਿਰਪਾਨਾਂ ਤੇ ਡਾਂਗਾਂ ਵੀ ਚੱਲੀਆਂ ਅਤੇ ਕਈ ਵਿਅਕਤੀਆਂ ਦੀਆਂ ਦਸਤਾਰਾਂ ਦੀ ਬੇਅਦਬੀ ਵੀ ਹੋਈ। ਧਰਨਾਕਾਰੀਆਂ ਵਿਚ ਸ਼ਾਮਲ ਇਕ ਔਰਤ ਦੀ ਵੀ ਮਾਰਕੁੱਟ ਕੀਤੀ ਗਈ ਹੈ। ਇਸ ਦੌਰਾਨ ਸ਼੍ਰੋਮਣੀ ਕਮੇਟੀ ਨੇ ਧਰਨੇ ਵਾਲੀ ਥਾਂ ਖਾਲੀ ਕਰਵਾ ਲਈ ਹੈ।
ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਗੁਰਬਚਨ ਸਿੰਘ ਖਾਲਸਾ, ਜਨਰਲ ਸਕੱਤਰ ਹਰਜਿੰਦਰ ਸਿੰਘ ਧਾਮੀ ਤੇ ਹੋਰਨਾਂ ਨੇ ਦੱਸਿਆ ਕਿ ਸਿੱਖ ਧਰਨਾਕਾਰੀਆਂ ਵਿਚੋਂ ਕੁਝ ਨੇ ਸ਼੍ਰੋਮਣੀ ਕਮੇਟੀ ਦੇ ਗੇਟ ਨੂੰ ਤਾਲਾ ਲਾ ਕੇ ਕੰਮਕਾਜ ਵਿਚ ਵਿਘਨ ਪਾਉਣ ਦਾ ਯਤਨ ਕੀਤਾ ਸੀ। ਉਨ੍ਹਾਂ ਕਿਹਾ ਕਿ ਦੁਪਹਿਰ ਵੇਲੇ ਜਦੋਂ ਕਰਮਚਾਰੀ ਭੋਜਨ ਲਈ ਬਾਹਰ ਨਿਕਲੇ ਤਾਂ ਕੁਝ ਧਰਨਾਕਾਰੀਆਂ ਨੇ ਤਕਰਾਰ ਮਗਰੋਂ ਸ਼੍ਰੋਮਣੀ ਕਮੇਟੀ ਕਰਮਚਾਰੀਆਂ ਉਤੇ ਹਮਲਾ ਕਰ ਦਿੱਤਾ। ਹਮਲੇ ਤੋਂ ਬਾਅਦ ਸ਼੍ਰੋਮਣੀ ਕਮੇਟੀ ਦੇ ਹੋਰ ਕਰਮਚਾਰੀ ਅਤੇ ਟਾਸਕ ਫੋਰਸ ਪੁੱਜ ਗਈ, ਜਿਨ੍ਹਾਂ ਹਮਲਾ ਕਰਨ ਵਾਲਿਆਂ ਕੋਲੋਂ ਕਿਰਪਾਨਾਂ ਆਦਿ ਖੋਹ ਲਈਆਂ। ਉਨ੍ਹਾਂ ਦੱਸਿਆ ਕਿ ਹਮਲੇ ਵਿਚ ਸ਼੍ਰੋਮਣੀ ਕਮੇਟੀ ਦਾ ਸਕੱਤਰ ਬਿਜੈ ਸਿੰਘ ਅਤੇ ਇਕ ਕਰਮਚਾਰੀ ਸਰਬਜੀਤ ਸਿੰਘ ਜ਼ਖ਼ਮੀ ਹੋਏ ਹਨ।
ਕੁਝ ਹੋਰ ਕਰਮਚਾਰੀਆਂ ਨੂੰ ਵੀ ਸੱਟਾਂ ਲੱਗਣ ਦਾ ਦਾਅਵਾ ਕੀਤਾ ਗਿਆ ਹੈ। ਉਨ੍ਹਾਂ ਆਖਿਆ ਕਿ ਰਾਤ ਵੇਲੇ ਸ੍ਰੀ ਹਰਿਮੰਦਰ ਸਾਹਿਬ ਦੇ ਇਸ਼ਨਾਨ ਦੀ ਸੇਵਾ ਸਮੇਂ ਵੀ ਇਨ੍ਹਾਂ ਸਿੱਖ ਕਾਰਕੁਨਾਂ ਨੇ ਉਥੇ ਦਾਖਲ ਹੋ ਕੇ ਮਰਿਆਦਾ ਵਿਚ ਦਖਲਅੰਦਾਜ਼ੀ ਕਰਦਿਆਂ ਬੇਅਦਬੀ ਕੀਤੀ ਸੀ। ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਨੇ ਇਸ ਸਬੰਧੀ ਸ੍ਰੀ ਅਕਾਲ ਤਖਤ ਉਤੇ ਇਕ ਪੱਤਰ ਦੇ ਕੇ ਸ੍ਰੀ ਹਰਿਮੰਦਰ ਸਾਹਿਬ ਦੀ ਮਰਿਆਦਾ ਦੀ ਉਲੰਘਣਾ ਅਤੇ ਸੰਗਤਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਦੋਸ਼ ਲਾਇਆ ਹੈ। ਉਨ੍ਹਾਂ ਅਪੀਲ ਕੀਤੀ ਹੈ ਕਿ ਇਸ ਮਾਮਲੇ ਵਿਚ ਸ੍ਰੀ ਅਕਾਲ ਤਖਤ ਦੇ ਜਥੇਦਾਰ ਪੰਜ ਸਿੰਘ ਸਾਹਿਬਾਨ ਦੀ ਹੰਗਾਮੀ ਮੀਟਿੰਗ ਸੱਦਣ ਅਤੇ ਮਰਿਆਦਾ ਅਨੁਸਾਰ ਕਾਰਵਾਈ ਕਰਨ।
ਦੂਜੇ ਪਾਸੇ ਧਰਨਾਕਾਰੀਆਂ ਵਿਚ ਸ਼ਾਮਲ ਸਿੱਖ ਕਾਰਕੁਨਾਂ ਨੇ ਦੋਸ਼ ਲਾਇਆ ਕਿ ਸ਼੍ਰੋਮਣੀ ਕਮੇਟੀ ਦੀ ਟਾਸਕ ਫੋਰਸ ਅਤੇ ਹੋਰਨਾਂ ਵਲੋਂ ਡਾਂਗਾਂ ਤੇ ਕਿਰਪਾਨਾਂ ਨਾਲ ਉਨ੍ਹਾਂ ਉਤੇ ਹਮਲਾ ਕੀਤਾ ਗਿਆ। ਉਨ੍ਹਾਂ ਦੋਸ਼ ਲਾਇਆ ਕਿ ਸੁਖਜੀਤ ਸਿੰਘ ਖੋਸਾ, ਬਲਬੀਰ ਸਿੰਘ ਮੁੱਛਲ, ਦਿਲਬਾਗ ਸਿੰਘ, ਪਰਮਜੀਤ ਸਿੰਘ ਅਕਾਲੀ, ਮਨਜੀਤ ਸਿੰਘ ਝਬਾਲ, ਲਖਬੀਰ ਸਿੰਘ ਆਦਿ ਸਮੇਤ ਹੋਰ ਕਈ ਸਿੱਖਾਂ ਨੂੰ ਸ਼੍ਰੋਮਣੀ ਕਮੇਟੀ ਦੇ ਕਰਮਚਾਰੀ ਮਾਰਕੁੱਟ ਕਰਦੇ ਹੋਏ ਦਫਤਰ ਕੰਪਲੈਕਸ ਅੰਦਰ ਲੈ ਗਏ। ਬੰਦੀ ਬਣਾ ਕੇ ਰੱਖੇ ਗਏ ਕੁਝ ਕਾਰਕੁਨਾਂ ਨੂੰ ਦੇਰ ਸ਼ਾਮ ਪੁਲਿਸ ਆਪਣੇ ਨਾਲ ਲੈ ਗਈ। ਇਸ ਦੌਰਾਨ ਸਿਖ ਕਾਰਕੁਨਾਂ ਦੇ ਸਮਰਥਕਾਂ ਵਲੋਂ ਸ਼੍ਰੋਮਣੀ ਕਮੇਟੀ ਖਿਲਾਫ ਨਾਅਰੇਬਾਜ਼ੀ ਵੀ ਕੀਤੀ ਗਈ।