ਪਾਕਿਸਤਾਨ ‘ਚ ਪੰਜ ਦਿਨ ਹੋਣਗੇ ਗੁਰੂ ਨਾਨਕ ਦੇ ਪ੍ਰਕਾਸ਼ ਪੁਰਬ ਸਮਾਗਮ

ਅੰਮ੍ਰਿਤਸਰ: ਕਰੋਨਾ ਮਹਾਂਮਾਰੀ ਦਾ ਪ੍ਰਭਾਵ ਅਜੇ ਵੀ ਰਹਿਣ ਕਾਰਨ ਇਸ ਵਾਰ ਪਾਕਿਸਤਾਨ ਵਿਚ ਗੁਰੂ ਨਾਨਕ ਦੇਵ ਦੇ 551ਵੇਂ ਪ੍ਰਕਾਸ਼ ਪੁਰਬ ਸਬੰਧੀ ਸਮਾਗਮ ਸਿਰਫ ਪੰਜ ਦਿਨਾਂ ਦੇ ਹੋਣਗੇ। ਇਹ ਫੈਸਲਾ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਈ.ਟੀ.ਪੀ.ਬੀ. (ਈਵੈਕਿਊ ਟਰੱਸਟ ਪ੍ਰਾਪਰਟੀ ਬੋਰਡ) ਦੇ ਅਧਿਕਾਰੀਆਂ ਵਿਚਾਲੇ ਲਾਹੌਰ ‘ਚ ਹੋਈ ਇਕ ਮੀਟਿੰਗ ਵਿਚ ਲਿਆ ਗਿਆ ਹੈ। ਮੀਟਿੰਗ ਵਿਚ ‘ਪੀ.ਜੀ.ਪੀ.ਸੀ’ ਦੇ ਪ੍ਰਧਾਨ ਸਤਵੰਤ ਸਿੰਘ, ਈ.ਟੀ.ਪੀ.ਬੀ. ਦੇ ਚੇਅਰਮੈਨ ਡਾ. ਆਮਿਰ ਅਹਿਮਦ ਤੇ ਹੋਰ ਅਧਿਕਾਰੀ ਸ਼ਾਮਲ ਹੋਏ।

ਇਸ ਮੌਕੇ ਫੈਸਲਾ ਕੀਤਾ ਗਿਆ ਕਿ ਕਰੋਨਾ ਵਾਇਰਸ ਕਾਰਨ 551ਵੇਂ ਪ੍ਰਕਾਸ਼ ਪੁਰਬ ਸਬੰਧੀ ਸਮਾਗਮ ਸੰਖੇਪ ਰੂਪ ‘ਚ ਕੀਤੇ ਜਾਣਗੇ। ਇਹ ਸਮਾਗਮ ਸਿਰਫ ਪੰਜ ਦਿਨਾਂ ਵਾਸਤੇ ਨਨਕਾਣਾ ਸਾਹਿਬ ਵਿਖੇ ਹੀ ਹੋਣਗੇ। ਮੀਟਿੰਗ ਵਿਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀ ਸਮਾਗਮਾਂ ਬਾਰੇ ਡਿਊਟੀਆਂ ਵੀ ਲਾਈਆਂ ਗਈਆਂ।
ਦੱਸਣਯੋਗ ਹੈ ਕਿ ਕਰੋਨਾ ਮਹਾਮਾਰੀ ਤੋਂ ਪਹਿਲਾਂ ਇਹ ਸਮਾਗਮ ਦਸ ਦਿਨਾਂ ਵਾਸਤੇ ਹੁੰਦੇ ਸਨ। ਇਸ ਮੀਟਿੰਗ ਤੋਂ ਇਕ ਦਿਨ ਪਹਿਲਾਂ ਵੀ ਈ.ਟੀ.ਪੀ.ਬੀ. ਅਤੇ ਪੀ.ਜੀ.ਪੀ.ਸੀ. ਦੇ ਆਗੂਆਂ ਦੀ ਸਾਂਝੀ ਮੀਟਿੰਗ ਹੋਈ ਸੀ, ਜਿਸ ਵਿਚ ਗੁਰੂ ਨਾਨਕ ਦੇਵ ਦਾ 551ਵਾਂ ਪ੍ਰਕਾਸ਼ ਪੁਰਬ ਅਤੇ ਗੁਰਦੁਆਰਾ ਕਰਤਾਰਪੁਰ ਲਾਂਘੇ ਦੀ ਪਹਿਲੀ ਵਰ੍ਹੇਗੰਢ ਮਨਾਉਣ ਬਾਰੇ ਚਰਚਾ ਹੋਈ ਸੀ।
ਭਾਵੇਂ ਅਜੇ ਭਾਰਤ ਸਰਕਾਰ ਵਲੋਂ ਪਾਕਿਸਤਾਨ ਜਾਣ ਵਾਸਤੇ ਹਰੀ ਝੰਡੀ ਨਹੀਂ ਦਿੱਤੀ ਗਈ ਹੈ ਪਰ ਇਸ ਦੌਰਾਨ ਸ਼੍ਰੋਮਣੀ ਕਮੇਟੀ ਵੱਲੋਂ ਗੁਰੂ ਨਾਨਕ ਦੇਵ ਦੇ ਪ੍ਰਕਾਸ਼ ਪੁਰਬ ਮੌਕੇ ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਭੇਜਣ ਦੀ ਤਿਆਰੀ ਆਰੰਭ ਦਿੱਤੀ ਗਈ ਹੈ। ਸ਼੍ਰੋਮਣੀ ਕਮੇਟੀ ਵੱਲੋਂ ਪਾਕਿਸਤਾਨ ਜਾਣ ਦੇ ਇੱਛੁਕ ਸ਼ਰਧਾਲੂਆਂ ਕੋਲੋਂ ਪਾਸਪੋਰਟ ਮੰਗੇ ਗਏ ਹਨ। ਦੱਸਣਯੋਗ ਹੈ ਕਿ ਕਰੋਨਾ ਮਹਾਂਮਾਰੀ ਕਾਰਨ ਭਾਰਤ ਸਰਕਾਰ ਵਲੋਂ ਸਰਹੱਦੀ ਲਾਂਘਾ ਬੰਦ ਕੀਤਾ ਗਿਆ ਹੈ। ਕਰਤਾਰਪੁਰ ਸਾਹਿਬ ਲਾਂਘਾ ਪਿਛਲੇ ਸਾਲ ਗੁਰੂ ਨਾਨਕ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਖੋਲ੍ਹਿਆ ਗਿਆ ਸੀ ਅਤੇ ਕੁਝ ਕੁ ਦਿੱਕਤਾਂ ਦੇ ਬਾਵਜੂਦ ਚੜ੍ਹਦੇ ਪੰਜਾਬ ਦੇ ਲੋਕਾਂ ਨੇ ਭਰਪੂਰ ਹੁੰਗਾਰਾ ਭਰਿਆ ਸੀ। ਹੁਣ ਵੀ ਲੋਕ ਚਾਹੁੰਦੇ ਹਨ ਕਿ ਇਹ ਲਾਂਘਾ ਖੁੱਲ੍ਹੇ ਤਾਂ ਕਿ ਉਹ ਇਸ ਇਤਿਹਾਸਕ ਸਥਾਨ ਦੇ ਦਰਸ਼ਨ ਕਰ ਸਕਣ।
___________________________________
ਸੁਖਬੀਰ ਵਲੋਂ ਲਾਂਘਾ ਖੋਲ੍ਹਣ ਦੀ ਅਪੀਲ
ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਕਿ ਉਹ ਗੁਰੂ ਨਾਨਕ ਦੇਵ ਜੀ ਦੇ ਆ ਰਹੇ 551 ਸਾਲਾ ਪ੍ਰਕਾਸ਼ ਪੁਰਬ ਮੌਕੇ ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਣ ਵਾਸਤੇ ਲੈਂਡਜ਼ ਪੋਰਟਸ ਅਥਾਰਿਟੀ ਆਫ ਇੰਡੀਆ (ਐਲ਼ਪੀ.ਏ.ਆਈ.) ਨੂੰ ਲੋੜੀਂਦੀਆਂ ਹਦਾਇਤਾਂ ਜਾਰੀ ਕਰਨ। ਪ੍ਰਧਾਨ ਮੰਤਰੀ ਨੂੰ ਲਿਖੇ ਇਕ ਪੱਤਰ ‘ਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਅਪੀਲ ਕੀਤੀ ਕਿ ਜਿਹੜੇ ਸ਼ਰਧਾਲੂਆਂ ਕੋਲ ਪਾਸਪੋਰਟ ਨਹੀਂ ਹਨ, ਉਨ੍ਹਾਂ ਨੂੰ ਵੀਜ਼ੇ ਤੋਂ ਬਗੈਰ ਹੀ ਲਾਂਘੇ ਰਾਹੀਂ ਗੁਰਦੁਆਰਾ ਸਾਹਿਬ ਦੇ ਦਰਸ਼ਨਾਂ ਦੀ ਆਗਿਆ ਦੇਣ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੇ 30 ਨਵੰਬਰ ਦੇ 551ਵੇਂ ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ ਸਿਹਤ ਸਬੰਧੀ ਹਦਾਇਤਾਂ ਦੇ ਨਾਲ ਸ਼ਰਧਾਲੂਆਂ ਨੂੰ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਦੀ ਆਗਿਆ ਮਿਲਣੀ ਚਾਹੀਦੀ ਹੈ।