ਖੇਤੀ ਕਾਨੂੰਨ: ਕਿਸਾਨਾਂ ਦੇ ਹੱਕ ਵਿਚ ਡਟੀ ਸ਼੍ਰੋਮਣੀ ਕਮੇਟੀ

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਇਜਲਾਸ ਦੌਰਾਨ ਸਦਨ ਦੇ ਮੈਂਬਰਾਂ ਨੇ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਕਿਸਾਨ ਵਿਰੋਧੀ ਕਾਲੇ ਕਾਨੂੰਨਾਂ ਦੀ ਸਖਤ ਨਿਖੇਧੀ ਕਰਦਿਆਂ ਇਸ ਨੂੰ ਵਾਪਸ ਲੈਣ ਦੀ ਮੰਗ ਕੀਤੀ ਹੈ। ਹਾਊਸ ਨੇ ਦਿੱਲੀ ਜਾ ਰਹੇ ਕਿਸਾਨਾਂ ਨੂੰ ਰੋਕਣ ਲਈ ਹਰਿਆਣਾ ਸਰਕਾਰ ਵੱਲੋਂ ਅਪਣਾਏ ਗਏ ਤਾਨਾਸ਼ਾਹੀ ਰਵੱਈਏ ਦਾ ਵੀ ਵਿਰੋਧ ਕੀਤਾ।

ਇਸ ਦੌਰਾਨ ਪਾਸ ਕੀਤੇ ਇਕ ਮਤੇ ਰਾਹੀਂ ਸਦਨ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਕਿਸਾਨ ਵਿਰੋਧੀ ਕਾਨੂੰਨ ਤੁਰਤ ਵਾਪਸ ਲਏ ਜਾਣ। ਬੀਬੀ ਜਗੀਰ ਕੌਰ ਵੱਲੋਂ ਪੇਸ਼ ਕੀਤੇ ਗਏ ਇਸ ਮਤੇ ਰਾਹੀਂ ਸ਼੍ਰੋਮਣੀ ਕਮੇਟੀ ਨੇ ਕਿਸਾਨ ਸੰਘਰਸ਼ ਦੀ ਹਮਾਇਤ ਕੀਤੀ। ਇਸ ਮਤੇ ਸਮੇਤ ਹੋਰ 11 ਮਤਿਆਂ ਨੂੰ ਸਮੁੱਚੇ ਹਾਊਸ ਨੇ ਜੈਕਾਰਿਆਂ ਦੀ ਗੂੰਜ ਵਿਚ ਪ੍ਰਵਾਨਗੀ ਦਿੱਤੀ। ਇਸ ਦੌਰਾਨ ਇਕ ਮਤਾ ਪਾਸ ਕਰਕੇ ਉਨ੍ਹਾਂ ਕੇਂਦਰ ਸਰਕਾਰ ਕੋਲੋਂ ਮੰਗ ਕੀਤੀ ਕਿ ਗੁਰੂ ਤੇਗ ਬਹਾਦਰ ਦੇ 400 ਸਾਲਾ ਪ੍ਰਕਾਸ਼ ਪੁਰਬ ਮੌਕੇ ਯੂਨੀਵਰਸਿਟੀ ਸਥਾਪਤ ਕੀਤੀ ਜਾਵੇ। ਇਸ ਦੌਰਾਨ ਭਾਰਤ ਸਰਕਾਰ ਨੂੰ ਅਪੀਲ ਕੀਤੀ ਗਈ ਕਿ ਗੈਰ-ਸੰਵਿਧਾਨਕ ਹਰਿਆਣਾ ਕਮੇਟੀ ਨੂੰ ਰੱਦ ਕਰਨ ਦੀ ਕਾਰਵਾਈ ਕੀਤੀ ਜਾਵੇ। ਇਕ ਹੋਰ ਮਤੇ ਰਾਹੀਂ ਦੇਸ਼ ਵਿਦੇਸ਼ ਵਿਚ ਸਿੱਖ ਕੌਮ ਦੀ ਪਛਾਣ ਖਤਮ ਕਰਨ ਅਤੇ ਸਿੱਖਾਂ ਉਤੇ ਹੁੰਦੇ ਨਸਲੀ ਹਮਲਿਆਂ ਦੀ ਨਿੰਦਾ ਕੀਤੀ ਗਈ। ਇਸ ਤੋਂ ਇਲਾਵਾ ਸੋਸ਼ਲ ਮੀਡੀਆ ‘ਤੇ ਸਿੱਖ ਗੁਰੂ ਸਾਹਿਬਾਨ, ਸਿੱਖ ਸ਼ਹੀਦਾਂ, ਇਤਿਹਾਸ ਅਤੇ ਸਿੱਖ ਸਿਧਾਂਤਾਂ ਵਿਰੁੱਧ ਪ੍ਰਚਾਰ ਕਰਨ ਵਾਲਿਆਂ ਖਿਲਾਫ ਸਖਤ ਕਾਰਵਾਈ ਮੰਗੀ। 1984 ਦੀ ਸਿੱਖ ਨਸਲਕੁਸ਼ੀ ਦੀ ਸਖਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਹਾਊਸ ਨੇ ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਸਖਤ ਸਜ਼ਾਵਾਂ ਦੇਣ ਦੀ ਮੰਗ ਕੀਤੀ।
ਇਸ ਤੋਂ ਇਲਾਵਾ ਹਾਊਸ ਨੇ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਕਰਨ ਵਾਲੇ ਅਨਸਰਾਂ ਨੂੰ ਸਖਤ ਸਜ਼ਾਵਾਂ ਦੇਣ ਲਈ ਕਾਨੂੰਨ ਵਿਚ ਸੋਧ ਕਰਨ, ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਦੇ ਬੰਦ ਕੀਤੇ ਲਾਂਘੇ ਨੂੰ ਤੁਰਤ ਖੋਲ੍ਹਣ, ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ਵਿਚ ਲੰਮੇ ਸਮੇਂ ਤੋਂ ਨਜ਼ਰਬੰਦ ਸਿੱਖਾਂ ਦੀ ਰਿਹਾਈ ਕਰਨ ਅਤੇ ਹਰਿਦੁਆਰ ਵਿਚ ਹਰਿ ਕੀ ਪਉੜੀ ਸਥਿਤ ਗੁਰਦੁਆਰਾ ਗਿਆਨ ਗੋਦੜੀ ਨੂੰ ਅਸਲ ਸਥਾਨ ਉਤੇ ਬਣਾਉਣ ਦੀ ਵੀ ਮੰਗ ਕੀਤੀ। ਇਕ ਮਤੇ ਰਾਹੀਂ ਉਨ੍ਹਾਂ ਸਿੱਖ ਜਗਤ ਨੂੰ ਅਪੀਲ ਕੀਤੀ ਕਿ ਸਿੱਖ ਬੱਚਿਆਂ ਨੂੰ ਸਿੱਖੀ ਦੇ ਗੌਰਵ ਦਾ ਪ੍ਰਤੀਕ ਦਸਤਾਰ ਨਾਲ ਜੋੜਨ ਲਈ ਯਤਨ ਕੀਤੇ ਜਾਣ। ਦੋ ਸ਼ੋਕ ਮਤਿਆਂ ਰਾਹੀਂ ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਸੁਖਜਿੰਦਰ ਸਿੰਘ ਤੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਕਾਰਜਕਾਰੀ ਪ੍ਰਧਾਨ ਮੇਜਰ ਸਿੰਘ ਉਬੋਕੇ ਦੇ ਅਕਾਲ ਚਲਾਣੇ ਉਤੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ।
_______________________________________
ਸਰਕਾਰ ਘੋਲ ਨੂੰ ‘ਦਿੱਲੀ ਬਨਾਮ ਪੰਜਾਬ’ ਬਣਾਉਣਾ ਚਾਹੁੰਦੀ: ਜਥੇਦਾਰ
ਤਲਵੰਡੀ ਸਾਬੋ: ਖੇਤੀ ਕਾਨੂੰਨਾਂ ਖਿਲਾਫ ਦਿੱਲੀ ਜਾ ਰਹੇ ਕਿਸਾਨਾਂ ਉਤੇ ਹਰਿਆਣਾ ਪੁਲਿਸ ਵੱਲੋਂ ਤਸ਼ੱਦਦ ਕੀਤੇ ਜਾਣ ਦੀ ਅਕਾਲ ਤਖਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਨਿਖੇਧੀ ਕਰਦਿਆਂ ਇਸ ਦੀ ਤੁਲਨਾ ਅੰਗਰੇਜ਼ ਸਰਕਾਰ ਵੱਲੋਂ ਕੀਤੇ ਜਾਂਦੇ ਜਬਰ-ਜ਼ੁਲਮ ਨਾਲ ਕੀਤੀ ਹੈ। ਜਥੇਦਾਰ ਨੇ ਕਿਹਾ ਕਿ ਆਪਣੀ ਆਵਾਜ਼ ਕੇਂਦਰ ਤੱਕ ਪਹੁੰਚਾਉਣ ਲਈ ਸ਼ਾਂਤੀਪੂਰਵਕ ਢੰਗ ਨਾਲ ਦਿੱਲੀ ਜਾ ਰਹੇ ਕਿਸਾਨਾਂ ‘ਤੇ ਠੰਢ ਵਿਚ ਪਾਣੀ ਦੀਆਂ ਬੌਛਾੜਾਂ ਕਰਨਾ ਧੱਕੇਸ਼ਾਹੀ ਦੀ ਹੱਦ ਹੈ। ਉਨ੍ਹਾਂ ਕਿਹਾ ਕਿ ਜੇ ਲੋਕਪਾਲ ਬਿੱਲ ਲਈ ਦਿੱਲੀ ਵਿਚ ਇੰਨਾ ਵੱਡਾ ਸੰਘਰਸ਼ ਕੀਤਾ ਜਾ ਸਕਦਾ ਹੈ ਤਾਂ ਫਿਰ ਦੇਸ਼ ਦੇ ਕਿਸਾਨ ਆਪਣੀ ਆਵਾਜ਼ ਦਿੱਲੀ ਜਾ ਕੇ ਕੇਂਦਰ ਸਰਕਾਰ ਅਤੇ ਸੰਸਦ ਤੱਕ ਕਿਉਂ ਨਹੀਂ ਪਹੁੰਚਾ ਸਕਦੇ। ਉਨ੍ਹਾਂ ਕਿਹਾ ਕਿ ਸਰਕਾਰ ਇਸ ਸੰਘਰਸ਼ ਨੂੰ ‘ਦਿੱਲੀ ਬਨਾਮ ਪੰਜਾਬ’ ਬਣਾਉਣ ਦੀ ਕੋਸ਼ਿਸ਼ ਕਰ ਰਹੀ ਹੈ, ਜਿਸ ਤੋਂ ਸੁਚੇਤ ਹੋਣ ਦੀ ਲੋੜ ਹੈ।