ਕਿਸਾਨ ਘੋਲ: ਕੌਮੀ ਸੁਰੱਖਿਆ ਦੀ ਦੁਹਾਈ ਪਾਉਣ ‘ਤੇ ਕੈਪਟਨ ਦੀ ਘੇਰਾਬੰਦੀ

ਨਵੀਂ ਦਿੱਲੀ: ਪੰਜਾਬ ਦੇ ਕਿਸਾਨਾਂ ਦੀ ਅਗਵਾਈ ਵਿਚ ਖੇਤੀ ਕਾਨੂੰਨਾਂ ਖਿਲਾਫ ਉਠੀ ਰੋਹ ਦੀ ਲਹਿਰ ਨੇ ਜਿਥੇ ਮੋਦੀ ਸਰਕਾਰ ਨੂੰ ਤ੍ਰੇਲੀਆਂ ਲਿਆਂਦੀਆਂ ਹੋਈਆਂ ਹਨ, ਉਤੇ ਪੰਜਾਬ ਦੇ ਸਿਆਸਤਦਾਨਾਂ ਵੱਲੋਂ ਇਕ-ਦੂਜੇ ਖਿਲਾਫ ਭਖਾਈ ਸ਼ਬਦੀ ਜੰਗ ਨਮੋਸ਼ੀ ਦਾ ਕਾਰਨ ਬਣ ਰਹੀ ਹੈ।

ਖੇਤੀ ਕਾਨੂੰਨਾਂ ਬਾਰੇ ਕੇਂਦਰ ਦੀ ਕਿਸਾਨਾਂ ਨਾਲ ਮੀਟਿੰਗ ਤੋਂ ਕੁਝ ਚਿਰ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਉਨ੍ਹਾਂ ਦੇ ਘਰ ਵਿਚ ਮੁਲਾਕਾਤ ਤੇ ਇਸ ਦੇ ਤੁਰਤ ਪਿੱਛੋਂ ਕੈਪਟਨ ਵੱਲੋਂ ਕਿਸਾਨਾਂ ਦੇ ਅੰਦੋਲਨ ਨਾਲ ਕੌਮੀ ਏਕਤਾ ਨੂੰ ਖਤਰੇ ਦੀਆਂ ਦੁਹਾਈਆਂ ਚਰਚਾ ਦਾ ਵਿਸ਼ਾ ਬਣੀਆਂ ਹੋਈਆਂ ਹਨ। ਵਿਰੋਧੀ ਧਿਰਾਂ ਦਾਅਵੇ ਕਰ ਰਹੀਆਂ ਹਨ ਕਿ ਕੈਪਟਨ ਨੇ ਆਪਣੇ ਪਰਿਵਾਰ ਨੂੰ ਈ.ਡੀ. ਤੇ ਕੇਂਦਰੀ ਏਜੰਸੀਆਂ ਦੇ ਸ਼ਿਕੰਜੇ ਵਿਚੋਂ ਬਚਾਉਣ ਲਈ ਪੰਜਾਬ ਦੇ ਹੱਕ ਵੇਚ ਦਿੱਤੇ ਹਨ। ਆਮ ਆਦਮੀ ਪਾਰਟੀ ਨੇ ਆਖਿਆ ਹੈ ਕਿ ਕੈਪਟਨ, ਕੇਂਦਰ ਸਰਕਾਰ ਦੀ ‘ਹਾਂ ਵਿਚ ਹਾਂ’ ਮਿਲਾਉਣ ਲਈ ਮਜਬੂਰ ਹਨ।
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅਮਰਿੰਦਰ ਸਿੰਘ ਉਤੇ ਦੋਸ਼ ਲਾਇਆ ਕਿ ਮੁੱਖ ਮੰਤਰੀ ਵੱਲੋਂ ਕਿਸਾਨਾਂ ਦੇ ਅੰਦੋਲਨ ਨੂੰ ਕੌਮੀ ਸੁਰੱਖਿਆ ਲਈ ਖਤਰਾ ਦੱਸ ਕੇ ਸੰਘਰਸ਼ ਨੂੰ ਲੀਹੋਂ ਲਾਹੁਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕੈਪਟਨ ਨੂੰ ਸਵਾਲ ਕੀਤਾ ਕਿ ਉਹ ਲੋਕਾਂ ਨੂੰ ਦੱਸਣ ਕਿ ਕਿਸ ਖੁਫੀਆ ਰਿਪੋਰਟ ਦੇ ਆਧਾਰ ਉਤੇ ਉਹ ਅਚਨਚੇਤ ਜਾਗ ਉਠੇ ਹਨ ਅਤੇ ਉਨ੍ਹਾਂ ਨੂੰ ਕਿਸਾਨਾਂ ਦਾ ਅੰਦੋਲਨ ਕੌਮੀ ਸੁਰੱਖਿਆ ਲਈ ਖਤਰਾ ਦਿਸਣ ਲੱਗ ਪਿਆ ਹੈ। ਇਕ ਬਿਆਨ ਰਾਹੀਂ ਬਾਦਲ ਨੇ ਕਿਹਾ ਕਿ ਅਮਰਿੰਦਰ ਸਿੰਘ ਸਪੱਸ਼ਟ ਤੌਰ ਉਤੇ ਕਿਸੇ ਹੋਰ ਦੇ ਇਸ਼ਾਰਿਆਂ ‘ਤੇ ਕਿਸਾਨਾਂ ਨੂੰ ਕੌਮੀ ਸੁਰੱਖਿਆ ਲਈ ਖ਼ਤਰਾ ਦੱਸ ਰਹੇ ਹਨ।
ਸੁਖਬੀਰ ਬਾਦਲ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਪਹਿਲਾਂ ਹੀ ਕਿਸਾਨਾਂ ਦੇ ਮਾਮਲੇ ਉਤੇ ਭਾਜਪਾ ਦੇ ਬਲੈਕਮੇਲ ਅੱਗੇ ਆਤਮ ਸਮਰਪਣ ਕਰ ਦਿੱਤਾ ਹੈ ਅਤੇ ਉਹ ਹੁਣ ਆਪਣੀ ਕਾਇਰਤਾ ਅਤੇ ਭਾਜੜ ਉਤੇ ਪਰਦਾ ਪਾਉਣ ਵਾਸਤੇ ਦਲੇਰੀ ਵਿਖਾ ਰਹੇ ਹਨ ਤੇ ਗਲਤ ਸ਼ਬਦਾਂ ਦੀ ਵਰਤੋਂ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਕੈਪਟਨ ਨੂੰ ਦਿੱਲੀ ਸੱਦ ਕੇ ਇਹ ਆਖਿਆ ਗਿਆ ਸੀ ਕਿ ਉਹ ਈ.ਡੀ. ਦਾ ਸਾਹਮਣਾ ਕਰਨ ਅਤੇ ਕਿਸਾਨਾਂ ਨਾਲ ਧੋਖਾ ਕਰਨ ਵਿਚੋਂ ਇਕ ਚੁਣ ਲੈਣ। ਉਨ੍ਹਾਂ ਕਿਹਾ ਕਿ ਇਹ ਚੋਣ ਸਪਸ਼ਟ ਹੋ ਗਈ ਕਿ ਉਨ੍ਹਾਂ ਨੇ ਅਮਿਤ ਸ਼ਾਹ ਨਾਲ ਮੀਟਿੰਗ ਵਿਚੋਂ ਬਾਹਰ ਆਉਂਦਿਆਂ ਹੀ ਪਹਿਲਾ ਵਿਕਲਪ ਚੁਣਿਆ ਤੇ ਕਿਸਾਨਾਂ ਨੂੰ ਆਪਣਾ ਸੰਘਰਸ਼ ਖਤਮ ਕਰਨ ਵਾਸਤੇ ਆਖਿਆ। ਸੁਖਬੀਰ ਨੇ ਕਿਸਾਨਾਂ ਦੇ ਸੰਘਰਸ਼ ਕਾਰਨ ਕੌਮੀ ਸੁਰੱਖਿਆ ਨੂੰ ਖਤਰਾ ਹੋਣ ਦੇ ਬਿਆਨ ਉਤੇ ਹੈਰਾਨੀ ਪ੍ਰਗਟ ਕਰਦਿਆਂ ਆਖਿਆ ਕਿ ਬਹਾਦਰ ਕੈਪਟਨ ਨੇ ਸਿਰਫ ਉਹੀ ਕਹਾਣੀ ਪੜ੍ਹ ਕੇ ਸੁਣਾਈ ਜੋ ਉਨ੍ਹਾਂ ਨੂੰ ਭਾਜਪਾ ਹਾਈ ਕਮਾਨ ਨੇ ਆਖਿਆ ਸੀ, ਉਨ੍ਹਾਂ ਨੇ ਤੋਤੇ ਵਾਂਗੂ ਬੋਲ ਬੋਲੇ।
ਦੂਜੇ ਪਾਸੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵਿਰੋਧੀ ਧਿਰਾਂ ਨੂੰ ਕਰੜੇ ਹੱਥੀਂ ਲੈਂਦਿਆਂ ਕਿਹਾ ਕਿ ਉਹ ਈ.ਡੀ. ਜਾਂ ਕਿਸੇ ਹੋਰ ਏਜੰਸੀ ਤੋਂ ਨਹੀਂ ਡਰਦੇ। ਉਨ੍ਹਾਂ ਕਿਹਾ ਕਿ ਪਹਿਲਾਂ ਬਾਦਲ ਸਰਕਾਰ ਨੇ ਕੇਸ ਬਣਾਏ ਸਨ, ਜਿਸ ਕਰਕੇ ਉਹ 13 ਵਰ੍ਹੇ ਅਦਾਲਤਾਂ ਦੇ ਚੱਕਰ ਕੱਟਦੇ ਰਹੇ ਹਨ। ਉਨ੍ਹਾਂ ਨੂੰ ਈ.ਡੀ. ਦੀ ਕੋਈ ਪਰਵਾਹ ਨਹੀਂ ਅਤੇ ਉਹ 13 ਸਾਲ ਹੋਰ ਅਦਾਲਤਾਂ ਦੇ ਚੱਕਰ ਕੱਟ ਕੇ ਲੜਾਈ ਲੜ ਸਕਦੇ ਹਨ। ਮੁੱਖ ਮੰਤਰੀ ਨੇ ਸਾਬਕਾ ਮੰਤਰੀ ਹਰਸਿਮਰਤ ਕੌਰ ਵੱਲੋਂ ਲਗਾਏ ਦੋਸ਼ਾਂ ਕਿ ਮੁੱਖ ਮੰਤਰੀ ਈ.ਡੀ. ਦੇ ਦਬਾਅ ਹੇਠ ਹਨ, ਦੇ ਜੁਆਬ ਵਿਚ ਕਿਹਾ ਕਿ ਵਿਰੋਧੀ ਧਿਰਾਂ ਕਿਸਾਨੀ ਮਸਲੇ ਨੂੰ ਆਪਣੇ ਸਿਆਸਤ ਲਈ ਨਾ ਵਰਤਣ। ਉਨ੍ਹਾਂ ਕਿਹਾ ਕਿ ਸਾਰੇ ਬਾਦਲ ਇਕੋ ਜਿਹੇ ਹਨ ਅਤੇ ਝੂਠੇ ਹਨ। ਉਨ੍ਹਾਂ ਅਕਾਲੀ ਆਗੂਆਂ ਨੂੰ ਸਲਾਹ ਦਿੱਤੀ ਕਿ ਉਹ ਝੂਠ ਬੋਲਣਾ ਬੰਦ ਕਰ ਕੇ ਸੱਚ ਕਹਿਣ ਕਿਉਂਕਿ ਲੋਕ ਇਨ੍ਹਾਂ ਬਾਰੇ ਚੰਗੀ ਤਰ੍ਹਾਂ ਜਾਣੂ ਹੋ ਚੁੱਕੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਉਹ ਤੇ ਸਾਰੀ ਕਾਂਗਰਸ ਪਾਰਟੀ ਕਿਸਾਨਾਂ ਨਾਲ ਮੋਢਾ ਲਾ ਕੇ ਖੜ੍ਹੀ ਹੈ ਤੇ ਕੇਂਦਰ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਕਿਸਾਨਾਂ ਦੀਆਂ ਗੱਲ ਸੁਣੇ ਅਤੇ ਉਨ੍ਹਾਂ ਦੀਆਂ ਮੰਗਾਂ ਮੰਨੇ। ਉਨ੍ਹਾਂ ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਸਿੰਘ ਬਾਦਲ, ਹਰਸਿਮਰਤ ਕੌਰ ਬਾਦਲ ਅਤੇ ਅਰਵਿੰਦ ਕੇਜਰੀਵਾਲ ਤੋਂ ਲੈ ਕੇ ਮਨੋਹਰ ਲਾਲ ਖੱਟਰ ਤੱਕ ਵਿਰੋਧੀ ਪਾਰਟੀਆਂ ਦੇ ਸਾਰੇ ਆਗੂਆਂ ਨੂੰ ਝਾੜ ਪਾਈ। ਉਨ੍ਹਾਂ ਕਿਹਾ ਕਿ ਇਨ੍ਹਾਂ ਆਗੂਆਂ ਨੇ ਕਿਸਾਨਾਂ ਦੀ ਹੱਕੀ ਲੜਾਈ ਦਾ ਮਜ਼ਾਕ ਬਣਾ ਕੇ ਰੱਖ ਦਿੱਤਾ ਹੈ। ਬੀਤੇ ਦਿਨੀਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਕੇ ਉਨ੍ਹਾਂ ਇਹ ਕਹਿ ਦਿੱਤਾ ਸੀ ਕਿ ਪੰਜਾਬ ਵਿਧਾਨ ਸਭਾ ‘ਚ ਪਾਸ ਸੋਧ ਬਿੱਲ ਕਿਸਾਨੀ ਮਸਲੇ ਦੀ ਪੇਚੀਦਗੀ ਨੂੰ ਹੱਲ ਕਰਨ ਦਾ ਸੌਖਾ ਤਰੀਕਾ ਹਨ ਕਿਉਂਕਿ ਇਹ ਸੂਬੇ ਦੇ ਭਵਿੱਖ ਦਾ ਨਿਚੋੜ ਹਨ। ਉਨ੍ਹਾਂ ਇਹ ਬਿੱਲ ਰਾਸ਼ਟਰਪਤੀ ਦੁਆਰਾ ਮਨਜ਼ੂਰ ਕਰਵਾਉਣ ਦੀ ਅਪੀਲ ਕੀਤੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਬਾਦਲਾਂ ਨੇ ਇਸ ਮੁੱਦੇ ਉਤੇ ਜਨਤਕ ਤੌਰ ਉਤੇ ਪਲਟੀ ਮਾਰੀ ਹੈ। ਕੇਂਦਰੀ ਮੰਤਰੀ ਮੰਡਲ ਦਾ ਹਿੱਸਾ ਹੋਣ ਦੇ ਨਾਤੇ ਹਰਸਿਮਰਤ ਕੌਰ ਬਾਦਲ ਉਸ ਮੀਟਿੰਗ ਵਿਚ ਸ਼ਾਮਲ ਸੀ, ਜਿਸ ਦੌਰਾਨ ਖੇਤੀਬਾੜੀ ਆਰਡੀਨੈਂਸਾਂ ਨੂੰ ਪਾਸ ਕੀਤਾ ਗਿਆ ਸੀ। ਆਮ ਆਦਮੀ ਪਾਰਟੀ ਦੇ ਆਗੂ ਅਰਵਿੰਦ ਕੇਜਰੀਵਾਲ ਨੂੰ ਉਨ੍ਹਾਂ ਵੱਲੋਂ ਕੌਮੀ ਸੁਰੱਖਿਆ ਬਾਰੇ ਦਿੱਤੇ ਬਿਆਨ ਨੂੰ ਤੋੜ-ਮਰੋੜ ਕੇ ਪੇਸ਼ ਕਰਨ ਲਈ ਭੰਡਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਇਹ ਬਿਆਨ ਸਾਫ ਤੌਰ ਉਤੇ ਪਾਕਿਸਤਾਨ ਸਬੰਧੀ ਦਿੱਤਾ ਗਿਆ ਸੀ ਅਤੇ ਪੰਜਾਬ ਦਾ ਗ੍ਰਹਿ ਮੰਤਰੀ ਹੋਣ ਦੇ ਨਾਤੇ ਇਹ ਉਨ੍ਹਾਂ ਦਾ ਫਰਜ਼ ਬਣਦਾ ਸੀ ਕਿ ਉਹ ਕੇਂਦਰੀ ਗ੍ਰਹਿ ਮੰਤਰੀ ਨੂੰ ਰੋਸ ਮੁਜ਼ਾਹਰਿਆਂ ਦੇ ਲੰਮੇ ਸਮੇਂ ਤੱਕ ਚੱਲਣ ਦੇ ਖਤਰਿਆਂ ਤੋਂ ਜਾਣੂ ਕਰਵਾਉਣ।
__________________________________________
ਕਿਸਾਨ ਅੰਦੋਲਨ ਨੂੰ ਫਿਰਕੂ ਰੰਗਤ ਦੇਣ ਦੇ ਦੋਸ਼
ਚੰਡੀਗੜ੍ਹ: ਆਮ ਆਦਮੀ ਪਾਰਟੀ ਪੰਜਾਬ ਮਾਮਲਿਆਂ ਦੇ ਇੰਚਾਰਜ ਜਰਨੈਲ ਸਿੰਘ ਤੇ ਵਿਧਾਇਕ ਅਮਨ ਅਰੋੜਾ ਨੇ ਕਿਹਾ ਕਿ ਦਿੱਲੀ ਬਾਰਡਰ ‘ਤੇ ਚੱਲ ਰਿਹਾ ਕਿਸਾਨੀ ਸੰਘਰਸ਼ ਕਿਸੇ ਇਕ ਧਰਮ, ਫਿਰਕੇ, ਵਰਗ ਜਾਂ ਖੇਤਰ ਨਾਲ ਸਬੰਧਤ ਨਹੀਂ ਹੈ, ਸਗੋਂ ਸਾਰੇ ਦੇਸ਼ ਦੇ ਕਿਸਾਨਾਂ, ਮਜ਼ਦੂਰਾਂ, ਆੜ੍ਹਤੀਆਂ, ਟਰਾਂਸਪੋਰਟਰਾਂ ਸਮੇਤ ਖੇਤੀਬਾੜੀ ਨਾਲ ਜੁੜੇ ਤਮਾਮ ਵਪਾਰੀਆਂ-ਕਾਰੋਬਾਰੀਆਂ ਦਾ ਸੰਘਰਸ਼ ਹੈ, ਜਿਸ ਨੂੰ ਸੱਤਾਧਾਰੀ ਭਾਜਪਾ ਅਤੇ ਕਾਂਗਰਸ ਸਰਕਾਰ ਕਿਸੇ ਸਿੱਟੇ ਉਤੇ ਪਹੁੰਚਣ ਤੋਂ ਪਹਿਲਾਂ ਹੀ ਖਤਮ ਕਰਨ ਦੇ ਇਰਾਦਿਆਂ ਨਾਲ ਫਿਰਕੂ ਰੰਗਤ ਦੇਣ ਦੀਆਂ ਕੋਸ਼ਿਸ਼ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਭਾਜਪਾ ਇਸ ਅੰਦੋਲਨ ਨੂੰ ਛੋਟਾ ਦਿਖਾਉਣ ਲਈ ਇਕੱਲੇ ਪੰਜਾਬ ਦੇ ਕਿਸਾਨਾਂ ਦੇ ਅੰਦੋਲਨ ਕਹਿ ਕੇ ਗੁੰਮਰਾਹ ਕਰ ਰਹੀਆਂ ਹਨ। ਜਦੋਂ ਕਿ ਸੰਘਰਸ਼ ਵਿਚ ਸਾਰੇ ਦੇਸ਼ ਦੇ ਕਿਸਾਨ ਸ਼ਾਮਲ ਹਨ।