ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਪੁਰਬ ਸ਼ਰਧਾ ਨਾਲ ਮਨਾਇਆ

ਅੰਮ੍ਰਿਤਸਰ/ਕੀਰਤਪੁਰ ਸਾਹਿਬ: ਨੌਵੇਂ ਪਾਤਸ਼ਾਹ ਗੁਰੂ ਤੇਗ ਬਹਾਦਰ ਸਾਹਿਬ ਦਾ ਸ਼ਹੀਦੀ ਪੁਰਬ ਇਥੇ ਗੁਰੂ ਸਾਹਿਬ ਦੇ ਜਨਮ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ, ਮੰਜੀ ਸਾਹਿਬ ਦੀਵਾਨ ਹਾਲ ਅਤੇ ਚੀਫ ਖਾਲਸਾ ਦੀਵਾਨ ਵੱਲੋਂ ਵੱਖ-ਵੱਖ ਥਾਈਂ ਸ਼ਰਧਾ ਨਾਲ ਮਨਾਇਆ ਗਿਆ।

ਸ਼੍ਰੋਮਣੀ ਕਮੇਟੀ ਵੱਲੋਂ ਇਸ ਸਬੰਧੀ ਅਖੰਡ ਪਾਠ ਦੇ ਭੋਗ ਮਗਰੋਂ ਮੰਜੀ ਸਾਹਿਬ ਦੀਵਾਨ ਹਾਲ ‘ਚ ਦੀਵਾਨ ਸਜਾਏ ਗਏ। ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਮੁਖਤਾਰ ਸਿੰਘ ਨੇ ਦੱਸਿਆ ਕਿ ਸ਼ਹੀਦੀ ਦਿਵਸ ਸਬੰਧੀ ਮੁੱਖ ਸਮਾਗਮ ਗੁਰਦੁਆਰਾ ਜਨਮ ਅਸਥਾਨ ਗੁਰੂ ਕੇ ਮਹਿਲ ਵਿਖੇ ਕੀਤੇ ਗਏ। ਉਥੇ ਵੀ ਅਖੰਡ ਪਾਠ ਦੇ ਭੋਗ ਪਾਏ ਗਏ ਤੇ ਕੀਰਤਨ ਕੀਤਾ ਗਿਆ।
ਇਸੇ ਤਰ੍ਹਾਂ ਚੀਫ ਖਾਲਸਾ ਦੀਵਾਨ ਵੱਲੋਂ ਧਾਰਮਿਕ ਸਮਾਗਮ ਕੀਤਾ ਗਿਆ, ਜਿਸ ਵਿਚ ਸੈਂਟਰਲ ਖਾਲਸਾ ਯਤੀਮਖਾਨਾ ਤੇ ਬੀਬੀ ਪ੍ਰਭਜੀਤ ਕੌਰ ਦੇ ਜਥਿਆਂ ਨੇ ਗੁਰਬਾਣੀ ਦਾ ਕੀਰਤਨ ਕੀਤਾ। ਦੀਵਾਨ ਦੇ ਪ੍ਰਧਾਨ ਨਿਰਮਲ ਸਿੰਘ ਨੇ ਗੁਰਇਤਿਹਾਸ ‘ਤੇ ਚਾਨਣਾ ਪਾਇਆ। ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਪ੍ਰੋ. ਹਰੀ ਸਿੰਘ ਅਤੇ ਡਾ. ਸਰਬਜੀਤ ਸਿੰਘ ਛੀਨਾ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਦੀਵਾਨ ਵੱਲੋਂ ਪ੍ਰਕਾਸ਼ਿਤ ਪੁਸਤਕ ‘ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦਾ ਜੀਵਨ ਅਤੇ ਦਰਪਣ-ਸਰੂਪ ਅਤੇ ਸੰਦਰਭ‘ ਲੋਕ ਅਰਪਣ ਕੀਤੀ ਗਈ।
ਇਸੇ ਦੌਰਾਨ ਨੌਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਗੁਰਦੁਆਰਾ ਬਿਬਾਨਗੜ੍ਹ ਸਾਹਿਬ ਸ੍ਰੀ ਕੀਰਤਪੁਰ ਸਾਹਿਬ ਤੋਂ ਗੁਰਦੁਆਰਾ ਸੀਸਗੰਜ ਸਾਹਿਬ, ਸ੍ਰੀ ਆਨੰਦਪੁਰ ਸਾਹਿਬ ਤਕ ਸਜਾਇਆ ਗਿਆ। ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰਿਆਂ ਨੇ ਕੀਤੀ। ਇਸ ਤੋਂ ਪਹਿਲਾਂ ਗੁਰਦੁਆਰਾ ਬਿਬਾਨਗੜ੍ਹ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਦੇ ਭੋਗ ਉਪਰੰਤ ਦੀਵਾਨ ਸਜਾਇਆ ਗਿਆ, ਜਿਸ ਵਿਚ ਰਾਗੀ, ਢਾਡੀ ਜਥਿਆਂ ਤੇ ਕਥਾਵਾਚਕਾਂ ਨੇ ਸੰਗਤ ਨੂੰ ਗੁਰੂ ਸਾਹਿਬ ਦੇ ਜੀਵਨ ਤੇ ਸ਼ਹੀਦੀ ਬਾਰੇ ਜਾਣੂ ਕਰਵਾਇਆ।
ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਦੱਸਿਆ ਕਿ ਗੁਰੂ ਤੇਗ ਬਹਾਦਰ ਜੀ ਦੀ ਲਾਸਾਨੀ ਸ਼ਹਾਦਤ ਨੇ ਹਿੰਦੁਸਤਾਨ ਦੀ ਕਾਇਆ ਹੀ ਪਲਟ ਕੇ ਰੱਖ ਦਿੱਤੀ ਕਿਉਂਕਿ ਤਤਕਾਲੀ ਹਾਕਮ ਔਰੰਗਜ਼ੇਬ ਦੂਜੇ ਧਰਮਾਂ ਨੂੰ ਖਤਮ ਕਰਨ ‘ਤੇ ਤੁਲਿਆ ਹੋਇਆ ਸੀ। ਉਸ ਦੇ ਮਨਸੂਬਿਆਂ ਨੂੰ ਗੁਰੂ ਸਾਹਿਬ ਦੀ ਸ਼ਹਾਦਤ ਨੇ ਬਦਲ ਕੇ ਰੱਖ ਦਿੱਤਾ। ਉਨ੍ਹਾਂ ਕਿਹਾ ਕਿ ਜਦੋਂ ਦਿੱਲੀ ਚਾਂਦਨੀ ਚੌਕ ਵਿਚ ਗੁਰੂ ਤੇਗ ਬਹਾਦਰ ਜੀ ਨੂੰ ਸ਼ਹੀਦ ਕੀਤਾ ਗਿਆ ਤਾਂ ਭਾਈ ਜੈਤਾ ਜੀ (ਬਾਬਾ ਜੀਵਨ ਸਿੰਘ) ਗੁਰੂ ਸਾਹਿਬ ਦਾ ਸੀਸ ਲੈ ਕੇ ਦਿੱਲੀ ਤੋਂ ਸ੍ਰੀ ਕੀਰਤਪੁਰ ਸਾਹਿਬ (ਗੁਰਦੁਆਰਾ ਬਿਬਾਨਗੜ੍ਹ ਸਾਹਿਬ) ਪਹੁੰਚੇ। ਇਸ ਅਸਥਾਨ ‘ਤੇ ਗੁਰੂ ਜੀ ਦਾ ਸੀਸ ਟਿਕਾ ਕੇ ਬਾਲ ਗੋਬਿੰਦ ਰਾਏ ਨੂੰ ਸੁਨੇਹਾ ਭੇਜਿਆ ਗਿਆ, ਜਿਸ ਮਗਰੋਂ ਗੁਰੂ ਜੀ ਹਜ਼ਾਰਾਂ ਦੀ ਗਿਣਤੀ ਵਿਚ ਸੰਗਤ ਨਾਲ ਕੀਰਤਪੁਰ ਸਾਹਿਬ ਆਏ ਅਤੇ ਆਪਣੇ ਪਿਤਾ ਜੀ ਦੇ ਸੀਸ ਨੂੰ ਬਿਬਾਨ ਦੇ ਰੂਪ ਵਿਚ ਗੁਰਦੁਆਰਾ ਸੀਸ ਗੰਜ ਸਾਹਿਬ ਸ੍ਰੀ ਆਨੰਦਪੁਰ ਸਾਹਿਬ ਲੈ ਕੇ ਗਏ ਤੇ ਸੀਸ ਦਾ ਅੰਤਿਮ ਸੰਸਕਾਰ ਕੀਤਾ। ਇਸ ਯਾਦ ਨੂੰ ਸਮਰਪਿਤ ਇਹ ਨਗਰ ਕੀਰਤਨ ਸਜਾਇਆ ਜਾਂਦਾ ਹੈ। ਇਸ ਮੌਕੇ ਗਿਆਨੀ ਫੂਲਾ ਸਿੰਘ ਹੈੱਡ ਗ੍ਰੰਥੀ ਤਖਤ ਸ੍ਰੀ ਕੇਸਗੜ੍ਹ ਸਾਹਿਬ, ਭਾਈ ਅਮਰਜੀਤ ਸਿੰਘ ਚਾਵਲਾ, ਪ੍ਰਿੰਸੀਪਲ ਸੁਰਿੰਦਰ ਸਿੰਘ (ਅਤੇ ਮੈਨੇਜਰ ਗੁਰਦੀਪ ਸਿੰਘ ਕੰਗ ਆਦਿ ਹਾਜਰ ਸਨ।
_____________________________________________
ਕਿਸਾਨ ਮੋਰਚਿਆਂ ‘ਤੇ ਸ਼ਹੀਦੀ ਦਿਹਾੜਾ ਮਨਾਇਆ
ਨਵੀਂ ਦਿੱਲੀ: ਦਿੱਲੀ ਦੇ ਸਿੰਘੂ ਤੇ ਟਿਕਰੀ ਬਾਰਡਰਾਂ ‘ਤੇ ਨੌਵੇਂ ਪਾਤਸ਼ਾਹ ਗੁਰੂ ਤੇਗ਼ ਬਹਾਦਰ ਸਾਹਿਬ ਦੇ ਸ਼ਹੀਦੀ ਪੁਰਬ ਮੌਕੇ ਵਿਸ਼ੇਸ਼ ਸਮਾਗਮ ਕੀਤੇ ਗਏ। ਭਾਈ ਮਤੀ ਦਾਸ, ਭਾਈ ਸਤੀ ਦਾਸ ਤੇ ਭਾਈ ਦਿਆਲਾ ਦੀ ਦਿੱਲੀ ਦੇ ਚਾਂਦਨੀ ਚੌਕ ਸਥਿਤ ਸ਼ਹੀਦੀ ਸਥਾਨ ਨੂੰ ਦੇਖਣ ਲਈ ਵੀ ਕਿਸਾਨ ਪਹੁੰਚੇ। ਸਿੰਘੂ ਬਾਰਡਰ ‘ਤੇ ਸਟੇਜ ਦੀ ਸ਼ੁਰੂਆਤ ਗੁਰੂ ਤੇਗ ਬਹਾਦਰ ਸਾਹਿਬ ਦੇ ਸਹੀਦੀ ਦਿਹਾੜੇ ਸਬੰਧੀ ਧਾਰਮਿਕ ਸਮਾਗਮ ਨਾਲ ਹੋਈ। ਸੁਖਮਨੀ ਸਾਹਿਬ ਦੇ ਪਾਠ ਮਗਰੋਂ ਗੁਰਦੁਆਰਾ ਪ੍ਰਭ ਮਿਲਣੈ ਕਾ ਚਾਉ ਤੋਂ ਭਾਈ ਦਲਬੀਰ ਸਿੰਘ ਤਰਮਾਲੇ ਵਾਲੇ ਦੇ ਜਥੇ ਨੇ ਕੀਰਤਨ ਕੀਤਾ। ਇਸ ਮਗਰੋਂ ਅਕਾਲ ਤਖਤ ਦੇ ਸਾਬਕਾ ਜਥੇਦਾਰ ਭਾਈ ਜਸਬੀਰ ਸਿੰਘ ਨੇ ਕਥਾ ਦੁਆਰਾ ਗੁਰੂ ਸਾਹਿਬ ਦੀ ਸ਼ਹਾਦਤ ਬਾਰੇ ਸੰਗਤਾਂ ਨੂੰ ਜਾਣੂ ਕਰਵਾਇਆ। ਕਾਰ ਸੇਵਾ ਵਾਲੇ ਬਾਬਾ ਭਿੰਦਾ ਸਿੰਘ ਨੇ ਸੰਗਤਾਂ ਨੂੰ ਵਾਹਿਗੁਰੂ ਦਾ ਜਾਪ ਕਰਾਇਆ। ਭਾਈ ਜਸਬੀਰ ਸਿੰਘ ਜਥੇਦਾਰ ਨੇ ਅਰਦਾਸ ਕੀਤੀ।