ਮੋਦੀ ਦੀ ਤਕਰੀਰ ਕਿਸਾਨਾਂ `ਚ ‘ਵੰਡੀਆਂ ਤੇ ਕੁਰਾਹੇ’ ਪਾਉਣ ਦਾ ਯਤਨ ਕਰਾਰ

ਨਵੀਂ ਦਿੱਲੀ: ਤਿੰਨ ਨਵੇਂ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੀਆਂ ਕਿਸਾਨ ਯੂਨੀਅਨਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਤਕਰੀਰ ਨੂੰ ਕਿਸਾਨਾਂ ‘ਚ ‘ਵੰਡੀਆਂ ਤੇ ਕੁਰਾਹੇ’ ਪਾਉਣ ਦਾ ਯਤਨ ਕਰਾਰ ਦਿੱਤਾ ਹੈ। ਕਿਸਾਨ ਆਗੂਆਂ ਨੇ ਸਾਫ ਕਰ ਦਿੱਤਾ ਕਿ ਉਹ ਨਵੇਂ ਖੇਤੀ ਕਾਨੂੰਨ ਰੱਦ ਕਰਨ ਦੇ ਨਾਲ ਨਾਲ ਘੱਟੋ-ਘੱਟ ਸਮਰਥਨ ਮੁੱਲ (ਐਮ.ਐਸ.ਪੀ.) ਦੀ ਕਾਨੂੰਨੀ ਗਾਰੰਟੀ ਚਾਹੁੰਦੇ ਹਨ।
ਚੇਤੇ ਰਹੇ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਛੇ ਰਾਜਾਂ ਦੇ ਕਿਸਾਨਾਂ ਦੇ ਰੂਬਰੂ ਹੁੰਦਿਆਂ ਦਾਅਵਾ ਕੀਤਾ ਸੀ ਕਿ ਕੁਝ ਸਿਆਸੀ ਵਿਰੋਧੀ ਆਪਣੇ ਨਿੱਜੀ ਏਜੰਡਿਆਂ ਦੀ ਪੂਰਤੀ ਲਈ ਕਿਸਾਨ ਅੰਦੋਲਨ ਦੀ ਦੁਰਵਰਤੋਂ ਕਰ ਰਹੇ ਹਨ।

ਕਿਸਾਨ ਆਗੂ ਅਭਿਮੰਨਿਊ ਕੋਹਾਰ ਨੇ ਦੋਸ਼ ਲਾਇਆ ਕਿ ਸਰਕਾਰ ਅੰਦੋਲਨ ਨੂੰ ਜਾਣਬੁਝ ਕੇ ਕਿਸੇ ਹੋਰ ਪਾਸੇ ਲਿਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕਿਸਾਨ ਯੂਨੀਅਨਾਂ ਕਿਸੇ ਵੀ ਸਿਆਸੀ ਪਾਰਟੀ ਨੂੰ ਆਪਣਾ ਮੰਚ ਵਰਤਣ ਦੀ ਇਜਾਜ਼ਤ ਨਹੀਂ ਦਿੰਦੀਆਂ। ਪ੍ਰਧਾਨ ਮੰਤਰੀ ਝੂਠ ਬੋਲ ਰਹੇ ਹਨ ਅਤੇ ਦਿੱਲੀ ਦੀ ਸਰਹੱਦ ‘ਤੇ ਪ੍ਰਦਰਸ਼ਨ ਕਰਦਿਆਂ ਇਕ ਮਹੀਨਾ ਹੋ ਗਿਆ ਹੈ ਪਰ ਕਿਸਾਨਾਂ ਨੇ ਕਿਸੇ ਵੀ ਸਿਆਸਤਦਾਨ ਨੂੰ ਆਪਣਾ ਮੰਚ ਵਰਤਣ ਦੀ ਪੇਸ਼ਕਸ਼ ਨਹੀਂ ਕੀਤੀ ਹੈ ਸਗੋਂ ਉਨ੍ਹਾਂ ਸਿਆਸੀ ਪਾਰਟੀਆਂ ‘ਤੇ ਪਾਬੰਦੀ ਲਾਈ ਹੋਈ ਹੈ ਅਤੇ ਇਹ ਕੋਈ ਸਿਆਸੀ ਅੰਦੋਲਨ ਨਹੀਂ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨੇ ਆਪਣੇ ਭਾਸ਼ਨ ਦੌਰਾਨ ਦਾਅਵਾ ਕੀਤਾ ਕਿ ਖੇਤੀ ਕਾਨੂੰਨ ਕਿਸਾਨਾਂ ਲਈ ਲਾਹੇਵੰਦ ਹਨ ਪਰ ਉਨ੍ਹਾਂ ਇਹ ਚਾਨਣਾ ਨਹੀਂ ਪਾਇਆ ਕਿ ਨਵੇਂ ਕਾਨੂੰਨ ਕਿਸਾਨਾਂ ਲਈ ਕਿਵੇਂ ਲਾਹੇਵੰਦ ਹੋਣਗੇ।
ਸੰਯੁਕਤ ਕਿਸਾਨ ਮੋਰਚੇ ਦੇ ਸੀਨੀਅਰ ਆਗੂ ਸ਼ਿਵ ਕੁਮਾਰ ਕੱਕਾ ਨੇ ਕਿਹਾ ਕਿ ਚੋਣ ਰੈਲੀਆਂ ਦੌਰਾਨ ਪ੍ਰਧਾਨ ਮੰਤਰੀ ਕਹਿੰਦੇ ਨਹੀਂ ਥੱਕਦੇ ਕਿ ਐਮ.ਐਸ.ਪੀ. ਬਰਕਰਾਰ ਰਹੇਗੀ। ‘ਫਿਰ ਉਹ ਇਸ ਨੂੰ ਕਾਨੂੰਨੀ ਗਾਰੰਟੀ ਦੇਣ ਤੋਂ ਕਿਉਂ ਡਰਦੇ ਹਨ? ਸਰਕਾਰ ਇਸ ਬਾਰੇ ਲਿਖਤ `ਚ ਕਿਉਂ ਨਹੀਂ ਦਿੰਦੀ।` ਉਨ੍ਹਾਂ ਦੋਸ਼ ਲਾਇਆ ਕਿ ਪ੍ਰਧਾਨ ਮੰਤਰੀ ਮੋਦੀ ਨੇ ਆਪਣੇ ਭਾਸ਼ਨ ਦੌਰਾਨ ਕਿਸਾਨਾਂ ਨੂੰ ਵੰਡਣ ਅਤੇ ਗੁੰਮਰਾਹ ਕਰਨ ਦੀ ਕੋਸ਼ਿਸ਼ ਕੀਤੀ ਹੈ। ‘ਚੋਣ ਰੈਲੀਆਂ `ਚ ਉਹ ਆਖਦੇ ਹਨ ਕਿ ਉਨ੍ਹਾਂ ਦੀ ਸਰਕਾਰ ਨੇ ਐਮ ਐਸ ਸਵਾਮੀਨਾਥਨ ਕਮੇਟੀ ਦੀਆਂ ਸਿਫਾਰਸ਼ਾਂ ਮੁਤਾਬਕ ਐਮ.ਐਸ.ਪੀ. ਮਿਥੀ ਹੈ ਪਰ ਅਦਾਲਤ `ਚ ਉਹ ਆਖਦੇ ਨੇ ਅਜਿਹਾ ਕਰਨਾ ਸੰਭਵ ਨਹੀਂ ਹੈ।` ਆਲ ਇੰਡੀਆ ਕਿਸਾਨ ਸੰਘਰਸ਼ ਤਾਲਮੇਲ ਕਮੇਟੀ ਦੇ ਸਕੱਤਰ ਅਵਿਕ ਸਾਹਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਛੇ ਰਾਜਾਂ ਦੇ ਕਿਸਾਨਾਂ ਨੂੰ ਸੰਬੋਧਨ ਕੀਤਾ, ਪਰ ਹੈਰਾਨੀ ਹੁੰਦੀ ਹੈ ਕਿ ਉਹ ਸੰਘਰਸ਼ਸ਼ੀਲ ਕਿਸਾਨਾਂ ਦੇ ਮੁੱਦਿਆਂ ਨੂੰ ਮੁਖਾਤਬ ਕਿਉਂ ਨਹੀਂ ਹੁੰਦੇ। ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਸੂਬਾ ਪ੍ਰੈੱਸ ਸਕੱਤਰ ਅਵਤਾਰ ਸਿੰਘ ਮਹਿਮਾ ਨੇ ਕਿਹਾ ਕਿ ਸਰਕਾਰ ਦਾ ਇਹ ਦਾਅਵਾ ਨਿਰਾ ‘ਝੂਠ` ਹੈ ਕਿ ਕੁਝ ਕਿਸਾਨ ਤਿੰਨ ਖੇਤੀ ਕਾਨੂੰਨਾਂ ਦੀ ਹਮਾਇਤ ਕਰਦੇ ਹਨ।
_______________________________________
ਮੋਦੀ ਦੇ ਹੁੰਦਿਆਂ ਕੋਈ ਜ਼ਮੀਨ ਨਹੀਂ ਖੋਹ ਸਕਦਾ: ਸ਼ਾਹ
ਨਵੀਂ ਦਿੱਲੀ: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਜਦੋਂ ਤੱਕ ਨਰਿੰਦਰ ਮੋਦੀ ਪ੍ਰਧਾਨ ਮੰਤਰੀ ਹਨ, ਉਦੋਂ ਤੱਕ ਕੋਈ ਵੀ ਕਾਰਪੋਰੇਟ ਘਰਾਣਾ ਕਿਸਾਨਾਂ ਦੀ ਜ਼ਮੀਨ ਨਹੀਂ ਖੋਹ ਸਕਦਾ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਘੱਟੋ-ਘੱਟ ਸਮਰਥਨ (ਐਮ.ਐਸ.ਪੀ.) ਜਾਰੀ ਰਹੇਗਾ ਅਤੇ ਮੰਡੀਆਂ ਬੰਦ ਨਹੀਂ ਹੋਣਗੀਆਂ। ਕੌਮੀ ਰਾਜਧਾਨੀ ਦੇ ਪਿੰਡ ਕਿਸ਼ਨਗੜ੍ਹ ਵਿਚ ਸੰਬੋਧਨ ਕਰਦਿਆਂ ਸ਼ਾਹ ਨੇ ਕਿਹਾ ਕਿ ਜੇਕਰ ਕਿਸਾਨ ਜਥੇਬੰਦੀਆਂ ਨੂੰ ਲੱਗਦਾ ਹੈ ਕਿ ਤਿੰਨ ਨਵੇਂ ਖੇਤੀ ਕਾਨੂੰਨ ਉਨ੍ਹਾਂ ਦੇ ਹਿੱਤਾਂ ਖਿਲਾਫ ਹਨ ਤਾਂ ਮੋਦੀ ਸਰਕਾਰ ਹਮੇਸ਼ਾ ਖੁੱਲ੍ਹੇ ਮਨ ਨਾਲ ਵਿਚਾਰ-ਚਰਚਾ ਕਰਨ ਲਈ ਤਿਆਰ ਹੈ।