ਪੰਜਾਬ ਦੀਆਂ ਸਿਆਸੀ ਧਿਰਾਂ ਦਾ ਇਕ-ਦੂਜੇ ਨੂੰ ਘੇਰਨ ਉਤੇ ਹੀ ਲੱਗਾ ਜ਼ੋਰ

ਚੰਡੀਗੜ੍ਹ: ਖੇਤੀ ਕਾਨੂੰਨਾਂ ਖਿਲਾਫ ਪੰਜਾਬ ਤੋਂ ਉਠੀ ਰੋਹ ਦੀ ਲਹਿਰ ਪੂਰੇ ਮੁਲਕ ਵਿਚ ਫੈਲ ਗਈ ਹੈ। ਪੂਰੇ ਮੁਲਕ ਦੇ ਕਿਸਾਨ ਦਿੱਲੀ ਦੀਆਂ ਹੱਦਾਂ ਉਤੇ ਕਾਨੂੰਨ ਰੱਦ ਕਰਵਾਉਣ ਲਈ ਡਟੇ ਹੋਏ ਹਨ। ਨਿੱਤ ਦਿਨ ਇਕ-ਦੋ ਕਿਸਾਨਾਂ ਦੀਆਂ ਮੌਤਾਂ ਦੀਆਂ ਖਬਰਾਂ ਆ ਰਹੀਆਂ ਹਨ। ਇਸ ਵੇਲੇ ਜਿਥੇ ਪੂਰਾ ਪੰਜਾਬ ਇਕ ਪਾਸੇ ਖੜ੍ਹਾ ਸਿਰਫ ਕੇਂਦਰ ਸਰਕਾਰ ਦੀ ਘੇਰਾਬੰਦੀ ਲਈ ਜ਼ੋਰ ਲਾ ਰਿਹਾ ਹੈ, ਉਥੇ ਸੂਬੇ ਦੀਆਂ ਸਿਆਸੀ ਧਿਰਾਂ ਦਾ ਜ਼ੋਰ ਸਿਰਫ ਆਪਸੀ ਦੂਸ਼ਣਬਾਜ਼ੀ ਉਤੇ ਲੱਗਾ ਹੋਇਆ ਹੈ। ਕਾਂਗਰਸ, ਅਕਾਲੀ ਤੇ ਆਮ ਆਦਮੀ ਪਾਰਟੀ ਦੇ ਆਗੂਆਂ ਵੱਲੋਂ ਇਕ-ਦੂਜੇ ਦੀ ਘੇਰਾਬੰਦੀ ਉਤੇ ਟਿੱਲ ਲਾਇਆ ਹੋਇਆ ਹੈ।

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਆਖ ਰਹੇ ਹਨ ਕਿ ਕੈਪਟਨ ਅਮਰਿੰਦਰ ਸਿੰਘ ਪੰਜਾਬ ਵਿਚ ਭਾਜਪਾ ਦੇ ਮੁੱਖ ਮੰਤਰੀ ਵਜੋਂ ਕੰਮ ਕਰ ਰਹੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਕੈਪਟਨ ਅਮਰਿੰਦਰ ਸਿੰਘ ਦੀਆਂ ਬਹੁਤ ਸਾਰੀਆਂ ਕਮਜ਼ੋਰੀਆਂ ਕੇਂਦਰ ਸਰਕਾਰ ਦੇ ਹੱਥ ਲੱਗੀਆਂ ਹੋਈਆਂ ਹਨ, ਇਸੇ ਕਰਕੇ ਉਹ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਦਬਾਅ ਹੇਠ ਕੰਮ ਕਰ ਰਹੇ ਹਨ। ਪੰਜਾਬ ਵਿਚ ਹੁਣ ਨੌਜਵਾਨਾਂ ‘ਤੇ ਜਿਹੜੇ ਝੂਠੇ ਕੇਸ ਵੀ ਦਰਜ ਕੀਤੇ ਜਾ ਰਹੇ ਹਨ, ਉਹ ਵੀ ਕੇਂਦਰ ਦੇ ਇਸ਼ਾਰੇ ‘ਤੇ ਹੀ ਹੋ ਰਹੇ ਹਨ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਇਹ ਸਪੱਸ਼ਟ ਹੈ ਕਿ ਕੇਂਦਰੀ ਗ੍ਰਹਿ ਮੰਤਰਾਲਾ ਮੁੱਖ ਮੰਤਰੀ ਦੀ ਕਮਜ਼ੋਰੀ ਜਾਣਦਾ ਹੈ ਤੇ ਇਸੇ ਲਈ ਮੁੱਖ ਮੰਤਰੀ ਸਿੱਧਾ ਮੰਤਰਾਲੇ ਤੋਂ ਹੁਕਮ ਲੈ ਰਹੇ ਹਨ ਅਤੇ ਭਾਜਪਾ ਆਗੂਆਂ ਵਿਰੁੱਧ ਪ੍ਰਦਰਸ਼ਨ ਕਰਨ ਵਾਲੇ ਪੰਜਾਬੀਆਂ ਖਿਲਾਫ ਇਰਾਦਾ ਕਤਲ ਦੇ ਕੇਸ ਦਰਜ ਕੀਤੇ ਜਾ ਰਹੇ ਹਨ। ਉਧਰ, ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਕਹਿਣਾ ਹੈ ਕਿ ਸੁਖਬੀਰ ਸਿੰਘ ਬਾਦਲ ਅਤੇ ਅਰਵਿੰਦ ਕੇਜਰੀਵਾਲ ਤੇ ਇਨ੍ਹਾਂ ਦੋਵਾਂ ਦੇ ਪਾਰਟੀ ਕਾਰਕੁਨ ਝੂਠ ਅਤੇ ਫਰੇਬ ਦਾ ਆਸਰਾ ਲੈ ਕੇ ਆਪਣੀਆਂ ਉਨ੍ਹਾਂ ਨਾਕਾਮੀਆਂ ਨੂੰ ਲੁਕਾਉਣਾ ਚਾਹੁੰਦੇ ਹਨ, ਜਿਸ ਦਾ ਸਾਹਮਣਾ ਉਨ੍ਹਾਂ ਨੂੰ ਖੇਤੀ ਕਾਨੂੰਨਾਂ ਕਾਰਨ ਪੈਦਾ ਹੋਏ ਸੰਕਟ ਦੌਰਾਨ ਕਰਨਾ ਪਿਆ ਹੈ।
ਆਮ ਆਦਮੀ ਪਾਰਟੀ ਦਾ ਕਹਿਣਾ ਹੈ ਕਿ ਪੰਜਾਬ ਵਿਧਾਨ ਸਭਾ ਵਿਚ ਖੇਤੀ ਕਾਨੂੰਨਾਂ ਸਬੰਧੀ ਪਾਸ ਕੀਤੇ ਕਾਨੂੰਨ ਰਾਸ਼ਟਰਪਤੀ ਕੋਲ ਨਾ ਪਹੁੰਚਾਉਣਾ ਕੈਪਟਨ ਅਮਰਿੰਦਰ ਸਿੰਘ ਅਤੇ ਗਵਰਨਰ ਦੀ ਮਿਲੀਭੁਗਤ ਦਾ ਨਤੀਜਾ ਹੈ। ‘ਆਪ` ਆਗੂ ਭਗਵੰਤ ਮਾਨ ਨੇ ਕਿਹਾ ਹੈ ਕਿ ਇਸ ਤੋਂ ਕੈਪਟਨ ਅਮਰਿੰਦਰ ਸਿੰਘ ਦੁਆਰਾ ਨਰਿੰਦਰ ਮੋਦੀ ਨਾਲ ਮਿਲ ਕੇ ਇਨ੍ਹਾਂ ਕਾਨੂੰਨਾਂ ਸਬੰਧੀ ਪੰਜਾਬੀਆਂ ਨੂੰ ਗੁਮਰਾਹ ਕਰਨ ਦੇ ਮਨਸੂਬੇ ਨਾਲ ਨਾਟਕ ਕਰਨ ਦਾ ਪਰਦਾਫਾਸ਼ ਹੋਇਆ ਹੈ। ਮਾਨ ਨੇ ਕਿਹਾ ਕਿ ਕੈਪਟਨ ਸਰਕਾਰ ਵੱਲੋਂ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾ ਕੇ ਕਾਨੂੰਨ ਬਣਾਉਣ ਦੀ ਡਰਾਮੇਬਾਜੀ ਕੀਤੀ ਸੀ। ਕੈਪਟਨ ਅਮਰਿੰਦਰ ਸਿੰਘ ਨੂੰ ਜੇਕਰ ਸੱਚੇ ਦਿਲੋਂ ਕਿਸਾਨਾਂ ਦੀ ਕੋਈ ਚਿੰਤਾ ਹੁੰਦੀ ਤਾਂ ਉਹ ਇਸ ਦੀ ਪੈਰਵਾਈ ਕਰਦੇ।
______________________________
ਕਿਸਾਨਾਂ ਨਾਲ ਗੱਲਬਾਤ ਵਿਚ ਸਾਡੀ ਸਰਕਾਰ ਦੀ ਕੋਈ ਭੂਮਿਕਾ ਨਹੀਂ: ਅਮਰਿੰਦਰ
ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਦਿੱਲੀ ਸਰਹੱਦ ‘ਤੇ ਮੁਜ਼ਾਹਰਾ ਕਰ ਰਹੇ ਕਿਸਾਨਾਂ ਨਾਲ ਗੱਲਬਾਤ ਕਰਨ ਲਈ ਪੁਲਿਸ ਅਫਸਰਾਂ ਦੀ ਤਾਇਨਾਤੀ ਕੀਤੇ ਜਾਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ। ਉਨ੍ਹਾਂ ਸਾਰੇ ਇਲਜ਼ਾਮਾਂ ਨੂੰ ਬੇਬੁਨਿਆਦ ਦੱਸਦਿਆਂ ਕਿਹਾ ਕਿ ਗੇਂਦ ਹੁਣ ਕੇਂਦਰ ਸਰਕਾਰ ਦੇ ਪਾਲੇ ਵਿਚ ਹੈ ਅਤੇ ਕਿਸਾਨਾਂ ਨਾਲ ਗੱਲਬਾਤ ਵਿਚ ਪੰਜਾਬ ਸਰਕਾਰ ਦੀ ਕੋਈ ਭੂਮਿਕਾ ਨਹੀਂ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸੂਬੇ ਦੇ ਕਿਸਾਨਾਂ ਵੱਲੋਂ ਦਿੱਲੀ ਸਰਹੱਦ ‘ਤੇ ਕਾਫੀ ਪਹਿਲਾਂ ਦੇ ਸਮੇਂ ਤੋਂ ਹੀ ਮੁਜ਼ਾਹਰੇ ਕੀਤੇ ਜਾ ਰਹੇ ਹਨ। ਇਸ ਲਈ ਉਨ੍ਹਾਂ ਨੇ ਸੁਭਾਵਿਕ ਤੌਰ ‘ਤੇ ਪੁਲਿਸ ਅਧਿਕਾਰੀਆਂ ਨੂੰ ਸਿਰਫ ਕੌਮੀ ਰਾਜਧਾਨੀ ਦਿੱਲੀ ਹੀ ਨਹੀਂ, ਸਗੋਂ ਸਮੁੱਚੇ ਪੰਜਾਬ ਦੀ ਸਥਿਤੀ ਬਾਰੇ ਨਿਯਮਿਤ ਰੂਪ ਵਿਚ ਤਾਜ਼ਾ ਹਾਲਾਤ ਦੀ ਜਾਣਕਾਰੀ ਅਤੇ ਖੁਫੀਆ ਰਿਪੋਰਟਾਂ ਦੇਣ ਲਈ ਕਿਹਾ ਸੀ।