ਮੁਹਾਲੀ: ਪੰਜਾਬ ਵਿਚ ਨਗਰ ਨਿਗਮ ਤੇ ਨਗਰ ਕੌਂਸਲਾਂ ਚੋਣਾਂ ਦਾ ਐਲਾਨ ਹੁੰਦਿਆਂ ਹੀ ਸ਼ਹਿਰੀ ਖੇਤਰ ‘ਚ ਸਿਆਸੀ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਬੀਤੇ ਦਿਨੀਂ ਮੁਹਾਲੀ ਦੇ ਸਾਬਕਾ ਮੇਅਰ ਕੁਲਵੰਤ ਸਿੰਘ ਨੂੰ ਪਾਰਟੀ ਨੂੰ ਬਾਹਰ ਕੱਢਣ ਦੇ ਰੋਸ ਵਜੋਂ ਉਨ੍ਹਾਂ (ਕੁਲਵੰਤ ਸਿੰਘ) ਦੇ ਸਾਥੀ ਕੌਂਸਲਰਾਂ ਤੇ ਸੀਨੀਅਰ ਆਗੂਆਂ ਨੇ ਪਾਰਟੀ ਦੀ ਮੁਢਲੀ ਮੈਂਬਰਸ਼ਿਪ ਤੋਂ ਅਸਤੀਫੇ ਦੇ ਦਿੱਤੇ।
ਹਾਲਾਂਕਿ ਕਾਲੇ ਖੇਤੀ ਕਾਨੂੰਨਾਂ ਅਤੇ ਬੇਅਦਬੀ ਮਾਮਲੇ ਨੂੰ ਲੈ ਕੇ ਪਹਿਲਾਂ ਹੀ ਅਕਾਲੀ ਦਲ ਨੂੰ ਯੋਗ ਉਮੀਦਵਾਰ ਨਹੀਂ ਮਿਲ ਰਹੇ ਸਨ ਤੇ ਜ਼ਿਆਦਾਤਰ ਸਾਬਕਾ ਕੌਂਸਲਰਾਂ ਨੇ ਪਾਰਟੀ ਨੂੰ ਆਜ਼ਾਦ ਚੋਣਾਂ ਲੜਨ ਦੀ ਸਲਾਹ ਦਿੱਤੀ ਗਈ ਸੀ ਪਰ ਹੁਣ ਵੱਡੀ ਗਿਣਤੀ ਵਿਚ ਆਗੂਆਂ ਵੱਲੋਂ ਅਸਤੀਫੇ ਦੇਣ ਨਾਲ ਅਕਾਲੀ ਦਲ ਲਈ ਵੱਡੀ ਚੁਣੌਤੀ ਖੜ੍ਹੀ ਹੋ ਗਈ ਹੈ।
ਅਸਤੀਫੇ ਦੇਣ ਤੋਂ ਪਹਿਲਾਂ ਸਮੂਹ ਆਗੂ ਇਥੋਂ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਚ ਨਤਮਸਤਕ ਹੋਏ ਅਤੇ ਵਾਹਿਗੁਰੂ ਦੇ ਚਰਨਾਂ ਵਿਚ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਅਸਤੀਫੇ ਦੇਣ ਵਾਲਿਆਂ ਵਿਚ ਜ਼ਿਲ੍ਹਾ ਇਸਤਰੀ ਅਕਾਲੀ ਦਲ ਦੀ ਪ੍ਰਧਾਨ ਕੁਲਦੀਪ ਕੌਰ ਕੰਗ, ਜ਼ਿਲ੍ਹਾ ਯੂਥ ਅਕਾਲੀ ਦਲ ਸ਼ਹਿਰੀ ਦੇ ਪ੍ਰਧਾਨ ਪਰਵਿੰਦਰ ਸਿੰਘ ਬੈਦਵਾਨ, ਬੀਸੀ ਸੈੱਲ ਦੇ ਜ਼ਿਲ੍ਹਾ ਪ੍ਰਧਾਨ ਗੁਰਮੁੱਖ ਸਿੰਘ ਸੋਹਲ, ਯੂਥ ਵਿੰਗ ਮੁਹਾਲੀ ਸ਼ਹਿਰੀ ਦੇ ਪ੍ਰਧਾਨ ਹਰਮਨਜੀਤ ਸਿੰਘ ਕੁੰਭੜਾ, ਸਾਬਕਾ ਜ਼ਿਲ੍ਹਾ ਪ੍ਰਧਾਨ ਪਰਮਜੀਤ ਸਿੰਘ ਕਾਹਲੋਂ, ਤਹਿਸੀਲਦਾਰ (ਸੇਵਾਮੁਕਤ) ਅਮਰੀਕ ਸਿੰਘ, ਕਿਸਾਨ ਵਿੰਗ ਦੇ ਸੂਬਾ ਆਗੂ ਸੁਖਦੇਵ ਸਿੰਘ ਪਟਵਾਰੀ ਸਮੇਤ ਸੁਰਿੰਦਰ ਸਿੰਘ ਰੋਡਾ, ਆਰਪੀ ਸ਼ਰਮਾ, ਹਰਪਾਲ ਸਿੰਘ ਚੰਨਾ, ਉਪਿੰਦਰਪ੍ਰੀਤ ਕੌਰ ਗਿੱਲ, ਰਜਨੀ ਗੋਇਲ, ਰਮਨਪ੍ਰੀਤ ਕੌਰ ਕੁੰਭੜਾ, ਕਮਲਜੀਤ ਕੌਰ, ਰਜਿੰਦਰ ਕੌਰ ਕੁੰਭੜਾ, ਰਵਿੰਦਰ ਸਿੰਘ ਬਿੰਦਰਾ, ਫੂਲਰਾਜ ਸਿੰਘ, ਗੁਰਮੀਤ ਸਿੰਘ ਵਾਲੀਆ, ਗੁਰਮੀਤ ਕੌਰ, ਸਰਬਜੀਤ ਸਿੰਘ ਸਮਾਣਾ, ਕਰਮਜੀਤ ਕੌਰ, ਜਸਵੀਰ ਕੌਰ ਅੱਤਲੀ (ਸਾਰੇ ਸਾਬਕਾ ਕੌਂਸਲਰ) ਅਤੇ ਸੀਨੀਅਰ ਆਗੂ ਅਵਤਾਰ ਸਿੰਘ ਵਾਲੀਆ, ਹਰਮੇਸ਼ ਸਿੰਘ ਕੁੰਭੜਾ, ਜਸਪਾਲ ਸਿੰਘ ਮਟੌਰ, ਅਰੁਣ ਗੋਇਲ ਅਤੇ ਹਰਬਿੰਦਰ ਸਿੰਘ ਆਦਿ ਦੇ ਨਾਂ ਸ਼ਾਮਲ ਹਨ। ਇਸ ਮੌਕੇ ਫੂਲਰਾਜ ਸਿੰਘ, ਆਰਪੀ ਸ਼ਰਮਾ ਤੇ ਹਰਪਾਲ ਸਿੰਘ ਚੰਨਾ ਨੇ ਕਿਹਾ ਕਿ ਹਾਈ ਕਮਾਂਡ ਨੇ ਸਾਬਕਾ ਮੇਅਰ ਕੁਲਵੰਤ ਸਿੰਘ ਨੂੰ ਪਾਰਟੀ ‘ਚੋਂ ਕੱਢ ਕੇ ਦੂਜੀ ਵੱਡੀ ਗਲਤੀ ਕੀਤੀ ਹੈ। ਇਸ ਤੋਂ ਪਹਿਲਾਂ ਪਿਛਲੀਆਂ ਨਗਰ ਨਿਗਮ ਚੋਣਾਂ ਵੇਲੇ ਕੁਲਵੰਤ ਸਿੰਘ ਨੂੰ ਅਣਗੌਲਿਆ ਕਰਕੇ ਟਿਕਟਾਂ ਦੀ ਵੰਡ ਕੀਤੀ ਗਈ ਸੀ ਜਿਸ ਦਾ ਉਦੋਂ ਹੀ ਪਾਰਟੀ ਨੂੰ ਨੁਕਸਾਨ ਝੱਲਣਾ ਪਿਆ ਸੀ। ਇਸ ਕਾਰਨ ਪਾਰਟੀ ਵਰਕਰਾਂ ਵਿਚ ਭਾਰੀ ਰੋਸ ਹੈ। ਦੱਸ ਦਈਏ ਕਿ ਪਿਛਲੇ ਕੁਝ ਦਿਨਾਂ ਤੋਂ ਨਗਰ ਨਿਗਮ ਮੁਹਾਲੀ ਲਈ ਉਮੀਦਵਾਰਾਂ ਦੀ ਚੋਣ ਨੂੰ ਲੈ ਕੇ ਚੱਲ ਰਹੇ ਰੇੜਕੇ ਦੌਰਾਨ ਸਾਬਕਾ ਮੇਅਰ ਅਤੇ ਪੰਜਾਬ ਦੇ ਪ੍ਰਸਿੱਧ ਬਿਲਡਰ ਜਨਤਾ ਲੈਂਡ ਪ੍ਰਮੋਟਰ ਦੇ ਐਮ. ਡੀ. ਕੁਲਵੰਤ ਸਿੰਘ ਦੀ ਅਗਵਾਈ ਹੇਠ ਸਥਾਨਕ ਸਾਬਕਾ ਕੌਂਸਲਰਾਂ ਅਤੇ ਕਈ ਹੋਰਨਾਂ ਅਹੁਦੇਦਾਰਾਂ ਵਲੋਂ ਨਿਗਮ ਚੋਣਾਂ ਲੜਨ ਦਾ ਐਲਾਨ ਕੀਤੇ ਜਾਣ ਤੋਂ ਬਾਅਦ ਜਿਲ੍ਹਾ ਮੁਹਾਲੀ ਦੇ ਅਬਜਰਵਰ ਪ੍ਰੇਮ ਸਿੰਘ ਚੰਦੂਮਾਜਰਾ ਵਲੋਂ ਦਿੱਤੀ ਗਈ ਰਿਪੋਰਟ ਦੇ ਆਧਾਰ ‘ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਇਕ ਅਹਿਮ ਫੈਸਲਾ ਲੈਂਦਿਆਂ ਨਗਰ ਨਿਗਮ ਮੁਹਾਲੀ ਦੇ ਸਾਬਕਾ ਮੇਅਰ ਕੁਲਵੰਤ ਸਿੰਘ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਖਾਰਜ ਕਰ ਦਿੱਤਾ। ਇਸ ਸਬੰਧੀ ਬਕਾਇਦਾ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਵਲੋਂ ਲਿਖਤੀ ਬਿਆਨ ਜਾਰੀ ਕਰਦਿਆਂ ਕਿਹਾ ਗਿਆ ਹੈ ਕਿ ਕੁਲਵੰਤ ਸਿੰਘ ਵਲੋਂ ਪਾਰਟੀ ਦਾ ਅਨੁਸ਼ਾਸਨ ਭੰਗ ਕੀਤੇ ਜਾਣ ਕਾਰਨ ਹੀ ਇਹ ਫੈਸਲਾ ਲਿਆ ਗਿਆ ਹੈ।
_____________________________________
ਕਈ ਮੰਤਰੀ, ਵਿਧਾਇਕ ਸਾਡੇ ਸੰਪਰਕ ‘ਚ: ਸੁਖਬੀਰ
ਤਰਨਤਾਰਨ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਆਖਿਆ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਇਕ ਰਾਜੇ ਦੀ ਤਰ੍ਹਾਂ ਪੰਜਾਬ ਉਪਰ ਰਾਜ ਕਰ ਰਹੇ ਹਨ ਅਤੇ ਉਹ ਆਪਣੇ ਮੋਬਾਈਲ ਉਪਰ ਹੀ ਸਰਕਾਰ ਚਲਾਉਣ ਨੂੰ ਤਰਜੀਹ ਦੇ ਰਹੇ ਹਨ। ਪਿਛਲੇ ਦਿਨੀਂ ਇਕ ਆਜਾਦ ਸਰਵੇਖਣ ਦੌਰਾਨ ਕੈਪਟਨ ਅਮਰਿੰਦਰ ਸਿੰਘ ਨੂੰ ਦੇਸ ਦੇ ਸਭ ਤੋਂ ਮਾੜੇ ਮੁੱਖ ਮੰਤਰੀ ਵਜੋਂ ਚੁਣਿਆ ਗਿਆ ਹੈ। ਕਾਂਗਰਸ ਸਰਕਾਰ ਦੇ ਰਾਜ ਦੇ ਅਖੀਰਲੇ ਸਾਲ ਦੌਰਾਨ ਹੀ ਪੰਜਾਬ ਦੇ ਕਈ ਮੌਜੂਦਾ ਮੰਤਰੀ, ਵਿਧਾਇਕ, ਸਾਬਕਾ ਵਿਧਾਇਕ ਅਤੇ ਹੋਰਨਾਂ ਪਾਰਟੀਆਂ ਦੇ ਸੀਨੀਅਰ ਆਗੂ ਸ੍ਰੋਮਣੀ ਅਕਾਲੀ ਦਲ ‘ਚ ਸ਼ਾਮਲ ਹੋਣ ਲਈ ਉਨ੍ਹਾਂ ਦੇ ਸੰਪਰਕ ‘ਚ ਹਨ। ਕਾਂਗਰਸ ਦੇ ਕਈ ਮੰਤਰੀ, ਵਿਧਾਇਕ, ਸਾਬਕਾ ਵਿਧਾਇਕਾਂ ਤੋਂ ਇਲਾਵਾ ਹੋਰਨਾਂ ਪਾਰਟੀਆਂ ਦੇ ਆਗੂ ਵੀ ਸ੍ਰੋਮਣੀ ਅਕਾਲੀ ਦਲ ‘ਚ ਸ਼ਮੂਲੀਅਤ ਕਰਨ ਲਈ ਉਨ੍ਹਾਂ ਦੇ ਸੰਪਰਕ ‘ਚ ਹਨ ਅਤੇ ਮਾਰਚ ਮਹੀਨੇ ਤੋਂ ਬਾਅਦ ਵੱਡੀ ਗਿਣਤੀ ਵਿਚ ਵੱਖ-ਵੱਖ ਪਾਰਟੀਆਂ ਦੇ ਆਗੂ ਸ੍ਰੋਮਣੀ ਅਕਾਲੀ ਦਲ ਵਿਚ ਸ਼ਮੂਲੀਅਤ ਕਰਨਗੇ।