ਚੰਡੀਗੜ੍ਹ: ਖੇਤੀ ਕਾਨੂੰਨਾਂ ਖਿਲਾਫ ਦਿੱਲੀ ਦੀਆਂ ਬਰੂਹਾਂ ‘ਤੇ ਚੱਲ ਰਹੇ ਸੰਘਰਸ਼ ਦਾ ਸੇਕ ਦੇਸ਼ ਭਰ ਵਿਚ ਦਿਖਾਈ ਦੇਣ ਲੱਗ ਪਿਆ ਹੈ। ਉਂਜ ਇਸ ਦਾ ਬਹੁਤਾ ਦਬਾਅ ਪੰਜਾਬ ਅਤੇ ਹਰਿਆਣਾ ਵਿਚ ਦੇਖਣ ਨੂੰ ਮਿਲ ਰਿਹਾ ਹੈ। ਹਰਿਆਣਾ ਵਿਚ ਭਾਜਪਾ ਅਤੇ ਜਨਨਾਇਕ ਜਨਤਾ ਪਾਰਟੀ (ਜੇ.ਜੇ.ਪੀ.) ਨੇ ਰਾਜਨੀਤਕ ਸਮਾਗਮ ਅਤੇ ਕਿਸਾਨ ਮਹਾਪੰਚਾਇਤਾਂ ਨਾ ਕਰਨ ਦਾ ਫੈਸਲਾ ਲਿਆ ਹੈ।
ਇਹ ਫੈਸਲਾ ਭਾਜਪਾ ਅਤੇ ਜੇ.ਜੇ.ਪੀ. ਆਗੂਆਂ ਦੀ ਕੇਂਦਰੀ ਗ੍ਰਹਿ ਮੰਤਰੀ ਨਾਲ ਹੋਈ ਮੀਟਿੰਗ ਤੋਂ ਬਾਅਦ ਲਿਆ ਗਿਆ ਹੈ। ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ ਕਿਸਾਨ ਜਥੇਬੰਦੀਆਂ ਵੱਲੋਂ ਹਰਿਆਣਾ ਵਿਚ ਭਾਜਪਾ ਅਤੇ ਭਾਈਵਾਲ ਪਾਰਟੀ ਜੇ.ਜੇ.ਪੀ. ਦੇ ਸਾਰੇ ਸਮਾਗਮਾਂ ਦਾ ਵਿਰੋਧ ਕੀਤਾ ਜਾ ਰਿਹਾ ਹੈ। ਕਰਨਾਲ ਦੇ ਪਿੰਡ ਕੈਮਲਾ ਵਿਚ ਖੇਤੀ ਕਾਨੂੰਨਾਂ ਦੀ ਹਮਾਇਤ ਵਿਚ ‘ਕਿਸਾਨ ਮਹਾਪੰਚਾਇਤ‘ ਦਾ ਕਿਸਾਨ ਜਥੇਬੰਦੀਆਂ ਨੇ ਵਿਰੋਧ ਕੀਤਾ ਸੀ। ਉਥੇ ਵਿਰੋਧ ਕਰ ਰਹੇ ਕਿਸਾਨਾਂ ‘ਤੇ ਹਰਿਆਣਾ ਪੁਲਿਸ ਨੇ ਜਲ ਤੋਪਾਂ ਦੀ ਵਰਤੋਂ ਕਰਦਿਆਂ ਅੱਥਰੂ ਗੈਸ ਦੇ ਗੋਲੇ ਵੀ ਚਲਾਏ ਸਨ ਜਿਸ ਤੋਂ ਖਿਝ ਕੇ ਪ੍ਰਦਰਸ਼ਨਕਾਰੀਆਂ ਨੇ ਸਮਾਗਮ ਵਾਲੀ ਸਟੇਜ ਤੱਕ ਤੋੜ ਦਿੱਤੀ ਸੀ। ਹੰਗਾਮਾ ਹੋਣ ਕਾਰਨ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੂੰ ਆਪਣਾ ਪ੍ਰੋਗਰਾਮ ਰੱਦ ਕਰਨਾ ਪਿਆ ਸੀ। ਹਰਿਆਣਾ ਪੁਲਿਸ ਨੇ ਇਸ ਮਾਮਲੇ ‘ਚ 900 ਕਿਸਾਨਾਂ ਖਿਲਾਫ ਕੇਸ ਦਰਜ ਕੀਤਾ ਹੈ।
ਇਸ ਘਟਨਾ ਤੋਂ ਬਾਅਦ ਖੱਟਰ ਅਤੇ ਉਪ ਮੁੱਖ ਮੰਤਰੀ ਤੇ ਜੇ.ਜੇ.ਪੀ. ਆਗੂ ਦੁਸ਼ਯੰਤ ਚੌਟਾਲਾ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਹੈ ਜਿਸ ਵਿਚ ਕਿਸਾਨੀ ਮਸਲੇ ਬਾਰੇ ਵਿਚਾਰ ਚਰਚਾ ਕੀਤੀ ਗਈ। ਮੀਟਿੰਗ ਤੋਂ ਬਾਅਦ ਹੀ ਹਰਿਆਣਾ ਸਰਕਾਰ ਨੇ ਕਿਸਾਨਾਂ ਦੇ ਸੰਘਰਸ਼ ਦੇ ਬਰਾਬਰ ਕੋਈ ਵੀ ਰਾਜਨੀਤਕ ਸਮਾਗਮ ਜਾਂ ਕਿਸਾਨ ਮਹਾਪੰਚਾਇਤ ਨਾ ਕਰਨ ਦਾ ਫੈਸਲਾ ਕੀਤਾ ਹੈ। ਭਾਜਪਾ ਆਗੂਆਂ ਨੇ ਕਿਹਾ ਕਿ ਉਹ ਕਿਸੇ ਤਰ੍ਹਾਂ ਦਾ ਟਕਰਾਅ ਖੜ੍ਹਾ ਨਹੀਂ ਕਰਨਾ ਚਾਹੁੰਦੇ ਹਨ ਜਿਸ ਕਾਰਨ ਸੂਬੇ ਵਿਚ ਕੋਈ ਸਮਾਗਮ ਨਾ ਕਰਨ ਦਾ ਫ਼ੈਸਲਾ ਲਿਆ ਗਿਆ ਹੈ। ਉਧਰ, ਹਰਿਆਣਾ ਦੀਆਂ ਕਿਸਾਨ ਜਥੇਬੰਦੀਆਂ ਦੇ ਆਗੂਆਂ ਦਾ ਕਹਿਣਾ ਹੈ ਕਿ ਕਿਸਾਨਾਂ ਵੱਲੋਂ ਪਹਿਲੇ ਦਿਨ ਤੋਂ ਸ਼ਾਂਤਮਈ ਢੰਗ ਨਾਲ ਸੰਘਰਸ਼ ਕੀਤਾ ਜਾ ਰਿਹਾ ਹੈ। ‘ਜਦੋਂ ਤੱਕ ਤਿੰਨੋਂ ਖੇਤੀ ਕਾਨੂੰਨ ਰੱਦ ਨਹੀਂ ਹੋਣਗੇ ਇਹ ਸੰਘਰਸ਼ ਜਾਰੀ ਰਹੇਗਾ।` ਉਨ੍ਹਾਂ ਕਿਹਾ ਕਿ ਭਾਜਪਾ ਅਤੇ ਭਾਈਵਾਲ ਪਾਰਟੀਆਂ ਕਿਸਾਨਾਂ ਦੇ ਸ਼ਾਂਤਮਈ ਸੰਘਰਸ਼ ਨੂੰ ਕਮਜ਼ੋਰ ਕਰਨ ਦੀਆਂ ਕੋਸ਼ਿਸ਼ਾਂ ਕਰ ਰਹੀਆਂ ਹਨ। ਉਨ੍ਹਾਂ ਸੂਬੇ ਵਿਚ ਭਾਜਪਾ ਤੇ ਜੇਜੇਪੀ ਦੇ ਆਗੂਆਂ ਅਤੇ ਸਮਾਗਮਾਂ ਦਾ ਵਿਰੋਧ ਜਾਰੀ ਰੱਖਣ ਦਾ ਐਲਾਨ ਕੀਤਾ।
ਹਰਿਆਣਾ ਵਿਚ 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਰਾਜਪਾਲ ਸੱਤਿਆਦੇਵ ਨਾਰਾਇਣ ਆਰਿਆ ਪੰਚਕੂਲਾ, ਮੁੱਖ ਮੰਤਰੀ ਮਨੋਹਰ ਲਾਲ ਖੱਟਰ ਪਾਣੀਪਤ ਅਤੇ ਉਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਅੰਬਾਲਾ ਵਿਚ ਤਿਰੰਗਾ ਝੰਡਾ ਲਹਿਰਾਉਣਗੇ। ਇਸੇ ਤਰ੍ਹਾਂ ਹਰਿਆਣਾ ਦੇ ਹੋਰ ਕੈਬਨਿਟ ਮੰਤਰੀਆਂ ਵੱਲੋਂ ਵੱਖ-ਵੱਖ ਜ਼ਿਲ੍ਹਿਆਂ ਵਿਚ ਤਿਰੰਗੇ ਲਹਿਰਾਏ ਜਾਣਗੇ। ਦੂਜੇ ਪਾਸੇ ਹਰਿਆਣਾ ਦੀਆਂ ਕਿਸਾਨ ਜਥੇਬੰਦੀਆਂ ਵੱਲੋਂ ਗਣਤੰਤਰ ਦਿਵਸ ਵਾਲੇ ਦਿਨ ਮੁੱਖ ਮੰਤਰੀ ਅਤੇ ਉਪ ਮੁੱਖ ਮੰਤਰੀ ਸਣੇ ਹੋਰਨਾਂ ਮੰਤਰੀਆਂ ਦਾ ਬਾਈਕਾਟ ਕਰਦਿਆਂ ਉਨ੍ਹਾਂ ਦਾ ਘਿਰਾਓ ਕਰਨ ਦਾ ਐਲਾਨ ਕੀਤਾ ਗਿਆ ਹੈ। ਇਸ ਬਾਰੇ ਭਾਰਤੀ ਕਿਸਾਨ ਯੂਨੀਅਨ ਯੂਥ ਵਿੰਗ ਦੇ ਪ੍ਰਧਾਨ ਰਵੀ ਆਜ਼ਾਦ ਨੇ ਕਿਹਾ ਕਿ 26 ਜਨਵਰੀ ਨੂੰ ਕਿਸੇ ਵੀ ਭਾਜਪਾ ਅਤੇ ਜੇ.ਜੇ.ਪੀ. ਨਾਲ ਸਬੰਧਤ ਮੰਤਰੀ ਜਾਂ ਆਗੂ ਨੂੰ ਤਿਰੰਗਾ ਝੰਡਾ ਲਹਿਰਾਉਣ ਨਹੀਂ ਦਿੱਤਾ ਜਾਵੇਗਾ।
ਉਨ੍ਹਾਂ ਦੱਸਿਆ ਕਿ 25 ਜਨਵਰੀ ਤੋਂ ਹੀ ਭਾਜਪਾ ਅਤੇ ਜੇ.ਜੇ.ਪੀ. ਆਗੂਆਂ ਦੇ ਵਿਰੋਧ ਵਿਚ ਜ਼ਿਲ੍ਹਾ ਪੱਧਰ ‘ਤੇ ਧਰਨੇ ਵੀ ਦਿੱਤੇ ਜਾਣਗੇ ਤਾਂ ਜੋ ਉਨ੍ਹਾਂ ਨੂੰ ਰੋਕਿਆ ਜਾ ਸਕੇ। ਹਰਿਆਣਾ ਵਿਚ ਕਿਸਾਨ ਜਥੇਬੰਦੀਆਂ ਵੱਲੋਂ ਭਾਜਪਾ ਅਤੇ ਜੇ.ਜੇ.ਪੀ. ਆਗੂਆਂ ਦੇ ਵਿਰੋਧ ਬਾਰੇ ਇਕ ਅਧਿਕਾਰੀ ਨੇ ਸਪੱਸ਼ਟ ਕੀਤਾ ਕਿ ਜੇਕਰ ਉਪਰੋਕਤ ਵਿਅਕਤੀਆਂ ਵਿਚੋਂ ਕੋਈ ਵੀ ਮੰਤਰੀ ਉਕਤ ਸਥਾਨ ‘ਤੇ ਕਿਸੇ ਕਾਰਨ ਨਹੀਂ ਪਹੁੰਚ ਪਾਉਂਦਾ ਹੈ ਤਾਂ ਉਥੇ ਸਬੰਧਤ ਡਿਪਟੀ ਕਮਿਸ਼ਨਰ ਝੰਡਾ ਲਹਿਰਾਉਣਗੇ।