ਖੁਦਕੁਸ਼ੀਆਂ ਕਰਨ ਵਾਲੇ ਕਿਸਾਨਾਂ ਦੀ ਮੁੜ ਹੋਵੇਗੀ ਗਿਣਤੀ

ਚੰਡੀਗੜ੍ਹ: ਪੰਜਾਬ ਸਰਕਾਰ ਨੇ ਸੂਬੇ ਵਿਚ ਕਿਸਾਨਾਂ ਤੇ ਖੇਤ ਮਜ਼ਦੂਰਾਂ ਵੱਲੋਂ ਕਰਜ਼ੇ ਦੇ ਬੋਝ ਕਾਰਨ ਕੀਤੀਆਂ ਜਾ ਰਹੀਆਂ ਖੁਦਕੁਸ਼ੀਆਂ ਦੀ ਗਿਣਤੀ ਦਾ ਕੰਮ ਮੁੜ ਤੋਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਪੰਜਾਬੀ ਯੂਨੀਵਰਸਿਟੀ ਪਟਿਆਲਾ ਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਨੂੰ ਸੌਂਪ ਦਿੱਤਾ ਹੈ। ਸੂਤਰਾਂ ਮੁਤਾਬਕ ਤਿੰਨੇ ਯੂਨੀਵਰਸਿਟੀਆਂ ਸਾਲ 2013 ਤੱਕ ਕੀਤੀਆਂ ਗਈਆਂ ਖੁਦਕੁਸ਼ੀਆਂ ਸਬੰਧੀ ਮਾਮਲਿਆਂ ਦੀ ਗਿਣਤੀ ਕਰਨਗੀਆਂ।
ਮਾਲ ਤੇ ਪੁਨਰਵਾਸ ਵਿਭਾਗ ਵੱਲੋਂ ਤਿੰਨੇ ਯੂਨੀਵਰਸਿਟੀਆਂ ਨੂੰ ਖੁਦਕੁਸ਼ੀਆਂ ਦੀ ਗਿਣਤੀ ਕਰਨ ਸਬੰਧੀ ਪੱਤਰ ਲਿਖ ਦਿੱਤਾ ਗਿਆ ਹੈ। ਇਨ੍ਹਾਂ ਯੂਨੀਵਰਸਿਟੀਆਂ ਨੇ ਸਮੁੱਚੇ ਰਾਜ ਵਿਚ ਸਾਲ 2000 ਤੋਂ 2010 ਤੱਕ ਦੌਰਾਨ ਕਿਸਾਨਾਂ ਤੇ ਖੇਤ ਮਜ਼ਦੂਰਾਂ ਵੱਲੋਂ ਕੀਤੀਆਂ ਗਈਆਂ ਖੁਦਕੁਸ਼ੀਆਂ ਦੀ ਗਿਣਤੀ ਵੀ ਕੀਤੀ ਸੀ। ਇਸ ਗਿਣਤੀ ਦੌਰਾਨ 6634  ਕਿਸਾਨਾਂ ਤੇ ਖੇਤ ਮਜ਼ਦੂਰਾਂ ਵੱਲੋਂ ਖੁਦਕੁਸ਼ੀਆਂ ਕੀਤੇ ਜਾਣ ਸਬੰਧੀ ਤੱਥ ਸਾਹਮਣੇ ਆਏ ਹਨ।
ਇਨ੍ਹਾਂ ਰਿਪੋਰਟਾਂ ਦੇ ਆਧਾਰ ‘ਤੇ ਸਰਕਾਰ ਨੇ ਖੁਦਕੁਸ਼ੀ ਕਰ ਚੁੱਕੇ ਕਿਸਾਨਾਂ ਤੇ ਖੇਤ ਮਜ਼ਦੂਰਾਂ ਦੇ ਵਾਰਿਸਾਂ ਨੂੰ ਇਕ ਇਕ ਲੱਖ ਰੁਪਏ ਪ੍ਰਤੀ ਪਰਿਵਾਰ ਮੁਆਵਜ਼ਾ ਦੇਣਾ ਸ਼ੁਰੂ ਕਰ ਦਿੱਤਾ ਸੀ। ਸਰਕਾਰ ਨੇ ਦੋ ਲੱਖ ਰੁਪਏ ਪ੍ਰਤੀ ਪਰਿਵਾਰ ਦੇਣ ਦਾ ਫੈਸਲਾ ਕੀਤਾ ਹੈ ਜਿਸ ਵਿਚੋਂ ਇਕ ਲੱਖ ਰੁਪਏ ਬਾਅਦ ਵਿਚ ਦਿੱਤੇ ਜਾਣਗੇ। ਪੰਜਾਬ ਵਿਚ ਕਰਜ਼ੇ ਕਾਰਨ ਖੁਦਕੁਸ਼ੀਆਂ ਕਰਨ ਦੇ ਮਾਮਲੇ ਰੋਜ਼ਾਨਾ ਸਾਹਮਣੇ ਆ ਰਹੇ ਹਨ।
ਸਰਕਾਰ ਵੱਲੋਂ ਬੇਸ਼ੱਕ ਜ਼ਿਲ੍ਹਾ ਖੇਤੀਬਾੜੀ ਅਫ਼ਸਰਾਂ, ਡਿਪਟੀ ਕਮਿਸ਼ਨਰ ਦਫ਼ਤਰਾਂ ਤੇ ਪੁਲਿਸ ਨੂੰ ਇਹ ਰਿਕਾਰਡ ਰੱਖਣ ਦੀਆਂ ਹਦਾਇਤਾਂ ਦਿੱਤੀਆਂ ਗਈਆਂ ਪਰ ਕਿਸਾਨਾਂ ਤੇ ਖੇਤ ਮਜ਼ਦੂਰਾਂ ਦੀਆਂ ਖੁਦਕੁਸ਼ੀਆਂ ਵਰਗੇ ਮਾਮਲੇ ‘ਤੇ ਜ਼ਿਲ੍ਹਾ ਪ੍ਰਸ਼ਾਸਨ ਗੰਭੀਰ ਨਹੀਂ ਦਿਖਾਈ ਦਿੱਤਾ ਜਿਸ ਕਾਰਨ ਸਰਕਾਰ ਨੂੰ ਖੁਦਕੁਸ਼ੀਆਂ ਦੀ ਗਿਣਤੀ ਦਾ ਕੰਮ ਮੁੜ ਤੋਂ ਇਨ੍ਹਾਂ ਤਿੰਨਾਂ ਯੂਨੀਵਰਸਿਟੀਆਂ ਨੂੰ ਸੌਂਪਣਾ ਪਿਆ।
ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਮਾਹਿਰਾਂ ਡਾæ ਸੁਖਪਾਲ ਸਿੰਘ ਤੇ ਹੋਰਾਂ ਵੱਲੋਂ ਸੰਗਰੂਰ, ਬਠਿੰਡਾ, ਮੋਗਾ, ਬਰਨਾਲਾ, ਲੁਧਿਆਣਾ ਤੇ ਮਾਨਸਾ ਜ਼ਿਲ੍ਹਿਆਂ ਵਿਚ ਕਿਸਾਨਾਂ ਤੇ ਖੇਤ ਮਜ਼ਦੂਰਾਂ ਦੀਆਂ ਖੁਦਕੁਸ਼ੀਆਂ ਸਬੰਧੀ ਕੀਤੀ ਗਈ ਗਿਣਤੀ ਮੁਤਾਬਕ ਇਨ੍ਹਾਂ ਜ਼ਿਲ੍ਹਿਆਂ ਵਿਚ 6128 ਕਿਸਾਨਾਂ ਤੇ  ਖੇਤ ਮਜ਼ਦੂਰਾਂ ਨੇ ਇਕ ਦਹਾਕੇ ਦੌਰਾਨ ਖੁਦਕੁਸ਼ੀਆਂ ਕੀਤੀਆਂ ਸਨ।
ਪੰਜਾਬੀ ਯੂਨੀਵਰਸਿਟੀ ਦੇ ਪ੍ਰੋæ ਓæਪੀæ ਮਿਗਲਾਨੀ ਦੀ ਅਗਵਾਈ ਹੇਠ ਕੀਤੇ ਗਏ ਸਰਵੇਖਣ ਮੁਤਾਬਕ ਸੱਤ ਜ਼ਿਲ੍ਹਿਆਂ ਫਰੀਦਕੋਟ, ਫਤਿਹਗੜ੍ਹ ਸਾਹਿਬ, ਹੁਸ਼ਿਆਰਪੁਰ, ਮੁਕਤਸਰ, ਮੁਹਾਲੀ, ਪਟਿਆਲਾ ਤੇ ਰੋਪੜ ਵਿਚ 322 ਕਿਸਾਨਾਂ ਤੇ ਖੇਤ ਮਜ਼ਦੂਰਾਂ ਨੇ ਖੁਦਕੁਸ਼ੀਆਂ ਕੀਤੀਆਂ ਸਨ ਜਦੋਂਕਿ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਦੀ ਪ੍ਰੋæ ਗਿਆਨ ਕੌਰ ਦੀ ਅਗਵਾਈ ਹੇਠ ਕੀਤੇ ਗਏ ਸਰਵੇਖਣ ਅਨੁਸਾਰ ਅੰਮ੍ਰਿਤਸਰ, ਤਰਨਤਾਰਨ, ਗੁਰਦਾਸਪੁਰ, ਫਿਰੋਜ਼ਪੁਰ, ਨਵਾਂਸ਼ਹਿਰ, ਜਲੰਧਰ ਤੇ ਕਪੂਰਥਲਾ ਵਿਚ ਪਿਛਲੇ ਇੱਕ ਦਹਾਕੇ ਦੌਰਾਨ ਕਰਜ਼ੇ ਦਾ ਭਾਰ ਨਾ ਸਹਿੰਦਿਆਂ 184 ਕਿਸਾਨਾਂ ਤੇ 41 ਖੇਤ ਮਜ਼ਦੂਰਾਂ ਨੇ ਖੁਦਕੁਸ਼ੀਆਂ ਕੀਤੀਆਂ ਸਨ। ਪੰਜਾਬ ਖੇਤੀਬਾੜੀ ਯੂਨੀਵਰਸਿਟੀ ਨੇ ਸੰਗਰੂਰ ਤੇ ਬਠਿੰਡਾ ਜ਼ਿਲ੍ਹਿਆਂ ਵਿਚ ਸਾਲ 2008 ਤੱਕ ਕੀਤੀਆਂ ਗਈਆਂ ਖੁਦਕੁਸ਼ੀਆਂ ਦੇ ਤੱਥ ਹੀ ਸਾਹਮਣੇ ਲਿਆਂਦੇ ਸਨ। ਇਸੇ ਤਰ੍ਹਾਂ ਹੋਰਨਾਂ ਯੂਨੀਵਰਸਿਟੀਆਂ ਨੇ ਵੀ ਸਾਲ 2010 ਜਾਂ 2011 ਤੱਕ ਦੇ ਤੱਥ ਹੀ ਸਾਹਮਣੇ ਲਿਆਂਦੇ ਸਨ। ਵਿੱਤ ਕਮਿਸ਼ਨਰ (ਮਾਲ) ਨਵਰੀਤ ਸਿੰਘ ਕੰਗ ਦਾ ਕਹਿਣਾ ਹੈ ਕਿ ਉਕਤ ਯੂਨੀਵਿਰਸਟੀਆਂ ਵੱਲੋਂ ਕਿਸਾਨਾਂ ਤੇ ਖੇਤ ਮਜ਼ਦੂਰਾਂ ਵੱਲੋਂ ਕੀਤੀਆਂ ਗਈਆਂ ਖੁਦਕੁਸ਼ੀਆਂ ਦੇ ਮਾਮਲੇ ਵਿਚ ਇੱਕਸਾਰਤਾ ਨਾ ਹੋਣ ਕਾਰਨ ਰਾਜ ਸਰਕਾਰ ਨੇ ਅੱਜ ਤੱਕ ਕੀਤੀਆਂ ਗਈਆਂ ਖੁਦਕੁਸ਼ੀਆਂ ਦੇ ਵੇਰਵੇ ਇਕੱਠੇ ਕਰਨ ਲਈ ਕਿਹਾ ਹੈ ਤਾਂ ਜੋ ਪ੍ਰਭਾਵਿਤ ਕਿਸਾਨ ਤੇ ਖੇਤ ਮਜ਼ਦੂਰਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਦਿੱਤਾ ਜਾ ਸਕੇ।

Be the first to comment

Leave a Reply

Your email address will not be published.