ਨਵਰੀਤ ਸਿੰਘ ਦੀ ਮੌਤ ਸਬੰਧੀ ਜਾਂਚ ਦੀ ਮੰਗ ਉਠੀ

ਫਰੀਦਾਬਾਦ: ਗਣਤੰਤਰ ਦਿਵਸ ਮੌਕੇ ਕਿਸਾਨ ਪਰੇਡ ਦੌਰਾਨ ‘ਸ਼ਹੀਦ` ਹੋਏ ਰੁਦਰਪੁਰ (ਸ਼ਹੀਦ ਊਧਮ ਸਿੰਘ ਨਗਰ) ਦੇ ਨੇੜਲੇ ਪਿੰਡ ਡਿਬਡਿਬਾ ਦੇ ਨੌਜਵਾਨ ਕਿਸਾਨ ਨਵਰੀਤ ਸਿੰਘ ਨਮਿਤ ਸ਼ਰਧਾਂਜਲੀ ਸਮਾਗਮ ਵਿਚ ਸ਼ਾਮਲ ਹੋਣ ਲਈ ਵੱਡੀ ਗਿਣਤੀ `ਚ ਕਿਸਾਨ ਆਗੂ ਵੀ ਉਸ ਦੇ ਜੱਦੀ ਪਿੰਡ ਪਹੁੰਚੇ। ਕਿਸਾਨ ਆਗੂਆਂ ਨੇ ਨਵਰੀਤ ਸਿੰਘ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਮੰਗ ਕੀਤੀ ਕਿ ਉਸ ਦੀ ਮੌਤ ਦੇ ਕਾਰਨਾਂ ਦੀ ਜਾਂਚ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਖੇਤੀ ਕਾਨੂੰਨਾਂ ਦੀ ਵਾਪਸੀ ਸਮੇਤ ਹੋਰ ਕਿਸਾਨੀ ਮੰਗਾਂ ਮੰਨੇ ਜਾਣ ਤੱਕ ਅੰਦੋਲਨ ਜਾਰੀ ਰਹੇਗਾ।

ਇਸ ਮੌਕੇ ਪੰਜਾਬ ਤੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਨਵਰੀਤ ਫਾਊਂਡੇਸ਼ਨ ਬਣਾਉਣ ਦੀ ਮੰਗ ਕਰਦਿਆਂ ਕਿਹਾ ਕਿ ਨੌਜਵਾਨ ਕਿਸਾਨ ਦੀ ਮੌਤ ਦੀ ਨਿਆਇਕ ਜਾਂਚ ਕਰਵਾਈ ਜਾਵੇ। ਜਿਕਰਯੋਗ ਹੈ ਕਿ 27 ਵਰ੍ਹਿਆਂ ਦੇ ਨਵਰੀਤ ਸਿੰਘ ਦੀ 26 ਜਨਵਰੀ ਨੂੰ ਕਿਸਾਨ ਟਰੈਕਟਰ ਪਰੇਡ ਦੌਰਾਨ ਰਹੱਸਮਈ ਤਰੀਕੇ ਨਾਲ ਮੌਤ ਹੋ ਗਈ ਸੀ। ਸਾਬਕਾ ਜਥੇਦਾਰ ਭਾਈ ਰਣਜੀਤ ਸਿੰਘ, ਰਾਸ਼ਟਰੀ ਲੋਕ ਦਲ ਦੇ ਆਗੂ ਜੈਯੰਤ ਚੌਧਰੀ, ਦਿੱਲੀ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ, ਸੰਸਦ ਮੈਂਬਰ ਰਾਸ਼ਿਦ ਅਲਵੀ, ਸਮਾਜਵਾਦੀ ਪਾਰਟੀ ਆਗੂ ਗੋਵਿੰਦ ਚੌਧਰੀ, ਉਤਰ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਅਜੈ ਕੁਮਾਰ ਲੱਲੂ ਸਮੇਤ ਹੋਰਾਂ ਨੇ ਵੀ ਪਰਿਵਾਰ ਨਾਲ ਦੁੱਖ ਵੰਡਾਇਆ। ਨਾਨਕਮਤੇ ਦੀ ਗੁਰਦੁਆਰਾ ਕਮੇਟੀ ਅਤੇ ਸਥਾਨਕ ਕਸਬਿਆਂ ਦੀਆਂ ਗੁਰਦੁਆਰਾ ਕਮੇਟੀਆਂ ਵੱਲੋਂ ਵੀ ਸ਼ੋਕ ਸੰਦੇਸ਼ ਭੇਜੇ ਗਏ।
ਕਾਂਗਰਸ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਨੇ ਨਵਰੀਤ ਸਿੰਘ ਦੀ ਅੰਤਿਮ ਅਰਦਾਸ ‘ਚ ਸ਼ਿਰਕਤ ਕਰਦਿਆਂ ਉਸ ਦੇ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਕੀਤੀ। ਪ੍ਰਿਯੰਕਾ ਯੂਪੀ ਕਾਂਗਰਸ ਦੇ ਪ੍ਰਧਾਨ ਅਜੈ ਕੁਮਾਰ ਲੱਲੂ ਨਾਲ ਨਵਰੀਤ ਦੇ ਜੱਦੀ ਪਿੰਡ ਡਿਬਡਿਬਾ ਪਹੁੰਚੀ। ਬਾਅਦ ‘ਚ ਪ੍ਰਿਯੰਕਾ ਨੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਨਵਰੀਤ ਸਿੰਘ ਦੀ ਸ਼ਹਾਦਤ ਅਜਾਈਂ ਨਹੀਂ ਜਾਵੇਗੀ। ਉਨ੍ਹਾਂ ਕਿਹਾ,”ਪੂਰਾ ਮੁਲਕ ਪਰਿਵਾਰ ਨਾਲ ਹੈ। ਹਰ ਕੋਈ ਜਾਣਦਾ ਹੈ ਕਿ ਕਿਸਾਨਾਂ ਨੂੰ ਗਲਤ ਦਰਸਾਇਆ ਜਾ ਰਿਹਾ ਹੈ। ਕਿਸਾਨਾਂ ਨੂੰ ਦਹਿਸ਼ਤਗਰਦ ਪ੍ਰਚਾਰਨਾ ਮਨਜ਼ੂਰ ਨਹੀਂ ਹੈ।“ ਪ੍ਰਿਯੰਕਾ ਨੇ ਕਿਹਾ ਕਿ ਜਿਹੜੇ ਆਗੂ ਗਰੀਬਾਂ, ਕਿਸਾਨਾਂ ਅਤੇ ਦੇਸ਼ਵਾਸੀਆਂ ਦਾ ਦਰਦ ਨਹੀਂ ਸੁਣ ਸਕਦੇ, ਉਨ੍ਹਾਂ ਦੀ ਕੋਈ ਲੋੜ ਨਹੀਂ ਹੈ। ‘ਜਿਹੜੇ ਆਵਾਜ਼ ਬੁਲੰਦ ਕਰਦੇ ਹਨ, ਉਨ੍ਹਾਂ ਨੂੰ ਅਤਿਵਾਦੀ ਅਤੇ ਨਕਸਲੀ ਦੱਸਿਆ ਜਾਂਦਾ ਹੈ। ਪਰ ਸਰਕਾਰ ਨੇ ਕਦੇ ਵੀ ਨਹੀਂ ਆਖਿਆ ਕਿ ਕਿਸਾਨ ਆ ਕੇ ਆਪਣਾ ਦਰਦ ਦੱਸਣ।‘
_____________________________
ਜਥੇਦਾਰ ਵੱਲੋਂ ਨਿਆਇਕ ਜਾਂਚ ਦੀ ਮੰਗ ਦੀ ਹਮਾਇਤ
ਪਟਿਆਲਾ: ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਵੀ ਗਣਤੰਤਰ ਦਿਵਸ ਮੌਕੇ ਰਾਜਧਾਨੀ ਦਿੱਲੀ ‘ਚ ਹੋਈ ਕਿਸਾਨ ਟਰੈਕਟਰ ਪਰੇਡ ਦੌਰਾਨ ਸ਼ਹੀਦ ਹੋਏ ਨੌਜਵਾਨ ਨਵਰੀਤ ਸਿੰਘ ਡਿਬਡਿਬਾ ਦੀ ਮੌਤ ਦੀ ਨਿਆਇਕ ਜਾਂਚ ਦੀ ਮੰਗ ਦਾ ਸਮਰਥਨ ਕੀਤਾ ਗਿਆ ਹੈ। ਨਵਰੀਤ ਸਿੰਘ ਦੀ ਉਤਰ ਪ੍ਰਦੇਸ਼ ‘ਚ ਹੋਏ ਭੋਗ ਸਮਾਗਮ ‘ਚ ਵੱਖ-ਵੱਖ ਸ਼ਖਸੀਅਤਾਂ ਵੱਲੋਂ ਮੌਤ ਦੀ ਨਿਆਇਕ ਜਾਂਚ ਦੀ ਮੰਗ ਕੀਤੀ ਗਈ ਸੀ।
_____________________________
ਤਿਹਾੜ ਜੇਲ੍ਹ ‘ਚ ਬੰਦ ਕਿਸਾਨਾਂ ‘ਤੇ ਅਣਮਨੁੱਖੀ ਤਸ਼ੱਦਦ ਦੇ ਦੋਸ਼
ਅੰਮ੍ਰਿਤਸਰ: ਹਵਾਰਾ ਕਮੇਟੀ ਨੇ ਦੋਸ਼ ਲਾਇਆ ਕਿ ਤਿਹਾੜ ਜੇਲ੍ਹ ਵਿਚ ਬੰਦ ਕੀਤੇ ਕਿਸਾਨਾਂ ਨੂੰ ਡਰਾਉਣ ਧਮਕਾਉਣ ਦੇ ਮੰਤਵ ਨਾਲ ਸਿੱਖਾਂ ‘ਤੇ ਅਣਮਨੁੱਖੀ ਤਸ਼ੱਦਦ ਕੀਤਾ ਜਾ ਰਿਹਾ ਹੈ। ਕਮੇਟੀ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਅਪੀਲ ਕੀਤੀ ਹੈ ਕਿ ਇਸ ਰੁਝਾਨ ਨੂੰ ਰੋਕਿਆ ਜਾਵੇ। ਕਮੇਟੀ ਮੈਂਬਰ ਪ੍ਰੋ. ਬਲਜਿੰਦਰ ਸਿੰਘ, ਐਡਵੋਕੇਟ ਅਮਰ ਸਿੰਘ ਚਾਹਲ, ਬਾਪੂ ਗੁਰਚਰਨ ਸਿੰਘ, ਐਡਵੋਕੇਟ ਦਿਲਸ਼ੇਰ ਸਿੰਘ ਨੇ ਇਕ ਸਾਂਝੇ ਬਿਆਨ ਰਾਹੀਂ ਦੱਸਿਆ ਕਿ ਤਿਹਾੜ ਜੇਲ੍ਹ ਨੰਬਰ ਇਕ ਵਿਚ ਬੰਦ ਅਮਨਿੰਦਰ ਸਿੰਘ ਫਤਹਿਗੜ੍ਹ ਸਾਹਿਬ ਤੇ ਧਰਮਿੰਦਰ ਸਿੰਘ ਬੁਗਨੀ ਨੂੰ ‘ਟਾਰਗੇਟ ਕਿਲਿੰਗ‘ ਦੇ ਮਾਮਲੇ ਵਿਚ ਗ੍ਰਿਫਤਾਰ ਕੀਤਾ ਗਿਆ ਸੀ, ਦੋਵਾਂ ‘ਤੇ ਅਣਮਨੁੱਖੀ ਤਸ਼ੱਦਦ ਕੀਤਾ ਗਿਆ ਹੈ, ਜਿਸ ਕਾਰਨ ਉਨ੍ਹਾਂ ਦੀ ਸਿਹਤ ਵਿਗੜ ਗਈ ਹੈ। ਉਨ੍ਹਾਂ ਪੰਜਾਬ ਮਨੁੱਖੀ ਅਧਿਕਾਰ ਕਮਿਸ਼ਨ ਕੋਲ ਵੀ ਜੇਲ੍ਹ ਅਧਿਕਾਰੀਆਂ ਖਿਲਾਫ ਸ਼ਿਕਾਇਤ ਕੀਤੀ ਹੈ।