ਸਰਕਾਰ ਦੇ ਦਾਬਿਆਂ ਨਾਲ ਖਤਮ ਨਹੀਂ ਹੋਵੇਗਾ ਅੰਦੋਲਨ: ਜਥੇਬੰਦੀਆਂ

ਚੰਡੀਗੜ੍ਹ: ਕੇਂਦਰ ਸਰਕਾਰ ਵੱਲੋਂ ਸੁਧਾਰਾਂ ਦੇ ਨਾਂ ‘ਤੇ ਲਿਆਂਦੇ ਖੇਤੀ ਕਾਨੂੰਨਾਂ ਖਿਲਾਫ ਕੇਂਦਰ ਸ਼ਾਸਿਤ ਪ੍ਰਦੇਸ਼ ਚੰਡੀਗੜ੍ਹ ‘ਚ ਕਿਸਾਨ ਮਹਾਪੰਚਾਇਤ ਕੀਤੀ ਗਈ। ‘ਨੌਜਵਾਨ ਕਿਸਾਨ ਏਕਤਾ ਚੰਡੀਗੜ੍ਹ‘ ਵੱਲੋਂ ਵੱਖ-ਵੱਖ ਜਥੇਬੰਦੀਆਂ ਦੇ ਸਹਿਯੋਗ ਨਾਲ ਰੱਖੀ ਗਈ ਮਹਾਪੰਚਾਇਤ ਵਿਚ ਪੰਜਾਬ ਅਤੇ ਹਰਿਆਣਾ ਦੇ ਕੋਨੇ-ਕੋਨੇ ਤੋਂ ਕਿਸਾਨ ਬੀਬੀਆਂ, ਬਜ਼ੁਰਗਾਂ, ਨੌਜਵਾਨਾਂ ਅਤੇ ਬੱਚਿਆਂ ਨੇ ਵੱਡੀ ਗਿਣਤੀ ਵਿਚ ਹਾਜ਼ਰੀ ਲਵਾਈ।

ਉਨ੍ਹਾਂ ਖੇਤੀ ਕਾਨੂੰਨਾਂ ਨੂੰ ਕਾਲੇ ਕਰਾਰ ਦਿੰਦਿਆਂ ਇਨ੍ਹਾਂ ਨੂੰ ਰੱਦ ਕਰਵਾਉਣ ਦਾ ਅਹਿਦ ਕੀਤਾ। ਇਸ ਤੋਂ ਇਲਾਵਾ ਵਧੀਆਂ ਤੇਲ ਕੀਮਤਾਂ ਤੇ ਮਹਿੰਗਾਈ ਦਾ ਮੁੱਦਾ ਵੀ ਪੰਚਾਇਤ ਵਿਚ ਗੂੰਜਿਆ। ਠਾਠਾਂ ਮਾਰਦੇ ਇਕੱਠ ਨੂੰ ਸੰਬੋਧਨ ਕਰਦਿਆਂ ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਦੇ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਦੇ ਸੰਘਰਸ਼ ਨੂੰ ਕਮਜ਼ੋਰ ਕਰਨ ਲਈ ਝੂਠੇ ਕੇਸ ਦਰਜ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸੰਘਰਸ਼ ਕੇਸਾਂ ਦੇ ਡਰ ਤੋਂ ਖਤਮ ਹੋਣ ਵਾਲਾ ਨਹੀਂ ਹੈ, ਇਹ ਤਾਂ ਖੇਤੀ ਕਾਨੂੰਨ ਰੱਦ ਹੋਣ ਤੋਂ ਬਾਅਦ ਹੀ ਖਤਮ ਹੋਵੇਗਾ। ਉਨ੍ਹਾਂ ਦੋਸ਼ ਲਾਇਆ ਕਿ ਕੇਂਦਰ ਸਰਕਾਰ ਕਾਰਪੋਰੇਟਾਂ ਦੇ ਡਰ ਤੋਂ ਖੇਤੀ ਕਾਨੂੰਨ ਰੱਦ ਨਹੀਂ ਕਰ ਰਹੀ ਹੈ ਜਿਨ੍ਹਾਂ ਦੇਸ਼ ਵਿਚ 20 ਹਜ਼ਾਰ ਮੀਟ੍ਰਿਕ ਟਨ ਅਨਾਜ ਦੇ ਭੰਡਾਰਨ ਲਈ ਗੁਦਾਮ ਤਿਆਰ ਕਰ ਲਏ ਹਨ। ਉਗਰਾਹਾਂ ਨੇ ਕਿਹਾ ਕਿ ਕਿਸਾਨ ਆਗੂਆਂ ‘ਤੇ ਦਰਜ ਕੀਤੇ ਗਏ ਝੂਠੇ ਕੇਸਾਂ ਵਿਚ ਕਿਸੇ ਨੂੰ ਗ੍ਰਿਫਤਾਰ ਨਹੀਂ ਹੋਣ ਦਿੱਤਾ ਜਾਵੇਗਾ।
ਪੰਜਾਬ ਕਿਸਾਨ ਯੂਨੀਅਨ ਦੇ ਆਗੂ ਰੁਲਦੂ ਸਿੰਘ ਮਾਨਸਾ ਨੇ ਕਿਹਾ ਕਿ ਤੇਲ ਤੇ ਗੈਸ ਦੀ ਕੀਮਤ ਨਵੀਆਂ ਸਿਖਰਾਂ ਉਤੇ ਹੈ ਪਰ ਕੇਂਦਰ ਸਰਕਾਰ ਕੁਝ ਚੋਣਵੇਂ ਕਾਰਪੋਰੇਟਾਂ ਦੇ ਹੱਕ ਵਿਚ ਫੈਸਲੇ ਲੈ ਰਹੀ ਹੈ। ਉਨ੍ਹਾਂ ਕਿਹਾ ਕਿ ਕਿਸੇ ਸ਼ਹਿਰ ਵਿਚ ਇਕ ਮਾਲ ਖੁੱਲ੍ਹਣ ਨਾਲ 100 ਦੁਕਾਨਾਂ ਬੰਦ ਹੋ ਜਾਂਦੀਆਂ ਹਨ। ਜੇਕਰ ਹੁਣ ਪ੍ਰਾਈਵੇਟ ਮੰਡੀ ਸਿਸਟਮ ਸ਼ੁਰੂ ਹੋ ਗਿਆ ਤਾਂ ਮੰਡੀਆਂ ਦਾ ਕਾਰੋਬਾਰ ਖਤਮ ਹੋ ਜਾਵੇਗਾ। ਇਸ ਦਾ ਅਸਰ ਪਿੰਡਾਂ ਦੇ ਵਿਕਾਸ ‘ਤੇ ਵੀ ਪਵੇਗਾ। ਉਨ੍ਹਾਂ ਲੋਕਾਂ ਨੂੰ ਕੇਂਦਰ ਸਰਕਾਰ ਦੇ ਲੋਕ ਵਿਰੋਧੀ ਫੈਸਲਿਆਂ ਖਿਲਾਫ ਚੱਲ ਰਹੇ ਸੰਘਰਸ਼ ਵਿਚ ਵਧ-ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਆ। ਪਿੰਡ ਬਚਾਓ ਸੰਘਰਸ਼ ਕਮੇਟੀ, ਚੰਡੀਗੜ੍ਹ ਦੇ ਸਰਪ੍ਰਸਤ ਸਾਧੂ ਸਿੰਘ ਨੇ ਵੀ ਕਿਸਾਨ ਸੰਘਰਸ਼ ਵਿਚ ਸਭ ਨੂੰ ਸ਼ਾਮਲ ਹੋਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਇਹ ਹੁਣ ਜਨ ਅੰਦੋਲਨ ਬਣ ਚੁੱਕਿਆ ਹੈ। ਪ੍ਰੋ. ਮਨਜੀਤ ਸਿੰਘ ਨੇ ਕਿਹਾ ਕਿ ਭਾਜਪਾ ਸਰਕਾਰ ਵੱਲੋਂ ਕੇਂਦਰੀ ਜਾਂਚ ਏਜੰਸੀਆਂ ਦੀ ਦੁਰਵਰਤੋਂ ਕਰ ਕੇ ਕਿਸਾਨਾਂ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਪਰ ਕਿਸਾਨ ਕਿਸੇ ਦੇ ਡਰ ਤੋਂ ਦੱਬਣ ਵਾਲੇ ਨਹੀਂ ਹਨ।
___________________________________
ਅੰਦੋਲਨ ਪੜਾਅਵਾਰ ਅੱਗੇ ਵਧਾਉਣ ਦਾ ਸੱਦਾ
ਚੰਡੀਗੜ੍ਹ: ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ਦੀ ਅਗਵਾਈ ਹੇਠ ਸੂਬੇ ਵਿਚ ਸਾਢੇ ਚਾਰ ਮਹੀਨਿਆਂ ਤੋਂ ਚੱਲ ਰਹੇ ਕਿਸਾਨੀ ਘੋਲ ਦੌਰਾਨ ਸੰਘਰਸ਼ੀ ਅਖਾੜਿਆਂ ਤੋਂ ਅੰਦੋਲਨ ਨੂੰ ਪੜਾਅਵਾਰ ਅੱਗੇ ਵਧਾਉਣ ਅਤੇ ਦਿੱਲੀ ਮੋਰਚੇ ਦੀ ਮਜ਼ਬੂਤੀ ਲਈ ਲਗਾਤਾਰ ਜਥੇ ਭੇਜਣ ਦਾ ਸੱਦਾ ਦਿੱਤਾ ਗਿਆ। ਕਿਸਾਨ ਜਥੇਬੰਦੀਆਂ ਨੇ ‘ਰੇਲ ਰੋਕੋ` ਅੰਦੋਲਨ `ਤੇ ਤਸੱਲੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਸਾਢੇ ਚਾਰ ਮਹੀਨਿਆਂ ਤੋਂ ਸ਼ਾਂਤਮਈ ਢੰਗ ਨਾਲ ਚੱਲ ਰਹੇ ਕਿਸਾਨ ਅੰਦੋਲਨ ਨੇ ਮੋਦੀ ਸਰਕਾਰ ਦੀਆਂ ਪਰੇਸ਼ਾਨੀਆਂ ਵਧਾ ਦਿੱਤੀਆਂ ਹਨ। ਇਹੀ ਕਾਰਨ ਹੈ ਕਿ ਸਰਕਾਰ ਵੱਲੋਂ ਅੰਦੋਲਨ ਨੂੰ ਬਦਨਾਮ ਕਰਨ, ਜਥੇਬੰਦੀਆਂ `ਚ ਪਾੜ ਪਾਉਣ ਅਤੇ ਦਿੱਲੀ ਦੀਆਂ ਬਰੂੰਹਾਂ `ਤੇ ਕਿਸਾਨ ਮੋਰਚਿਆਂ ਦੀ ਕਿਲਾਬੰਦੀ ਕਰਨ ਸਮੇਤ ਅੰਦੋਲਨ ਦੀ ਹਮਾਇਤ ਕਰਨ ਵਾਲਿਆਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਕਿਸਾਨ ਬੁਲਾਰਿਆਂ ਨੇ ਕਿਹਾ ਕਿ ਮੋਦੀ ਸਰਕਾਰ ਦਾ ਕੋਈ ਵੀ ਹਥਕੰਡਾ ਕਿਸਾਨ ਅੰਦੋਲਨ ਨੂੰ ਢਾਹ ਨਹੀਂ ਲਾ ਸਕਦਾ।