ਪੰਜਾਬ ਵਿਚ ਕਰੋਨਾ ਦਾ ਮੁੜ ਹਊਆ

ਚੰਡੀਗੜ੍ਹ: ਪੰਜਾਬ ਵਿਚ ਮੁੜ ਕਰੋਨਾ ਮਹਾਮਾਰੀ ਦਾ ਹਊਆ ਖੜ੍ਹਾ ਹੋ ਗਿਆ ਹੈ। ਪੰਜਾਬ ਸਰਕਾਰ ਨੇ ਆਉਂਦੇ ਦਿਨਾਂ ਵਿਚ ਸੂਬੇ ਵਿਚ ਸਖਤੀਆਂ ਦਾ ਐਲਾਨ ਕਰ ਦਿੱਤਾ ਹੈ। ਸੂਬੇ ਸਰਕਾਰ ਵੱਲੋਂ ਜਾਰੀ ਕੀਤੇ ਗਏ ਤਾਜ਼ਾ ਹੁਕਮਾਂ ਮੁਤਾਬਕ ਪਹਿਲੀ ਮਾਰਚ ਤੋਂ ਇਕੱਠਾਂ `ਤੇ ਰੋਕ ਲਗਾ ਦਿੱਤੀ ਗਈ ਹੈ। ਸਰਕਾਰ ਦਾ ਦਾਅਵਾ ਹੈ ਕਿ ਸੂਬੇ ਵਿਚ ਕਰੋਨਾ ਦੇ ਕੇਸ ਮੁੜ ਵਧ ਰਹੇ ਹਨ। ਕੇਂਦਰ ਸਰਕਾਰ ਵੱਲੋਂ ਜਾਰੀ ਕੀਤੀ ਚਿਤਾਵਨੀ ਤੋਂ ਬਾਅਦ ਸਰਕਾਰ ਨੇ ਸਖਤ ਫੈਸਲੇ ਲਏ ਹਨ।

ਹੁਣ ਅੰਦਰੂਨੀ ਇਕੱਠਾਂ ਦੀ ਗਿਣਤੀ 100 ਅਤੇ ਬਾਹਰੀ ਇਕੱਠਾਂ ਦੀ ਗਿਣਤੀ 200 ਤੱਕ ਸੀਮਤ ਕਰ ਦਿੱਤੀ ਗਈ ਹੈ। ਮੁੱਖ ਮੰਤਰੀ ਨੇ ਸਬੰਧਤ ਜਿ਼ਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਹੌਟ-ਸਪੌਟ ਇਲਾਕਿਆਂ ਵਿਚ ਲੋੜ ਪੈਣ `ਤੇ ਰਾਤ ਦਾ ਕਰਫਿਊ ਲਾਉਣ ਲਈ ਅਧਿਕਾਰਤ ਕੀਤਾ ਹੈ। ਮਾਸਕ, ਸਮਾਜਿਕ ਦੂਰੀ ਦੀ ਸਖਤੀ ਨਾਲ ਪਾਲਣ ਕਰਨ ਅਤੇ ਟੈਸਟਿੰਗ ਦੀ ਗਿਣਤੀ ਵਧਾ ਕੇ ਪ੍ਰਤੀ ਦਿਨ 30,000 ਤੱਕ ਕਰਨ ਦੇ ਨਿਰਦੇਸ਼ ਦਿੱਤੇ ਹਨ। ਮੁੱਖ ਮੰਤਰੀ ਨੇ ਕੋਵਿਡ ਸਥਿਤੀ ਦਾ ਜਾਇਜ਼ਾ ਲੈਣ ਲਈ ਉਚ ਪੱਧਰੀ ਮੀਟਿੰਗ ਦੀ ਵਰਚੁਅਲੀ ਪ੍ਰਧਾਨਗੀ ਕਰਦਿਆਂ ਆਖ ਦਿੱਤਾ ਕਿ ਨਵੇਂ ਹਾਲਾਤ `ਚ ਮਾਈਕ੍ਰੋ ਕੰਟੇਨਮੈਂਟ ਰਣਨੀਤੀ ਵੀ ਅਪਣਾਈ ਜਾਵੇਗੀ। ਪੁਲਿਸ ਨੂੰ ਮਾਸਕ ਪਹਿਨਣ, ਸਾਰੇ ਰੈਸਟੋਰੈਂਟਾਂ ਅਤੇ ਮੈਰਿਜ ਪੈਲੇਸਾਂ ਵੱਲੋਂ ਕੋਵਿਡ ਨਿਗਰਾਨ ਲਾਉਣ ਬਾਰੇ ਜਾਰੀ ਨੋਟੀਫਿਕੇਸ਼ਨ ਦਾ ਸਖਤੀ ਨਾਲ ਪਾਲਣ ਕਰਵਾਉਣ ਦੇ ਵੀ ਨਿਰਦੇਸ਼ ਦਿੱਤੇ। ਸਿਨੇਮਾਘਰਾਂ ਵਿਚ ਗਿਣਤੀ ਘੱਟ ਕਰਨ ਦਾ ਫੈਸਲਾ ਪਹਿਲੀ ਮਾਰਚ ਤੋਂ ਬਾਅਦ ਲਿਆ ਜਾਵੇਗਾ। ਹਰ ਪਾਜ਼ੇਟਿਵ ਵਿਅਕਤੀ ਦੇ ਸੰਪਰਕ ਵਿਚ ਆਏ 15 ਵਿਅਕਤੀਆਂ ਦੀ ਲਾਜ਼ਮੀ ਟੈਸਟਿੰਗ ਕਰਵਾਉਣ ਦੇ ਵੀ ਹੁਕਮ ਦਿੱਤੇ ਹਨ।