ਪੰਜਾਬ `ਚ ਤੀਜੇ ਸਿਆਸੀ ਫਰੰਟ ਲਈ ਮੁੜ ਸਰਗਰਮੀਆਂ ਤੇਜ਼ ਹੋਈਆਂ

ਚੰਡੀਗੜ੍ਹ: ਪੰਜਾਬ ਵਿਚ ਅਗਲੇ ਵਰ੍ਹੇ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਸਿਆਸੀ ਸਰਗਰਮੀਆਂ ਤੇਜ਼ ਹੋਣ ਲੱਗੀਆਂ ਹਨ। ਕੇਂਦਰ ਸਰਕਾਰ ਦੇ ਖੇਤੀ ਕਾਨੂੰਨਾਂ ਕਾਰਨ ਰਵਾਇਤੀ ਧਿਰਾਂ ਖਿਲਾਫ ਕਿਸਾਨਾਂ ਦੇ ਰੋਹ ਪਿੱਛੋਂ ਸੂਬੇ ਵਿਚ ਤੀਜੇ ਬਦਲ ਦੀ ਮੰਗ ਮੁੜ ਉੱਠਣ ਲੱਗੀ ਹੈ।

ਸ਼੍ਰੋਮਣੀ ਅਕਾਲੀ ਦਲ ਟਕਸਾਲੀ ਨੇ ਆਉਂਦੀਆਂ ਵਿਧਾਨ ਸਭਾ ਚੋਣਾਂ ਵਿਚ ਰਵਾਇਤੀ ਸਿਆਸੀ ਪਾਰਟੀਆਂ ਕਾਂਗਰਸ, ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਨੂੰ ਛੱਡ ਕੇ ਬਾਕੀ ਧਿਰਾਂ ਨਾਲ ਸੂਬੇ ਵਿਚ ਤੀਜਾ ਫਰੰਟ ਬਣਾਉਣ ਦੀ ਹਮਾਇਤ ਕੀਤੀ ਹੈ। ਇਹ ਪ੍ਰਗਟਾਵਾ ਇਥੇ ਪਾਰਟੀ ਦੀ ਕੋਰ ਕਮੇਟੀ, ਅਹੁਦੇਦਾਰਾਂ ਅਤੇ ਜ਼ਿਲ੍ਹਾ ਜਥੇਦਾਰਾਂ ਦੀ ਮੀਟਿੰਗ ਦੌਰਾਨ ਪਾਰਟੀ ਪ੍ਰਧਾਨ ਰਣਜੀਤ ਸਿੰਘ ਬ੍ਰਹਮਪੁਰਾ ਨੇ ਕੀਤਾ।
ਉਨ੍ਹਾਂ ਮੀਟਿੰਗ ਮਗਰੋਂ ਮੀਡੀਆ ਨੂੰ ਦੱਸਿਆ ਕਿ ਸਰਬਸੰਮਤੀ ਨਾਲ ਫੈਸਲਾ ਹੋਇਆ ਹੈ ਕਿ ਕਾਂਗਰਸ ਅਤੇ ਅਕਾਲੀ ਦਲ ਨੂੰ ਛੱਡ ਕੇ ਹੋਰ ਹਮਖਿਆਲੀ ਪਾਰਟੀਆਂ, ਜੋ ਇਨ੍ਹਾਂ ਦਾ ਵਿਰੋਧ ਕਰਦੀਆਂ ਹਨ, ਨਾਲ ਇਕੱਠੇ ਹੋ ਕੇ ਤੀਜਾ ਫਰੰਟ ਬਣਾਉਣ ਦੀ ਹਮਾਇਤ ਕੀਤੀ ਜਾਵੇਗੀ। ਇਸ ਸਬੰਧੀ ਵੱਖ-ਵੱਖ ਪਾਰਟੀਆਂ ਦੇ ਆਗੂਆਂ ਨਾਲ ਗੈਰ-ਰਸਮੀ ਮੀਟਿੰਗਾਂ ਵੀ ਹੋ ਚੁੱਕੀਆਂ ਹਨ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਡੈਮੋਕ੍ਰੈਟਿਕ ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਉਨ੍ਹਾਂ ਦੇ ਨਿਰੰਤਰ ਸੰਪਰਕ ਵਿਚ ਹਨ। ਬ੍ਰਹਮਪੁਰਾ ਨੇ ਦੱਸਿਆ ਕਿ ਪਾਰਟੀ ਦੀ ਨੀਤੀ ਅਤੇ ਪੰਜਾਬ ਦੇ ਮਸਲਿਆਂ ‘ਤੇ ਵਿਚਾਰ ਕਰਨ ਲਈ 21 ਮਾਰਚ ਨੂੰ ਤਰਨ ਤਾਰਨ ਜ਼ਿਲ੍ਹੇ ਵਿਚ ਇਕ ਰੈਲੀ ਕੀਤੀ ਜਾਵੇਗੀ, ਜਿਸ ਵਿਚ ਆਉਂਦੀਆਂ ਵਿਧਾਨ ਸਭਾ ਚੋਣਾਂ, ਸ਼੍ਰੋਮਣੀ ਕਮੇਟੀ ਚੋਣਾਂ ਅਤੇ ਹੋਰ ਮਸਲਿਆਂ ਸਬੰਧੀ ਵਿਚਾਰ ਚਰਚਾ ਹੋਵੇਗੀ।
ਪਾਰਟੀ ਵੱਲੋਂ ਪੰਜਾਬ ਦੇ ਲੋਕਾਂ ਨੂੰ ਵੀ ਇਕਜੁੱਟ ਹੋਣ ਦੀ ਅਪੀਲ ਕੀਤੀ ਗਈ। ਉਨ੍ਹਾਂ ਦੋਸ਼ ਲਾਇਆ ਕਿ ਹਾਕਮ ਕਾਂਗਰਸ ਪਾਰਟੀ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਵਿਚ ਅਸਫਲ ਰਹੀ ਹੈ। ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਵੀ ਲੋਕ ਦੇਖ ਚੁੱਕੇ ਹਨ, ਇਸ ਵੇਲੇ ਲੋਕ ਤੀਜਾ ਫਰੰਟ ਚਾਹੁੰਦੇ ਹਨ। ਕੇਂਦਰ ਦੀ ਭਾਜਪਾ ਸਰਕਾਰ ਨੂੰ ਨਿਸ਼ਾਨਾ ਬਣਾਉਂਦਿਆਂ ਸ੍ਰੀ ਬ੍ਰਹਮਪੁਰਾ ਨੇ ਕਿਹਾ ਕਿ ਕੇਂਦਰ ਸਰਕਾਰ ਦੇਸ਼ ਦੇ ਕਿਸਾਨਾਂ ‘ਤੇ ਜਬਰੀ ਖੇਤੀ ਕਾਨੂੰਨ ਥੋਪ ਰਹੀ ਹੈ, ਜਦੋਂਕਿ ਕਿਸਾਨ ਇਸ ਦਾ ਲਗਾਤਾਰ ਵਿਰੋਧ ਕਰ ਰਹੇ ਹਨ। ਉਨ੍ਹਾਂ ਨੇ ਪ੍ਰਧਾਨ ਮੰਤਰੀ ਨੂੰ ਅਪੀਲ ਕੀਤੀ ਕਿ ਕਿਸਾਨ ਹਿੱਤਾਂ ਨੂੰ ਧਿਆਨ ਵਿਚ ਰੱਖਦਿਆਂ ਇਹ ਖੇਤੀ ਕਾਨੂੰਨ ਵਾਪਸ ਲਏ ਜਾਣ। ਉਨ੍ਹਾਂ ਨਾਰਾਜ਼ਗੀ ਪ੍ਰਗਟਾਈ ਕਿ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਨੂੰ ਵੀ ਬੇਲੋੜਾ ਲਟਕਾਇਆ ਜਾ ਰਿਹਾ ਹੈ, ਜਦੋਂਕਿ ਇਹ ਚੋਣਾਂ ਵੀ ਬਾਕੀ ਚੋਣਾਂ ਵਾਂਗ ਪੰਜ ਸਾਲ ਬਾਅਦ ਹੋਣੀਆਂ ਚਾਹੀਦੀਆਂ ਹਨ।
________________________________________________
ਕਾਂਗਰਸ ਤੇ ਬਾਦਲਾਂ ਤੋਂ ਬਚਾਅ ਲਈ ਤੀਜਾ ਬਦਲ ਜ਼ਰੂਰੀ: ਬ੍ਰਹਮਪੁਰਾ
ਅੰਮ੍ਰਿਤਸਰ: ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਪ੍ਰਧਾਨ ਰਣਜੀਤ ਸਿੰਘ ਬ੍ਰਹਮਪੁਰਾ ਨੇ ਕਿਹਾ ਹੈ ਕਿ ਪੰਜਾਬ ਅਤੇ ਪੰਜਾਬ ਦੇ ਲੋਕਾਂ ਨੂੰ ਕਾਂਗਰਸ ਅਤੇ ਅਕਾਲੀ ਦਲ ਬਾਦਲ ਤੋਂ ਬਚਾਉਣ ਲਈ ਪੰਜਾਬ ਵਿਚ ਤੀਜਾ ਬਦਲ ਜ਼ਰੂਰੀ ਹੈ। ਬ੍ਰਹਮਪੁਰਾ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਲੰਮੇ ਸਮੇਂ ਤੋਂ ਅਕਾਲੀ ਦਲ ਬਾਦਲ ਅਤੇ ਕਾਂਗਰਸ ਨੂੰ ਦੇਖ ਲਿਆ ਹੈ ਤੇ ਇਨ੍ਹਾਂ ਪਾਰਟੀਆਂ ਨੇ ਕੁੱਝ ਨਹੀਂ ਸਵਾਰਿਆ। ਉਨ੍ਹਾਂ ਕਿਹਾ ਕਿ ਆਉਂਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਤੀਜਾ ਗੱਠਜੋੜ ਬਣਾਉਣ ਦੀ ਅਤਿਅੰਤ ਲੋੜ ਹੈ ਤੇ ਇਸ ਲਈ ਉਨ੍ਹਾਂ ਦੀ ਪਾਰਟੀ ਬਿਨਾ ਸ਼ਰਤ ਸ਼ਾਮਲ ਹੋਣ ਲਈ ਤਿਆਰ ਹੈ।