ਪੰਜਾਬ ਵਿਧਾਨ ਸਭਾ ਵੱਲੋਂ ਖੇਤੀ ਕਾਨੂੰਨਾਂ ਖਿਲਾਫ ਮਤਾ ਪਾਸ

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਨੇ ਬਜਟ ਇਜਲਾਸ ਦੌਰਾਨ ਕੇਂਦਰੀ ਖੇਤੀ ਕਾਨੂੰਨਾਂ ਖਿਲਾਫ ਸਰਬਸੰਮਤੀ ਨਾਲ ਮਤਾ ਪਾਸ ਕਰ ਦਿੱਤਾ ਹੈ। ਉਂਜ ਮਤਾ ਪਾਸ ਕਰਨ ਤੋਂ ਪਹਿਲਾਂ ਹੀ ਅਕਾਲੀ ਦਲ ਦੇ ਵਿਧਾਇਕਾਂ ਦੀ ਸਪੀਕਰ ਵੱਲੋਂ ਮੁਅੱਤਲੀ ਹੋ ਚੁੱਕੀ ਸੀ ਜਦੋਂਕਿ ‘ਆਪ` ਮੈਂਬਰ ਵੋਟਿੰਗ ਤੋਂ ਪਹਿਲਾਂ ਹੀ ਵਾਕਆਊਟ ਕਰ ਚੁੱਕੇ ਸਨ।

ਵਿਧਾਨ ਸਭਾ ਵਿਚ ਹਾਲਾਂਕਿ ਪਹਿਲਾਂ ਵੀ ਖੇਤੀ ਕਾਨੂੰਨਾਂ ਖਿਲਾਫ ਮਤਾ ਪਾਸ ਹੋ ਚੁੱਕਾ ਹੈ, ਪਰ ਮੁੜ ਵਿਧਾਨ ਸਭਾ ਨੇ ਇਹ ਮਤਾ ਪਾਸ ਕੀਤਾ ਹੈ। ਲੋਕ ਇਨਸਾਫ ਪਾਰਟੀ ਅਤੇ ‘ਆਪ` ਦੇ ਬਾਗੀ ਵਿਧਾਇਕਾਂ ਨੇ ਵੀ ਸਦਨ `ਚ ਇਨ੍ਹਾਂ ਖੇਤੀ ਕਾਨੂੰਨਾਂ ਖਿਲਾਫ ਪੇਸ਼ ਮਤੇ ਦੀ ਹਮਾਇਤ ਕੀਤੀ। ਮੁੱਖ ਮੰਤਰੀ ਨੇ ਕੇਂਦਰ ਵੱਲੋਂ ਲਿਆਂਦੇ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦਾ ਮਤਾ ਲਿਆਉਂਦਿਆਂ ਵਿਧਾਨ ਸਭਾ ਵਿਚ ਐਲਾਨ ਕੀਤਾ ਕਿ ਇਨ੍ਹਾਂ ਕਾਨੂੰਨਾਂ ਨੂੰ ਨਾ ਤਾਂ ਮਨਜ਼ੂਰ ਕੀਤਾ ਜਾ ਸਕਦਾ ਤੇ ਨਾ ਹੀ ਇਨ੍ਹਾਂ ਨੂੰ ਜਿਉਂ ਦਾ ਤਿਉਂ ਰੱਖਿਆ ਜਾ ਸਕਦਾ ਹੈ, ਕਿਉਂਕਿ ਇਹ ਨਾ ਸਿਰਫ ਸਹਿਕਾਰੀ ਸੰਘਵਾਦ ਦੇ ਸਿਧਾਂਤਾਂ ਖਿਲਾਫ ਹਨ ਸਗੋਂ ਇਨ੍ਹਾਂ ਦਾ ਉਦੇਸ਼ ਸਪਸ਼ਟ ਤੌਰ `ਤੇ ਨਿਰਾਰਥਕ ਹੈ।
ਉਨ੍ਹਾਂ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਅੰਦੋਲਨਕਾਰੀ ਕਿਸਾਨਾਂ ਖਿਲਾਫ ਦਰਜ ਸਾਰੇ ਕੇਸਾਂ ਅਤੇ ਨੋਟਿਸਾਂ ਨੂੰ ਵਾਪਸ ਕੀਤਾ ਜਾਵੇ। ਉਨ੍ਹਾਂ ਕਿਹਾ ਭਾਰਤ ਸਰਕਾਰ ਪਰਖੀ ਹੋਈ ਮੌਜੂਦਾ ਖੇਤੀ ਮੰਡੀਕਰਨ ਪ੍ਰਣਾਲੀ ਨੂੰ ਜਾਰੀ ਰੱਖਣ ਦੀ ਇਜਾਜ਼ਤ ਦੇਵੇ।
ਸਦਨ ਨੇ ਪੁਰਜ਼ੋਰ ਅਪੀਲ ਕੀਤੀ ਹੈ ਕਿ ਭਾਰਤ ਸਰਕਾਰ ਕਿਸਾਨਾਂ ਅਤੇ ਸੂਬੇ ਦੇ ਵਡੇਰੇ ਹਿੱਤਾਂ ਦੇ ਮੱਦੇਨਜ਼ਰ ਬਿਨਾਂ ਸ਼ਰਤ ਇਹ ਤਿੰਨੇ ਖੇਤੀ ਕਾਨੂੰਨ ਵਾਪਸ ਲਏ ਤੇ ਘੱਟੋ-ਘੱਟ ਸਮਰਥਨ ਮੁੱਲ ‘ਤੇ ਅਧਾਰਿਤ ਅਨਾਜ ਦੀ ਖਰੀਦ ਦੀ ਮੌਜੂਦਾ ਪ੍ਰਣਾਲੀ ਨੂੰ ਜਾਰੀ ਰੱਖੇ। ਮੁੱਖ ਮੰਤਰੀ ਨੇ ਮੁਲਕ ਅੱਗੇ 10 ਅਹਿਮ ਸਵਾਲ ਵੀ ਰੱਖੇ, ਜੋ ਇਨ੍ਹਾਂ ਕਾਨੂੰਨਾਂ ਦੀਆਂ ਕਮੀਆਂ ਦਾ ਪਰਦਾਫਾਸ਼ ਕਰਦੇ ਹਨ।
______________________________
ਕਿਸਾਨ ਹਿੱਤਾਂ ਦੀ ਰਾਖੀ ਹਰ ਹਾਲ ਕਰਾਂਗੇ: ਕੈਪਟਨ
ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬਜਟ ਇਜਲਾਸ ਵਿਚ ਕੇਂਦਰੀ ਖੇਤੀ ਕਾਨੂੰਨਾਂ ਖਿਲਾਫ ਚੱਲ ਰਹੇ ਕਿਸਾਨ ਅੰਦੋਲਨ ਦੀ ਪਿੱਠ ਥਾਪੜੀ ਤੇ ਪੰਜਾਬ ਸਰਕਾਰ ਦਾ ਖੇਤੀ ਕਾਨੂੰਨਾਂ ਪ੍ਰਤੀ ਨਜ਼ਰੀਆ ਪੇਸ਼ ਕੀਤਾ। ਰਾਜਪਾਲ ਦੇ ਭਾਸਣ ਲਈ ਪੇਸ਼ ਧੰਨਵਾਦ ਮਤੇ ‘ਤੇ ਹੋਈ ਬਹਿਸ ਦਾ ਜਵਾਬ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰੀ ਖੇਤੀ ਕਾਨੂੰਨਾਂ ਖਿਲਾਫ ਚੱਲ ਰਿਹਾ ਕਿਸਾਨ ਅੰਦੋਲਨ ਸ਼ਾਂਤਮਈ ਹੈ ਅਤੇ ਪੰਜਾਬ ਸਰਕਾਰ ਨੇ ਹਮੇਸ਼ਾ ਇਸ ਦੀ ਹਮਾਇਤ ਕੀਤੀ ਹੈ। ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਪੰਜਾਬ ਸਰਕਾਰ ਹਰ ਹਾਲਾਤ ਵਿਚ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਕਰਦੀ ਰਹੇਗੀ।
_______________________________
ਕੈਪਟਨ ਨੇ ਖੇਤੀ ਕਾਨੂੰਨਾਂ ਬਾਰੇ ਝੂਠ ਬੋਲਿਆ: ਚੀਮਾ
ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਅਤੇ ਕਿਸਾਨ ਵਿੰਗ ਦੇ ਪ੍ਰਧਾਨ ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬ ਵਿਧਾਨ ਸਭਾ ਵਿਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਦਿੱਤੇ ਬਿਆਨ ਨੂੰ ਕੋਰਾ ਝੂਠ ਦੱਸਿਆ ਹੈ। ਚੀਮਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਕਾਨੂੰਨਾਂ ਸਬੰਧੀ ਬਣੀ ਉਚ ਤਾਕਤੀ ਕਮੇਟੀ ਦਾ ਮੈਂਬਰ ਬਣਨ ਸਬੰਧੀ ਹਾਲੇ ਤੱਕ ਕੁਝ ਸਪੱਸ਼ਟ ਨਹੀਂ ਕੀਤਾ। ਚੀਮਾ ਨੇ ਕਿਹਾ ਕਿ ਕੇਂਦਰੀ ਖੇਤੀ ਕਾਨੂੰਨਾਂ ਲਈ ਕੈਪਟਨ ਅਮਰਿੰਦਰ ਸਿੰਘ ਵੀ ਪ੍ਰਧਾਨ ਮੰਤਰੀ ਮੋਦੀ ਦੇ ਬਰਾਬਰ ਦੇ ਜ਼ਿੰਮੇਵਾਰ ਹਨ, ਜਿਨ੍ਹਾਂ ਕਿਸਾਨਾਂ ਦੀ ਗੱਲ ਰੱਖਣ ਦੀ ਜਗ੍ਹਾ ਚੁੱਪ ਵੱਟੀ ਰੱਖੀ।
______________________________
ਕਿਸਾਨ ਧਿਰਾਂ ਵੱਲੋਂ ਮਤੇ ਦੀ ਸ਼ਲਾਘਾ
ਚੰਡੀਗੜ੍ਹ: ਪੰਜਾਬ ਵਿਧਾਨ ਸਭਾ ‘ਚ ਸਰਬਸੰਮਤੀ ਨਾਲ ਕੇਂਦਰੀ ਖੇਤੀ ਕਾਨੂੰਨਾਂ ਖਿਲਾਫ ਪਾਸ ਕੀਤੇ ਮਤੇ ਨੂੰ ਕਿਸਾਨ ਧਿਰਾਂ ਨੇ ਚੰਗਾ ਕਦਮ ਦੱਸਿਆ ਹੈ ਅਤੇ ਕਿਹਾ ਹੈ ਕਿ ਦੂਸਰੇ ਸੂਬਿਆਂ ਨੂੰ ਵੀ ਆਪੋ ਆਪਣੀ ਵਿਧਾਨ ਸਭਾ ‘ਚ ਖੇਤੀ ਕਾਨੂੰਨਾਂ ਖਿਲਾਫ ਆਵਾਜ਼ ਬੁਲੰਦ ਕਰਨੀ ਚਾਹੀਦੀ ਹੈ। ਦੱਸਣਯੋਗ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 5 ਮਾਰਚ ਨੂੰ ਵਿਧਾਨ ਸਭਾ ਵਿਚ ਤਿੰਨ ਖੇਤੀ ਕਾਨੂੰਨਾਂ ਖਿਲਾਫ ਮਤਾ ਪੇਸ਼ ਕੀਤਾ ਸੀ ਜਿਸ ਨੂੰ ਸਰਬਸੰਮਤੀ ਨਾਲ ਪਾਸ ਕੀਤਾ ਗਿਆ। ਭਾਰਤੀ ਕਿਸਾਨ ਯੂਨੀਅਨ (ਡਕੌਂਦਾ) ਦੇ ਜਨਰਲ ਸਕੱਤਰ ਜਗਮੋਹਨ ਸਿੰਘ ਪਟਿਆਲਾ, ਭਾਰਤੀ ਕਿਸਾਨ ਯੂਨੀਅਨ (ਦੁਆਬਾ) ਦੇ ਜਨਰਲ ਸਕੱਤਰ ਸਤਨਾਮ ਸਿੰਘ ਸਾਹਨੀ ਤੇ ਭਾਰਤੀ ਕਿਸਾਨ ਯੂਨੀਅਨ (ਸਿੱਧੂਪੁਰ) ਦੇ ਜਨਰਲ ਸਕੱਤਰ ਕਾਕਾ ਸਿੰਘ ਕੋਟੜਾ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ ਵੱਲੋਂ ਖੇਤੀ ਕਾਨੂੰਨਾਂ ਖਿਲਾਫ ਪਾਸ ਕੀਤਾ ਮਤਾ ਚੰਗੀ ਗੱਲ ਹੈ।