ਜਥੇਬੰਦੀਆਂ ਵੱਲੋਂ ਦਿੱਲੀ ਦੇ ਰਾਹ ਰੋਕ ਕੇ ਸਰਕਾਰ ਨੂੰ ਸਖਤ ਸੁਨੇਹਾ

ਨਵੀਂ ਦਿੱਲੀ: ਖੇਤੀ ਕਾਨੂੰਨਾਂ ਖਿਲਾਫ ਸੰਘਰਸ਼ ਦੇ 100 ਦਿਨ ਪੂਰੇ ਹੋਣ ‘ਤੇ ਕਿਸਾਨਾਂ ਨੇ ਦਿੱਲੀ ਦੇ ਆਊਟਰ ਰਿੰਗ ਰੋਡ ਨੂੰ ਜਾਮ ਕੀਤਾ। ਉਨ੍ਹਾਂ ਦਿੱਲੀ ਦੇ ਚੁਫੇਰਿਉਂ ਲੰਘਦੇ ਪੱੱਛਮੀ ਤੇ ਪੂਰਬੀ ਪੈਰੀਫੇਰੀਅਲ ਐਕਸਪ੍ਰੈੱਸਵੇਅ ਦੇ ਕੁੰਡਲੀ-ਮਾਨੇਸਰ-ਪਲਵਲ (ਕੇ.ਐਮ.ਪੀ.) ਅਤੇ ਕੁੰਡਲੀ-ਗਾਜ਼ੀਆਬਾਦ-ਪਲਵਲ (ਕੇ.ਜੀ.ਪੀ.) ਮਾਰਗ ਜਾਮ ਕੀਤੇ।

ਸੰਯੁਕਤ ਕਿਸਾਨ ਮੋਰਚੇ ਵੱਲੋਂ ਸੜਕਾਂ ਜਾਮ ਕਰਨ ਦੇ ਦਿੱਤੇ ਗਏ ਸੱਦੇ ‘ਚ ਔਰਤਾਂ ਨੇ ਵੀ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ। ਹਰਿਆਣਵੀਆਂ ਨੇ ਵੀ ਬੰਦ ‘ਚ ਭਰਪੂਰ ਸਾਥ ਦਿੱਤਾ ਅਤੇ ਉਹ ਆਪਣੇ ਟਰੈਕਟਰ ਲੈ ਕੇ ਸੜਕ ਜਾਮ ਕਰਨ ਲਈ ਪੁੱਜੇ। ਕਿਸਾਨਾਂ ਨੇ ਹੱਥਾਂ ‘ਚ ਕਾਲੇ ਝੰਡੇ ਫੜੇ ਹੋਏ ਸਨ ਜਦਕਿ ਕੁਝ ਨੇ ਬਾਹਾਂ ‘ਤੇ ਕਾਲੀਆਂ ਪੱਟੀਆਂ ਬੰਨ੍ਹੀਆਂ ਹੋਈਆਂ ਸਨ। ਭਾਜਪਾ ਦੀ ਅਗਵਾਈ ਹੇਠਲੀ ਸਰਕਾਰ ਵੱਲੋਂ ਕਿਸਾਨਾਂ ਦੀਆਂ ਮੰਗਾਂ ਨਾ ਮੰਨਣ ਦੇ ਵਿਰੋਧ ‘ਚ ਕੁਝ ਮਹਿਲਾ ਅੰਦੋਲਨਕਾਰੀਆਂ ਨੇ ਕਾਲੇ ਦੁਪੱਟੇ ਸਿਰਾਂ ‘ਤੇ ਲਏ ਹੋਏ ਸਨ। ਨੌਜਵਾਨਾਂ ਨੇ 5 ਘੰਟੇ ਦੇ ਜਾਮ ਦੌਰਾਨ ਹਰ ਪਾਸੇ ਨਜ਼ਰ ਰੱਖੀ। ਜ਼ਰੂਰੀ ਸੇਵਾਵਾਂ ਵਾਲੀਆਂ ਗੱਡੀਆਂ ਨੂੰ ਹੀ ਮਾਰਗਾਂ ਤੋਂ ਲੰਘਣ ਦਿੱਤਾ ਗਿਆ ਅਤੇ ਟੌਲ ਪਲਾਜ਼ੇ ਪਰਚੀ ਮੁਕਤ ਰੱਖੇ ਗਏ।
ਕਿਸਾਨ ਆਗੂ ਡਾ. ਦਰਸ਼ਨਪਾਲ ਨੇ ਕਿਹਾ ਕਿ ਐਕਸਪ੍ਰੈੱਸਵੇਅ ਬੰਦ ਦਾ ਸੱਦਾ ਸ਼ਾਂਤੀ ਨਾਲ ਨੇਪਰੇ ਚੜ੍ਹ ਗਿਆ ਹੈ। ਭਾਰਤੀ ਕਿਸਾਨ ਯੂਨੀਅਨ (ਟਿਕੈਤ) ਦੇ ਬੁਲਾਰੇ ਰਾਕੇਸ਼ ਟਿਕੈਤ ਨੇ ਕੇਂਦਰ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜਦੋਂ ਤੱਕ ਕੇਂਦਰ ਸਰਕਾਰ ਤਿੰਨੋਂ ਖੇਤੀ ਕਾਨੂੰਨ ਰੱਦ ਨਹੀਂ ਕਰਦੀ ਅਤੇ ਕਿਸਾਨਾਂ ਦੀਆਂ ਮੰਗਾਂ ਵੱਲ ਧਿਆਨ ਨਹੀਂ ਦਿੰਦੀ ਉਦੋਂ ਤੱਕ ਕਿਸਾਨ ਅੱਗੇ ਹੋਰ ਵੀ ਐਕਸ਼ਨ ਕਰਨਗੇ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਤਿੰਨੋਂ ਕਾਨੂੰਨ ਰੱਦ ਨਾ ਕੀਤੇ ਤਾਂ ਦਿੱਲੀ ਦੇ ਬਾਰਡਰਾਂ ਵਾਂਗ ਕੁੰਡਲੀ-ਮਾਨੇਸਰ-ਪਲਵਲ ਮਾਰਗ ਪੂਰੀ ਤਰ੍ਹਾਂ ਰੋਕਿਆ ਜਾ ਸਕਦਾ ਹੈ ਅਤੇ ਅੱਜ ਦਾ 5 ਘੰਟੇ ਦਾ ਜਾਮ ਇਕ ਅਜ਼ਮਾਇਸ਼ ਸੀ।
ਕਿਸਾਨ ਆਗੂਆਂ ਨੇ ਕੇਂਦਰ ਸਰਕਾਰ ਨੂੰ ਜਾਗਣ ਦਾ ਸੱਦਾ ਦਿੱਤਾ। ਕਿਸਾਨ ਆਗੂਆਂ ਨੇ ਕਿਹਾ ਕਿ ਹੁਣ ਤੱਕ ਕੇਂਦਰ ਸਰਕਾਰ ਨਾਲ 11 ਮੀਟਿੰਗਾਂ ਬੇਸਿੱਟਾ ਰਹੀਆਂ ਹਨ ਅਤੇ ਇਨ੍ਹਾਂ ਵਿਚ ਕਾਨੂੰਨਾਂ ਦੀ ਹਰ ਮੱਦ ਉਪਰ ਚਰਚਾ ਹੋਈ ਸੀ। ਉਨ੍ਹਾਂ ਕਿਹਾ,’’ਮੋਦੀ ਸਰਕਾਰ ਝੂਠ ਬੋਲ ਰਹੀ ਹੈ ਜਦੋਂ ਕਿ ਸਾਰੀ ਦੁਨੀਆਂ ਇਸ ਸ਼ਾਂਤਮਈ ਅੰਦੋਲਨ ਨੂੰ ਦੇਖ ਰਹੀ ਹੈ ਅਤੇ ਕੇਂਦਰੀ ਮੰਤਰੀਆਂ ਨੇ ਬੈਠਕਾਂ ਦੌਰਾਨ ਇਸ਼ਾਰਾ ਕੀਤਾ ਸੀ ਕਿ ਕਾਨੂੰਨ ਨੂੰ ਖਾਲੀ ਪੀਪਾ ਬਣਾ ਦਿੰਦੇ ਹਾਂ ਪਰ ਵਾਪਸ ਨਹੀਂ ਲੈ ਸਕਦੇ ਕਿਉਂਕਿ ਇਸ ਨਾਲ ਸਰਕਾਰ ਦੀ ਕਿਰਕਿਰੀ ਹੋਵੇਗੀ।“ ਆਗੂਆਂ ਨੇ ਕਿਹਾ ਕਿ ਅਗਲੇ ਦਿਨਾਂ ਦੌਰਾਨ ਵਿਧਾਨ ਸਭਾ ਚੋਣਾਂ ਵਾਲੇ ਰਾਜਾਂ ਵੱਲ ਰੁਖ ਕੀਤਾ ਜਾਵੇਗਾ ਤੇ ਉਥੋਂ ਦੇ ਕਿਸਾਨਾਂ ਨੂੰ ਖੇਤੀ ਕਾਨੂੰਨਾਂ ਦੀਆਂ ਕਮੀਆਂ ਦੱਸੀਆਂ ਜਾਣਗੀਆਂ।
ਗਾਜ਼ੀਪੁਰ ਦੇ ਕਿਸਾਨਾਂ ਨੇ ਡਾਸਨਾ ਕੋਲ ਕੁੰਡਲੀ-ਗਾਜ਼ੀਆਬਾਦ-ਪਲਵਲ (ਕੇ.ਜੀ.ਪੀ.) ਮਾਰਗ ਜਾਮ ਕਰਕੇ ਕੌਮੀ ਤਿਰੰਗੇ ਅਤੇ ਯੂਨੀਅਨਾਂ ਦੇ ਝੰਡੇ ਲੈ ਕੇ ਕੇਂਦਰ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ। ਜਗਤਾਰ ਸਿੰਘ ਬਾਜਵਾ ਨੇ ਦੱਸਿਆ ਕਿ ਜਾਮ ਸਫਲ ਰਹਿਣ ‘ਤੇ ਸਰਕਾਰ ਨੂੰ ਕੰਬਣੀ ਜ਼ਰੂਰ ਛਿੜੀ ਹੋਵੇਗੀ। ਉਨ੍ਹਾਂ ਦੱਸਿਆ ਕਿ ਜਾਮ ਦੌਰਾਨ ਰਾਹਗੀਰਾਂ ਲਈ ਲੰਗਰ, ਪਾਣੀ, ਚਾਹ ਅਤੇ ਹੋਰ ਪ੍ਰਬੰਧ ਕੀਤੇ ਗਏ ਸਨ। ਪੈਰੀਫੇਰੀਅਲ ਮਾਰਗ ਬੰਦ ਹੋਣ ਕਰਕੇ ਲੋਕਾਂ ਨੂੰ ਬਦਲਵੇਂ ਰੂਟਾਂ ਤੋਂ ਗੱਡੀਆਂ ਕੱਢ ਕੇ ਆਪਣੀਆਂ ਮੰਜ਼ਿਲਾਂ ਵੱਲ ਜਾਣਾ ਪਿਆ।
ਉਧਰ, ਕੁੰਡਲੀ-ਮਾਨੇਸਰ-ਪਲਵਲ (ਕੇ.ਐਮ.ਪੀ.) ਟੌਲ ਪਲਾਜੇ ‘ਤੇ ਬੀ.ਕੇ.ਯੂ. ਏਕਤਾ ਉਗਰਾਹਾਂ ਵੱਲੋਂ ਜਾਮ ਲਗਾਇਆ ਗਿਆ। ਜਥੇਬੰਦੀ ਦੇ ਸੂਬਾ ਸਕੱਤਰ ਸ਼ਿੰਗਾਰਾ ਸਿੰਘ ਮਾਨ ਨੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮੋਦੀ ਸਰਕਾਰ ਕਿਸਾਨਾਂ ਦੇ ਅੰਦੋਲਨ ਨੂੰ ਅਣਗੌਲਿਆ ਕਰਕੇ ਭੁਲੇਖਾ ਪਾਲ ਰਹੀ ਹੈ ਕਿ ਉਹ ਘਰਾਂ ਨੂੰ ਪਰਤ ਜਾਣਗੇ। ਉਨ੍ਹਾਂ ਕਿਹਾ ਕਿ ਪਿਛਲੇ 100 ਦਿਨਾਂ ਤੋਂ ਦਿੱਲੀ ਦੇ ਬਾਰਡਰਾਂ ‘ਤੇ ਚੱਲ ਰਿਹਾ ਸ਼ਾਂਤਮਈ ਕਿਸਾਨ ਮੋਰਚਾ ਲੋਕ ਵਿਰੋਧੀ ਕਾਲੇ ਕਾਨੂੰਨ ਰੱਦ ਕਰਵਾਉਣ ਤੱਕ ਜਾਰੀ ਰਹੇਗਾ। ਉਨ੍ਹਾਂ ਮੁਤਾਬਕ ਇਹ ਲੜਾਈ ਮੋਦੀ ਸਰਕਾਰ ਵੱਲੋਂ ਵਿਸ਼ਵ ਵਪਾਰ ਸੰਸਥਾ, ਵਿਦੇਸ਼ੀ ਮੁਦਰਾ ਕੋਸ਼ ਅਤੇ ਸੰਸਾਰ ਬੈਂਕ ਦੀਆਂ ਲਾਗੂ ਕੀਤੀਆਂ ਜਾ ਰਹੀਆਂ ਲੋਕ ਵਿਰੋਧੀ ਨੀਤੀਆਂ ਨਾਲ ਹੈ। ਉਨ੍ਹਾਂ ਕਿਹਾ ਕਿ ਇਹ ਸਬਰ ਅਤੇ ਏਕੇ ਨਾਲ ਇਹ ਲੜਾਈ ਲੜਨ ਦੀ ਲੋੜ ਹੈ।
_____________________________________
ਕਾਨੂੰਨ ਵਾਪਸੀ ਤੱਕ ਅੰਦੋਲਨ ਜਾਰੀ ਰਹੇਗਾ: ਟਿਕੈਤ
ਮੁਜੱਫਰਨਗਰ: ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਕਿਹਾ ਹੈ ਕਿ ਉਨ੍ਹਾਂ ਦਾ ਅੰਦੋਲਨ ਉਦੋਂ ਤੱਕ ਜਾਰੀ ਰਹੇਗਾ ਜਦੋਂ ਤੱਕ ਤਿੰਨ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਨਹੀਂ ਕੀਤਾ ਜਾਂਦਾ। ਟਿਕੈਤ ਨੇ ਇਥੇ ਰਾਮਰਾਜ ਕਸਬੇ ਵਿਚ ਖੇਤੀਬਾੜੀ ਕਾਨੂੰਨਾਂ ਵਿਰੁੱਧ ਦਿੱਲੀ ਦੀਆਂ ਸਰਹੱਦਾਂ ‘ਤੇ ਚੱਲ ਰਹੇ ਕਿਸਾਨਾਂ ਦੇ ਅੰਦੋਲਨ ਦੇ ਸੌ ਦਿਨਾਂ ਪੂਰੇ ਹੋਣ ਦੇ ਮੌਕੇ ਸਮਾਗਮ ਵਿਚ ਕਿਹਾ ਕਿ ਕਿਸਾਨਾਂ ਦੀ ਮੰਗ ਹੈ ਕਿ ਤਿੰਨੋਂ ਖੇਤੀਬਾੜੀ ਕਾਨੂੰਨਾਂ ਨੂੰ ਪੂਰੀ ਤਰ੍ਹਾਂ ਵਾਪਸ ਲਿਆ ਜਾਵੇ ਅਤੇ ਅੰਦੋਲਨ ਉਦੋਂ ਤੱਕ ਜਾਰੀ ਰਹੇਗਾ ਜਦੋਂ ਤੱਕ ਸਰਕਾਰ ਉਨ੍ਹਾਂ ਦੀਆਂ ਮੰਗਾਂ ਪ੍ਰਤੀ ਸਹਿਮਤ ਨਹੀਂ ਹੁੰਦੀ।
__________________________________________
ਪੰਜਾਬ ਹਰਿਆਣਾ ਦੇ ਕਿਸਾਨਾਂ ਨੇ ਕਾਲਾ ਦਿਵਸ ਮਨਾਇਆ
ਚੰਡੀਗੜ੍ਹ: ਕੇਂਦਰੀ ਖੇਤੀ ਕਾਨੂੰਨਾਂ ਖਿਲਾਫ ਕੌਮੀ ਰਾਜਧਾਨੀ ਦੀਆਂ ਬਰੂੰਹਾਂ ‘ਤੇ ਚੱਲ ਰਹੇ ਕਿਸਾਨੀ ਸੰਘਰਸ਼ ਨੂੰ 100 ਦਿਨ ਪੂਰੇ ਹੋਣ ‘ਤੇ ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ‘ਤੇ ਪੰਜਾਬ ਅਤੇ ਹਰਿਆਣਾ ਦੀਆਂ ਕਿਸਾਨ ਜਥੇਬੰਦੀਆਂ ਨੇ ‘ਕਾਲਾ ਦਿਵਸ‘ ਮਨਾਇਆ। ਪੰਜਾਬ ਵਿਚ 32 ਕਿਸਾਨ ਜਥੇਬੰਦੀਆਂ ਦੀ ਅਗਵਾਈ ਹੇਠ ਟੌਲ ਪਲਾਜ਼ੇ, ਕਾਰਪੋਰੇਟਾਂ ਤੇ ਭਾਜਪਾ ਆਗੂਆਂ ਦੇ ਘਰਾਂ ਸਣੇ 200 ਥਾਵਾਂ ‘ਤੇ ਰੋਸ ਪ੍ਰਦਰਸ਼ਨ ਕੀਤੇ ਗਏ, ਜਿਨ੍ਹਾਂ ਵਿਚ ਕਿਸਾਨ ਆਗੂ ਕਾਲੀਆਂ ਪੱਗਾਂ, ਪੱਟੀਆਂ ਬੰਨ੍ਹ ਕੇ ਪਹੁੰਚੇ ਜਦਕਿ ਬੀਬੀਆਂ ਕਾਲੀਆਂ ਚੁੰਨ੍ਹੀਆਂ ਲੈ ਕੇ ਪਹੁੰਚੀਆਂ। ਕਿਸਾਨਾਂ ਨੇ ਕਾਲੇ ਝੰਡੇ ਲਹਿਰਾ ਕੇ ਕੇਂਦਰ ਸਰਕਾਰ ਖਿਲਾਫ ਸੰਘਰਸ਼ ਹੋਰ ਭਖਾਉਣ ਦਾ ਸੱਦਾ ਦਿੱਤਾ। ਕਿਸਾਨ ਆਗੂਆਂ ਨੇ ਕਿਹਾ ਕਿ ਦੇਸ਼ ਦਾ ਅੰਨਦਾਤਾ ਤਿੰਨੇ ਖੇਤੀ ਕਾਨੂੰਨ ਰੱਦ ਕਰਨ ਤੇ ਐਮ.ਐਸ.ਪੀ. ‘ਤੇ ਖਰੀਦ ਦੀ ਗਾਰੰਟੀ ਵਾਲਾ ਕਾਨੂੰਨ ਲਿਆਉਣ ਦੀ ਮੰਗ ਕਰ ਰਿਹਾ ਹੈ ਤੇ ਮੰਗਾਂ ਮਨਵਾ ਕੇ ਹੀ ਘਰ ਪਰਤੇਗਾ।
_________________________________________
ਸਰਕਾਰ ਕਾਨੂੰਨ ਰੱਦ ਕਰੇ ਤਾਂ ਗੱਲਬਾਤ ਲਈ ਰਾਜ਼ੀ ਹਾਂ: ਰਾਜੇਵਾਲ
ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਨੇ ਕੁੰਡਲੀ ‘ਚ ਕਿਹਾ ਕਿ ਕਿਸਾਨ ਕੇਂਦਰ ਸਰਕਾਰ ਨਾਲ ਗੱਲਬਾਤ ਕਰਨ ਲਈ ਰਾਜ਼ੀ ਹਨ ਪਰ ਖੇਤੀ ਕਾਨੂੰਨਾਂ ਵਿਚ ਸੋਧ ਸਵੀਕਾਰ ਨਹੀਂ ਹੈ ਸਗੋਂ ਇਹ ਕਾਨੂੰਨ ਵਾਪਸ ਹੋਣੇ ਚਾਹੀਦੇ ਹਨ। ਉਨ੍ਹਾਂ ਕਿਹਾ, ”ਜੇਕਰ ਸਰਕਾਰ ਸਾਨੂੰ ਬੁਲਾਉਂਦੀ ਹੈ ਤਾਂ ਅਸੀਂ ਗੱਲਬਾਤ ਲਈ ਤਿਆਰ ਹਾਂ ਪਰ ਸਾਡੀ ਮੰਗ ਇਕੋ ਹੈ। ਅਸੀਂ ਤਿੰਨਾਂ ਕਾਨੂੰਨਾਂ ਦੀ ਵਾਪਸੀ ਚਾਹੁੰਦੇ ਹਾਂ। ਅਸੀਂ ਕੋਈ ਸੋਧ ਸਵੀਕਾਰ ਨਹੀਂ ਕਰਾਂਗੇ।“