ਪ੍ਰਾਈਵੇਟ ਹਸਪਤਾਲਾਂ ਵੱਲੋਂ ਫਰਜ਼ੀ ਬਿੱਲਾਂ ਰਾਹੀਂ ਸਿਹਤ ਬੀਮਾ ਯੋਜਨਾ ਵਿਚ ਘੁਟਾਲਾ

ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਨੇ ਰਾਜ ਦੇ ਕੁਝ ਨਿੱਜੀ ਹਸਪਤਾਲਾਂ ਵੱਲੋਂ ‘ਪ੍ਰਧਾਨ ਮੰਤਰੀ ਜਨ ਅਰੋਗਯਾ ਯੋਜਨਾ` (ਆਯੁਸ਼ਮਾਨ ਭਾਰਤ) ਅਧੀਨ ਲਾਭਪਾਤਰੀਆਂ ਦਾ ਇਲਾਜ ਕਰਨ ਦੇ ਨਾਂ ਹੇਠ ਫਰਜ਼ੀ ਡਾਕਟਰੀ ਬਿੱਲਾਂ ਰਾਹੀਂ ਪ੍ਰਤੀਪੂਰਤੀ ਦੇ ਕਲੇਮਾਂ ਵਿਚ ਕਰੋੜਾਂ ਰੁਪਏ ਦੀ ਘਪਲੇਬਾਜ਼ੀ ਕਰਕੇ ਮੋਟੀਆਂ ਰਕਮਾਂ ਦੇ ਬੀਮਾ ਕਲੇਮ ਹਾਸਲ ਕੀਤੇ ਜਾਣ ਦਾ ਪਰਦਾਫਾਸ਼ ਕੀਤਾ ਹੈ।

ਇਸ ਦੌਰਾਨ ਅਧਿਕਾਰਤ ਇਫਕੋ ਟੋਕੀਓ ਬੀਮਾ ਕੰਪਨੀ ਵੱਲੋਂ ਸਰਕਾਰੀ ਹਸਪਤਾਲਾਂ ਦੇ ਬੀਮਾ ਕਲੇਮ ਵੱਡੀ ਗਿਣਤੀ ਵਿਚ ਰੱਦ ਕਰ ਦਿੱਤੇ ਗਏ, ਜਿਸ ਕਰਕੇ ਰਾਜ ਸਰਕਾਰ ਦੇ ਖਜਾਨੇ ਨੂੰ ਕਰੋੜਾਂ ਦਾ ਘਾਟਾ ਪਿਆ ਹੈ। ਵਿਜੀਲੈਂਸ ਬਿਊਰੋ ਦੇ ਮੁੱਖ ਡਾਇਰੈਕਟਰ ਤੇ ਡੀ.ਜੀ.ਪੀ. ਬੀ.ਕੇ. ਉਪਲ ਨੇ ਦੱਸਿਆ ਕਿ ਆਯੁਸ਼ਮਾਨ ਭਾਰਤ ਯੋਜਨਾ ਵਿਚ ਚੱਲ ਰਹੇ ਇਸ ਘੁਟਾਲੇ ਦੀ ਹਰ ਪੱਖ ਤੋਂ ਡੂੰਘਾਈ ਤੱਕ ਜਾਂਚ ਕਰਨ ਇਕ ਵਿਜੀਲੈਂਸ ਇਨਕੁਆਰੀ ਦਰਜ ਕੀਤੀ ਗਈ ਹੈ ਤਾਂ ਜੋ ਇਸ ਯੋਜਨਾ ਅਧੀਨ ਪ੍ਰਾਈਵੇਟ ਹਸਪਤਾਲਾਂ ਵੱਲੋਂ ਕੀਤੀਆਂ ਜਾ ਰਹੀਆਂ ਬੇਨਿਯਮੀਆਂ ਦਾ ਪਰਦਾਫਾਸ਼ ਕੀਤਾ ਜਾ ਸਕੇ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਦਲਜਿੰਦਰ ਸਿੰਘ ਢਿੱਲੋਂ ਐਸ.ਐਸ.ਪੀ. ਵਿਜੀਲੈਂਸ ਬਿਊਰੋ, ਜਲੰਧਰ ਰੇਂਜ ਜਲੰਧਰ ਵੱਲੋਂ ਇਕੱਤਰ ਕੀਤੀ ਗਈ ਮੁਢਲੀ ਜਾਂਚ ਅਨੁਸਾਰ ਆਯੁਸ਼ਮਾਨ ਭਾਰਤ ਸਕੀਮ ਤਹਿਤ ਜਲੰਧਰ, ਹੁਸ਼ਿਆਰਪੁਰ ਅਤੇ ਕਪੂਰਥਲਾ ਦੇ ਕਈ ਵੱਡੇ ਨਾਮੀ-ਗਰਾਮੀ ਹਸਪਤਾਲਾਂ ਵੱਲੋਂ ਸਮਾਰਟ ਸਿਹਤ ਕਾਰਡ ਧਾਰਕਾਂ ਦੇ ਨਾਮ ਉਤੇ ਮੋਟੀਆਂ ਰਕਮਾਂ ਦੇ ਫਰਜ਼ੀ ਡਾਕਟਰੀ ਬਿੱਲ ਤਿਆਰ ਕਰਕੇ ਬੀਮਾ ਕਲੇਮ ਹਾਸਲ ਕੀਤੇ ਜਾ ਰਹੇ ਹਨ।
ਇਨ੍ਹਾਂ ਤਿੰਨ ਜਿਲ੍ਹਿਆਂ ਵਿਚ ਕੁੱਲ 35 ਸਰਕਾਰੀ ਹਸਪਤਾਲ ਅਤੇ 77 ਪ੍ਰਾਈਵੇਟ ਹਸਪਤਾਲ ਇਸ ਯੋਜਨਾ ਅਧੀਨ ਰਾਜ ਸਰਕਾਰ ਵੱਲੋਂ ਸੂਚੀਬੱਧ ਕੀਤੇ ਗਏ ਹਨ। ਜਿਲ੍ਹਾ ਕਪੂਰਥਲਾ ਦੇ ਸੁਲਤਾਨਪੁਰ ਲੋਧੀ ਕਸਬੇ ਵਿਚ ਚੱਲ ਰਹੇ ਇਕ ਨਾਮੀ ਹਸਪਤਾਲ ਨੇ ਇਸ ਸਾਲ ਦੌਰਾਨ ਕਰੀਬ 1282 ਵਿਅਕਤੀਆਂ ਦੇ ਇਲਾਜ ਲਈ ਕੁੱਲ 4,43,98,450 ਰੁਪਏ ਦਾ ਬੀਮਾ ਕਲੇਮ ਕੀਤਾ, ਜਿਸ ਵਿਚੋਂ ਇਸ ਹਸਪਤਾਲ ਦੇ 519 ਕਲੇਮ ਰੱਦ ਹੋ ਗਏ ਅਤੇ ਬਾਕੀ ਰਹਿੰਦੇ ਕੇਸਾਂ ਵਿਚੋਂ ਕੁੱਲ 4,23,48,050 ਰੁਪਏ ਦੇ ਕਲੇਮ ਸਟੇਟ ਹੈਲਥ ਅਥਾਰਿਟੀ ਪੰਜਾਬ ਵੱਲੋਂ ਪਾਸ ਕੀਤੇ ਗਏ ਹਨ। ਪਾਸ ਹੋਈ ਇਸ ਰਾਸ਼ੀ 4,43,98,450 ਰੁਪਏ ਵਿਚੋਂ ਹੁਣ ਤੱਕ 1,86,59,150 ਰੁਪਏ ਦੀ ਰਕਮ ਦੀ ਅਦਾਇਗੀ ਬੀਮਾ ਕੰਪਨੀ ‘ਇਫਕੋ ਟੋਕੀਓ` ਵੱਲੋਂ ਉਕਤ ਹਸਪਤਾਲ ਨੂੰ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਇਸੇ ਲੜੀ ਵਿਚ ਜਿਲ੍ਹਾ ਜਲੰਧਰ, ਹੁਸ਼ਿਆਰਪੁਰ ਅਤੇ ਕਪੂਰਥਲਾ ਦੇ ਨਾਮੀ ਗਰਾਮੀ ਪ੍ਰਾਈਵੇਟ ਹਸਪਤਾਲਾਂ ਵੱਲੋਂ ਵੱਡੇ ਪੱਧਰ `ਤੇ ਇਸ ਤਰ੍ਹਾਂ ਦੇ ਫਰਜ਼ੀਵਾੜੇ ਨੂੰ ਅੰਜਾਮ ਦੇ ਕੇ ਇਫਕੋ ਟੋਕੀਓ ਬੀਮਾ ਕੰਪਨੀ ਕੋਲੋਂ ਜਾਅਲੀ ਕਲੇਮ ਹਾਸਲ ਕੀਤੇ ਗਏ ਹਨ ਅਤੇ ਕੀਤੇ ਜਾ ਰਹੇ ਹਨ।
______________________________________________
ਸੱਤਾ ਦੀ ਸ਼ਹਿ ਤੋਂ ਬਗੈਰ ਖਜ਼ਾਨੇ ਨੂੰ ਰਗੜਾ ਅਸੰਭਵ: ਚੀਮਾ
ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਨੇ ਪੰਜਾਬ ਦੇ ਨਿੱਜੀ ਹਸਪਤਾਲਾਂ ਵੱਲੋਂ ਆਯੁਸ਼ਮਾਨ ਸਕੀਮ ਦੇ ਨਾਂ ‘ਤੇ ਕੀਤੇ ਜਾ ਰਹੇ ਘੁਟਾਲੇ ‘ਤੇ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਬਿਨਾਂ ਸੱਤਾ ਦੀ ਸ਼ਹਿ ਤੋਂ ਸਰਕਾਰੀ ਖਜਾਨੇ ਨੂੰ ਚੂਨਾ ਲਗਾਉਣਾ ਅਸੰਭਵ ਹੈ। ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਵਿਜੀਲੈਂਸ ਵੱਲੋਂ ਜਲੰਧਰ, ਹੁਸ਼ਿਆਰਪੁਰ ਅਤੇ ਕਪੂਰਥਲਾ ਵਿਚ ਕੀਤੀ ਜਾਂਚ ਨੇ ਸਾਹਮਣੇ ਲਿਆ ਦਿੱਤਾ ਹੈ ਕਿ ਕਿਵੇਂ ਗਰੀਬਾਂ ਦੇ ਨਾਂ ‘ਤੇ ਸਰਕਾਰੀ ਖਜਾਨਾ ਲੁੱਟਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਨਿੱਜੀ ਸੰਸਥਾ ਦੀ ਇਹ ਹਿੰਮਤ ਨਹੀਂ ਕਿ ਉਹ ਕਿਸੇ ਸੱਤਾਧਾਰੀ ਪਾਰਟੀ ਦੇ ਆਗੂਆਂ ਤੋਂ ਬਿਨਾਂ ਕਰੋੜਾਂ ਰੁਪਏ ਦਾ ਘਪਲਾ ਕਰ ਲਵੇ।