ਕਰੋਨਾ ਦਾ ਸਹਿਮ: ਪੰਜਾਬ ਵਿਚ ਮੁੜ ਸਖਤ ਪਾਬੰਦੀਆਂ ਲਾਈਆਂ

ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੋਵਿਡ-19 ਦੀ ਦੂਜੀ ਲਹਿਰ/ਹੱਲੇ ਨੂੰ ਦੇਖਦੇ ਹੋਏ ਪੰਜਾਬ ‘ਚ ਵੱਡੇ ਪੱਧਰ ‘ਤੇ ਪਾਬੰਦੀਆਂ ਲਾਉਣ ਦੇ ਹੁਕਮ ਕੀਤੇ ਹਨ। ਇਨ੍ਹਾਂ ਹੁਕਮਾਂ ਅਨੁਸਾਰ ਪੰਜਾਬ ‘ਚ ਹੁਣ ਸਾਰੇ ਵਿਦਿਅਕ ਅਦਾਰੇ 31 ਮਾਰਚ ਤੱਕ ਬੰਦ ਰਹਿਣਗੇ ਜਦੋਂ ਕਿ ਸਿਨੇਮਾ ਘਰਾਂ/ਮਾਲਜ ਦੀ ਸਮਰੱਥਾ ਵੀ ਹੁਣ ਅੱਧੀ ਰਹੇਗੀ।

ਮੁੱਖ ਮੰਤਰੀ ਨੇ ਪੰਜਾਬੀਆਂ ਨੂੰ ਕੋਵਿਡ ਖਿਲਾਫ ਲੰਮੀ ਲੜਾਈ ਲਈ ਚੌਕਸ ਕੀਤਾ ਹੈ ਕਿਉਂਕਿ ਪੰਜਾਬ ਨੂੰ ਕਰੀਬ ਇਕ ਸਾਲ ਮਗਰੋਂ ਹੀ ਮੁੜ ਕੋਵਿਡ ਦੀ ਮਾਰ ਝੱਲਣੀ ਪੈ ਰਹੀ ਹੈ। ਮੁੱਖ ਮੰਤਰੀ ਨੇ ਕੋਵਿਡ ਹਾਲਾਤ ਦੀ ਸਮੀਖਿਆ ਬਾਰੇ ਉਚ ਪੱਧਰੀ ਮੀਟਿੰਗ ਵਿਚ ਇਹ ਨਵੇਂ ਕਦਮ ਉਠਾਉਣ ਦਾ ਫੈਸਲਾ ਕੀਤਾ ਹੈ। ਮੁੱਖ ਮੰਤਰੀ ਨੇ ਬਿਨਾਂ ਮਾਸਕ ਤੋਂ ਜਨਤਕ ਖੇਤਰਾਂ ਤੇ ਇਸ ਦੇ ਆਲੇ-ਦੁਆਲੇ ਸੜਕਾਂ ਗਲੀਆਂ ‘ਚ ਘੁੰਮਣ ਵਾਲੇ ਲੋਕਾਂ ਨੂੰ ‘ਟੈਸਟਿੰਗ ਲਈ ਨਜਦੀਕੀ ਆਰ.ਟੀ-ਪੀ.ਸੀ.ਆਰ. ਟੈਸਟਿੰਗ ਕੇਂਦਰ ਲਿਜਾਣ ਦੀ ਵੀ ਹਦਾਇਤ ਕੀਤੀ ਹੈ।
ਮੀਟਿੰਗ ਦੌਰਾਨ ਲਏ ਫੈਸਲਿਆਂ ਤਹਿਤ ਮੈਡੀਕਲ ਤੇ ਨਰਸਿੰਗ ਕਾਲਜਾਂ ਨੂੰ ਛੱਡ ਕੇ ਬਾਕੀ ਸਾਰੇ ਵਿਦਿਅਕ ਅਦਾਰੇ 31 ਮਾਰਚ ਤੱਕ ਬੰਦ ਰਹਿਣਗੇ। ਇਸੇ ਤਰ੍ਹਾਂ ਸਿਨੇਮਾ ਹਾਲ ਦੀ ਸਮਰੱਥਾ 50 ਫੀਸਦੀ ਕਰ ਦਿੱਤੀ ਗਈ ਹੈ ਜਦੋਂ ਕਿ ਸ਼ਾਪਿੰਗ ਮਾਲਜ ‘ਚ ਕਿਸੇ ਵੀ ਸਮੇਂ ਇਕ ਮਾਲ ‘ਚ 100 ਤੋਂ ਵੱਧ ਵਿਅਕਤੀ ਨਹੀਂ ਜਾ ਸਕਣਗੇ। ਮੁੱਖ ਮੰਤਰੀ ਨੇ ਪੰਜਾਬ ਦੇ ਲੋਕਾਂ ਨੂੰ ਦੋ ਹਫਤਿਆਂ ਲਈ ਘਰਾਂ ਵਿਚ ਟਿਕਣ ਦੀ ਅਪੀਲ ਕੀਤੀ ਹੈ ਅਤੇ ਘਰਾਂ ਵਿਚ 10 ਤੋਂ ਵੱਧ ਮਹਿਮਾਨ ਨਾ ਆਉਣ ਲਈ ਵੀ ਆਖਿਆ ਹੈ। ਪੰਜਾਬ ਦੇ ਕਰੋਨਾ ਨਾਲ ਸਭ ਤੋਂ ਵੱਧ ਪ੍ਰਭਾਵਿਤ 11 ਜਿ਼ਲ੍ਹਿਆਂ ਵਿਚ ਅੰਤਿਮ ਸਸਕਾਰ/ਵਿਆਹ-ਸ਼ਾਦੀਆਂ ਨੂੰ ਛੱਡ ਕੇ ਹੋਰ ਸਾਰੇ ਸਮਾਜਿਕ ਇਕੱਠਾਂ ‘ਤੇ ਮੁਕੰਮਲ ਰੋਕ ਲਾ ਦਿੱਤੀ ਗਈ ਹੈ।
ਇਨ੍ਹਾਂ ਜਿ਼ਲ੍ਹਿਆਂ ਵਿਚ ਖੁਸ਼ੀ ਗਮੀ ਦੇ ਸਮਾਗਮਾਂ ਵਿਚ ਸਿਰਫ 20 ਵਿਅਕਤੀਆਂ ਨੂੰ ਸ਼ਾਮਲ ਹੋਣ ਦੀ ਇਜਾਜ਼ਤ ਹੋਵੇਗੀ। ਇਨ੍ਹਾਂ ਜਿ਼ਲ੍ਹਿਆਂ ‘ਚ ਰਾਤਰੀ ਕਰਫਿਊ ਰਾਤ 9 ਤੋਂ ਸਵੇਰੇ 5 ਵਜੇ ਤੱਕ ਰਹੇਗਾ ਅਤੇ ਇਸ ਅਰਸੇ ਦੌਰਾਨ ਹੋਮ ਡਲਿਵਰੀ ਦੀ ਆਗਿਆ ਹੋਵੇਗੀ। ਇਨ੍ਹਾਂ ਜਿ਼ਲ੍ਹਿਆਂ ‘ਚ ਐਤਵਾਰ ਨੂੰ ਸਿਨੇਮੇ, ਮਲਟੀਪਲੈਕਸ, ਰੈਸਟੋਰੈਂਟ ਤੇ ਮਾਲਜ ਆਦਿ ਵੀ ਬੰਦ ਰਹਿਣਗੇ। ਸਨਅਤੀ ਅਤੇ ਜਰੂਰੀ ਸੇਵਾਵਾਂ ਜਾਰੀ ਰਹਿਣ ਦੇ ਹੁਕਮ ਕੀਤੇ ਗਏ ਹਨ। ਵੱਧ ਪ੍ਰਭਾਵਿਤ 11 ਜਿ਼ਲ੍ਹਿਆਂ ਲੁਧਿਆਣਾ, ਜਲੰਧਰ, ਪਟਿਆਲਾ, ਮੁਹਾਲੀ, ਅੰਮ੍ਰਿਤਸਰ, ਹੁਸ਼ਿਆਰਪੁਰ, ਕਪੂਰਥਲਾ, ਸ਼ਹੀਦ ਭਗਤ ਸਿੰਘ ਨਗਰ, ਫਤਹਿਗੜ੍ਹ ਸਾਹਿਬ, ਰੋਪੜ ਅਤੇ ਮੋਗਾ ਦੇ ਸਰਕਾਰੀ ਦਫਤਰਾਂ ਵਿਚ ਜ਼ਰੂਰੀ ਵਸਤਾਂ ਨੂੰ ਛੱਡ ਕੇ ਪਬਲਿਕ ਡੀਲਿੰਗ ਰੋਕ ਦਿੱਤੀ ਗਈ ਹੈ। ਰੋਜ਼ਾਨਾ ਦੀਆਂ ਰਜਿਸਟਰੀਆਂ ‘ਤੇ ਵੀ ਕੱਟ ਲਾ ਦਿੱਤਾ ਗਿਆ ਹੈ।
ਪੰਜਾਬ ਭਰ ‘ਚ ਮਾਈਕਰੋ-ਕੰਟੇਨਮੈਂਟ ਅਤੇ ਕੰਟੇਨਮੈਂਟ ਜ਼ੋਨਾਂ ਵਿਚ ਤੁਰਤ ਸਖਤੀ ਅਤੇ ਨਿਗਰਾਨੀ ਰੱਖਣ ਲਈ ਰਣਨੀਤੀ ਤਿਆਰ ਹੋਣ ਲੱਗੀ ਹੈ। ਬਾਕੀ ਜਿ਼ਲ੍ਹਿਆਂ ਵਿਚ ਵੀ ਕੋਵਿਡ ਨੇਮਾਂ ਦੀ ਉਲੰਘਣਾ ਦੀ ਸੂਰਤ ਵਿਚ ਸਖਤੀ ਵਧਾਈ ਜਾ ਸਕਦੀ ਹੈ। ਮੁੱਖ ਮੰਤਰੀ ਨੇ ਰੋਜ਼ਾਨਾ 35 ਹਜ਼ਾਰ ਟੈਸਟ ਕਰਨ ਦੇ ਵੀ ਹੁਕਮ ਦਿੱਤੇ ਹਨ ਅਤੇ ਹਰੇਕ ਪਾਜ਼ੇਟਿਵ ਕੇਸ ਦੇ ਸੰਪਰਕ ਵਿਚ ਆਏ 30 ਵਿਅਕਤੀਆਂ ਦਾ ਟੈਸਟ ਕਰਨ ਲਈ ਕਿਹਾ ਹੈ। ਇਸ ਦੇ ਨਾਲ ਹੀ ਹਸਪਤਾਲਾਂ ‘ਚ ਸਪੈਸ਼ਲਿਸਟਾਂ/ਸੁਪਰ-ਸਪੈਸ਼ਲਿਸਟਾਂ ਦੀ ਭਰਤੀ ਤੁਰਤ ਮੁਕੰਮਲ ਕਰਨ ਦੇ ਵੀ ਨਿਰਦੇਸ਼ ਦਿੱਤੇ ਹਨ। ਚੰਗੀ ਕਾਰਗੁਜ਼ਾਰੀ ਵਾਲੇ ਹਸਪਤਾਲਾਂ ਨੂੰ ਕੋਵਿਡ ਬੈੱਡ ਬਹਾਲ ਕਰਨ ਅਤੇ ਚੋਣਵੀਆਂ ਸਰਜਰੀਆਂ ਮੁਲਤਵੀ ਕਰਨ ਲਈ ਆਖਿਆ ਗਿਆ ਹੈ। ਮੁੱਖ ਮੰਤਰੀ ਨੇ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਦੁਰਗਿਆਣਾ ਮੰਦਰ ਦੇ ਪ੍ਰਬੰਧਕਾਂ ਨਾਲ ਗੱਲਬਾਤ ਕਰਨ ਲਈ ਕਿਹਾ ਹੈ ਤਾਂ ਜੋ ਉਹ ਸਰਧਾਲੂਆਂ ਨੂੰ ਧਾਰਮਿਕ ਅਸਥਾਨਾਂ ਦੇ ਅੰਦਰ ਮਾਸਕ ਪਾਉਣ ਲਈ ਉਤਸ਼ਾਹਿਤ ਕਰਨ। ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੱਧੂ ਨੇ ਇਸ ਮੌਕੇ ਦੱਸਿਆ ਕਿ ਪਹਿਲਾਂ ਸ਼ਹਿਰੀ ਖੇਤਰਾਂ ਵਿਚ ਵਧੇਰੇ ਕੇਸ ਸਾਹਮਣੇ ਆ ਰਹੇ ਸਨ, ਪਰ ਹੁਣ ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿਚ ਬਰਾਬਰ ਮਾਮਲੇ ਸਾਹਮਣੇ ਆ ਰਹੇ ਹਨ।
ਮੁੱਖ ਮੰਤਰੀ ਨੇ ਸਾਰੇ ਪ੍ਰਾਈਵੇਟ ਤੇ ਸਰਕਾਰੀ ਹਸਪਤਾਲਾਂ ਅਤੇ ਸਿਹਤ ਸੰਭਾਲ ਸਹੂਲਤਾਂ ਨੂੰ 31 ਮਾਰਚ ਤੱਕ ਹਫਤੇ ਦੇ ਸੱਤ ਦਿਨ ਰੋਜ਼ਾਨਾ ਘੱਟੋ-ਘੱਟ 8 ਘੰਟੇ ਨਿਰਵਿਘਨ ਟੀਕਾਕਰਨ ਸੇਵਾਵਾਂ ਦੇਣ ਲਈ ਆਖਿਆ ਹੈ। ਉਨ੍ਹਾਂ ਕਿਹਾ ਕਿ ਜੇ 45 ਸਾਲ ਤੋਂ ਵੱਧ ਉਮਰ ਦਾ ਕੋਈ ਵੀ ਯੋਗ ਵਿਅਕਤੀ ਸਹਿ ਬਿਮਾਰੀਆਂ ਸਬੰਧੀ ਮੈਡੀਕਲ ਰਿਕਾਰਡ ਲੈ ਕੇ ਆਉਂਦਾ ਹੈ ਤਾਂ ਹੋਰ ਕਿਸੇ ਵੀ ਵੱਖਰੇ ਸਰਟੀਫਿਕੇਟ ਦੀ ਲੋੜ ਨਾ ਸਮਝੀ ਜਾਵੇ। ਮੁੱਖ ਮੰਤਰੀ ਨੇ ਕੋਵਿਡ ਵੈਕਸੀਨ ਦੀ ਇਕ ਵੀ ਡੋਜ਼ ਦਾ ਪ੍ਰਬੰਧ ਨਾ ਕਰਨ ਵਾਲੀਆਂ 891 ਰਜਿਸਟਰਡ ਪ੍ਰਾਈਵੇਟ ਸਿਹਤ ਸੰਸਥਾਵਾਂ ਖਿਲਾਫ ਸਖਤੀ ਕਰਨ ਲਈ ਕਿਹਾ ਹੈ। ਉਨ੍ਹਾਂ ਸਿਹਤ ਵਿਭਾਗ ਨੂੰ ਨਿਰਦੇਸ਼ ਦਿੱਤੇ ਕਿ ਸਾਰੇ ਫਰੰਟਲਾਈਨ ਵਰਕਰਾਂ ਨੂੰ ਤਰਜੀਹੀ ਅਧਾਰ ‘ਤੇ ਕਵਰ ਕਰਨਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਹਸਪਤਾਲਾਂ ‘ਚ ਬਿਸਤਰਿਆਂ ਦੀ ਸਮਰੱਥਾ ਵਧਾਉਣ ਅਤੇ ਅਗਲੇ ਹੁਕਮਾਂ ਤੱਕ ਚੋਣਵੇਂ ਆਪ੍ਰੇਸ਼ਨਾਂ ਨੂੰ ਅੱਗੇ ਪਾਉਣ ਲਈ ਵੀ ਕਿਹਾ।
____________________________________
ਪੰਜਾਬ ‘ਚ ਐਤਕੀਂ ਕਣਕ ਦੀ ਖਰੀਦ 10 ਅਪਰੈਲ ਤੋਂ
ਚੰਡੀਗੜ੍ਹ: ਪੰਜਾਬ ਸਰਕਾਰ ਨੇ ਕੋਵਿਡ-19 ਦੇ ਦੂਜੇ ਹੱਲੇ ਨੂੰ ਦੇਖਦੇ ਹੋਏ ਐਤਕੀਂ ਕਣਕ ਦੀ ਖਰੀਦ ਦਾ ਕੰਮ 10 ਅਪਰੈਲ ਤੋਂ ਸ਼ੁਰੂ ਕਰਨ ਦਾ ਫੈਸਲਾ ਕੀਤਾ ਹੈ ਜਦੋਂ ਕਿ ਪੰਜਾਬ ਵਿਚ ਕਣਕ ਦੀ ਸਰਕਾਰੀ ਖਰੀਦ ਪਹਿਲੀ ਅਪਰੈਲ ਤੋਂ ਸ਼ੁਰੂ ਹੁੰਦੀ ਹੈ। ਖਰੀਦ ਵਿਚ ਦੇਰੀ ਦਾ ਫੈਸਲਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਕੋਵਿਡ-19 ਸਮੀਖਿਆ ਬੈਠਕ ਵਿਚ ਲਿਆ ਗਿਆ। ਇਸ ਦੌਰਾਨ ਖੁਰਾਕ ਤੇ ਸਪਲਾਈ ਮੰਤਰੀ ਭਾਰਤ ਭੂਸ਼ਨ ਆਸ਼ੂ ਨੇ ਮੁੱਖ ਮੰਤਰੀ ਨੂੰ ‘ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨ ਯੋਜਨਾ` ਵਿਚ ਵਾਧੇ ਲਈ ਪ੍ਰਧਾਨ ਮੰਤਰੀ ਨੂੰ ਪੱਤਰ ਲਿਖਣ ਦੀ ਅਪੀਲ ਕੀਤੀ ਹੈ।