ਦਿੱਲੀ ਗੁਰਦੁਆਰਾ ਚੋਣਾਂ ਲਈ ਮੈਦਾਨ ਭਖਿਆ, ਬਾਦਲਾਂ ਖਿਲਾਫ ਏਕੇ ਦਾ ਸੱਦਾ

ਨਵੀਂ ਦਿੱਲੀ: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ 25 ਅਪਰੈਲ ਨੂੰ ਹੋਣਗੀਆਂ। ਕਮੇਟੀ ਦੀਆਂ ਆਮ ਚੋਣਾਂ ਵਿਚ ਮੁੱਖ ਧਿਰਾਂ ਤੋਂ ਇਲਾਵਾ ਹੋਰ ਨਵੀਆਂ ਧਿਰਾਂ ਵੀ ਆਪਣੀ ਕਿਸਮਤ ਅਜ਼ਮਾਉਣਗੀਆਂ। ਇਸ ਵਾਰ ਸੱਤਾਧਾਰੀ ਧਿਰ ਸ਼੍ਰੋਮਣੀ ਅਕਾਲੀ ਦਲ (ਬਾਦਲ) ਤੋਂ ਇਲਾਵਾ ਵਿਰੋਧੀ ਧਿਰ ਸ਼੍ਰੋਮਣੀ ਅਕਾਲੀ ਦਲ (ਦਿੱਲੀ), ਪੰਥਕ ਸੇਵਾ ਦਲ, ਪੰਥਕ ਅਕਾਲੀ ਲਹਿਰ, ਸਦਭਾਵਨਾ ਦਲ, ਜਾਗੋ ਤੋਂ ਇਲਾਵਾ ਆਮ ਅਕਾਲੀ ਦਲ ਵੀ ਚੋਣ ਮੈਦਾਨ ਵਿਚ ਨਿੱਤਰ ਰਿਹਾ ਹੈ।

ਛੇ ਸਾਲ ਇਕੱਠੇ ਰਹੇ ਮੌਜੂਦਾ ਪ੍ਰਧਾਨ ਮਨਜਿੰਦਰ ਸਿੰਘ ਤੇ ਗੋਲਕ ਚੋਰੀ ਦੇ ਦੋਸ਼ਾਂ ਹੇਠ ਪ੍ਰਧਾਨਗੀ ਤੋਂ ਪਾਸੇ ਹੋਏ ਮਨਜੀਤ ਸਿੰਘ ਇਕ-ਦੂਜੇ ਦਾ ਸਾਹਮਣਾ ਕਰਨਗੇ। ਦੋਵਾਂ ਧਿਰਾਂ ਵਿਚ ਬੀਤੇ 3 ਮਹੀਨਿਆਂ ਤੋਂ ਇਕ ਦੂਜੇ ਦੇ ਆਗੂਆਂ ਨੂੰ ਖਿੱਚਣ ਦੀ ਦੌੜ ਲੱਗੀ ਹੋਈ ਸੀ। ਸ਼੍ਰੋਮਣੀ ਅਕਾਲੀ ਦਲ (ਦਿੱਲੀ) ਦੇ ਆਗੂਆਂ ਨੇ ਵੀ ਚੋਣਾਂ ਦਾ ਐਲਾਨ ਹੁੰਦੇ ਹੀ ਵਫ਼ਾਦਾਰੀਆਂ ਬਦਲਣ ਦਾ ਸਿਲਸਿਲਾ ਸ਼ੁਰੂ ਕਰ ਦਿੱਤਾ ਹੈ। ਮਨਜਿੰਦਰ ਸਿੰਘ ਸਿਰਸਾ ਨੇ ਆਪਣੇ ਕਾਰਜਕਾਲ ਦੇ ਦੋ ਸਾਲਾਂ ਦੌਰਾਨ ਕੀਤੇ ਕਾਰਜਾਂ ਨੂੰ ਅਧਾਰ ਬਣਾ ਕੇ ਚੋਣ ਪ੍ਰਚਾਰ ਮਘਾ ਦਿੱਤਾ ਹੈ।
ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਅਤੇ ਪੰਥਕ ਅਕਾਲੀ ਲਹਿਰ ਦੇ ਪ੍ਰਧਾਨ ਜਥੇਦਾਰ ਰਣਜੀਤ ਸਿੰਘ ਨੇ ਕਿਹਾ ਕਿ ਦਿੱਲੀ ਵਿਚ ਹੋ ਰਹੀਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਵਿਚ ਪੰਥਕ ਅਕਾਲੀ ਲਹਿਰ, ਸਰਨਾ ਗੁੱਟ ਨਾਲ ਗੱਠਜੋੜ ਕਰ ਕੇ ਚੋਣਾਂ ਲੜੇਗਾ ਅਤੇ ਜਿੱਤ ਪ੍ਰਾਪਤ ਕਰੇਗਾ। ਜਥੇਦਾਰ ਰਣਜੀਤ ਸਿੰਘ ਨੇ ਕਿਹਾ ਕਿ ਬਾਦਲ ਪਰਿਵਾਰ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਹਮੇਸ਼ਾ ਦੁਰਵਰਤੋਂ ਕੀਤੀ ਗਈ ਅਤੇ ਉਨ੍ਹਾਂ ਦਾ ਮੁੱਖ ਏਜੰਡਾ ਬਾਦਲਾਂ ਤੋਂ ਕਮੇਟੀ ਨੂੰ ਮੁਕਤ ਕਰਵਾਉਣਾ ਹੈ। ਉਨ੍ਹਾਂ ਕਿਹਾ ਕਿ ਦਿੱਲੀ ਵਿਚ ਸ਼੍ਰੋਮਣੀ ਕਮੇਟੀ ਦੀਆਂ 46 ਸੀਟਾਂ ਲਈ ਪਰਮਜੀਤ ਸਰਨਾ ਨਾਲ ਗੱਲਬਾਤ ਕੀਤੀ ਜਾਵੇਗੀ। ਉਨ੍ਹਾਂ ਸੰਗਤ ਨੂੰ ਅਪੀਲ ਕੀਤੀ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਬੰਧ ਸੁਚੱਜੇ ਹੱਥਾਂ ਵਿਚ ਦੇਣ ਲਈ ਉਹ ਯੋਗ ਉਮੀਦਵਾਰਾਂ ਨੂੰ ਜਿਤਾਉਣ।
ਇਨ੍ਹਾਂ ਚੋਣਾਂ ਵਿਚ ਹਿੱਸਾ ਲੈਣ ਲਈ ਸ਼੍ਰੋਮਣੀ ਅਕਾਲੀ ਦਲ (ਬਾਦਲ) ਨੂੰ ਬਾਲਟੀ ਚੋਣ ਨਿਸ਼ਾਨ ਦਿੱਲੀ ਹਾਈ ਕੋਰਟ ਵੱਲੋਂ ਅਲਾਟ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਦਿੱਲੀ ਸਰਕਾਰ ਵੱਲੋਂ ਜਾਰੀ ਨੋਟੀਫਿਕੇਸ਼ਨ ਤਹਿਤ ਬਾਦਲ ਧੜੇ ਨੂੰ ਧਾਰਮਿਕ ਸੰਸਥਾ ਨਾ ਮੰਨਦੇ ਹੋਏ ਸ਼੍ਰੋਮਣੀ ਅਕਾਲੀ ਦਲ ਦਾ ਨਾਮ ਚੋਣ ਲੜਨ ਵਾਲੀ ਸੂਚੀ ਵਿਚੋਂ ਹਟਾ ਦਿੱਤਾ ਗਿਆ ਸੀ। ਉਂਜ 6 ਧੜਿਆਂ ਨੂੰ ਧਾਰਮਿਕ ਧਿਰ ਮੰਨਦੇ ਹੋਏ ਚੋਣ ਨਿਸ਼ਾਨ ਅਲਾਟ ਕਰ ਦਿੱਤੇ ਗਏ ਸਨ। ਦਿੱਲੀ ਸਰਕਾਰ ਦੇ ਗੁਰਦੁਆਰਾ ਚੋਣ ਡਾਇਰੈਕਟੋਰੇਟ ਵੱਲੋਂ ਜਾਰੀ ਨੋਟੀਫਿਕੇਸ਼ਨ ਤਹਿਤ ਐਕਟ-1974 ਦੇ ਨਿਯਮ 14 ਹੇਠ ਪੰਥਕ ਸੇਵਾ ਦਲ, ਆਮ ਅਕਾਲੀ ਦਲ, ਜਾਗੋ-ਜਗ ਆਸਰਾ ਗੁਰੂ ਓਟ (ਜਥੇਦਾਰ ਸੰਤੋਖ ਸਿੰਘ), ਪੰਥਕ ਅਕਾਲੀ ਲਹਿਰ, ਸਿੱਖ ਸਦਭਾਵਨਾ ਦਲ ਅਤੇ ਸ਼੍ਰੋਮਣੀ ਅਕਾਲੀ ਦਲ (ਦਿੱਲੀ) ਨੂੰ ਧਾਰਮਿਕ ਧਿਰ ਮੰਨਿਆ ਗਿਆ ਹੈ। ਸ਼੍ਰੋਮਣੀ ਅਕਾਲੀ ਦਲ ਦਾ ਨਾਮ ਧਾਰਮਿਕ ਧਿਰ ਵਾਲੀ ਸੂਚੀ ਵਿਚ ਸ਼ਾਮਲ ਨਹੀਂ ਕੀਤਾ ਗਿਆ ਸੀ। ਦਿੱਲੀ ਕਮੇਟੀ ਦੀ ਲੀਗਲ ਸੈੱਲ ਦੇ ਚੇਅਰਮੈਨ ਜਗਦੀਪ ਸਿੰਘ ਕਾਹਲੋਂ ਨੇ ਦੱਸਿਆ ਕਿ ਹਾਈ ਕੋਰਟ ਨੇ ਧਾਰਮਿਕ ਪਾਰਟੀ ਦੀ ਪਰਿਭਾਸ਼ਾ ਬਾਰੇ ਵਿਰੋਧੀ ਧਿਰ ਅਤੇ ਦਿੱਲੀ ਸਰਕਾਰ ਤੋਂ ਜਾਣਕਾਰੀ ਮੰਗੀ ਸੀ। ਦਿੱਲੀ ਸਰਕਾਰ ਨੇ 10 ਮਾਰਚ ਨੂੰ ਹਲਫੀਆ ਬਿਆਨ ਦੇ ਕੇ ਦੱਸਿਆ ਸੀ ਕਿ ਬਾਲਟੀ ਚੋਣ ਨਿਸ਼ਾਨ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਉਮੀਦਵਾਰਾਂ ਨੂੰ ਅਲਾਟ ਕੀਤਾ ਹੋਇਆ ਹੈ। ਦਿੱਲੀ ਕਮੇਟੀ (ਡੀ.ਐਸ.ਜੀ.ਐਮ.ਸੀ.) ਦੀਆਂ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖਲ ਕਰਨ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ। ਨਾਮਜ਼ਦਗੀ ਪੱਤਰਾਂ ਦੀ ਪੜਤਾਲ 8 ਅਪਰੈਲ ਨੂੰ ਕੀਤੀ ਜਾਵੇਗੀ ਅਤੇ ਉਮੀਦਵਾਰ 10 ਅਪਰੈਲ ਤੱਕ ਨਾਮ ਵਾਪਸ ਲੈ ਸਕਦੇ ਹਨ। ਵੋਟਾਂ ਦੀ ਗਿਣਤੀ 28 ਅਪਰੈਲ ਨੂੰ ਕੀਤੀ ਜਾਵੇਗੀ।
_________________________________________
ਬਾਦਲਾਂ ਨੂੰ ਲਾਂਭੇ ਕਰਨ ਲਈ ਵਿਰੋਧੀ ਇਕੱਠੇ ਹੋਣ: ਢੀਂਡਸਾ
ਜੈਤੋ: ਸ਼੍ਰੋਮਣੀ ਅਕਾਲੀ ਦਲ (ਡੈਮੋਕ੍ਰੈਟਿਕ) ਦੇ ਪ੍ਰਧਾਨ ਅਤੇ ਸਾਬਕਾ ਸੰਸਦ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਤੋਂ ਬਾਦਲ ਦਲ ਨੂੰ ਖਦੇੜਣ ਲਈ ਗੁਰਦੁਆਰਾ ਚੋਣਾਂ ਵਿਚ ਮਨਜੀਤ ਸਿੰਘ ਜੀਕੇ ਨੂੰ ਸਰਨਾ ਭਰਾਵਾਂ ਅਤੇ ਭਾਈ ਰਣਜੀਤ ਸਿੰਘ ਵਾਲੇ ਗੱਠਜੋੜ ਵਿਚ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ। ਪਿੰਡ ਦਬੜ੍ਹੀਖਾਨਾ ‘ਚ ਜਨਤਕ ਇਕੱਠ ਦੌਰਾਨ ਢੀਂਡਸਾ ਨੇ ਸੁਖਬੀਰ ਸਿੰਘ ਬਾਦਲ ‘ਤੇ ਤਾਨਸ਼ਾਹ ਬਣ ਕੇ ਸ਼੍ਰੋਮਣੀ ਅਕਾਲੀ ਦਲ ਦੀਆਂ ਜਮਹੂਰੀ ਕਦਰਾਂ-ਕੀਮਤਾਂ ਛਿੱਕੇ ਟੰਗਣ ਦਾ ਦੋਸ਼ ਲਾਇਆ। ਉਨ੍ਹਾਂ ਕਿਹਾ ਕਿ ਸੁਖਬੀਰ ਬਾਦਲ ਨੇ ਹਾਲੇ ਤੱਕ ਸਪੱਸ਼ਟ ਨਹੀਂ ਕੀਤਾ ਕਿ ਡੇਰਾ ਸਿਰਸਾ ਦੇ ਮੁਖੀ ਨੂੰ ਤਖ਼ਤਾਂ ਦੇ ਜਥੇਦਾਰਾਂ ਤੋਂ ਮੁਆਫ ਕਿਉਂ ਕਰਾਇਆ ਗਿਆ ਅਤੇ ਇਹ ਸੌਦਾ ਕਿੱਥੇ ਤੈਅ ਹੋਇਆ। 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ‘ਚ ਤੀਜੇ ਫਰੰਟ ਦੀ ਕਾਇਮੀ ਦੀ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਅਕਾਲੀ ਦਲ (ਡੈਮੋਕ੍ਰੈਟਿਕ) ਵੱਲੋਂ ਅਕਾਲੀ ਦਲ (ਬਾਦਲ), ਭਾਜਪਾ ਤੇ ਕਾਂਗਰਸ ਤੋਂ ਇਲਾਵਾ ਕਿਸੇ ਵੀ ਸਿਆਸੀ ਧਿਰ ਨਾਲ ਗੱਠਜੋੜ ਕੀਤਾ ਜਾ ਸਕਦਾ ਹੈ।
_______________________________________
ਕੇਂਦਰ ਤੇ ‘ਆਪ` ਦੀਆਂ ਕੋਝੀਆਂ ਚਾਲਾਂ ਨਾਕਾਮ: ਸੁਖਬੀਰ
ਲੰਬੀ: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ‘ਚ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਨੂੰ ਚੋਣ ਨਿਸ਼ਾਨ ‘ਬਾਲਟੀ‘ ਅਲਾਟ ਹੋਣ ‘ਤੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸੋਸ਼ਲ ਮੀਡੀਆ ‘ਤੇ ਕਿਹਾ ਕਿ ਕੇਂਦਰ ਸਰਕਾਰ ਅਤੇ ਦਿੱਲੀ ਦੀ ਆਮ ਆਦਮੀ ਪਾਰਟੀ ਸਰਕਾਰ ਦੀਆਂ ਲੋਕਤੰਤਰੀ ਪ੍ਰਣਾਲੀ ਦੇ ਘਾਣ ਕਰਨ ਅਤੇ ਸ਼੍ਰੋਮਣੀ ਅਕਾਲੀ ਦਲ ਨੂੰ ਦਿੱਲੀ ਕਮੇਟੀ ਦੀਆਂ ਚੋਣਾਂ ਲੜਨ ਤੋਂ ਰੋਕਣ ਲਈ ਚੱਲੀਆਂ ਸਾਰੀਆਂ ਕੋਝੀਆਂ ਚਾਲਾਂ ਨਾਕਾਮ ਹੋ ਗਈਆਂ ਹਨ। ਇਸ ਤੋਂ ਪਹਿਲਾਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਨੂੰ ਚੋਣ ਨਿਸ਼ਾਨ ਅਲਾਟ ਨਾ ਕੀਤੇ ਜਾਣ ‘ਤੇ ਸੁਖਬੀਰ ਸਿੰਘ ਬਾਦਲ ਨੇ ਅਗਲੀ ਰਣਨੀਤੀ ਬਣਾਉਣ ਲਈ ਅਕਾਲੀ ਦਲ ਦੀ ਕੋਰ ਕਮੇਟੀ ਦੀ ਮੀਟਿੰਗ ਸੱਦ ਲਈ ਸੀ।