ਸੰਘ ਖਿਲਾਫ ਮਤੇ ਪਿੱਛੋਂ ਸ਼੍ਰੋਮਣੀ ਕਮੇਟੀ ਤੇ ਭਾਜਪਾ ਦਰਮਿਆਨ ਵਿਵਾਦ ਭਖਿਆ

ਅੰਮ੍ਰਿਤਸਰ: ਸ਼੍ਰੋਮਣੀ ਕਮੇਟੀ ਵੱਲੋਂ ਬਜਟ ਇਜਲਾਸ ਦੌਰਾਨ ਆਰ.ਐਸ.ਐਸ. (ਰਾਸ਼ਟਰੀ ਸਵੈਮ ਸੇਵਕ ਸੰਘ) ਖਿਲਾਫ ਪਾਸ ਕੀਤੇ ਮਤੇ ਪਿੱਛੋਂ ਸ਼੍ਰੋਮਣੀ ਕਮੇਟੀ ਅਤੇ ਭਾਜਪਾ ਵਿਚਾਲੇ ਵਿਵਾਦ ਭਖ ਗਿਆ ਹੈ। ਸ਼੍ਰੋਮਣੀ ਕਮੇਟੀ ਦੇ ਜਨਰਲ ਹਾਊਸ ਨੇ ਸੰਘ ਖਿਲਾਫ ਮਤਾ ਪਾਸ ਕਰਕੇ ਦੋਸ਼ ਲਾਇਆ ਸੀ ਕਿ ਉਹ ਹਿੰਦੂ ਰਾਸ਼ਟਰ ਬਣਾਉਣ ਦੀਆਂ ਕੋਸ਼ਿਸ਼ਾਂ ਕਰ ਰਿਹਾ ਹੈ। ਇਸ ਮਤੇ ਤੋਂ ਬਾਅਦ ਭਾਜਪਾ ਨੇ ਦੋਸ਼ ਲਾਇਆ ਸੀ ਕਿ ਸ਼੍ਰੋਮਣੀ ਕਮੇਟੀ ਸਿੱਖਾਂ ਨੂੰ ਇਸਾਈ ਧਰਮ ਵਿਚ ਜਾਣ ਤੋਂ ਰੋਕਣ ਵਿਚ ਨਾਕਾਮ ਰਹੀ ਹੈ ਅਤੇ ਆਪਣੀ ਨਾਕਾਮੀ ਨੂੰ ਛੁਪਾਉਣ ਲਈ ਹਿੰਦੂ ਰਾਸ਼ਟਰ ਦਾ ਢਿੰਡੋਰਾ ਪਿੱਟ ਰਹੀ ਹੈ।

ਭਾਜਪਾ ਦੇ ਬੁਲਾਰੇ ਆਰ.ਪੀ. ਸਿੰਘ ਵੱਲੋਂ ਸ਼੍ਰੋਮਣੀ ਕਮੇਟੀ ਦੇ ਇਸ ਮਤੇ ਖਿਲਾਫ ਦਿੱਤੇ ਬਿਆਨ ਤੋਂ ਬਾਅਦ ਸ਼੍ਰੋਮਣੀ ਕਮੇਟੀ ਨੇ ਸਖਤ ਪ੍ਰਤੀਕਿਰਿਆ ਜ਼ਾਹਿਰ ਕਰਦਿਆਂ ਕਿਹਾ ਕਿ ਭਾਜਪਾ ਆਗੂ ਦਾ ਇਹ ਬਿਆਨ ਬੇਹੱਦ ਗੈਰ-ਜ਼ਿੰਮੇਵਾਰਾਨਾ ਅਤੇ ਨਾ-ਸਮਝੀ ਦਾ ਸਬੂਤ ਹੈ। ਸੰਸਥਾ ਦੇ ਵਧੀਕ ਸਕੱਤਰ ਸੁਖਦੇਵ ਸਿੰਘ ਭੂਰਾਕੋਹਨਾ ਨੇ ਕਿਹਾ ਕਿ ਇਕ ਸਿੱਖ ਹੋਣ ਦੇ ਨਾਤੇ ਆਰ.ਪੀ. ਸਿੰਘ ਨੂੰ ਇਹ ਇਲਮ ਹੋਣਾ ਚਾਹੀਦਾ ਹੈ ਕਿ ਸਿੱਖ ਧਰਮ ਸਰਬ-ਸਾਂਝੀਵਾਲਤਾ ਦਾ ਮੁਦਈ ਹੈ ਜਿਸ ਵਿਚ ਸਾਰੇ ਮਨੁੱਖਾਂ ਨੂੰ ਇਕ ਅਕਾਲ ਪੁਰਖ ਦੀ ਸੰਤਾਨ ਸਮਝਿਆ ਜਾਂਦਾ ਹੈ ਅਤੇ ਦੇਸ਼, ਸਮਾਜ ਅੰਦਰ ਊਚ-ਨੀਚ, ਜਾਤ-ਪਾਤ, ਅਮੀਰ-ਗਰੀਬ ਦੇ ਪਾੜੇ ਮਿਟਾ ਕੇ ਸਭ ਨਾਲ ਪਿਆਰ ਕਰਨ ਦਾ ਸੰਦੇਸ਼ ਦਿੱਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਭਾਜਪਾ ਆਗੂ ਨੇ ਜੇ ਇਤਿਹਾਸ ਨਹੀਂ ਪੜ੍ਹਿਆ ਤਾਂ ਇਕ ਵਾਰ ਪੜ੍ਹ ਲੈਣਾ ਚਾਹੀਦਾ ਹੈ। ਜਦੋਂ ਮੁਗਲ ਬਾਦਸ਼ਾਹ ਔਰੰਗਜ਼ੇਬ ਭਾਰਤ ਨੂੰ ਇਸਲਾਮ ਦੀ ਧਰਤੀ ਬਣਾ ਰਿਹਾ ਸੀ ਅਤੇ ਉਸ ਵੇਲੇ ਹਿੰਦੂ ਧਰਮ ਖਤਰੇ ਵਿਚ ਸੀ ਤਾਂ ਕਸ਼ਮੀਰੀ ਪੰਡਿਤਾਂ ਦੀ ਪੁਕਾਰ ਸੁਣ ਕੇ ਹਿੰਦੂ ਧਰਮ ਦੀ ਅਜ਼ਾਦੀ ਲਈ ਗੁਰੂ ਤੇਗ ਬਹਾਦਰ ਸਾਹਿਬ ਨੇ ਆਪ ਦਿੱਲੀ ਜਾ ਕੇ ਸ਼ਹਾਦਤ ਦਿੱਤੀ ਸੀ। ਅੱਜ ਭਾਜਪਾ ਅਤੇ ਆਰ.ਐਸ.ਐਸ. ਦੇ ਰਾਜ ਵਿਚ ਵੀ ਘੱਟ ਗਿਣਤੀ ਧਰਮ ਆਪਣੇ ਆਪ ਨੂੰ ਖਤਰੇ ਅਤੇ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ ਕਿਉਂਕਿ ਮੌਜੂਦਾ ਹੁਕਮਰਾਨ ਮੁਗਲ ਬਾਦਸ਼ਾਹ ਦੀਆਂ ਪੈੜਾਂ ਉਪਰ ਚੱਲ ਰਹੇ ਹਨ। ਫਰਕ ਸਿਰਫ ਇੰਨਾ ਹੈ ਕਿ ਉਹ ਭਾਰਤ ਨੂੰ ਇਸਲਾਮੀ ਮੁਲਕ ਬਣਾਉਣਾ ਚਾਹੁੰਦਾ ਸੀ ਅਤੇ ਇਹ ਹਿੰਦੂ ਰਾਸ਼ਟਰ ਬਣਾਉਣ ਦੇ ਚਾਹਵਾਨ ਹਨ।
ਦੱਸਣਯੋਗ ਹੈ ਕਿ ਸ਼੍ਰੋਮਣੀ ਕਮੇਟੀ ਨੇ ਆਪਣੇ ਮਤੇ ਵਿਚ ਦੁੱਖ ਦਾ ਪ੍ਰਗਟਾਵਾ ਕਰਦਿਆਂ ਆਰ.ਐਸ.ਐਸ. ‘ਤੇ ਦੋਸ਼ ਲਾਇਆ ਸੀ ਕਿ ਦੇਸ਼ ਨੂੰ ਹਿੰਦੂ ਰਾਸ਼ਟਰ ਬਣਾਉਣ ਦੀਆਂ ਕੋਸ਼ਿਸ਼ਾਂ ਦੇ ਮੱਦੇਨਜ਼ਰ ਦੂਜੇ ਧਰਮਾਂ ਦੀ ਧਾਰਮਿਕ ਆਜ਼ਾਦੀ ਨੂੰ ਦਬਾਇਆ ਜਾ ਰਿਹਾ ਹੈ।
__________________________________________
ਭਾਜਪਾ ‘ਤੇ ਘੱਟ ਗਿਣਤੀਆਂ ਨੂੰ ਨਿਸ਼ਾਨਾ ਬਣਾਉਣ ਦੇ ਦੋਸ਼
ਸ਼੍ਰੋਮਣੀ ਕਮੇਟੀ ਨੇ ਦੋਸ਼ ਲਾਇਆ ਕਿ ਭਾਜਪਾ ਦੂਜਿਆਂ ਦਾ ਧਰਮ, ਸੱਭਿਆਚਾਰ, ਭਾਸ਼ਾ ਆਦਿ ਕੁਝ ਵੀ ਬਰਦਾਸ਼ਤ ਨਹੀਂ ਕਰ ਰਹੀ। ਇਨ੍ਹਾਂ ਵੱਲੋਂ ਆਏ ਦਿਨ ਸਿੱਖ ਧਰਮ ਦੇ ਇਤਿਹਾਸ ਅਤੇ ਸਿਧਾਂਤਾਂ ਨਾਲ ਲੁਕਵੇਂ ਰੂਪ ਵਿਚ ਛੇੜ-ਛਾੜ ਕੀਤੀ ਜਾ ਰਹੀ ਹੈ। ਅੱਜ ਜਦੋਂ ਸਮੁੱਚਾ ਸਿੱਖ ਜਗਤ ਗੁਰੂ ਤੇਗ ਬਹਾਦਰ ਦਾ 400 ਸਾਲਾ ਪ੍ਰਕਾਸ਼ ਪੁਰਬ ਮਨਾ ਰਿਹਾ ਹੈ ਤਾਂ ਅਜਿਹੇ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਪਾਸ ਕੀਤਾ ਇਹ ਮਤਾ ਦੇਸ਼ ਦੀ ਏਕਤਾ ਅਤੇ ਅਖੰਡਤਾ ਦੇ ਹੱਕ ਵਿਚ ਹੈ। ਸ਼੍ਰੋਮਣੀ ਕਮੇਟੀ ਸਿੱਖ ਧਰਮ ਦੀਆਂ ਭਾਵਨਾਵਾਂ ਦੀ ਤਰਜਮਾਨੀ ਕਰਦੀ ਹੈ ਅਤੇ ਇਹ ਮਤਾ ਸਮੁੱਚੀ ਸਿੱਖ ਕੌਮ ਦੀ ਸਾਂਝੀ ਆਵਾਜ਼ ਹੈ। ਉਨ੍ਹਾਂ ਕਿਹਾ ਕਿ ਭਾਜਪਾ ਵੱਲੋਂ ਦੂਜੇ ਧਰਮਾਂ ਵਿਚ ਬੇਲੋੜੀ ਦਖਲਅੰਦਾਜ਼ੀ ਕਰਕੇ ਘੱਟ ਗਿਣਤੀਆਂ ਨੂੰ ਡਰਾਇਆ ਧਮਕਾਇਆ ਜਾ ਰਿਹਾ ਹੈ।
__________________________________________
ਸ਼੍ਰੋਮਣੀ ਕਮੇਟੀ ਝੂਠ ਘੜਦੀ ਰਹਿੰਦੀ: ਭਾਜਪਾ ਆਗੂ
ਨਵੀਂ ਦਿੱਲੀ: ਭਾਜਪਾ ਆਗੂ ਨੇ ਕਿਹਾ ਕਿ ਆਪਣੀ ਨਾਕਾਮੀ ਨੂੰ ਛਿਪਾਉਣ ਲਈ ਸ਼੍ਰੋਮਣੀ ਕਮੇਟੀ ਹਿੰਦੂ ਰਾਸ਼ਟਰ ਦਾ ਝੂਠਾ ਫਰੇਬ ਘੜਦੀ ਰਹਿੰਦੀ ਹੈ। ਉਨ੍ਹਾਂ ਸ਼੍ਰੋਮਣੀ ਕਮੇਟੀ ਦੀ ਪ੍ਰਧਾਨ ਨੂੰ ਚੁਣੌਤੀ ਦਿੱਤੀ ਕਿ ਉਹ ਅਜਿਹਾ ਇਕ ਵੀ ਕੇਸ ਪੇਸ਼ ਕਰਨ ਜਿਸ ‘ਚ ਸਿੱਖਾਂ ਨੂੰ ਭਰਮਾ ਕੇ ਹਿੰਦੂ ਬਣਾਇਆ ਗਿਆ ਹੋਵੇ। ਭਾਜਪਾ ਤਰਜਮਾਨ ਆਰ.ਪੀ. ਸਿੰਘ ਨੇ ਸ਼੍ਰੋਮਣੀ ਕਮੇਟੀ ਵੱਲੋਂ ਆਰ.ਐਸ.ਐਸ. ਖਿਲਾਫ ਮਤਾ ਪਾਸ ਕੀਤੇ ਜਾਣ ‘ਤੇ ਕਿਹਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੀ ਛਤਰ ਛਾਇਆ ਹੇਠਲੀ ਸ਼੍ਰੋਮਣੀ ਕਮੇਟੀ ਸਿੱਖਾਂ ਨੂੰ ਈਸਾਈ ਬਣਨ ਤੋਂ ਰੋਕਣ ‘ਚ ਨਾਕਾਮ ਰਹੀ ਹੈ ਜਦਕਿ ਸੰਘ ਨੇ ਧਰਮ ਪਰਿਵਰਤਨ ਕਰਨ ਵਾਲਿਆਂ ਦੀ ‘ਘਰ ਵਾਪਸੀ‘ ਦਾ ਪ੍ਰੋਗਰਾਮ ਚਲਾਇਆ ਸੀ। ਸ਼੍ਰੋਮਣੀ ਕਮੇਟੀ ਦੇ ਜਨਰਲ ਹਾਊਸ ਨੇ ਸੰਘ ਖਿਲਾਫ ਮਤਾ ਪਾਸ ਕਰਕੇ ਦੋਸ਼ ਲਾਇਆ ਸੀ ਕਿ ਉਹ ਹਿੰਦੂ ਰਾਸ਼ਟਰ ਬਣਾਉਣ ਦੀਆਂ ਕੋਸ਼ਿਸ਼ਾਂ ਕਰ ਰਿਹਾ ਹੈ।