ਮੁਲਾਜ਼ਮ ਜਥੇਬੰਦੀਆਂ ਵੀ ਕਿਸਾਨਾਂ ਦੇ ਸੰਘਰਸ਼ ‘ਚ ਕੁੱਦੀਆਂ, ਸਰਕਾਰ ਲਈ ਵੱਡੀ ਚੁਣੌਤੀ

ਚੰਡੀਗੜ੍ਹ: ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ਵੱਲੋਂ ਸਵਾ ਸੌ ਤੋਂ ਵਧ ਥਾਵਾਂ ‘ਤੇ ਚੱਲ ਰਹੇ ਧਰਨਿਆਂ ਦੌਰਾਨ ਕਿਸਾਨਾਂ ਨੇ ਸੰਘਰਸ਼ੀ ਮੋਰਚਿਆਂ ‘ਤੇ ਡਟੇ ਰਹਿਣ ਦਾ ਅਹਿਦ ਲਿਆ। ਟੌਲ ਪਲਾਜ਼ਿਆਂ, ਰਿਲਾਇੰਸ ਪੰਪਾਂ, ਰੇਲਵੇ ਪਾਰਕਾਂ ਅਤੇ ਭਾਜਪਾ ਆਗੂਆਂ ਦੇ ਘਰਾਂ ਸਾਹਮਣੇ ਜਾਰੀ ਧਰਨਿਆਂ ‘ਚ ਗਿਣਤੀ ਬਰਕਰਾਰ ਰੱਖਦਿਆਂ ਕਿਸਾਨਾਂ ਨੇ ਕੇਂਦਰ ਸਰਕਾਰ ਤੋਂ ਕਾਨੂੰਨ ਰੱਦ ਕਰਨ ਦੀ ਮੰਗ ਕੀਤੀ। ਇਸੇ ਦੌਰਾਨ ਕਿਸਾਨੀ ਅੰਦੋਲਨ ਨੂੰ ਮਘਦਾ ਰੱਖਣ ਲਈ ਮੁਲਾਜ਼ਮਾਂ ਦੇ ਜਥੇ ਦਿੱਲੀ ਧਰਨਿਆਂ ‘ਚ ਸ਼ਮੂਲੀਅਤ ਕਰ ਰਹੇ ਹਨ।

ਮੁਲਾਜ਼ਮ ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਹਾੜ੍ਹੀ ਦੀ ਵਾਢੀ ਦੌਰਾਨ ਮੋਰਚਿਆਂ ‘ਚ ਮੁਲਾਜ਼ਮ ਹਾਜ਼ਰੀ ਭਰਨਗੇ।
ਸੰਯੁਕਤ ਮੋਰਚੇ ‘ਚ ਸ਼ਾਮਲ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਕਿਸਾਨੀ ਸੰਘਰਸ਼ ਸ਼ੁਰੂ ਹੋਣ ਵੇਲੇ ਤੋਂ ਹੀ ਸਰਕਾਰ ਦੀਆਂ ਸਾਜ਼ਿਸ਼ਾਂ ਦਾ ਦੌਰ ਸ਼ੁਰੂ ਹੋ ਗਿਆ ਸੀ ਪਰ ਇਨ੍ਹਾਂ ਸਾਜ਼ਿਸ਼ਾਂ ਦਾ ਜਵਾਬ ਕਿਸਾਨਾਂ ਵੱਲੋਂ ਲੋਕ ਪੱਖੀ ਪੈਂਤੜਿਆਂ ਨਾਲ ਦਿੱਤਾ ਗਿਆ। ਉਨ੍ਹਾਂ ਕਿਹਾ ਪਿਛਲੇ ਸਾਲਾਂ ਦੌਰਾਨ ਕਣਕ ਦੀ ਖਰੀਦ ਪਹਿਲੀ ਅਪਰੈਲ ਤੋਂ ਸ਼ੁਰੂ ਹੋ ਜਾਂਦੀ ਸੀ ਪਰ ਇਸ ਵਾਰ 10 ਦਿਨ ਲੇਟ ਹੋਣ ਕਾਰਨ ਕਿਸਾਨ ਕਣਕ ਦੀ ਵਾਢੀ ਨਹੀਂ ਕਰ ਰਹੇ।
ਭਾਵੇਂ ਥੋੜੀ-ਬਹੁਤੀ ਕਣਕ ਦੀ ਵਾਢੀ ਦਾ ਕੰਮ ਸ਼ੁਰੂ ਹੋਣ ‘ਤੇ ਫਸਲ ਮੰਡੀਆਂ ਵਿਚ ਪੁੱਜਣੀ ਸ਼ੁਰੂ ਹੋ ਗਈ ਹੈ ਪਰ ਖਰੀਦ ਵਿਚ ਹੋ ਰਹੀ ਦੇਰੀ ਕਾਰਨ ਕਿਸਾਨ ਪਰੇਸ਼ਾਨ ਹਨ। ਕਿਸਾਨਾਂ ਦਾ ਕਹਿਣਾ ਹੈ ਕਿ ਫਸਲ ਪੱਕ ਕੇ ਬਿਲਕੁਲ ਤਿਆਰ ਹੋ ਚੁੱਕੀ ਹੈ ਪਰ ਖਰੀਦ ਲੇਟ ਹੋਣ ਕਾਰਨ ਵਾਢੀ ਨਹੀਂ ਕੀਤੀ ਜਾ ਰਹੀ। ਉਨ੍ਹਾਂ ਕਿਹਾ ਕਿ ਜੇ ਉਹ ਪੱਕੀ ਫਸਲ ਦੀ ਵਾਢੀ ਨਹੀਂ ਕਰਦੇ ਤਾਂ ਮੌਸਮ ਦੇ ਬਦਲਦੇ ਮਿਜ਼ਾਜ ਅਤੇ ਅੱਗ ਵਰਗੀਆਂ ਘਟਨਾਵਾਂ ਨਾਲ ਵੱਡਾ ਨੁਕਸਾਨ ਹੋ ਸਕਦਾ ਹੈ। ਜੇ ਉਹ ਕਣਕ ਵੱਢ ਕੇ ਆਪਣੇ ਘਰਾਂ ਵਿਚ ਸੁੱਟਦੇ ਹਨ ਤਾਂ ਢੋਆ-ਢੁਆਈ ਦਾ ਵਾਧੂ ਖਰਚਾ ਸਹਿਣਾ ਪਵੇਗਾ। ਕਿਸਾਨਾਂ ਦਾ ਕਹਿਣਾ ਹੈ ਕਿ ਇਸ ਵਾਰ ਤਾਪਮਾਨ ਦੇ ਵਾਧੇ ਕਾਰਨ ਕਣਕ ਦੀ ਫਸਲ ਵੀ ਪਿਛਲੇ ਸਾਲਾਂ ਨਾਲੋਂ ਤਕਰੀਬਨ 10 ਦਿਨ ਪਹਿਲਾਂ ਹੀ ਪੱਕ ਕੇ ਤਿਆਰ ਹੋ ਗਈ ਹੈ, ਜਿਸ ਕਰ ਕੇ ਖਰੀਦ ਪਹਿਲੀ ਅਪਰੈਲ ਤੋਂ ਹੀ ਸ਼ੁਰੂ ਹੋਣੀ ਚਾਹੀਦੀ ਸੀ।
ਕਿਸਾਨ ਆਗੂਆਂ ਨੇ ਧਰਨਿਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਰਕਾਰ ਸਿੱਧੀ ਅਦਾਇਗੀ ਦੇ ਨਾਂ ‘ਤੇ ਕਿਸਾਨ ਘੋਲ ਨੂੰ ਢਾਹ ਲਾਉਣਾ ਚਾਹੁੰਦੀ ਹੈ। ਖਰੀਦ ਸੀਜ਼ਨ ਮੌਕੇ ਅਜਿਹੀਆਂ ਚਾਲਾਂ ਰਾਹੀਂ ਸਰਕਾਰ ਕਿਸਾਨਾਂ ਤੇ ਆੜ੍ਹਤੀਆਂ ਵਿਚਾਲੇ ਪਾੜਾ ਪਾਉਣਾ ਚਾਹੁੰਦੀ ਹੈ ਪਰ ਸਰਕਾਰ ਨੂੰ ਅਜਿਹੀਆਂ ਚਾਲਾਂ ਵਿਚ ਸਫਲ ਨਹੀਂ ਹੋਣ ਦਿੱਤਾ ਜਾਵੇਗਾ। ਘੋਲ ਅੱਗੇ ਵਧਾਉਣ ਲਈ ਸੰਯੁਕਤ ਕਿਸਾਨ ਮੋਰਚੇ ਵੱਲੋਂ ਲਗਾਤਾਰ ਪ੍ਰੋਗਰਾਮ ਉਲੀਕੇ ਜਾ ਰਹੇ ਹਨ ਅਤੇ ਇਨ੍ਹਾਂ ਸਭ ਪ੍ਰੋਗਰਾਮਾਂ ਨੂੰ ਭਰਪੂਰ ਸਮਰਥਨ ਮਿਲ ਰਿਹਾ ਹੈ।
___________________________________________
ਦਿੱਲੀ ਦੀਆਂ ਹੱਦਾਂ ‘ਤੇ ਡਟੇਗੀ ਲੋਕ ਇਨਸਾਫ ਪਾਰਟੀ
ਲੁਧਿਆਣਾ: ਲੋਕ ਇਨਸਾਫ ਪਾਰਟੀ ਦੀ ਕੋਰ ਕਮੇਟੀ ਦੀ ਮੀਟਿੰਗ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਅਤੇ ਸਰਪ੍ਰਸਤ ਜਥੇਦਾਰ ਬਲਵਿੰਦਰ ਸਿੰਘ ਬੈਂਸ ਦੀ ਅਗਵਾਈ ਹੇਠ ਇਥੇ ਸਰਕਟ ਹਾਊਸ ਵਿਚ ਹੋਈ। ਇਸ ਮੀਟਿੰਗ ਵਿਚ ਦਿੱਲੀ ਦੀਆਂ ਹੱਦਾਂ ‘ਤੇ ਚੱਲ ਰਹੇ ਕਿਸਾਨ ਅੰਦੋਲਨ ਨੂੰ ਮਜ਼ਬੂਤ ਕਰਨ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ। ਮੀਟਿੰਗ ਬਾਰੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਦੱਸਿਆ ਕਿ ਵਾਢੀ ਦੇ ਸੀਜ਼ਨ ਦੌਰਾਨ ਕਈ ਕਿਸਾਨ ਆਪਣੇ ਪਿੰਡਾਂ ਨੂੰ ਮੁੜ ਆਏ ਹਨ। ਇਸ ਕਾਰਨ ਦਿੱਲੀ ਦੀਆਂ ਹੱਦਾਂ ‘ਤੇ ਸੰਘਰਸ਼ ਪਹਿਲਾਂ ਨਾਲੋਂ ਥੋੜ੍ਹਾ ਮੱਠਾ ਪੈ ਗਿਆ ਹੈ, ਜਿਸ ਨੂੰ ਮਜ਼ਬੂਤ ਕਰਨ ਲਈ ਰੂਪ-ਰੇਖਾ ਤਿਆਰ ਕੀਤੀ ਗਈ ਹੈ। ਵਿਧਾਇਕ ਨੇ ਦੱਸਿਆ ਕਿ ਆਉਣ ਵਾਲੇ ਸਮੇਂ ਵਿਚ ਲੋਕ ਇਨਸਾਫ ਪਾਰਟੀ ਦੇ ਅਹੁਦੇਦਾਰ ਪਾਰਟੀਬਾਜ਼ੀ ਤੋਂ ਉਪਰ ਉਠ ਕੇ ਕਿਸਾਨੀ ਝੰਡੇ ਹੇਠ ਜ਼ਿਲ੍ਹਾ ਪੱਧਰ ‘ਤੇ ਆਪਣੇ ਨਾਲ ਵੱਡੇ ਜਥੇ ਲੈ ਕੇ ਦਿੱਲੀ ਦੀਆਂ ਹੱਦਾਂ ‘ਤੇ ਜਾਣਗੇ ਅਤੇ ਇਹ ਸਿਲਸਿਲਾ ਕਿਸਾਨਾਂ ਦੇ ਵਾਢੀ ਤੋਂ ਵਿਹਲੇ ਹੋਣ ਤੱਕ ਨਿਰੰਤਰ ਜਾਰੀ ਰਹੇਗਾ।