400ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਲਈ ਮੋਦੀ ਸਰਕਾਰ ਹੋਈ ਸਰਗਰਮ

ਨਵੀਂ ਦਿੱਲੀ: ਨੌਵੇਂ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਦਾ 400ਵਾਂ ਪ੍ਰਕਾਸ਼ ਪੁਰਬ ਮਨਾਉਣ ਲਈ ਮੋਦੀ ਸਰਕਾਰ ਇਸ ਵਾਰ ਸਰਗਰਮ ਭੂਮਿਕਾ ਨਿਭਾਏਗੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਸਿੱਖਾਂ ਦੇ ਨੌਵੇਂ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਦਾ 400ਵਾਂ ਪ੍ਰਕਾਸ਼ ਪੁਰਬ ਮਨਾਉਣਾ ਨਾ ਸਿਰਫ ਅਧਿਆਤਮਕ ਸੁਭਾਗ ਹੈ ਬਲਕਿ ਇਹ ਕੌਮੀ ਫਰਜ਼ ਵੀ ਬਣਦਾ ਹੈ। ਨੌਵੇਂ ਸਿੱਖ ਗੁਰੂ ਦੇ 400ਵੇਂ ਪ੍ਰਕਾਸ਼ ਦਿਹਾੜੇ ਨੂੰ ਮਨਾਉਣ ਲਈ ਸਥਾਪਤ ਉਚ ਪੱਧਰੀ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ

ਸ੍ਰੀ ਮੋਦੀ ਨੇੇ ਕਿਹਾ ਕਿ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰੋਗਰਾਮ ਪੂਰਾ ਇਕ ਸਾਲ ਚੱਲਣਗੇ।
ਉਨ੍ਹਾਂ ਕਿਹਾ ਕਿ ਇਹ ਪ੍ਰੋਗਰਾਮ/ਸਰਗਰਮੀਆਂ ਨਾ ਸਿਰਫ ਗੁਰੂ ਤੇਗ ਬਹਾਦਰ ਦੀ ਜਿੰਦਗੀ ਤੇ ਸਿੱਖਿਆਵਾਂ ਬਲਕਿ ਗੁਰੂ ਵੱਲੋਂ ਪਾਈਆਂ ਪਿਰਤਾਂ ਦਾ ਕੁੱਲ ਆਲਮ ‘ਚ ਸੰਚਾਰ ਕਰਨਗੀਆਂ। ਸਿੱਖ ਭਾਈਚਾਰੇ ਤੇ ਗੁਰਦੁਆਰਿਆਂ ਵੱਲੋਂ ਪੂਰੇ ਵਿਸ਼ਵ ਵਿੱਚ ਕੀਤੀ ਜਾਂਦੀ ਸਮਾਜਿਕ ਸੇਵਾ ਦੀ ਸ਼ਲਾਘਾ ਕਰਦਿਆਂ ਸ੍ਰੀ ਮੋਦੀ ਨੇ ਸਿੱਖ ਰਵਾਇਤਾਂ ਤੇ ਇਸ ਦੇ ਵੱਖ-ਵੱਖ ਪਹਿਲੂਆਂ ਦੀ ਖੋਜ ਕਰਕੇ ਇਨ੍ਹਾਂ ਨੂੰ ਦਸਤਾਵੇਜ਼ੀ ਰੂਪ ਦਿੱਤਾ ਜਾਣਾ ਚਾਹੀਦਾ ਹੈ।
ਵੀਡੀਓ ਕਾਨਫਰੰਸ ਰਾਹੀਂ ਹੋਈ ਇਸ ਬੈਠਕ ਵਿਚ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸਾਹ, ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ, ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ, ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਅਤੇ ਕਮੇਟੀ ਦੇ ਹੋਰ ਮੈਂਬਰਾਂ ਨੇ ਹਿੱਸਾ ਲਿਆ। ਸ੍ਰੀ ਮੋਦੀ ਨੇ ਕਿਹਾ ਕਿ ਨੌਵੇਂ ਸਿੱਖ ਗੁਰੂ ਨੇ ਰਾਸ਼ਟਰ ਸੇਵਾ ਦੇ ਨਾਲ-ਨਾਲ ਜੀਵ ਸੇਵਾ ਦਾ ਰਸਤਾ ਵਿਖਾਇਆ ਅਤੇ ਬਰਾਬਰੀ, ਸਦਭਾਵਨਾ ਅਤੇ ਤਿਆਗ ਦਾ ਮੰਤਰ ਦਿੱਤਾ ਹੈ, ਜਿਸ ਨੂੰ ਦੇਸ਼ ਦੇ ਹਰ ਨਾਗਰਿਕ ਤੱਕ ਪੁੱਜਦਾ ਕਰਨਾ ਕੌਮੀ ਫਰਜ਼ ਹੈ। ਉਨ੍ਹਾਂ ਕਿਹਾ ਕਿ ਸਿੱਖ ਗੁਰੂ ਦੀ ਰਵਾਇਤ ਆਪਣੇ ਆਪ ਵਿਚ ਜ਼ਿੰਦਗੀ ਦਾ ਮੁਕੰਮਲ ਫਲਸਫਾ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਚੰਗੇ ਭਾਗਾਂ ਨੂੰ ਉਨ੍ਹਾਂ ਦੀ ਸਰਕਾਰ ਨੂੰ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ, ਗੁਰੂ ਤੇਗ ਬਹਾਦਰ ਦਾ 400 ਪ੍ਰਕਾਸ਼ ਪੁਰਬ ਤੇ ਗੁਰੂ ਗੋਬਿੰਦ ਸਿੰਘ ਦਾ 350ਵਾਂ ਪ੍ਰਕਾਸ਼ ਪੁਰਬ ਮਨਾਉਣ ਦਾ ਮੌਕਾ ਮਿਲਿਆ ਹੈ। ਉਨ੍ਹਾਂ ਕਿਹਾ ਕਿ ਗੁਰੂ ਦੀਆਂ ਸਿੱਖਿਆਵਾਂ ਨੂੰ ਸਾਂਝਿਆਂ ਕਰਨ ਦਾ ਅਧਿਆਤਮਕ ਸੁਭਾਗ ਪ੍ਰਾਪਤ ਹੋਇਆ ਹੈ, ਜੋ ਕੌਮੀ ਫਰਜ਼ ਵੀ ਹੈ। ਉਨ੍ਹਾਂ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਇਨ੍ਹਾਂ ਸਿੱਖਿਆਵਾਂ ਬਾਰੇ ਦੱਸਣਾ ਅਹਿਮ ਹੈ ਤੇ ਡਿਜੀਟਲ ਮਾਧਿਅਮ ਰਾਹੀਂ ਨਵੀਂ ਪੀੜ੍ਹੀ ਤੱਕ ਪੁੱਜਣਾ ਕਾਫੀ ਸੌਖਾ ਹੈ। ਚੇਤੇ ਰਹੇ ਕਿ ਕੇਂਦਰ ਸਰਕਾਰ ਨੇ ਗੁਰੂ ਤੇਗ ਬਹਾਦਰ ਦੇ 400ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰੋਗਰਾਮ ਉਲੀਕਣ, ਨੀਤੀਆਂ ਤੇ ਵੱਖ ਵੱਖ ਯੋਜਨਾਵਾਂ ਨੂੰ ਪ੍ਰਵਾਨਗੀ ਦੇਣ ਲਈ ਪਿਛਲੇ ਸਾਲ 24 ਅਕਤੂਬਰ ਨੂੰ ਇਕ ਕਮੇਟੀ ਦਾ ਗਠਨ ਕੀਤਾ ਸੀ। ਪ੍ਰਧਾਨ ਮੰਤਰੀ ਦੀ ਅਗਵਾਈ ਵਾਲੀ ਇਸ ਕਮੇਟੀ ਵਿਚ 70 ਮੈਂਬਰ ਹਨ।
____________________________________________
ਕੈਪਟਨ ਵੱਲੋਂ 937 ਕਰੋੜ ਦੇ ਪ੍ਰੋਜੈਕਟ ਪੇਸ਼
ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨੌਵੀਂ ਪਾਤਸ਼ਾਹੀ ਸ੍ਰੀ ਗੁਰੂ ਤੇਗ ਬਹਾਦਰ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰੋਜੈਕਟਾਂ ਦੇ ਹਵਾਲੇ ਨਾਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਕਿ ਪੰਜਾਬ ਸਰਕਾਰ ਦੇ 937 ਕਰੋੜ ਦੇ ਵੱਖੋ-ਵੱਖਰੇ ਪ੍ਰੋਜੈਕਟਾਂ ਸਬੰਧੀ ਤਜਵੀਜ਼ਾਂ ਨੂੰ ਪ੍ਰਵਾਨਗੀ ਦਿੱਤੀ ਜਾਵੇ। ਪ੍ਰਧਾਨ ਮੰਤਰੀ ਵੱਲੋਂ 400 ਸਾਲਾ ਪ੍ਰਕਾਸ਼ ਪੁਰਬ ਦੇ ਜਸ਼ਨਾਂ ਸਬੰਧੀ ਯੋਜਨਾਵਾਂ ਨੂੰ ਅੰਤਿਮ ਰੂਪ ਦੇਣ ਲਈ ਸੱਦੀ ਗਈ ਉਚ ਪੱਧਰੀ ਕੌਮੀ ਕਮੇਟੀ ਦੀ ਮੀਟਿੰਗ ਵਿਚ ਮੁੱਖ ਮੰਤਰੀ ਪੰਜਾਬ ਨੇ ਵਰਚੁਅਲ ਤੌਰ ‘ਤੇ ਸ਼ਿਰਕਤ ਕੀਤੀ। ਮੁੱਖ ਮੰਤਰੀ ਨੇ ਤਜਵੀਜ਼ਤ ਪ੍ਰੋਜੈਕਟਾਂ ਦੇ ਵੇਰਵੇ ਵੀ ਸਾਂਝੇ ਕੀਤੇ, ਜਿਨ੍ਹਾਂ ‘ਚ ਸ੍ਰੀ ਆਨੰਦਪੁਰ ਸਾਹਿਬ ਨੂੰ ਸਮਾਰਟ ਸਿਟੀ ਵਜੋਂ ਵਿਕਸਤ ਕਰਨਾ, ਗੁਰੂ ਸਾਹਿਬ ਦੇ ਜੀਵਨ ਨਾਲ ਜੁੜੇ ਅੰਮ੍ਰਿਤਸਰ, ਸ੍ਰੀ ਆਨੰਦਪੁਰ ਸਾਹਿਬ, ਬਾਬਾ ਬਕਾਲਾ ਤੋਂ ਇਲਾਵਾ 78 ਪਿੰਡਾਂ ਦੇ ਢਾਂਚੇ ਵਿਚ ਸੁਧਾਰ ਕਰਨ ਦੀ ਯੋਜਨਾ ਸ਼ਾਮਲ ਹੈ।