ਕੋਟਕਪੂਰਾ ਕਾਂਡ: ਹਾਈ ਕੋਰਟ ਵੱਲੋਂ ਕੁੰਵਰ ਵਿਜੈ ਪ੍ਰਤਾਪ ਦੀ ਪੜਤਾਲ ਰਿਪੋਰਟ ਰੱਦ

ਫਰੀਦਕੋਟ: ਕੋਟਕਪੂਰਾ ਗੋਲੀ ਕਾਂਡ ਵਿਚ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਸਰਕਾਰ ਤੇ ਇਸ ਵੱਲੋਂ ਕੋਟਕਪੂਰਾ ਗੋਲੀਕਾਂਡ ਲਈ ਬਣਾਈ ਗਈ ਵਿਸ਼ੇਸ਼ ਜਾਂਚ ਟੀਮ ਨੂੰ ਵੱਡਾ ਝਟਕਾ ਦਿੱਤਾ ਹੈ। ਥਾਣਾ ਸਿਟੀ ਕੋਟਕਪੂਰਾ ਦੇ ਐਸ.ਐਚ.ਓ. ਗੁਰਦੀਪ ਪੰਧੇਰ ਵੱਲੋਂ ਦਾਇਰ ਕੀਤੀ ਰਿੱਟ ‘ਤੇ ਸੁਣਵਾਈ ਕਰਦਿਆਂ ਹਾਈ ਕੋਰਟ ਦੇ ਜੱਜ ਰਾਜਵੀਰ ਸ਼ਰਾਵਤ ਨੇ ਕਿਹਾ ਕਿ ਜਾਂਚ ਟੀਮ ਦੇ ਮੁੱਖ ਮੈਂਬਰ ਆਈ.ਜੀ. ਕੰਵਰ ਵਿਜੈ ਪ੍ਰਤਾਪ ਸਿੰਘ ਵੱਲੋਂ ਇਸ ਮਾਮਲੇ ਵਿਚ ਕੀਤੀ ਗਈ ਪੜਤਾਲ ਪੱਖਪਾਤੀ ਜਾਪਦੀ ਹੈ।

ਜਾਂਚ ਟੀਮ ਦੀ ਪੜਤਾਲ ਰਿਪੋਰਟ ਨੂੰ ਰੱਦ ਕਰਦਿਆਂ ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਨਿਰਦੇਸ਼ ਦਿੱਤੇ ਹਨ ਕਿ ਕੋਟਕਪੂਰਾ ਗੋਲ਼ੀਕਾਂਡ ਲਈ ਇਕ ਹੋਰ ਜਾਂਚ ਟੀਮ ਬਣਾਈ ਜਾਵੇ ਅਤੇ ਨਵੀਂ ਬਣੀ ਜਾਂਚ ਟੀਮ ਵਿਚ ਕੰਵਰ ਵਿਜੈ ਪ੍ਰਤਾਪ ਸਿੰਘ ਸ਼ਾਮਲ ਨਹੀਂ ਹੋਣਗੇ। ਹਾਈ ਕੋਰਟ ਨੇ ਸਪੱਸ਼ਟ ਕੀਤਾ ਕਿ ਜੇਕਰ ਅਜਿਹੀ ਕਮੇਟੀ ਨਹੀਂ ਬਣਦੀ ਤਾਂ ਕੋਟਕਪੂਰਾ ਗੋਲੀਕਾਂਡ ਦੀ ਜਾਂਚ ਹਰਿਆਣਾ ਸਰਕਾਰ ਨੂੰ ਸੌਂਪੀ ਜਾ ਸਕਦੀ ਹੈ ਜਾਂ ਫਿਰ ਇਹ ਜਾਂਚ ਸੀ.ਬੀ.ਆਈ. ਦੇ ਹਵਾਲੇ ਕਰ ਦਿੱਤੀ ਜਾਵੇਗੀ। ਸਾਬਕਾ ਐਸ.ਐਚ.ਓ. ਗੁਰਦੀਪ ਸਿੰਘ ਪੰਧੇਰ ਅਤੇ ਇਕ ਹੋਰ ਪੁਲਿਸ ਅਧਿਕਾਰੀ ਰਛਪਾਲ ਸਿੰਘ ਨੇ ਹਾਈ ਕੋਰਟ ਵਿਚ ਰਿੱਟ ਦਾਇਰ ਕਰਕੇ ਦੋਸ਼ ਲਾਇਆ ਸੀ ਕਿ ਜਾਂਚ ਟੀਮ ਨੇ ਪੜਤਾਲ ਦੌਰਾਨ ਪੱਖਪਾਤੀ ਰਵੱਈਆ ਅਪਣਾਇਆ ਹੈ।
ਕੋਟਕਪੂਰਾ ‘ਚ ਹੋਈ ਘਟਨਾ ਵਿਚ ਜਖਮੀ ਹੋਏ ਕਰੀਬ ਦੋ ਦਰਜਨ ਪੁਲਿਸ ਅਧਿਕਾਰੀਆਂ ਦੀ ਸ਼ਿਕਾਇਤ ਉਪਰ ਜਾਂਚ ਟੀਮ ਨੇ ਕੋਈ ਕਾਰਵਾਈ ਨਹੀਂ ਕੀਤੀ। ਉਧਰ, ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਸਰਕਾਰ ਵੱਲੋਂ ਪੰਜਾਬ ਪੁਲਿਸ ਦੀ ਐਸ.ਆਈ.ਟੀ. ਦੀ ਜਾਂਚ ਨੂੰ ਰੱਦ ਕਰਨ ਜਾਂ ਇਸ ਦੇ ਮੁਖੀ ਨੂੰ ਹਟਾਉਣ ਦੇ ਕਿਸੇ ਵੀ ਹੁਕਮ ਨੂੰ ਸੁਪਰੀਮ ਕੋਰਟ ਵਿਚ ਚੁਣੌਤੀ ਦਿੱਤੀ ਜਾਵੇਗੀ। ਮੰਤਰੀ ਨੇ ਇੱਕ ਬਿਆਨ ਰਾਹੀਂ ਕਿਹਾ ਕਿ ਲੀਗਲ ਟੀਮ ਨੂੰ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਦੀ ਕਾਪੀ ਮਿਲਣ ਉਤੇ ਤੁਰਤ ਇਸ ਕੇਸ ਦੀ ਘੋਖ ਕਰਨ ਦੇ ਹੁਕਮ ਦਿੱਤੇ ਗਏ ਹਨ। ਮੁੱਖ ਮੰਤਰੀ ਨੇ ਕਿਹਾ ਕਿ ਇਸ ਕੇਸ ਨੂੰ ਕਾਨੂੰਨੀ ਸਿੱਟੇ ਉਤੇ ਪਹੁੰਚਾਇਆ ਜਾਵੇਗਾ ਅਤੇ ਕੋਈ ਵੀ ਦੋਸ਼ੀ ਬਖਸ਼ਿਆ ਨਹੀਂ ਜਾਵੇਗਾ, ਭਾਵੇਂ ਉਹ ਸਿਆਸੀ ਤੌਰ ਉਤੇ ਕਿੰਨਾ ਵੀ ਤਾਕਤਵਾਰ ਜਾਂ ਅਸਰ-ਰਸੂਖ ਵਾਲਾ ਹੋਵੇ। ਐਸ.ਆਈ.ਟੀ. ਦੇ ਮੁਖੀ ਕੁੰਵਰ ਵਿਜੈ ਪ੍ਰਤਾਪ ਸਿੰਘ ਅਤੇ ਉਨ੍ਹਾਂ ਦੀ ਨਿਗਰਾਨੀ ਹੇਠ ਵਿਚ ਹੁਣ ਤੱਕ ਕੀਤੀ ਗਈ ਜਾਂਚ ਵਿਚ ਪੂਰਾ ਵਿਸ਼ਵਾਸ ਪ੍ਰਗਟ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਹ ਬਹੁਤ ਹੀ ਯੋਗ ਅਤੇ ਤਜਰਬੇਕਾਰ ਅਧਿਕਾਰੀ ਹਨ। ਉਨ੍ਹਾਂ ਕਿਹਾ ਕਿ ਕੁੰਵਰ ਵਿਜੈ ਪ੍ਰਤਾਪ ਸਿੰਘ ਦੀ ਅਗਵਾਈ ਹੇਠ ਐਸ.ਆਈ.ਟੀ. ਵੱਲੋਂ ਪੂਰੀ ਤਰ੍ਹਾਂ ਨਿਰਪੱਖ ਜਾਂਚ ਕੀਤੀ ਜਾ ਰਹੀ ਹੈ।
ਇਸੇ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਕੋਟਕਪੂਰਾ ਗੋਲੀ ਕਾਂਡ ਸਬੰਧੀ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਫੈਸਲੇ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਮੁੱਖ ਮੰਤਰੀ ਦਾ ਮੰਤਵ ਬਾਦਲ ਪਰਿਵਾਰ ਨੂੰ ਕੇਸ ਵਿਚ ਫਸਾਉਣਾ ਸੀ। ਕੈਪਟਨ ਨੇ ਜਾਂਚ ਦੇ ਨਾਂ ‘ਤੇ ਲੋਕਾਂ ਦੀਆਂ ਭਾਵਨਾਵਾਂ ਨਾਲ ਖਿਲਵਾੜ ਕੀਤਾ ਅਤੇ ਇਸ ਕੰਮ ਵਿਚ ਚਾਰ ਸਾਲ ਬਰਬਾਦ ਕਰ ਦਿੱਤੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੇ ਵਾਰ-ਵਾਰ ਕੇਂਦਰ ਸਰਕਾਰ ਵੱਲੋਂ ਚੁੱਕੇ ਜਾ ਰਹੇ ਕਿਸਾਨ ਵਿਰੋਧੀ ਕਦਮਾਂ ਨਾਲ ਸਹਿਮਤੀ ਪ੍ਰਗਟ ਕੀਤੀ ਹੈ। ਉਨ੍ਹਾਂ ਸੂਬੇ ਦੇ ਹਿੱਤ ਭਾਜਪਾ ਨੂੰ ਵੇਚ ਦਿੱਤੇ ਹਨ। ਯਾਦ ਰਹੇ ਕਿ ਇਸ ਕੇਸ ਕਾਰਨ ਅਕਾਲੀ ਦਲ ਦੇ ਪੰਜਾਬ ਦੇ ਸਿਆਸੀ ਖੇਤਰ ਅੰਦਰ ਪੈਰ ਬੁਰੀ ਤਰ੍ਹਾਂ ਉਖੜ ਗਏ ਸਨ ਅਤੇ ਅਜੇ ਤੱਕ ਲੋਕ ਅਕਾਲੀ ਦਲ ਤੇ ਇਸ ਦੇ ਆਗੂਆਂ ਨੂੰ ਮੂੰਹ ਨਹੀਂ ਲਾ ਰਹੇ। ਪਿਛਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਮਾੜੀ ਕਾਰਗੁਜ਼ਾਰੀ ਦਾ ਇਹੀ ਵੱਡਾ ਕਾਰਨ ਸੀ।
__________________________________________________
ਸੁਖਬੀਰ ਬਾਦਲ ਜਸ਼ਨ ਮਨਾਉਣੇ ਬੰਦ ਕਰੇ: ਕੈਪਟਨ
ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੋਟਕਪੂਰਾ ਗੋਲੀ ਕਾਂਡ ਮਾਮਲੇ ‘ਚ ਕਿਹਾ ਹੈ ਕਿ ਇਹ ਮਾਮਲਾ ਹਾਲੇ ਖਤਮ ਨਹੀਂ ਹੋਇਆ ਹੈ ਜਦੋਂ ਕਿ ਸੁਖਬੀਰ ਬਾਦਲ ਅਦਾਲਤ ਦਾ ਅਧਿਕਾਰਤ ਫੈਸਲਾ ਉਡੀਕੇ ਬਿਨਾਂ ਜਸ਼ਨ ਮਨਾ ਰਹੇ ਹਨ। ਸੁਖਬੀਰ ਬਾਦਲ ਵੱਲੋਂ ਹਾਈ ਕੋਰਟ ਦੇ ਫੈਸਲੇ ਬਾਰੇ ਦਿੱਤੇ ਪ੍ਰਤੀਕਰਮ ‘ਤੇ ਮੁੱਖ ਮੰਤਰੀ ਨੇ ਕਿਹਾ ਕਿ ਅਸਲ ਵਿਚ ਅਜੇ ਤੱਕ ਅਦਾਲਤ ਦੇ ਫੈਸਲੇ ਦਾ ਅਧਿਕਾਰਤ ਤੌਰ ਉਤੇ ਕੋਈ ਐਲਾਨ ਨਹੀਂ ਹੋਇਆ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਸ ਮਾਮਲੇ ਵਿਚ ਫੈਸਲਾ ਜੋ ਵੀ ਹੋਵੇ, ਉਹ ਐਸ.ਆਈ.ਟੀ. ਦੀ ਜਾਂਚ ਦੇ ਨਾਲ ਖੜ੍ਹੇ ਹਨ, ਜਿਸ ਵਿਚ ਕਿਸੇ ਵੀ ਪੱਖ ਤੋਂ ਬਾਦਲ ਪਰਿਵਾਰ ਨੂੰ ਇਸ ਘਟਨਾ ਵਿਚ ਸ਼ਮੂਲੀਅਤ ਤੋਂ ਮੁਕਤ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਇਸ ਕੇਸ ਦੇ ਦੋਸ਼ੀਆਂ ਨੂੰ ਸਜ਼ਾ ਹਰ ਹਾਲ ਦਿਵਾਈ ਜਾਵੇਗੀ।
___________________________________________
ਸਰਕਾਰ ਸਹੀ ਢੰਗ ਨਾਲ ਕੇਸ ਪੇਸ਼ ਨਹੀਂ ਕਰ ਸਕੀ: ਮਾਨ
ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਦੇ ਸੂਬਾ ਪ੍ਰਧਾਨ ਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਕੋਟਕਪੂਰਾ ਗੋਲੀ ਕਾਂਡ ‘ਚ ਸਿੱਖਾਂ ਨੂੰ ਇਨਸਾਫ ਦਿਵਾਉਣ ‘ਚ ਨਾਕਾਮ ਸਾਬਤ ਹੋਈ ਹੈ। ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਕੈਪਟਨ ਸਰਕਾਰ ਵੱਲੋਂ ਬਣਾਈ ਵਿਸ਼ੇਸ਼ ਜਾਂਚ ਕਮੇਟੀ ਦੀ ਰਿਪੋਰਟ ਨੂੰ ਰੱਦ ਕਰਦਿਆਂ ਨਵੇਂ ਸਿਰੇ ਤੋਂ ਜਾਂਚ ਕਮੇਟੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਕਿਹਾ ਕਿ ਉੱਚ ਅਦਾਲਤ ਦੇ ਫੈਸਲੇ ਤੋਂ ਸਿੱਧ ਹੁੰਦਾ ਹੈ ਕਿ ਐਡਵੋਕੇਟ ਜਨਰਲ ਅਤੁਲ ਨੰਦਾ ਪੰਜਾਬ ਦੇ ਲੋਕਾਂ ਨੂੰ ਇਨਸਾਫ ਦਿਵਾਉਣ ‘ਚ ਬੁਰੀ ਤਰ੍ਹਾਂ ਨਾਕਾਮ ਰਹੇ ਹਨ।