ਸਰਕਾਰ ਵੱਲੋਂ ਹੁਣ ਕਿਸਾਨਾਂ ਨੂੰ ਕਰੋਨਾ ਦੇ ਡਰਾਵੇ

ਨਵੀਂ ਦਿੱਲੀ: ਕੇਂਦਰੀ ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਕਰੋਨਾ ਵਾਇਰਸ ਦੇ ਵਧ ਰਹੇ ਕੇਸਾਂ ਦੇ ਮੱਦੇਨਜ਼ਰ ਉਹ ਦਿੱਲੀ ਦੀਆਂ ਹੱਦਾਂ ‘ਤੇ ਸੰਘਰਸ਼ ਖਤਮ ਕਰ ਦੇਣ। ਜਦ ਵੀ ਕਿਸਾਨ ਕੋਈ ਠੋਸ ਤਜਵੀਜ਼ ਲੈ ਕੇ ਆਉਣਗੇ, ਸਰਕਾਰ ਗੱਲਬਾਤ ਕਰੇਗੀ।

ਚੇਤੇ ਰਹੇ ਕਿ ਸਰਕਾਰ ਅਤੇ ਕਿਸਾਨਾਂ ਦਰਮਿਆਨ ਆਖਰੀ ਵਾਰ ਗੱਲਬਾਤ 22 ਜਨਵਰੀ ਨੂੰ ਹੋਈ ਸੀ। ਗਿਆਰ੍ਹਵੇਂ ਗੇੜ ਦੀ ਗੱਲਬਾਤ ਤੋਂ ਬਾਅਦ ਸਰਕਾਰ ਤੇ ਕਿਸਾਨਾਂ ਦਰਮਿਆਨ ਜਮੂਦ ਬਣਿਆ ਹੋਇਆ ਹੈ।
ਕੇਂਦਰੀ ਮੰਤਰੀ ਨੇ ਕਿਸਾਨਾਂ ਦੀ ਸਿਹਤ ਬਾਰੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਭਾਰਤ ਵਿਚ ਲੱਖਾਂ ਨਵੇਂ ਕਰੋਨਾ ਕੇਸ ਸਾਹਮਣੇ ਆਏ ਹਨ। ਵਾਇਰਸ ਦੀ ਦੂਜੀ ਲਹਿਰ ਦੇ ਮੱਦੇਨਜ਼ਰ ਸਾਰਾ ਸੰਸਾਰ ਤੇ ਪੂਰਾ ਮੁਲਕ ਕੋਵਿਡ ਨਾਲ ਜੁੜੇ ਨੇਮਾਂ ਮੁਤਾਬਕ ਚੱਲ ਰਿਹਾ ਹੈ, ਅੰਦੋਲਨਕਾਰੀ ਕਿਸਾਨਾਂ ਨੂੰ ਵੀ ਕਰੋਨਾ ਨਿਯਮਾਂ ਦਾ ਪਾਲਣ ਕਰਨਾ ਚਾਹੀਦਾ ਹੈ। ਉਨ੍ਹਾਂ ਦੀ ਜ਼ਿੰਦਗੀ ਸਾਡੇ ਸਾਰਿਆਂ ਲਈ ਬਹੁਤ ਅਹਿਮੀਅਤ ਰੱਖਦੀ ਹੈ। ਇਸ ਕਰ ਕੇ ਕਿਸਾਨ ਅੰਦੋਲਨ ਸਮਾਪਤ ਕਰ ਦੇਣ।
ਤੋਮਰ ਨੇ ਦਾਅਵਾ ਕੀਤਾ ਕਿ ਨਵੇਂ ਕਾਨੂੰਨਾਂ `ਤੇ ਪੂਰੇ ਮੁਲਕ ਵਿਚ ਵੱਖ-ਵੱਖ ਥਾਈਂ ਖੇਤੀ ਕਰਦੇ ਭਾਈਚਾਰੇ ਨੂੰ ਕੋਈ ‘ਅਸੰਤੁਸ਼ਟੀ` ਨਹੀਂ ਹੈ। ਕਈ ਖੇਤੀ ਸੰਗਠਨ ਕਾਨੂੰਨਾਂ ਦੇ ਹੱਕ ਵਿਚ ਹਨ ਤੇ ਕਈ ਖਿਲਾਫ ਹਨ। ਭਾਰਤ ‘ਚ ਲੋਕਤੰਤਰ ਹੈ, ਜੇ ਕਿਸਾਨਾਂ ਜਾਂ ਨਾਗਰਿਕਾਂ ਨੂੰ ਕੋਈ ਸ਼ੱਕ ਹੈ ਤਾਂ ਸਰਕਾਰ ਇਸ ਦੇ ਹੱਲ ਲਈ ਤਿਆਰ ਹੈ। ਮੰਤਰੀ ਨੇ ਕਿਹਾ ਕਿ ਕਾਨੂੰਨ ਇਕਦਮ ਨਹੀਂ ਬਣਾਏ ਗਏ, ਲੰਮੀ ਵਿਚਾਰ-ਚਰਚਾ ਤੋਂ ਬਾਅਦ ਹੀ ਬਣੇ ਹਨ।
_________________________________________
ਕਿਸਾਨਾਂ ਵੱਲੋਂ ਘੋਲ ਦੀ ਮਸ਼ਾਲ ਮਘਦੀ ਰੱਖਣ ਦਾ ਅਹਿਦ
ਚੰਡੀਗੜ੍ਹ: ਪੰਜਾਬ ਦੇ ਸੰਘਰਸ਼ੀ ਅਖਾੜਿਆਂ ਤੋਂ ਕਿਸਾਨ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਅੰਦੋਲਨਕਾਰੀ ਕਿਸਾਨਾਂ ਨੂੰ ਮੰਜ਼ਿਲ ਤੋਂ ਭਟਕਾਉਣ ਲਈ ਨਿੱਤ ਨਵੇਂ ਫਰਮਾਨ ਜਾਰੀ ਕੀਤੇ ਜਾ ਰਹੇ ਹਨ ਪਰ ਮੋਰਚਿਆਂ ‘ਚ ਡਟੇ ਕਿਸਾਨ ਖੇਤੀ ਕਾਨੂੰਨਾਂ ਦੀ ਵਾਪਸੀ ਤੱਕ ਸ਼ਾਂਤਮਈ ਤਰੀਕੇ ਨਾਲ ਆਵਾਜ਼ ਬੁਲੰਦ ਕਰਦੇ ਰਹਿਣਗੇ ਤੇ ਮੋਦੀ ਸਰਕਾਰ ਨੂੰ ਕਿਸਾਨਾਂ ਤੇ ਗਰੀਬਾਂ ਦਾ ਭਵਿੱਖ ਅੰਬਾਨੀ ਤੇ ਅਡਾਨੀ ਦੇ ਹੱਥ ਨਹੀਂ ਵੇਚਣ ਦਿੱਤਾ ਜਾਵੇਗਾ।
ਸੂਬੇ ਵਿਚ ਕਿਸਾਨ ਜਥੇਬੰਦੀਆਂ ਦੀ ਅਗਵਾਈ ਹੇਠ ਵੱਖ-ਵੱਖ ਥਾਵਾਂ ‘ਤੇ ਚੱਲ ਰਹੇ ਧਰਨਿਆਂ ਦੌਰਾਨ ਕਿਸਾਨ ਆਗੂਆਂ ਨੇ ਕਿਹਾ ਕਿ ਕੇਂਦਰ ਨੇ ਪਹਿਲਾਂ ਤਾਂ ਕਿਸਾਨਾਂ ਨੂੰ ਅਤਿਵਾਦੀ, ਖਾਲਿਸਤਾਨੀ, ਨਕਸਲਵਾਦੀ ਆਖ ਕੇ ਅੰਦੋਲਨ ਨੂੰ ਬਦਨਾਮ ਕਰਨ ਦੀਆਂ ਚਾਲਾਂ ਚੱਲੀਆਂ ਪਰ ਜਦੋਂ ਇਹ ਚਾਲਾਂ ਫੇਲ੍ਹ ਹੋ ਗਈਆਂ ਤਾਂ ਹੁਣ ਕਦੇ ਪਰਵਾਸੀ ਮਜ਼ਦੂਰਾਂ ਤੇ ਕਿਸਾਨਾਂ ਦਰਮਿਆਨ ਪਾੜਾ ਪਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਅਤੇ ਕਦੇ ਫਸਲਾਂ ਦੀ ਖਰੀਦ ਦੇ ਨਵੇਂ ਫਰਮਾਨ ਜਾਰੀ ਕੀਤੇ ਜਾ ਰਹੇ ਹਨ। ਕਿਸਾਨ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਦਾ ਕੋਈ ਵੀ ਪੈਂਤੜਾ ਕਿਸਾਨਾਂ ਦੇ ਅੰਦੋਲਨ ਨੂੰ ਫਿੱਕਾ ਨਹੀਂ ਪਾ ਸਕਦਾ। ਸੰਯੁਕਤ ਕਿਸਾਨ ਮੋਰਚੇ ਵਿਚ ਸ਼ਾਮਲ ਕਿਸਾਨ ਆਗੂਆਂ ਨੇ ਪੰਜਾਬ ਦੇ ਕਿਸਾਨਾਂ ਨੂੰ ਸੱਦਾ ਦਿੱਤਾ ਕਿ ਕਣਕ ਦੀ ਵਾਢੀ ਦੌਰਾਨ ਜਿਵੇਂ ਫਸਲਾਂ ਦੀ ਸਾਂਭ-ਸੰਭਾਲ ਦੇ ਨਾਲ-ਨਾਲ ਦਿੱਲੀ ਦੀਆਂ ਹੱਦਾਂ ‘ਤੇ ਚੱਲ ਰਹੇ ਮੋਰਚਿਆਂ ਦੀ ਮਸ਼ਾਲ ਬਲਦੀ ਰੱਖਣ ਲਈ ਡਿਊਟੀਆਂ ਲਾਈਆਂ ਗਈਆਂ ਹਨ, ਉਸੇ ਅਨੁਸਾਰ ਦਿੱਲੀ ਵੱਲ ਕੂਚ ਕੀਤਾ ਜਾਵੇ। ਕਿਸਾਨ ਆਗੂਆਂ ਨੇ ਦੱਸਿਆ ਕਿ ਪਿਛਲੇ ਇੱਕ ਹਫ਼ਤੇ ਤੋਂ ਪੰਜਾਬ ਤੇ ਹਰਿਆਣਾ ਤੋਂ ਕਿਸਾਨਾਂ ਦੇ ਕਾਫਲੇ ਜਿਨ੍ਹਾਂ ਵਿਚ ਔਰਤਾਂ ਵੀ ਸ਼ਾਮਲ ਹਨ, ਦਿੱਲੀ ਵੱਲ ਰੋਜ਼ਾਨਾ ਕੂਚ ਕਰ ਰਹੇ ਹਨ। ਕਿਸਾਨ ਆਗੂਆਂ ਨੇ ਕਿਹਾ ਕਿ ਮੋਦੀ ਸਰਕਾਰ ਨਿੱਜੀਕਰਨ ਦੀਆਂ ਨੀਤੀਆਂ ਜੋਰ-ਸ਼ੋਰ ਨਾਲ ਲਾਗੂ ਕਰ ਰਹੀ ਹੈ, ਜਿਨ੍ਹਾਂ ਨਾਲ ਆਮ ਜਨਤਾ, ਕਿਸਾਨਾਂ-ਮਜ਼ਦੂਰਾਂ ਦੇ ਕਿੱਤੇ ਦੀ ਤਬਾਹੀ ਹੋ ਰਹੀ ਹੈ ਤੇ ਆਰਥਿਕ ਪਾੜਾ ਤੇਜੀ ਨਾਲ ਵਧ ਰਿਹਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਤਿੰਨ ਖੇਤੀ ਕਾਨੂੰਨਾਂ ਤੇ ਸੀ.ਏ.ਏ. ਬਾਰੇ ਗੁਮਰਾਹਕੁਨ ਬਿਆਨਬਾਜ਼ੀ ਕਰ ਕੇ ਦੇਸ਼ ਦੀ ਜਨਤਾ ਵਿਚ ਕਈ ਤਰ੍ਹਾਂ ਦੇ ਭਰਮ-ਭੁਲੇਖੇ ਖੜ੍ਹੇ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਤੇ ਇਸ ਸਥਿਤੀ ਨੂੰ ਦੇਸ਼ ਦੀ ਸਿਆਸੀ ਸਥਿਰਤਾ ਨਾਲ ਜੋੜਿਆ ਜਾ ਰਿਹਾ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਤੇ ਕੇਂਦਰ ਸਰਕਾਰ ਨੂੰ ਤਿੰਨੇ ਖੇਤੀ ਕਾਨੂੰਨਾਂ ਤੇ ਸੀ.ਏ.ਏ. ਦੇ ਦੁਰਪ੍ਰਭਾਵਾਂ ਬਾਰੇ ਕੰਧ ‘ਤੇ ਲਿਖਿਆ ਪੜ੍ਹ ਲੈਣਾ ਚਾਹੀਦਾ ਹੈ। ਕਿਸਾਨ ਆਗੂਆਂ ਨੇ ਸੰਘਰਸ਼ ਨੂੰ ਹੋਰ ਤੇਜ ਕਰਨ ਤੇ ਲੋਕਾਂ ਨੂੰ ਲਗਾਤਾਰ ਵੱਡੇ ਕਾਫਲਿਆਂ ਦੇ ਰੂਪ ਵਿਚ ਮੋਰਚਿਆਂ ਵਿਚ ਪੁੱਜਣ ਦੀ ਅਪੀਲ ਕਰਦਿਆਂ ਕੇਂਦਰ ਤੋਂ ਤਿੰਨੇ ਖੇਤੀ ਕਾਨੂੰਨ ਰੱਦ ਕਰਨ, 23 ਫਸਲਾਂ ਦੀ ਖਰੀਦ ਦੀ ਗਾਰੰਟੀ ਵਾਲਾ ਕਾਨੂੰਨ ਬਣਾਉਣ, ਬਿਜਲੀ ਸੋਧ-ਬਿੱਲ 2020 ਤੇ ਹਵਾ-ਪ੍ਰਦੂਸ਼ਣ ਐਕਟ 2020 ਤੁਰੰਤ ਰੱਦ ਕਰਨ ਦੀ ਮੰਗ ਕੀਤੀ।